ਖੰਡ ਮਿੱਲ ਸ਼ੇਰੋਂ ਦੀ ਮਾਲਕੀ ਤਬਦੀਲ ਕਰਨ ਵਿਰੁੱਧ ਪੱਕਾ ਮੋਰਚਾ ਜਾਰੀ ਖੰਡ ਮਿੱਲ ਸ਼ੇਰੋਂ ਦੀ ਮਾਲਕੀ ਤਬਦੀਲ ਕਰਨ ਵਿਰੁੱਧ ਪੱਕਾ ਮੋਰਚਾ 46ਵੇਂ ਦਿਨ ਵੀ ਜਾਰੀ
Publish Date: Sun, 05 Jul 2026 05:57 PM (IST)
Updated Date: Mon, 06 Jul 2026 04:06 AM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਤਰਨਤਾਰਨ ਅਧੀਨ ਕੰਮ ਕਰ ਰਹੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਸਹਿਕਾਰੀ ਖੰਡ ਮਿੱਲ ਸ਼ੇਰੋਂ ਦੀ ਮਾਲਕੀ ਤਬਦੀਲ ਕਰਨ ਦੇ ਵਿਰੋਧ ਵਿਚ ਲਾਇਆ ਗਿਆ ਪੱਕਾ ਮੋਰਚਾ ਅੱਜ 46ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਸੰਬੋਧਨ ਕਰਦਿਆਂ ਹਰਜਿੰਦਰ ਸਿੰਘ ਟਾਂਡਾ, ਸੁਖਬਾਜ ਸਿੰਘ ਸਿੱਧੂ, ਮਨਜੀਤ ਸਿੰਘ ਬੱਗੂ, ਨਛੱਤਰ ਸਿੰਘ ਪੰਨੂ, ਬਲਕਾਰ ਸਿੰਘ ਵਲਟੋਹਾ, ਇੰਦਰਜੀਤ ਸਿੰਘ ਮਰਹਾਣਾ, ਜੱਸਾ ਸਿੰਘ ਕੱਦਗਿੱਲ ਅਤੇ ਸਰਬਜੀਤ ਸਿੰਘ ਨੱਥੂ ਚੱਕ ਨੇ ਕਿਹਾ ਕਿ ਸਹਿਕਾਰੀ ਖੰਡ ਮਿੱਲ ਕਿਸਾਨਾਂ ਦੇ 60 ਫੀਸਦੀ ਸ਼ੇਅਰਾਂ ਨਾਲ ਹੋਂਦ ਵਿਚ ਆਈ ਹੈ। ਇਸ ਲਈ ਪੰਜਾਬ ਸਰਕਾਰ ਨੂੰ ਕਿਸੇ ਵੀ ਕੀਮਤ ’ਤੇ ਇਸ ਦੀ ਮਾਲਕੀ ਤਬਦੀਲ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਦਾ ਡਟਵਾਂ ਵਿਰੋਧ ਕਰੇਗਾ, ਕਿਉਂਕਿ ਇਹ ਸਮਝੌਤਾ ਦੇਸ਼ ਦੀ ਖੇਤੀ ਅਤੇ ਖੇਤੀ ’ਤੇ ਨਿਰਭਰ ਵੱਡੀ ਆਬਾਦੀ ਦੇ ਹਿੱਤਾਂ ਤੇ ਸਿੱਧਾ ਹਮਲਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਰੁਜ਼ਗਾਰ ਦੇ ਮੌਕੇ ਘੱਟ ਰਹੇ ਹਨ ਅਤੇ ਸੇਵਾ ਖੇਤਰ ਵਿਚ ਵੀ ਨੌਕਰੀਆਂ ’ਚ ਕਮੀ ਆ ਰਹੀ ਹੈ। ਸਰਕਾਰ ਵਿਰੁੱਧ ਆਵਾਜ਼ ਉਠਾਉਣ ਵਾਲੇ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਅਤੇ ਹੋਰ ਵਰਗਾਂ ਨਾਲ ਤਾਨਾਸ਼ਾਹੀ ਰਵੱਈਆ ਅਪਣਾਇਆ ਜਾ ਰਿਹਾ ਹੈ। ਸੰਯੁਕਤ ਕਿਸਾਨ ਮੋਰਚਾ ਅਜਿਹੀਆਂ ਨੀਤੀਆਂ ਦਾ ਡਟ ਕੇ ਵਿਰੋਧ ਕਰਦਾ ਰਹੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਸਰਕਾਰੀ ਸੰਪਤੀਆਂ, ਜ਼ਮੀਨਾਂ ਅਤੇ ਸਹਿਕਾਰੀ ਖੰਡ ਮਿੱਲਾਂ ਨੂੰ ਬੰਦ ਕਰਨ ਜਾਂ ਉਨ੍ਹਾਂ ਦੀ ਮਾਲਕੀ ਤਬਦੀਲ ਕਰਨ ਦੀਆਂ ਕੋਸ਼ਿਸ਼ਾਂ ਕਿਸੇ ਵੀ ਕੀਮਤ ਤੇ ਕਾਮਯਾਬ ਨਹੀਂ ਹੋਣ ਦਿੱਤੀਆਂ ਜਾਣਗੀਆਂ। ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਭਗਵੰਤ ਮਾਨ ਸਰਕਾਰ ਨੇ ਸਮਾਂ ਰਹਿੰਦਿਆਂ ਕਿਸਾਨਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਦੇ ਮਸਲਿਆਂ ਦਾ ਹੱਲ ਨਾ ਕੀਤਾ, ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਸਹਿਕਾਰੀ ਖੰਡ ਮਿੱਲ ਸ਼ੇਰੋਂ ਦੀ ਮਾਲਕੀ ਤਬਦੀਲ ਕਰਨ ਦੀ ਕਿਸੇ ਵੀ ਕੋਸ਼ਿਸ਼ ਨੂੰ ਨਾਕਾਮ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਦੀ ਜ਼ਿਲ੍ਹਾ ਲੀਡਰਸ਼ਿਪ ਵੱਲੋਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਮੰਗ-ਪੱਤਰ ਦੇਣ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ, ਪਰ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਨੇ ਮੰਗ ਪੱਤਰ ਲੈਣ ਤੋਂ ਇਨਕਾਰ ਕਰ ਦਿੱਤਾ, ਜਿਸ ਕਰਕੇ ਕਿਸਾਨਾਂ ਵਿਚ ਭਾਰੀ ਰੋਸ ਹੈ। ਮੋਰਚੇ ਦੌਰਾਨ ਹੋਈ ਇਕ ਵੱਖਰੀ ਮੀਟਿੰਗ ਵਿਚ ਫੈਸਲਾ ਲਿਆ ਗਿਆ ਕਿ 10 ਜੁਲਾਈ ਨੂੰ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੀ ਰਿਹਾਇਸ਼ ਪਿੰਡ ਲਾਲਪੁਰਾ ਵਿਖੇ ਰੋਸ ਪ੍ਰਗਟ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਅਤੇ ਉਸ ਦੇ ਵਿਧਾਇਕਾਂ ਵੱਲੋਂ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਇਸੇ ਤਰ੍ਹਾਂ ਅਣਡਿੱਠਾ ਕੀਤਾ ਜਾਂਦਾ ਰਿਹਾ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਦੀ ਰੂਪ-ਰੇਖਾ ਹੋਰ ਤਿੱਖੀ ਕੀਤੀ ਜਾਵੇਗੀ। ਇਸ ਮੌਕੇ ਜਸਵੀਰ ਸਿੰਘ, ਕੁਲਵਿੰਦਰ ਸਿੰਘ ਨਾਰਲੀ, ਅਮਰਜੀਤ ਸਿੰਘ ਨਾਰਲੀ, ਰਜਿੰਦਰ ਸਿੰਘ ਨੱਥੂਚੱਕ, ਸੁਖਦੇਵ ਸਿੰਘ ਤੂੜ, ਰਤਨ ਸਿੰਘ ਢੰਡ, ਰਵਨੀਤ ਸਿੰਘ ਸੱਤੋਵਾਲ, ਗੁਰਵਿੰਦਰ ਸਿੰਘ, ਸ਼ਿੰਗਾਰਾ ਸਿੰਘ, ਜੋਬਨਜੀਤ ਸਿੰਘ ਸੱਤੋਵਾਲ, ਰੇਸ਼ਮ ਸਿੰਘ ਫਿਰਲੋਕੇ, ਮਹੀਪਾਲ ਸਿੰਘ ਫੱਟੀਆਂ, ਹਰਭਾਗ ਸਿੰਘ ਤੂੜ, ਕਸ਼ਮੀਰ ਸਿੰਘ ਫਿਰਲੋਕੇ, ਰਜਵੰਤ ਸਿੰਘ ਫਿਰਲੋਕੇ, ਗੁਰਵਿੰਦਰ ਸਿੰਘ ਫੱਟੀਆਂ, ਦਵਿੰਦਰ ਸਿੰਘ ਸੋਹਰ, ਮਨਜੀਤ ਸਿੰਘ ਮਰਹਾਣਾ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।