- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਨਸੂਨ ਦੌਰਾਨ ਵੱਧ ਤੋਂ ਵੱਧ ਪੌਦੇ ਲਗਾਉਣ ਦਾ ਸਮਾਜ ਚਿੰਤਕਾਂ ਨੇ ਦਿੱਤਾ ਸੱਦਾ

ਕਿਹਾ, ਵਾਤਾਵਰਨ ਨੂੰ ਬਚਾਉਣਾ ਹਰ ਕਿਸੇ ਨੂੰ ਆਪਣਾ ਫਰਜ਼ ਪਛਾਣਨਾ ਜ਼ਰੂਰੀ
ਸਟਾਫ ਰਿਪੋਰਟਰ, •ਪੰਜਾਬੀ ਜਾਗਰਣ, ਤਰਨਤਾਰਨ : ਮਾਨਸੂਨ ਦੀ ਆਮਦ ਨਾਲ ਹੀ ਰੁੱਖ ਲਗਾਉਣ ਲਈ ਸਭ ਤੋਂ ਅਨੁਕੂਲ ਸਮਾਂ ਸ਼ੁਰੂ ਹੋ ਜਾਂਦਾ ਹੈ। ਇਸ ਮੌਸਮ ਵਿਚ ਨਮੀ ਅਤੇ ਬਾਰਿਸ਼ ਕਾਰਨ ਬੂਟਿਆਂ ਦੀ ਜੜ੍ਹ ਆਸਾਨੀ ਨਾਲ ਫੈਲਦੀ ਹੈ ਅਤੇ ਉਨ੍ਹਾਂ ਦੇ ਜੀਵਤ ਰਹਿਣ ਦੀ ਸੰਭਾਵਨਾ ਵੀ ਕਾਫ਼ੀ ਵੱਧ ਜਾਂਦੀ ਹੈ। ਵੱਧ ਰਹੀ ਗਲੋਬਲ ਵਾਰਮਿੰਗ, ਪ੍ਰਦੂਸ਼ਣ ਅਤੇ ਤਾਪਮਾਨ ਵਿਚ ਲਗਾਤਾਰ ਹੋ ਰਹੇ ਵਾਧੇ ਨੂੰ ਦੇਖਦਿਆਂ ਹਰ ਨਾਗਰਿਕ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਦਾ ਸੰਕਲਪ ਲੈਣਾ ਚਾਹੀਦਾ ਹੈ। ਮਾਨਸੂਨ ਦਾ ਇਹ ਮੌਸਮ ਕੁਦਰਤ ਨੂੰ ਹਰਿਆ-ਭਰਿਆ ਬਣਾਉਣ ਦਾ ਸਭ ਤੋਂ ਵਧੀਆ ਮੌਕਾ ਹੈ।
ਜੇ ਹਰ ਨਾਗਰਿਕ ਆਪਣੀ ਸਮਾਜਿਕ ਜ਼ਿੰਮੇਵਾਰੀ ਨਿਭਾਉਂਦਿਆਂ ਘੱਟੋਂ-ਘੱਟ ਇਕ ਬੂਟਾ ਲਗਾ ਕੇ ਉਸ ਦੀ ਦੇਖਭਾਲ ਕਰੇ ਤਾਂ ਪ੍ਰਦੂਸ਼ਣ ਨੂੰ ਕਾਫ਼ੀ ਹੱਦ ਤਕ ਘਟਾਇਆ ਜਾ ਸਕਦਾ ਹੈ ਅਤੇ ਗਲੋਬਲ ਵਾਰਮਿੰਗ ਦੀ ਚੁਣੌਤੀ ਨਾਲ ਨਜਿੱਠਣ ਵਿਚ ਵੀ ਮਹੱਤਵਪੂਰਨ ਸਫ਼ਲਤਾ ਹਾਸਿਲ ਕੀਤੀ ਜਾ ਸਕਦੀ ਹੈ। ਰੁੱਖ ਹੀ ਸਾਫ਼-ਸੁਥਰੇ, ਸਿਹਤਮੰਦ ਅਤੇ ਖੁਸ਼ਹਾਲ ਭਵਿੱਖ ਦੀ ਸਭ ਤੋਂ ਮਜ਼ਬੂਤ ਨੀਂਹ ਹਨ। ਇਹ ਪ੍ਰਗਟਾਵਾ ਵੱਖ-ਵੱਖ ਖੇਤਰਾਂ ਨਾਲ ਜੁੜੀਆਂ ਸ਼ਖ਼ਸੀਅਤਾਂ ਨੇ ਮਾਨਸੂਨ ਦੌਰਾਨ ਵੱਧ ਤੋਂ ਵੱਧ ਪੌਦੇ ਲਗਾਉਣ ਦਾ ਸੱਦਾ ਦਿੰਦਿਆਂ ਦਿੱਤਾ ਹੈ।
-----
ਰੁੱਖ ਸਾਫ਼ ਹਵਾ ਤੇ ਸੰਤੁਲਨ ਵਾਤਾਵਰਨ ਦਾ ਸਰੋਤ : ਤਨੇਜਾ
ਰਾਈਸ ਮਿੱਲਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਤਨੇਜਾ ਨੇ ਕਿਹਾ ਕਿ ਮਾਨਸੂਨ ਦਾ ਮੌਸਮ ਕੁਦਰਤ ਵੱਲੋਂ ਦਿੱਤਾ ਇਕ ਅਨਮੋਲ ਤੋਹਫ਼ਾ ਹੈ, ਜਿਸ ਦਾ ਲਾਭ ਉਠਾਉਂਦੇ ਹੋਏ ਹਰ ਵਿਅਕਤੀ ਨੂੰ ਘੱਟੋਂ-ਘੱਟ ਇਕ ਪੌਦਾ ਜ਼ਰੂਰ ਲਗਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰੁੱਖ ਨਾ ਸਿਰਫ਼ ਸਾਨੂੰ ਸ਼ੁੱਧ ਹਵਾ ਦਿੰਦੇ ਹਨ, ਸਗੋਂ ਵਾਤਾਵਰਨ ਦਾ ਸੰਤੁਲਨ ਬਣਾਈ ਰੱਖਣ, ਧਰਤੀ ਦੇ ਤਾਪਮਾਨ ਨੂੰ ਘਟਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੁਰੱਖਿਅਤ ਭਵਿੱਖ ਦੇਣ ਵਿਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੌਦੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸੰਭਾਲ ਦੀ ਜ਼ਿੰਮੇਵਾਰੀ ਵੀ ਨਿਭਾਈ ਜਾਵੇ।
--------
ਗਲੋਬਲ ਵਾਰਮਿੰਗ ਬਣੀ ਗੰਭੀਰ ਚੁਣੌਤੀ : ਬੂਆ ਸਿੰਘ
ਵਾਤਾਵਰਨ ਪ੍ਰੇਮੀ ਬੂਆ ਸਿੰਘ ਜ਼ਿਲ੍ਹਾ ਚੇਅਰਮੈਨ ਸਵਰਨਕਾਰ ਭਲਾਈ ਬੋਰਡ ਨੇ ਕਿਹਾ ਕਿ ਗਲੋਬਲ ਵਾਰਮਿੰਗ ਅੱਜ ਪੂਰੀ ਦੁਨੀਆ ਲਈ ਗੰਭੀਰ ਚੁਣੌਤੀ ਬਣ ਚੁੱਕੀ ਹੈ। ਜੇਕਰ ਅਸੀਂ ਹੁਣ ਵੀ ਕੁਦਰਤ ਦੀ ਸੰਭਾਲ ਲਈ ਅੱਗੇ ਨਾ ਆਏ ਤਾਂ ਆਉਣ ਵਾਲੇ ਸਮੇਂ ਵਿਚ ਇਸ ਦੇ ਨਤੀਜੇ ਹੋਰ ਵੀ ਭਿਆਨਕ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਰੁੱਖ ਸਾਨੂੰ ਆਕਸੀਜਨ ਦਿੰਦੇ ਹਨ, ਜਿਸ ਨਾਲ ਹਵਾ ਦੀ ਗੁਣਵੱਤਾ ਵਿਚ ਸੁਧਾਰ ਹੁੰਦਾ ਹੈ। ਇਸ ਲਈ ਹਰ ਪਰਿਵਾਰ ਨੂੰ ਆਪਣੇ ਘਰ, ਖੇਤ ਜਾਂ ਆਲੇ-ਦੁਆਲੇ ਖਾਲੀ ਥਾਂ ’ਤੇ ਪੌਦੇ ਲਗਾਉਣੇ ਚਾਹੀਦੇ ਹਨ।
-----
ਜੀਵਨ ਦੇ ਖਾਸ ਦਿਨਾਂ ’ਚ ਬੂਟੇ ਲਗਾਵੇ ਹਰ ਵਿਅਕਤੀ : ਐਡਵੋਕੇਟ ਅਗਨੀਹੋਤਰੀ
ਐਂਟੀ ਪੋਲਿਉਸ਼ਨ ਆਰਗੇਨਾਈਜੇਸ਼ਨ ਦੇ ਪ੍ਰਧਾਨ ਐਡਵੋਕੇਟ ਆਦੇਸ਼ ਅਗਨੀਹੋਤਰੀ ਨੇ ਕਿਹਾ ਕਿ ਬੱਚਿਆਂ ਵਿਚ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸਮੇਂ ਦੀ ਲੋੜ ਹੈ। ਸਕੂਲਾਂ ਵਿਚ ਵੱਧ ਤੋਂ ਵੱਧ ਰੁੱਖ ਲਗਾਉਣ ਦੀਆਂ ਮੁਹਿੰਮਾਂ ਚਲਾਈਆਂ ਜਾਣੀਆਂ ਚਾਹੀਦੀਆਂ ਹਨ, ਤਾਂ ਜੋ ਵਿਦਿਆਰਥੀ ਕੁਦਰਤ ਨਾਲ ਜੁੜਨ ਅਤੇ ਰੁੱਖਾਂ ਦੀ ਮਹੱਤਤਾ ਨੂੰ ਸਮਝ ਸਕਣ। ਉਨ੍ਹਾਂ ਕਿਹਾ ਕਿ ਜੇ ਹਰ ਵਿਅਕਤੀ ਆਪਣੇ ਜਾਂ ਆਪਣੇ ਬੱਚਿਆਂ ਦੇ ਜਨਮਦਿਨ ਜਾਂ ਕਿਸੇ ਖਾਸ ਮੌਕੇ ’ਤੇ ਇਕ ਪੌਦਾ ਲਗਾ ਕੇ ਉਸ ਦੀ ਸੰਭਾਲ ਕਰੇ ਤਾਂ ਆਉਣ ਵਾਲੇ ਸਾਲਾਂ ਵਿਚ ਵੱਡਾ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ।
-------
ਮਨੁੱਖੀ ਸਿਹਤ ’ਤੇ ਅਸਰ ਪਾ ਰਿਹਾ ਹੈ ਪ੍ਰਦੂਸ਼ਣ : ਰਾਣਾ
ਤਰਨਤਾਰਨ ਦੇ ਸਾਬਕਾ ਕੌਂਸਲਰ ਰਣਜੀਤ ਸਿੰਘ ਰਾਣਾ ਨੇ ਕਿਹਾ ਕਿ ਵੱਧ ਰਿਹਾ ਪ੍ਰਦੂਸ਼ਣ ਮਨੁੱਖੀ ਸਿਹਤ ’ਤੇ ਸਿੱਧਾ ਅਸਰ ਪਾ ਰਿਹਾ ਹੈ। ਸਾਹ ਦੀਆਂ ਬਿਮਾਰੀਆਂ, ਗਰਮੀ ਦੀਆਂ ਲਹਿਰਾਂ ਅਤੇ ਬਦਲਦਾ ਮੌਸਮੀ ਚੱਕਰ ਇਸ ਦੀਆਂ ਸਪੱਸ਼ਟ ਉਦਾਹਰਨਾਂ ਹਨ। ਉਨ੍ਹਾਂ ਕਿਹਾ ਕਿ ਰੁੱਖ ਹਵਾ ਨੂੰ ਸ਼ੁੱਧ ਕਰਨ, ਤਾਪਮਾਨ ਨੂੰ ਕੰਟਰੋਲ ਕਰਨ ਅਤੇ ਵਰਖਾ ਦੇ ਸੰਤੁਲਨ ਨੂੰ ਬਣਾਈ ਰੱਖਣ ਵਿਚ ਬਹੁਤ ਮਹੱਤਵਪੂਰਨ ਯੋਗਦਾਨ ਪਾਉਂਦੇ ਹਨ। ਇਸ ਲਈ ਹਰ ਨਾਗਰਿਕ ਨੂੰ ਵਾਤਾਵਰਨ ਸੁਰੱਖਿਆ ਨੂੰ ਆਪਣਾ ਫ਼ਰਜ਼ ਸਮਝਣਾ ਚਾਹੀਦਾ ਹੈ।
-----
ਸਮਾਜ ਦੇ ਹਰ ਵਰਗ ਦੀ ਭਾਗੀਦਾਰ ਨਾਲ ਸਫ਼ਲ ਹੋਣਗੇ ਯਤਨ : ਅਰੋੜਾ
ਸਮਾਜ ਸੇਵੀ ਤੇ ਸਾਬਕਾ ਕੌਂਸਲਰ ਸਵਿੰਦਰ ਸਿੰਘ ਅਰੋੜਾ ਨੇ ਕਿਹਾ ਕਿ ਸਿਰਫ਼ ਸਰਕਾਰਾਂ ਦੇ ਯਤਨਾਂ ਨਾਲ ਹੀ ਵਾਤਾਵਰਨ ਦੀ ਰੱਖਿਆ ਸੰਭਵ ਨਹੀਂ, ਸਗੋਂ ਇਸ ਲਈ ਸਮਾਜ ਦੇ ਹਰ ਵਰਗ ਦੀ ਭਾਗੀਦਾਰੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ, ਸ਼ਹਿਰਾਂ, ਧਾਰਮਿਕ ਅਦਾਰਿਆਂ, ਸਕੂਲਾਂ ਅਤੇ ਸਮਾਜਿਕ ਸੰਸਥਾਵਾਂ ਨੂੰ ਮਿਲ ਕੇ ਵੱਡੇ ਪੱਧਰ ’ਤੇ ਰੁੱਖ ਲਗਾਉਣ ਦੀਆਂ ਮੁਹਿੰਮਾਂ ਚਲਾਉਣੀਆਂ ਚਾਹੀਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਜੇ ਅੱਜ ਅਸੀਂ ਇਕ-ਇਕ ਪੌਦਾ ਲਗਾ ਕੇ ਉਸ ਨੂੰ ਰੁੱਖ ਬਣਨ ਤਕ ਸੰਭਾਲੀਏ, ਤਾਂ ਇਹ ਸਾਡੇ ਬੱਚਿਆਂ ਲਈ ਸਭ ਤੋਂ ਵੱਡੀ ਦੌਲਤ ਸਾਬਿਤ ਹੋਵੇਗੀ।