- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੀਟੂ ਨੇ ਮਜ਼ਦੂਰਾਂ ਅਤੇ ਕਿਸਾਨਾਂ ਦੀਆਂ ਮੰਗਾਂ ਸਬੰਧੀ ਐੱਸਡੀਐੱਮ ਰਾਹੀਂ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

-ਚਾਰ ਲੇਬਰ ਕੋਡ ਰੱਦ ਕਰਕੇ ਪਹਿਲਾਂ ਵਾਲੇ 29 ਲੇਬਰ ਕਾਨੂੰਨ ਬਹਾਲ ਕੀਤੇ ਜਾਣ ਦੀ ਮੰਗ
ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨ ਸੀਟੂ ਪੰਜਾਬ ਦੀ ਜ਼ਿਲ੍ਹਾ ਕਮੇਟੀ ਤਰਨਤਾਰਨ ਵੱਲੋਂ ਅੱਜ ਮਜ਼ਦੂਰਾਂ ਅਤੇ ਕਿਸਾਨਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ ਐੱਸਡੀਐੱਮ ਤਰਨਤਾਰਨ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਜ਼ਿਲ੍ਹਾ ਕਨਵੀਨਰ ਕਾਮਰੇਡ ਸੁਖਦੇਵ ਸਿੰਘ ਗੋਹਲਵੜ ਦੀ ਅਗਵਾਈ ਹੇਠ ਕਾਮਰੇਡ ਹੀਰਾ ਸਿੰਘ ਕੰਡਿਆਂਵਾਲਾ, ਕਾਮਰੇਡ ਜਸਵਿੰਦਰ ਸਿੰਘ ਮਾਣੋਚਾਹਲ, ਕਾਮਰੇਡ ਕਰਮ ਸਿੰਘ ਲਾਲਪੁਰਾ, ਕਾਮਰੇਡ ਅਜਮੇਰ ਸਿੰਘ ਤਰਨਤਾਰਨ, ਕਾਮਰੇਡ ਬਲਦੇਵ ਸਿੰਘ ਗੋਹਲਵੜ, ਮਨਪ੍ਰੀਤ ਸਿੰਘ ਕੋਟਲੀ ਸਮੇਤ ਹੋਰ ਆਗੂ ਹਾਜ਼ਰ ਸਨ।
ਆਗੂਆਂ ਨੇ ਮੰਗ ਕੀਤੀ ਕਿ ਚਾਰ ਲੇਬਰ ਕੋਡ ਰੱਦ ਕਰਕੇ ਪਹਿਲਾਂ ਵਾਲੇ 29 ਲੇਬਰ ਕਾਨੂੰਨ ਬਹਾਲ ਕੀਤੇ ਜਾਣ। ਇਸ ਤੋਂ ਇਲਾਵਾ ਵੀ ਗਿਰੀ ਨੈਸ਼ਨਲ ਲੇਬਰ ਇੰਸਟੀਚਿਊਟ ਨਾਲ ਸਬੰਧਤ ਨੀਤੀਆਂ ਵਿਚ ਕੀਤੀਆਂ ਤਬਦੀਲੀਆਂ ਵਾਪਸ ਲੈ ਕੇ ਮਨਰੇਗਾ ਕਾਨੂੰਨ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ। ਉਨ੍ਹਾਂ ਬਿਜਲੀ ਸੋਧ ਬਿੱਲ-2025 ਅਤੇ ਮੁਕਤ ਵਪਾਰ ਸੰਧੀਆਂ ਨੂੰ ਵੀ ਵਾਪਸ ਲੈਣ ਦੀ ਮੰਗ ਕੀਤੀ।
ਮੰਗ ਪੱਤਰ ਵਿਚ ਖੇਤ ਮਜ਼ਦੂਰਾਂ ਨੂੰ 10-10 ਮਰਲੇ ਦੇ ਰਿਹਾਇਸ਼ੀ ਪਲਾਟ ਦੇਣ ਅਤੇ ਘਰਾਂ ਦੀ ਉਸਾਰੀ ਲਈ 5 ਲੱਖ ਰੁਪਏ ਦੀ ਗ੍ਰਾਂਟ ਜਾਰੀ ਕਰਨ ਦੀ ਮੰਗ ਕੀਤੀ ਗਈ। ਇਸ ਤੋਂ ਇਲਾਵਾ ਮਜ਼ਦੂਰਾਂ ਅਤੇ ਕਿਸਾਨਾਂ ਦੇ ਕਰਜ਼ੇ ਬਿਨਾਂ ਸ਼ਰਤ ਮੁਆਫ਼ ਕਰਨ, ਆਜ਼ਾਦੀ ਤੋਂ ਬਾਅਦ ਅਬਾਦ ਕੀਤੀਆਂ ਜ਼ਮੀਨਾਂ ਦੇ ਅਬਾਦਕਾਰਾਂ ਨੂੰ ਮਾਲਕੀ ਹੱਕ ਦੇਣ ਅਤੇ ਸਰਹੱਦ ਪਾਰ ਜ਼ਮੀਨਾਂ ਲਈ 30 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਵੀ ਮੰਗ ਕੀਤੀ ਗਈ।
ਆਗੂਆਂ ਨੇ ਕਿਹਾ ਕਿ ਤਾਰ ਤੋਂ ਪਾਰ ਖੇਤੀ ਕਰਨ ਵਾਲੇ ਕਿਸਾਨਾਂ ਦੇ ਕੰਮ ਕਰਨ ਦੇ ਸਮੇਂ ਵਿਚ ਵਾਧਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਪੱਧਰ ’ਤੇ ਕੱਚੇ ਤੇਲ ਦੀਆਂ ਕੀਮਤਾਂ ਘਟਣ ਦੇ ਬਾਵਜੂਦ ਡੀਜ਼ਲ, ਪੈਟਰੋਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਹੋਏ ਵਾਧੇ ਨੂੰ ਕੇਂਦਰ ਸਰਕਾਰ ਤੁਰੰਤ ਵਾਪਸ ਲਵੇ, ਤਾਂ ਜੋ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਮਿਲ ਸਕੇ। ਇਸ ਦੇ ਨਾਲ ਹੀ ਯੂਰੀਆ ਅਤੇ ਡੀਏਪੀ ਖਾਦ ਨਾਲ ਹੋਰ ਸਮੱਗਰੀ ਦੇਣ ਦੇ ਨਾਮ 'ਤੇ ਕੀਤੀ ਜਾ ਰਹੀ ਕਥਿਤ ਲੁੱਟ ਬੰਦ ਕਰਨ ਦੀ ਵੀ ਮੰਗ ਕੀਤੀ ਗਈ।
ਉਨ੍ਹਾਂ ਮੰਗ ਕੀਤੀ ਕਿ ਹੜ੍ਹਾਂ ਤੋਂ ਬਚਾਅ ਲਈ ਦਰਿਆਵਾਂ ਦੇ ਧੁੱਸੀ ਬੰਨ੍ਹਾਂ ਦੀ ਸਮੇਂ ਸਿਰ ਮੁਰੰਮਤ ਕਰਵਾਈ ਜਾਵੇ, ਲਾਲ ਲਕੀਰ ਅੰਦਰ ਰਹਿ ਰਹੇ ਪਰਿਵਾਰਾਂ ਨੂੰ ਘਰਾਂ ਦੇ ਮਾਲਕੀ ਹੱਕ ਦਿੱਤੇ ਜਾਣ ਅਤੇ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਮਜ਼ਦੂਰਾਂ, ਕਿਸਾਨਾਂ, ਮੁਲਾਜ਼ਮਾਂ, ਨੌਜਵਾਨਾਂ ਅਤੇ ਵਿਦਿਆਰਥੀਆਂ ’ਤੇ ਦਰਜ ਕੀਤੇ ਗਏ ਕਥਿਤ ਝੂਠੇ ਪਰਚੇ ਰੱਦ ਕੀਤੇ ਜਾਣ।
ਇਸ ਤੋਂ ਇਲਾਵਾ ਆਂਗਣਵਾੜੀ ਵਰਕਰਾਂ, ਹੈਲਪਰਾਂ, ਆਸ਼ਾ ਵਰਕਰਾਂ, ਮਿੱਡ-ਡੇ ਮੀਲ ਵਰਕਰਾਂ ਅਤੇ ਪਿੰਡਾਂ ਦੇ ਚੌਕੀਦਾਰਾਂ ਨੂੰ ਘੱਟੋਂ-ਘੱਟ ਉਜ਼ਰਤਾਂ ਦੇ ਘੇਰੇ ਵਿਚ ਲਿਆਉਣ ਦੀ ਮੰਗ ਵੀ ਕੀਤੀ ਗਈ। ਇਸ ਮੌਕੇ ਦਿਲਬਾਗ ਸਿੰਘ ਗੋਹਲਵੜ, ਪਰਮਜੀਤ ਸਿੰਘ ਕੋਟਲੀ, ਸਰਵਣ ਸਿੰਘ ਪੰਡੋਰੀ ਰਣ ਸਿੰਘ, ਰਣਜੀਤ ਸਿੰਘ ਰਟੌਲ ਅਤੇ ਹੋਰ ਆਗੂ ਵੀ ਹਾਜ਼ਰ ਸਨ।