25 ਤੋਂ ਪਹਿਲਾਂ ਰਜਿਸਟ੍ਰੇਸ਼ਨ ਕਰਵਾਉਣ ਵਾਲੀਆਂ ਔਰਤਾਂ ਦੇ ਖਾਤਿਆਂ ’ਚ ਆਏ ਪੈਸੇ : ਸੰਧੂ 25 ਤੋਂ ਪਹਿਲਾਂ ਰਜਿਸਟ੍ਰੇਸ਼ਨ ਕਰਵਾਉਣ ਵਾਲੀਆਂ ਔਰਤਾਂ ਦੇ ਖਾਤਿਆਂ ’ਚ ਆਏ ਪੈਸੇ : ਸੰਧੂ
Publish Date: Sun, 05 Jul 2026 05:05 PM (IST)
Updated Date: Mon, 06 Jul 2026 04:03 AM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਆਮ ਆਦਮੀ ਪਾਰਟੀ ਦੀ ਹਲਕਾ ਸੰਗਠਨ ਇੰਚਾਰਜ ਅਤੇ ਇੰਪਰੂਵਮੈਂਟ ਟਰੱਸਟ ਦੀ ਮੈਂਬਰ ਰੁਪਿੰਦਰ ਕੌਰ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਨ ਲਈ ਸ਼ੁਰੂ ਕੀਤੀ ਗਈ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਸੂਬੇ ਭਰ ਵਿਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਯੋਜਨਾ ਦਾ ਲਾਭ ਪਾਰਦਰਸ਼ੀ ਅਤੇ ਸਮੇਂ ਸਿਰ ਯੋਗ ਮਹਿਲਾਵਾਂ ਤਕ ਪਹੁੰਚਾਇਆ ਜਾ ਰਿਹਾ ਹੈ। ਰੁਪਿੰਦਰ ਕੌਰ ਸੰਧੂ ਨੇ ਦੱਸਿਆ ਕਿ ਜਿਨ੍ਹਾਂ ਯੋਗ ਮਹਿਲਾਵਾਂ ਨੇ 25 ਜੂਨ ਤਕ ਆਪਣੀ ਰਜਿਸਟ੍ਰੇਸ਼ਨ ਅਤੇ ਦਸਤਾਵੇਜ਼ਾਂ ਦੀ ਤਸਦੀਕ ਦੀ ਪ੍ਰਕਿਰਿਆ ਪੂਰੀ ਕਰ ਲਈ ਸੀ, ਉਨ੍ਹਾਂ ਦੇ ਬੈਂਕ ਖਾਤਿਆਂ ਵਿਚ 1 ਜੁਲਾਈ ਤਕ ਰਾਸ਼ੀ ਜਮ੍ਹਾਂ ਕਰਵਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜਿਹੜੀਆਂ ਮਹਿਲਾਵਾਂ ਨੇ 25 ਜੂਨ ਤੋਂ ਬਾਅਦ ਰਜਿਸਟ੍ਰੇਸ਼ਨ ਕਰਵਾਈ ਹੈ, ਉਨ੍ਹਾਂ ਦੇ ਖਾਤਿਆਂ ਵਿਚ 1 ਅਗਸਤ ਨੂੰ ਸਨਮਾਨ ਰਾਸ਼ੀ ਸਰਕਾਰ ਵਲੋਂ ਜਮ੍ਹਾਂ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਯੋਜਨਾ ਪੂਰੀ ਤਰ੍ਹਾਂ ਪਾਰਦਰਸ਼ੀ ਪ੍ਰਣਾਲੀ ਨਾਲ ਲਾਗੂ ਕੀਤੀ ਹੈ, ਤਾਂ ਜੋ ਹਰ ਯੋਗ ਮਹਿਲਾ ਨੂੰ ਬਿਨਾਂ ਕਿਸੇ ਭੇਦਭਾਵ ਦੇ ਸਿੱਧਾ ਲਾਭ ਮਿਲ ਸਕੇ। ਯੋਜਨਾ ਦੇ ਤਹਿਤ ਰਜਿਸਟ੍ਰੇਸ਼ਨ, ਦਸਤਾਵੇਜ਼ਾਂ ਦੀ ਜਾਂਚ ਅਤੇ ਰਾਸ਼ੀ ਜਮ੍ਹਾਂ ਕਰਵਾਉਣ ਦੀ ਪ੍ਰਕਿਰਿਆ ਸਰਲ ਤਰੀਕੇ ਨਾਲ ਚੱਲ ਰਹੀ ਹੈ। ਸੰਧੂ ਨੇ ਕਿਹਾ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਮਹਿਲਾਵਾਂ ਨੂੰ ਆਰਥਿਕ ਤੌਰ ਤੇ ਮਜ਼ਬੂਤ ਬਣਾਉਣ ਵੱਲ ਪੰਜਾਬ ਸਰਕਾਰ ਦਾ ਇਕ ਇਤਿਹਾਸਕ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਗਏ ਵਾਅਦੇ ਇਕ-ਇਕ ਕਰਕੇ ਪੂਰੇ ਕੀਤੇ ਜਾ ਰਹੇ ਹਨ ਅਤੇ ਲੋਕ-ਭਲਾਈ ਦੀਆਂ ਯੋਜਨਾਵਾਂ ਦਾ ਲਾਭ ਆਮ ਲੋਕਾਂ ਤਕ ਪਹੁੰਚ ਰਿਹਾ ਹੈ। ਉਨ੍ਹਾਂ ਸਮੂਹ ਯੋਗ ਔਰਤਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਨੇ ਅਜੇ ਤਕ ਰਜਿਸਟ੍ਰੇਸ਼ਨ ਨਹੀਂ ਕਰਵਾਈ, ਉਹ ਜਲਦੀ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਤਾਂ ਜੋ ਉਹ ਵੀ ਇਸ ਯੋਜਨਾ ਦਾ ਲਾਭ ਪ੍ਰਾਪਤ ਕਰ ਸਕਣ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਦ੍ਰਿੜ੍ਹਤਾ ਨਾਲ ਕੰਮ ਕਰ ਰਹੀ ਹੈ ਅਤੇ ਮਹਿਲਾਵਾਂ ਦੀ ਆਰਥਿਕ ਖੁਸ਼ਹਾਲੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਅਜਿਹੇ ਲੋਕ-ਹਿੱਤ ਫ਼ੈਸਲੇ ਭਵਿੱਖ ਵਿਚ ਵੀ ਜਾਰੀ ਰਹਿਣਗੇ।