- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਲਕਾ ਖਡੂਰ ਸਾਹਿਬ ਦੇ ਅਕਾਲੀ ਆਗੂਆਂ ਨੇ 'ਸਤਲੁਜ' ਫ਼ਿਲਮ ਦੇ ਸਬੰਧ ਵਿਚ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ

ਜਸਪਾਲ ਸਿੰਘ ਜੱਸੀ, •ਪੰਜਾਬੀ ਜਾਗਰਣ,
ਤਰਨਤਾਰਨ : ਮਨੁੱਖੀ ਅਧਿਕਾਰਾਂ ਦੇ ਰਾਖੇ ਭਾਈ ਜਸਵੰਤ ਸਿੰਘ ਖਾਲੜਾ ਜੀ ਦੇ ਜੀਵਨ ’ਤੇ ਆਧਾਰਿਤ ਫ਼ਿਲਮ ‘ਸਤਲੁਜ’ ਨੂੰ ਓਟੀਟੀ ਪਲੇਟਫਾਰਮ ਤੋਂ ਭਾਰਤ ਵਿਚ ਰੋਕ ਲਗਾਏ ਜਾਣ ਦੇ ਮਾਮਲੇ ਨੇ ਪੰਜਾਬ ਦੀ ਸਿਆਸਤ ਵਿਚ ਨਵੀਂ ਚਰਚਾ ਛੇੜ ਦਿੱਤੀ ਹੈ। ਜਿਸ ਉੱਤੇ ਵੱਖ-ਵੱਖ ਸਿਆਸੀ ਧਿਰਾਂ ਦੀ ਆਪੋ-ਆਪਣੀ ਪ੍ਰਤੀਕਿਰਿਆ ਸਾਹਮਣੇ ਆ ਰਹੀ ਹੈ। ਇਸੇ ਲੜੀ ਤਹਿਤ ਪੰਥਕ ਹਲਕਾ ਮੰਨੇ ਜਾਂਦੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਉਨ੍ਹਾਂ ਦੇ ਪਤੀ ਯੂਥ ਅਕਾਲੀ ਆਗੂ ਅਵਤਾਰ ਸਿੰਘ ਬਿੱਲਾ ਸ਼ੇਰੋਂ ਦੀ ਅਗਵਾਈ ਹੇਠ ਸਮੁੱਚੀ ਅਕਾਲੀ ਦਲ ਦੀ ਟੀਮ ਨੇ ਤਰਨਤਾਰਨ ਦੇ ਏਡੀਸੀ ਰਾਹੀਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਨਾਮ ਇਕ ਮੰਗ ਪੱਤਰ ਸੌਂਪ ਕੇ ਫ਼ਿਲਮ ’ਤੇ ਲੱਗੀ ਪਾਬੰਦੀ ਤੁਰੰਤ ਹਟਾਉਣ ਦੀ ਮੰਗ ਕੀਤੀ।
ਇਸ ਮੌਕੇ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਕਿਹਾ ਕਿ ‘ਸਤਲੁਜ’ ਕੋਈ ਕਾਲਪਨਿਕ ਜਾਂ ਮਨਘੜਤ ਕਹਾਣੀ ਨਹੀਂ, ਸਗੋਂ ਭਾਈ ਜਸਵੰਤ ਸਿੰਘ ਖਾਲੜਾ ਜੀ ਦੇ ਜੀਵਨ ਅਤੇ ਪੰਜਾਬ ਦੇ ਉਸ ਦੌਰ ਦੀਆਂ ਸੱਚੀਆਂ ਘਟਨਾਵਾਂ 'ਤੇ ਆਧਾਰਿਤ ਫ਼ਿਲਮ ਹੈ। ਉਨ੍ਹਾਂ ਕਿਹਾ ਕਿ ਇਸ ਫ਼ਿਲਮ ਨੂੰ ਭਾਰਤ ਵਿੱਚੋਂ ਹਟਾਉਣਾ ਸੱਚ ਨੂੰ ਦਬਾਉਣ ਦੀ ਕੋਸ਼ਿਸ਼ ਹੈ, ਜਿਸ ਨਾਲ ਸਿੱਖ ਪੰਥ ਅਤੇ ਇਨਸਾਫ਼ ਪਸੰਦ ਲੋਕਾਂ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ ਹੈ।
