- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਿਆਂ ਤੋਂ ਪੀੜਤ ਪਰਿਵਾਰਾਂ ਦੀਆਂ ਮਹਿਲਾਵਾਂ ਨੇ ਨਸ਼ਿਆਂ ਖਿਲਾਫ਼ ਵਜਾਇਆ ਬਿਗਲ

ਸੁਖਵਿੰਦਰ ਕੌਰ ਦੀ ਅਗਵਾਈ ਹੇਠ ਸੜਕ ਜਾਮ ਕਰ ਦਿੱਤਾ ਧਰਨਾ
ਗੁਰਬਰਿੰਦਰ ਸਿੰਘ•, ਪੰਜਾਬੀ ਜਾਗਰਣ,
ਸ੍ਰੀ ਗੋਇੰਦਵਾਲ ਸਾਹਿਬ : ਇਲਾਕੇ ਵਿਚ ਵੱਧ ਰਹੇ ਨਸ਼ਿਆਂ ਦੇ ਕਾਰੋਬਾਰ ਤੋਂ ਦੁਖੀ ਪਰਿਵਾਰਾਂ ਦੀਆਂ ਔਰਤਾਂ ਨੇ ਇਕਜੁੱਟ ਹੋ ਕੇ ਨਸ਼ਿਆਂ ਖ਼ਿਲਾਫ਼ ਜ਼ੋਰਦਾਰ ਮੋਰਚਾ ਖੋਲ੍ਹ ਦਿੱਤਾ। ਸਮਾਜ ਸੇਵਿਕਾ ਸੁਖਵਿੰਦਰ ਕੌਰ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਔਰਤਾਂ ਨੇ ਤਰਨਤਾਰਨ ਗੋਇੰਦਵਾਲ ਸਾਹਿਬ ਤੇ ਫਤਿਆਬਾਦ ਨਹਿਰ ਪੁਲ ’ਤੇ ਸੜਕ ਜਾਮ ਕਰਕੇ ਪੰਜਾਬ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ।
ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਇਲਾਕੇ ਵਿਚ ਨਸ਼ਿਆਂ ਦੀ ਵਿਕਰੀ ਕਾਰਨ ਕਈ ਪਰਿਵਾਰ ਬਰਬਾਦ ਹੋ ਰਹੇ ਹਨ ਅਤੇ ਨੌਜਵਾਨ ਪੀੜ੍ਹੀ ਨਸ਼ਿਆਂ ਦੀ ਲਪੇਟ ਵਿਚ ਆ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਨਾ ਹੋਣ ਕਾਰਨ ਲੋਕਾਂ ਵਿਚ ਰੋਸ ਵਧਦਾ ਜਾ ਰਿਹਾ ਹੈ। ਔਰਤਾਂ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਨਸ਼ਾ ਵੇਚਣ ਵਾਲਿਆਂ ਦੀ ਤੁਰੰਤ ਪਛਾਣ ਕਰਕੇ ਉਨ੍ਹਾਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ, ਤਾਂ ਜੋ ਇਲਾਕੇ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ।
ਨਸ਼ਿਆਂ ਤੋਂ ਪੀੜਤ ਪਰਿਵਾਰਾਂ ਦੀ ਆਗੂ ਸੁਖਵਿੰਦਰ ਕੌਰ ਨੇ ਪਿੰਡ ਵਿਚ ਨਸ਼ਿਆਂ ਕਾਰਨ ਲਗਾਤਾਰ ਹੋ ਰਹੀਆਂ ਨੌਜਵਾਨਾਂ ਦੀਆਂ ਮੌਤਾਂ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਕ ਪਾਸੇ ਹਰ ਰੋਜ਼ ਨੌਜਵਾਨ ਨਸ਼ਿਆਂ ਦੀ ਭੇਟ ਚੜ੍ਹ ਰਹੇ ਹਨ, ਜਦਕਿ ਦੂਜੇ ਪਾਸੇ ਸਰਕਾਰ ਆਪਣੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਕਾਮਯਾਬੀ ਦਾ ਢਿੰਡੋਰਾ ਪਿਟ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਮੁਹਿੰਮ ਸੱਚਮੁੱਚ ਸਫ਼ਲ ਹੁੰਦੀ ਤਾਂ ਪਿੰਡਾਂ ਅਤੇ ਸ਼ਹਿਰਾਂ ਵਿਚ ਨਸ਼ਿਆਂ ਕਾਰਨ ਮੌਤਾਂ ਦਾ ਸਿਲਸਿਲਾ ਰੁਕਿਆ ਹੁੰਦਾ। ਉਨ੍ਹਾਂ ਦੋਸ਼ ਲਾਇਆ ਕਿ ਫਤਿਆਬਾਦ ਦੇ ਵੱਖ-ਵੱਖ ਮੁਹੱਲਿਆਂ ’ਚ ਨਸ਼ਿਆਂ ਦੀ ਵਿਕਰੀ ਅਜੇ ਵੀ ਬੇਰੋਕ ਜਾਰੀ ਹੈ ਅਤੇ ਪ੍ਰਭਾਵਿਤ ਪਰਿਵਾਰ ਪੁਲਿਸ ਦੀ ਠੋਸ ਕਾਰਵਾਈ ਦੀ ਉਡੀਕ ਕਰ ਰਹੇ ਹਨ।
ਸੁਖਵਿੰਦਰ ਕੌਰ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ, ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ ਅਤੇ ਪੀੜਤ ਪਰਿਵਾਰਾਂ ਦੇ ਨੌਜਵਾਨਾਂ ਨੂੰ ਨਸ਼ਿਆਂ ਦੇ ਕੋਹੜ ਤੋਂ ਬਚਾਉਣ ਲਈ ਸਹਾਇਤਾ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਇਸ ਮੌਕੇ ਸੁਖਵਿੰਦਰ ਕੌਰ ਤੋਂ ਇਲਾਵਾ, ਬੀਬੀ ਲੱਬੋ, ਨਿਰਮਲਾ, ਅਮਨਦੀਪ ਕੌਰ, ਪਲਵਿੰਦਰ ਕੌਰ, ਰਣਜੀਤ ਕੌਰ, ਮਨਜੀਤ ਕੌਰ, ਜਸਬੀਰ ਕੌਰ, ਰਾਣੀ ਕੌਰ, ਸੁਰਜੀਤ ਸਿੰਘ, ਬਾਬਾ ਦੇਸਾ ਭਗਤ, ਅਮਰਜੀਤ ਸਿੰਘ, ਸੁਖ ਸਿੰਘ, ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਮਹਿਲਾਵਾਂ ਹਾਜਰ ਸਨ।
---------
ਨਸ਼ਾ ਤਸਕਰਾਂ ਖਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ : ਡੀਐੱਸਪੀ
ਡੀਐੱਸਪੀ ਗੋਇੰਦਵਾਲ ਸਾਹਿਬ ਹਰਿੰਦਰ ਸਿੰਘ ਨੇ ਧਰਨੇ ’ਤੇ ਬੈਠੀਆਂ ਔਰਤਾਂ ਨੂੰ ਭਰੋਸਾ ਦਿਵਾਇਆ ਕਿ ਨਸ਼ਾ ਤਸਕਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾ ਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਲੋਕਾਂ ਵੱਲੋਂ ਦਿੱਤੀ ਜਾਣਕਾਰੀ ਨੂੰ ਪੂਰੀ ਗੰਭੀਰਤਾ ਨਾਲ ਲਿਆ ਜਾਵੇਗਾ। ਇਸ ਭਰੋਸੇ ਤੋਂ ਬਾਅਦ ਔਰਤਾਂ ਨੇ ਆਪਣਾ ਧਰਨਾ ਸਮਾਪਤ ਕਰ ਦਿੱਤਾ।