- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਧਾਰਮਿਕ ਮਹੱਤਤਾ ਵਾਲੇ ਇਲਾਕੇ 'ਚ ਅਵਾਰਾ ਕੁੱਤਿਆਂ ਦੀ ਦਹਿਸ਼ਤ, ਕਈਆਂ ਨੂੰ ਵੱਢਿਆ

ਗੁਰਬਰਿੰਦਰ ਸਿੰਘ•, ਪੰਜਾਬੀ ਜਾਗਰਣ,
ਸ੍ਰੀ ਗੋਇੰਦਵਾਲ ਸਾਹਿਬ : ਇਤਿਹਾਸਕ ਨਗਰ ਗੋਇੰਦਵਾਲ ਸਾਹਿਬ, ਕਸਬਾ ਫਤਿਆਬਾਦ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਅਵਾਰਾ ਕੁੱਤਿਆਂ ਦੀ ਵਧਦੀ ਗਿਣਤੀ ਲੋਕਾਂ ਲਈ ਗੰਭੀਰ ਚਿੰਤਾ ਦਾ ਕਾਰਨ ਬਣ ਗਈ ਹੈ। ਪਿਛਲੇ ਕੁਝ ਦਿਨਾਂ ਦੌਰਾਨ ਕਈ ਰਾਹਗੀਰਾਂ, ਬੱਚਿਆਂ ਅਤੇ ਬਜ਼ੁਰਗਾਂ ਨੂੰ ਅਵਾਰਾ ਕੁੱਤਿਆਂ ਵੱਲੋਂ ਵੱਢੇ ਜਾਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਿਸ ਕਾਰਨ ਲੋਕਾਂ ਵਿਚ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਸਮਾਜ ਸੇਵੀ ਆਗੂਆਂ ਸੁਖਵਿੰਦਰ ਸਿੰਘ ਧਾਲੀਵਾਲ, ਨਿੰਦਰ ਸਿੰਘ ਭੈਲ, ਮਲਕੀਅਤ ਸਿੰਘ ਮੁਤੀ, ਭੁਪਿੰਦਰ ਸਿੰਘ ਟੀਟੂ, ਸੁਖਵਿੰਦਰ ਸਿੰਘ ਸਹੋਤਾ, ਬਲਪ੍ਰੀਤ ਸਿੰਘ, ਹਰਦੀਪ ਸਿੰਘ ਚੌਹਾਨ ਆਦਿ ਦਾ ਕਹਿਣਾ ਹੈ ਕਿ ਸਵੇਰੇ ਸ਼ਾਮ ਦੇ ਸਮੇਂ ਕੁੱਤੇ ਝੁੰਡਾਂ ਵਿਚ ਘੁੰਮਦੇ ਹਨ ਅਤੇ ਰਾਹ ਲੰਘਦੇ ਲੋਕਾਂ ਦਾ ਪਿੱਛਾ ਕਰਦੇ ਹਨ।
ਖ਼ਾਸ ਕਰਕੇ ਸਕੂਲ ਜਾਣ ਵਾਲੇ ਬੱਚੇ, ਸਾਈਕਲ ਸਵਾਰ ਅਤੇ ਬਜ਼ੁਰਗ ਸਭ ਤੋਂ ਵੱਧ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਬੇਕਾਬੂ ਅਵਾਰਾ ਕੁੱਤਿਆਂ ਵੱਲੋਂ ਬੱਚਿਆਂ ਨੂੰ ਨੋਚਣ ਨਾਲ ਮੌਤ ਹੋਣ ਦੀਆਂ ਘਟਨਾਵਾਂ ਨਿਤ ਦਿਹਾੜੇ ਮੀਡੀਆ ਅਤੇ ਅਖ਼ਬਾਰਾਂ ਦੀਆਂ ਸੁਰਖੀਆਂ ਤਾਂ ਬਣਦੀਆਂ ਹਨ, ਪ੍ਰੰਤੂ ਪ੍ਰਸ਼ਾਸਨ ਦੇ ਅਵੇਸਲੇ ਪਨ ਕਾਰਨ ਸਮੱਸਿਆ ਜਿਉਂ ਦੀ ਤਿਉਂ ਖੜੀ ਹੈ। ਉਨ੍ਹਾਂ ਦੱਸਿਆ ਕਿ ਇਲਾਕੇ ਦੇ ਦਰਜਨਾਂ ਲੋਕਾਂ ਨੂੰ ਕੁੱਤਿਆਂ ਦੇ ਵੱਢਣ ਕਾਰਨ ਪ੍ਰਾਈਵੇਟ ਤੇ ਸਰਕਾਰੀ ਹਸਪਤਾਲ ’ਚ ਐਂਟੀ-ਰੈਬੀਜ਼ ਟੀਕੇ ਲਗਵਾਉਣੇ ਪੈ ਰਹੇ ਹਨ।
ਇਲਾਕਾ ਵਾਸੀਆਂ ਨੇ ਦੋਸ਼ ਲਗਾਇਆ ਕਿ ਸੁਪਰੀਮ ਕੋਰਟ ਦੀਆਂ ਸਖ਼ਤ ਹਦਾਇਤਾਂ ਅਤੇ ਅਵਾਰਾ ਕੁੱਤਿਆਂ ਦੀ ਸਮੱਸਿਆ ਦੇ ਹੱਲ ਲਈ ਬਣੇ ਨਿਯਮਾਂ ਦੇ ਬਾਵਜੂਦ ਨਾ ਕੋਈ ਪ੍ਰਸ਼ਾਸਨ, ਨਾ ਪੰਚਾਇਤਾਂ, ਨਾ ਹੀ ਸਬੰਧਤ ਵਿਭਾਗਾਂ ਵੱਲੋਂ ਅਵਾਰਾ ਕੁੱਤਿਆਂ ਨੂੰ ਕਾਬੂ ਕਰਨ ਦੀ ਕੋਈ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾ ਰਹੀ।
ਸਮਾਜਿਕ ਆਗੂਆਂ ਕਿਹਾ ਕਿ ਗ੍ਰਾਮ ਪੰਚਾਇਤਾਂ ਅਤੇ ਪ੍ਰਸ਼ਾਸਨ ਤੇ ਪਸ਼ੂ ਪਾਲਣ ਵਿਭਾਗ ਵੱਲੋਂ ਮਿਲ ਕੇ ਅਵਾਰਾ ਕੁੱਤਿਆਂ ਦੀ ਗਿਣਤੀ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਣੀ ਚਾਹੀਦੀ ਹੈ। ਅਵਾਰਾ ਕੁੱਤਿਆਂ ਦੀ ਨਸਬੰਦੀ ਅਤੇ ਟੀਕਾਕਰਨ ਕਰਵਾਇਆ ਜਾਣਾ ਅਤੇ ਪਾਗਲ ਜਾਂ ਹਮਲਾਵਰ ਕੁੱਤਿਆਂ ਨੂੰ ਤੁਰੰਤ ਕਾਬੂ ਕਰਨਾ ਚਾਹੀਦਾ ਹੈ, ਤਾਂ ਕਿ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਇਲਾਕੇ ਦੇ ਸੁਚੇਤ ਲੋਕਾਂ ਚਿੰਤਾ ਜ਼ਾਹਿਰ ਕੀਤੀ ਕਿ ਜੇਕਰ ਅਵਾਰਾ ਕੁੱਤਿਆਂ ਨੂੰ ਕਾਬੂ ਕਰਨ ਲਈ ਠੋਸ ਕਦਮ ਨਾ ਚੁੱਕੇ ਤਾਂ ਕਿਸੇ ਵੀ ਵੇਲੇ ਕੋਈ ਵੱਡਾ ਹਾਦਸਾ ਵਾਪਰ ਸਕਦਾ ਹੈ, ਜਿਸ ਦੀ ਜ਼ਿੰਮੇਵਾਰੀ ਸਬੰਧਤ ਵਿਭਾਗਾਂ ਦੀ ਹੋਵੇਗੀ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਨਸਾਨਾਂ ਦੀ ਸੁਰੱਖਿਆ ਨੂੰ ਪਹਿਲ ਦੇ ਕੇ ਅਵਾਰਾ ਕੁੱਤਿਆਂ ਦੀ ਗੰਭੀਰ ਸਮੱਸਿਆ ਦਾ ਸਥਾਈ ਹੱਲ ਕੀਤਾ ਜਾਵੇ।
---------
ਕੁੱਤੇ ਦੇ ਵੱਢਣ ’ਤੇ ਅਣਗਹਿਲੀ ਨਾ ਵਰਤੋ: ਡਾ. ਲਾਲਪੁਰਾ
ਆਮ ਆਦਮੀ ਕਲੀਨਿਕ ਫਤਿਆਬਾਦ ਦੇ ਡਾ. ਤਲਵਿੰਦਰ ਸਿੰਘ ਲਾਲਪੁਰਾ ਨੇ ਕੁੱਤਿਆਂ ਦੇ ਵੱਢਣ ਦੇ ਇਲਾਜ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਮ ਆਦਮੀ ਕਲੀਨਿਕ ਫਤਿਆਬਾਦ ਵਿਖੇ ਹਰ ਮਹੀਨੇ 20 ਤੋਂ 25 ਕੇਸ ਅਵਾਰਾ ਕੁਤਿਆਂ ਦੇ ਵੱਢਣ ਦੇ ਆਉਂਦੇ ਹਨ। ਜਦੋਂਕਿ ਪ੍ਰਾਈਵੇਟ ਕਲੀਨਿਕਾਂ ਤੋਂ ਇਲਾਜ ਕਰਾਉਣ ਵਾਲਿਆਂ ਦੀ ਗਿਣਤੀ ਦਾ ਪਤਾ ਨਹੀਂ। ਡਾ. ਲਾਲਪੁਰਾ ਨੇ ਕੁੱਤਿਆਂ ਦੇ ਵੱਢਣ ਦੇ ਇਲਾਜ ਸਬੰਧੀ ਜਾਗਰੂਕ ਕਰਦਿਆਂ ਕਿਹਾ ਕਿ ਕੁੱਤੇ ਦੇ ਵੱਢਣ ’ਤੇ ਸਭ ਤੋਂ ਪਹਿਲਾਂ ਜ਼ਖ਼ਮ ਨੂੰ ਤੁਰੰਤ ਸਾਬਣ ਅਤੇ ਵਗਦੇ ਪਾਣੀ ਨਾਲ ਘੱਟੋਂ-ਘੱਟ 15 ਮਿੰਟ ਤਕ ਚੰਗੀ ਤਰ੍ਹਾਂ ਧੋਣਾ ਚਾਹੀਦਾ ਹੈ।
ਇਸ ਤੋਂ ਬਾਅਦ ਨਜ਼ਦੀਕੀ ਸਿਹਤ ਕੇਂਦਰ ਜਾਂ ਹਸਪਤਾਲ ਵਿਚ ਪਹੁੰਚ ਕੇ ਡਾਕਟਰ ਦੀ ਸਲਾਹ ਅਨੁਸਾਰ ਰੈਬੀਜ਼ ਵੈਕਸੀਨ ਅਤੇ ਲੋੜ ਪੈਣ ’ਤੇ ਰੈਬੀਜ਼ ਇਮਿਊਨੋਗਲੋਬੁਲਿਨ ਲਗਵਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕੁੱਤੇ ਦੇ ਵੱਢਣ ਨੂੰ ਕਦੇ ਵੀ ਹਲਕੇ ਵਿਚ ਨਾ ਲਿਆ ਜਾਵੇ, ਕਿਉਂਕਿ ਸਮੇਂ ਸਿਰ ਸਹੀ ਇਲਾਜ ਨਾਲ ਰੈਬੀਜ਼ ਵਰਗੀ ਜਾਨਲੇਵਾ ਬਿਮਾਰੀ ਤੋਂ ਬਚਾਅ ਸੰਭਵ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੇ ਘਰੇਲੂ ਨੁਸਖਿਆਂ ਜਾਂ ਫਾਡਿਆਂ 'ਤੇ ਨਿਰਭਰ ਹੋਣ ਦੀ ਬਜਾਏ ਤੁਰੰਤ ਮਾਹਿਰ ਡਾਕਟਰ ਨਾਲ ਸੰਪਰਕ ਕਰਨਾ ਜ਼ਰੂਰੀ ਹੈ।
----------------
ਜਾਨਵਰਾਂ ਤੋਂ ਫੈਲਣ ਵਾਲੀਆਂ ਬਿਮਾਰੀਆਂ ਸਬੰਧੀ ਕੀਤਾ ਜਾਂਦਾ ਜਾਗਰੂਕ : ਡਾ. ਰੰਧਾਵਾ
ਡਿਪਟੀ ਡਾਇਰੈਕਟਰ ਪਸ਼ੂ ਪਾਲਣ ਤਰਨਤਾਰਨ ਡਾ. ਤੇਜਬੀਰ ਸਿੰਘ ਰੰਧਾਵਾ ਨੇ ਕਿਹਾ ਕਿ ਅਵਾਰਾ ਕੁੱਤਿਆਂ ਨੂੰ ਫੜਨਾ, ਉਨ੍ਹਾਂ ਦੀ ਸੰਭਾਲ ਕਰਨਾ ਜਾਂ ਉਨ੍ਹਾਂ ਦੀ ਗਿਣਤੀ ਨੂੰ ਨਿਯੰਤਰਿਤ ਕਰਨ ਲਈ ਲੋੜੀਂਦੇ ਪ੍ਰਬੰਧ ਕਰਨਾ ਪਿੰਡਾਂ ਵਿਚ ਗ੍ਰਾਮ ਪੰਚਾਇਤਾਂ ਅਤੇ ਸ਼ਹਿਰੀ ਖੇਤਰਾਂ ਵਿਚ ਨਗਰ ਕੌਂਸਲਾਂ ਅਤੇ ਨਗਰ ਕਮੇਟੀਆਂ ਦੇ ਅਧਿਕਾਰ ਖੇਤਰ ਵਿਚ ਆਉਂਦਾ ਹੈ। ਪਸ਼ੂ ਪਾਲਣ ਵਿਭਾਗ ਦਾ ਮੁੱਖ ਉਦੇਸ਼ ਪਸ਼ੂਆਂ ਦੀ ਸਿਹਤ ਸੰਭਾਲ, ਬਿਮਾਰ ਪਸ਼ੂਆਂ ਦਾ ਇਲਾਜ, ਸੰਕਰਾਤਮਕ ਬਿਮਾਰੀਆਂ ਦੀ ਰੋਕਥਾਮ ਅਤੇ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨਾ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਸਮੇਂ-ਸਮੇਂ ’ਤੇ ਰੈਬੀਜ਼ ਸਮੇਤ ਅਵਾਰਾ ਜਾਨਵਰਾਂ ਤੋਂ ਫੈਲਣ ਵਾਲੀਆਂ ਬਿਮਾਰੀਆਂ ਸਬੰਧੀ ਜਾਗਰੂਕਤਾ ਕੈਂਪ, ਸਕੂਲਾਂ ਅਤੇ ਪਿੰਡਾਂ ਵਿਚ ਜਾਗਰੂਕਤਾ ਪ੍ਰੋਗਰਾਮ ਅਤੇ ਵੱਖ-ਵੱਖ ਸੈਮੀਨਾਰ ਜਾਂਦੇ ਹਨ। ਇਸ ਤੋਂ ਇਲਾਵਾ ਸਰਕਾਰੀ ਪਸ਼ੂ ਹਸਪਤਾਲਾਂ ਵਿਚ ਨਿਯਮਿਤ ਤੌਰ ’ਤੇ ਐਂਟੀ-ਰੈਬੀਜ਼ ਵੈਕਸੀਨੇਸ਼ਨ ਅਤੇ ਹੋਰ ਲੋੜੀਂਦੇ ਟੀਕਾਕਰਨ ਕੈਂਪ ਲਗਾਏ ਜਾਂਦੇ ਹਨ, ਤਾਂ ਜੋ ਪਾਲਤੂ ਕੁੱਤਿਆਂ ਅਤੇ ਹੋਰ ਪਸ਼ੂਆਂ ਨੂੰ ਬਿਮਾਰੀਆਂ ਤੋਂ ਸੁਰੱਖਿਅਤ ਰੱਖਿਆ ਜਾ ਸਕੇ ਅਤੇ ਰੈਬੀਜ਼ ਵਰਗੀ ਘਾਤਕ ਬਿਮਾਰੀ ਦੇ ਫੈਲਾਅ ਨੂੰ ਰੋਕਿਆ ਜਾ ਸਕੇ।
ਡਾ. ਰੰਧਾਵਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਾਲਤੂ ਕੁੱਤਿਆਂ ਦਾ ਰੈਬੀਜ਼ ਵਿਰੁੱਧ ਟੀਕਾਕਰਨ ਜ਼ਰੂਰ ਕਰਵਾਉਣ। ਉਨ੍ਹਾਂ ਕਿਹਾ ਕਿ ਅਵਾਰਾ ਕੁੱਤਿਆਂ ਨੂੰ ਭੜਕਾਉਣ ਜਾਂ ਛੇੜਛਾੜ ਕਰਨ ਤੋਂ ਗੁਰੇਜ਼ ਕੀਤਾ ਜਾਵੇ ਅਤੇ ਕਿਸੇ ਵੀ ਪਸ਼ੂ ਦੇ ਕੱਟਣ ਦੀ ਸਥਿਤੀ ਵਿਚ ਤੁਰੰਤ ਨੇੜਲੇ ਸਿਹਤ ਕੇਂਦਰ ਵਿਚ ਜਾ ਕੇ ਡਾਕਟਰੀ ਸਲਾਹ ਅਤੇ ਇਲਾਜ ਲੈਣ। ਉਨ੍ਹਾਂ ਦੱਸਿਆ ਕਿ ਰੈਬੀਜ਼ ਇਕ ਘਾਤਕ ਪਰ ਪੂਰੀ ਤਰ੍ਹਾਂ ਰੋਕੀ ਜਾ ਸਕਣ ਵਾਲੀ ਬਿਮਾਰੀ ਹੈ ਅਤੇ ਸਮੇਂ ਸਿਰ ਟੀਕਾਕਰਨ ਤੇ ਜਾਗਰੂਕਤਾ ਹੀ ਇਸ ਤੋਂ ਬਚਾਅ ਦਾ ਸਭ ਤੋਂ ਪ੍ਰਭਾਵਸ਼ਾਲੀ ਤਰੀਕਾ ਹੈ। ਉਨ੍ਹਾਂ ਕਿਹਾ ਕਿ ਅਵਾਰਾ ਕੁੱਤਿਆਂ ਦੀ ਸਮੱਸਿਆ ਦੇ ਸਥਾਈ ਹੱਲ ਲਈ ਸਥਾਨਕ ਸਰਕਾਰਾਂ, ਪਸ਼ੂ ਪਾਲਣ ਵਿਭਾਗ ਅਤੇ ਆਮ ਲੋਕਾਂ ਨੂੰ ਆਪਸੀ ਸਹਿਯੋਗ ਨਾਲ ਕੰਮ ਕਰਨ ਦੀ ਲੋੜ ਹੈ, ਤਾਂ ਜੋ ਮਨੁੱਖਾਂ ਅਤੇ ਪਸ਼ੂਆਂ ਦੋਵਾਂ ਦੀ ਸੁਰੱਖਿਆ ਅਤੇ ਭਲਾਈ ਨੂੰ ਯਕੀਨੀ ਬਣਾਇਆ ਜਾ ਸਕੇ।