ਉਨ੍ਹਾਂ ਕਿਹਾ ਕਿ ਇਸ ਫ਼ਿਲਮ ਨੂੰ ਬਿਨਾਂ ਕਿਸੇ ਕੱਟ ਦੇ ਪੂਰੇ ਭਾਰਤ ਵਿਚ ਰਿਲੀਜ਼ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਦੇਸ਼ ਦਾ ਹਰ ਨਾਗਰਿਕ ਭਾਈ ਜਸਵੰਤ ਸਿੰਘ ਖਾਲੜਾ ਜੀ ਦੇ ਜੀਵਨ ਸੰਘਰਸ਼ ਅਤੇ ਉਸ ਸਮੇਂ ਪੰਜਾਬ ਵਿਚ ਵਾਪਰੀਆਂ ਘਟਨਾਵਾਂ ਦੀ ਸੱਚਾਈ ਨੂੰ ਜਾਣ ਸਕੇ। ਉਨ੍ਹਾਂ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਭਰ ਦੇ ਪਿੰਡਾਂ ਵਿਚ ਇਸ ਫ਼ਿਲਮ ਦੀ ਸਕ੍ਰੀਨਿੰਗ ਕਰਵਾ ਰਿਹਾ ਹੈ ਅਤੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਜਿਨ੍ਹਾਂ ਪਿੰਡਾਂ ਤਕ ਇਹ ਫ਼ਿਲਮ ਹਾਲੇ ਨਹੀਂ ਪਹੁੰਚੀ, ਉਥੇ ਵੀ ਜਲਦ ਪਹੁੰਚਾਈ ਜਾਵੇਗੀ। ਨਾਲ ਹੀ ਉਨ੍ਹਾਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਅਪੀਲ ਕੀਤੀ ਕਿ ਕੇਂਦਰ ਸਰਕਾਰ ਕੋਲ ਇਹ ਮਾਮਲਾ ਉਠਾ ਕੇ ਫ਼ਿਲਮ ’ਤੇ ਲੱਗੀ ਪਾਬੰਦੀ ਹਟਾਉਣ ਲਈ ਯੋਗ ਕਦਮ ਚੁੱਕੇ ਜਾਣ, ਤਾਂ ਜੋ ਪੂਰਾ ਭਾਰਤ ਇਸ ਫ਼ਿਲਮ ਨੂੰ ਦੇਖ ਸਕੇ।
ਇਸ ਮੌਕੇ ਐੱਸਜੀਪੀਸੀ ਮੈਂਬਰ ਗੁਰਬਚਨ ਸਿੰਘ ਕਰਮੂੰਵਾਲਾ, ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਕੁਲਦੀਪ ਸਿੰਘ ਲਾਹੌਰੀਆਂ, ਜ਼ਿਲ੍ਹਾ ਬੀਸੀ ਪ੍ਰਧਾਨ ਮਨਜਿੰਦਰ ਸਿੰਘ ਲਾਟੀ, ਹਲਕਾ ਐੱਸਸੀ ਪ੍ਰਧਾਨ ਕਸ਼ਮੀਰ ਸਿੰਘ, ਸਿਕੰਦਰ ਸਿੰਘ ਵਰਾਣਾ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗਿਆਨ ਸਿੰਘ ਸ਼ਾਹਬਾਜ਼ਪੁਰ, ਤੇਜਿੰਦਰ ਸਿੰਘ ਪ੍ਰਿੰਸ, ਰਾਜਾ ਸਰਪੰਚ ਭੈਲ, ਸੁਖਬੀਰ ਸਿੰਘ, ਪਿਆਰਾ ਸਿੰਘ ਦੁਗਲਵਾਲ, ਜਗਦੀਪ ਸਿੰਘ ਮਿੰਟੂ, ਜੰਗਸ਼ੇਰ ਸਿੰਘ ਟੋਨੀ, ਗੁਰ ਸਿੱਧੂ, ਮਹਿਤਾਬ ਸਿੰਘ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਆਗੂ ਅਤੇ ਵਰਕਰ ਹਾਜ਼ਰ ਸਨ।