- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਮਰੀਕਾ ਭਾਰਤ ਟਰੇਡ ਸੰਧੀ ਮਜ਼ਦੂਰਾਂ ਤੇ ਵਪਾਰੀਆਂ ਨੂੰ ਤਬਾਹ ਕਰੇਗੀ - ਕਿਸਾਨ ਸਭਾ

ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਭਾਰਤ ਸਰਕਾਰ ਨੂੰ ਅਮਰੀਕਾ ਨਾਲ ਟਰੇਡ ਸੰਧੀ ਕਰਨ ਤੋਂ ਬਾਜ਼ ਆਉਣਾ ਚਾਹੀਦਾ ਹੈ। ਇਸ ਨਾਲ ਭਾਰਤੀ ਕਿਸਾਨ, ਮਜ਼ਦੂਰ ਅਤੇ ਛੋਟੇ ਕਾਰੋਬਾਰੀਆਂ ਦਾ ਵੱਡਾ ਨੁਕਸਾਨ ਹੋਵੇਗਾ। ਇਸ ਸੰਭਾਵਿਤ ਸਮਝੌਤੇ ਵਿਰੁੱਧ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ 22 ਜੁਲਾਈ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਤਿੰਨ ਘੰਟਿਆਂ ਲਈ ਫ੍ਰੀ ਕੀਤੇ ਜਾਣਗੇ ਅਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਨ੍ਹਾਂ ਐਕਸ਼ਨਾਂ ਦੀ ਕਾਮਯਾਬੀ ਸਬੰਧੀ ਕੁਲ ਹਿੰਦ ਕਿਸਾਨ ਸਭਾ ਦੀ ਸੂਬਾਈ ਕੌਂਸਲ ਮੀਟਿੰਗ ਬਲਦੇਵ ਸਿੰਘ ਨਿਹਾਲਗੜ੍ਹ ਦੀ ਪ੍ਰਧਾਨਗੀ ਹੇਠ ਈਸੜੂ ਭਵਨ ਲੁਧਿਆਣਾ ਵਿਖੇ ਹੋਈ।
ਮੀਟਿੰਗ ਦੀ ਕਾਰਵਾਈ ਤਰਨਤਾਰਨ ਤੋਂ ਜਾਰੀ ਕਰਦਿਆਂ ਸੂਬਾਈ ਵਰਕਿੰਗ ਪ੍ਰਧਾਨ ਮਹਾਂਬੀਰ ਸਿੰਘ ਗਿੱਲ ਨੇ ਦੱਸਿਆ ਕਿ ਇਸ ਮੀਟਿੰਗ ਵਿਚ ਵਿਸ਼ੇਸ਼ ਤੌਰ ’ਤੇ ਕਿਸਾਨ ਸੰਘਰਸ਼ ਦੀ ਹਮਾਇਤ ਕਰਨ ਲਈ ਭਾਰਤੀ ਕਮਿਊਨਿਸਟ ਪਾਰਟੀ ਦੇ ਸੂਬਾ ਸਕੱਤਰ ਨਿਰਮਲ ਸਿੰਘ ਧਾਲੀਵਾਲ ਅਤੇ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਅਰਸ਼ੀ ਸ਼ਾਮਿਲ ਹੋਏ।
ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਸੂਬਾਈ ਜਨਰਲ ਸਕੱਤਰ ਬਲਕਰਨ ਸਿੰਘ ਬਰਾੜ ਨੇ ਕਿਹਾ ਕੇਂਦਰ ਸਰਕਾਰ ਪੰਜਾਬ ਨਾਲ ਧੱਕਾ ਕਰਨਾ ਬੰਦ ਕਰੇ ਅਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਖਤਮ ਕੀਤੀ, ਪੰਜਾਬ ਦੀ ਪੱਕੀ ਨੁਮਾਇੰਦਗੀ ਮੁੜ ਬਹਾਲ ਕੀਤੀ ਜਾਵੇ। ਰਿਪੇਰੀਅਨ ਸਟੇਟ ਮੰਨਦਿਆਂ ਪੰਜਾਬ ਦਾ ਪਾਣੀਆਂ ’ਤੇ ਬਣਦਾ ਪੂਰਾ ਹੱਕ ਦਿੱਤਾ ਜਾਵੇ। ਭਾਰਤ ਵਿਚ ਸਟੇਟਾਂ ਨੂੰ ਵੱਧ ਅਧਿਕਾਰ ਦੇ ਕੇ ਸਹੀ ਮਾਅਨਿਆਂ ਵਿਚ ਫੈਡਰਲ ਢਾਂਚਾ ਵਿਕਸਿਤ ਕੀਤਾ ਜਾਵੇ।
ਮੀਟਿੰਗ ਵਿਚ ਇਹ ਵੀ ਮੰਗ ਕੀਤੀ ਗਈ ਕਿ ਹੜ੍ਹਾਂ ਤੋਂ ਬਚਾਓ ਲਈ ਅਗਾਊਂ ਪ੍ਰਬੰਧ ਤੇਜ਼ ਕੀਤੇ ਜਾਣ ਜਿਸ ਨਾਲ ਇਸ ਬਰਸਾਤੀ ਰੁੱਤ ਵਿਚ ਹੜ੍ਹਾਂ ਦੀ ਮਾਰ ਤੋਂ ਬਚਾਅ ਹੋ ਸਕੇ। ਮੀਟਿੰਗ ਵਿਚ ਇਹ ਵੀ ਮੰਗ ਕੀਤੀ ਗਈ ਕਿ ਵਾਹਘਾ ਬਾਰਡਰ ਤੇ ਹੁਸੈਨੀਵਾਲਾ ਸਰਹੱਦ ਰਾਹੀਂ ਪਾਕਿਸਤਾਨ ਨਾਲ ਵਪਾਰ ਤੁਰੰਤ ਸ਼ੁਰੂ ਕੀਤਾ ਜਾਵੇ, ਤਾਂ ਜੋ ਪੰਜਾਬ ਹਰਿਆਣਾ, ਹਿਮਾਚਲ ਪ੍ਰਦੇਸ਼ ਦੇ ਕਿਸਾਨਾਂ, ਮਜ਼ਦੂਰਾਂ ਤੇ ਵਪਾਰੀਆਂ ਨੂੰ ਲਾਭ ਮਿਲਦਿਆਂ ਦੇਸ਼ ਦੇ ਵਪਾਰ ਨੂੰ ਵੱਡਾ ਹੁਲਾਰਾ ਮਿਲੇ।
ਇਸ ਮੀਟਿੰਗ ਵਿਚ ਵਿਸ਼ੇਸ਼ ਮਤਾ ਪਾਸ ਕਰਕੇ ਸ਼ੇਰੋਂ ਖੰਡ ਮਿੱਲ ਮੋਰਚੇ ਦੇ ਸੰਘਰਸ਼ ਦੀ ਹਿਮਾਇਤ ਕੀਤੀ ਗਈ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸ਼ੇਰੋਂ ਖੰਡ ਮਿੱਲ ਦੀ ਤਬਦੀਲ ਕੀਤੀ ਮਲਕੀਅਤ ਰੱਦ ਕਰਕੇ ਸ਼ੇਰੋਂ ਖੰਡ ਮਿੱਲ ਨੂੰ ਮੁੜ ਚਾਲੂ ਕੀਤਾ ਜਾਵੇ। ਪੰਜਾਬ ਵਿਚ ਖ਼ਾਸ ਤੌਰ ’ਤੇ ਕੰਢੀ ਖੇਤਰ ਤੇ ਮਾਲਵਾ ਖੇਤਰ ਵਿਚ ਜੰਗਲੀ ਜਾਨਵਰਾਂ ਤੇ ਅਵਾਰਾ ਪਸ਼ੂਆਂ ਸਮੇਤ ਆਵਾਰਾ ਕੁੱਤਿਆਂ ਵੱਲੋਂ ਕੀਤੇ ਜਾ ਰਹੇ ਨੁਕਸਾਨ ਨੂੰ ਕਾਬੂ ਕਰਨ ਲਈ ਵਿਆਪਕ ਪ੍ਰਬੰਧ ਕੀਤੇ ਜਾਣ। ਇਸ ਮੌਕੇ ਕਾਮਰੇਡ ਹਰਦੇਵ ਅਰਸ਼ੀ ਨੂੰ ਕੁਲ ਹਿੰਦ ਕਿਸਾਨ ਸਭਾ ਦੇ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ।
ਇਹ ਵੀ ਫੈਸਲਾ ਕੀਤਾ ਗਿਆ ਕਿ ਕੁਲ ਹਿੰਦ ਕਿਸਾਨ ਸਭਾ ਦੇ ਵਰਕਰਾਂ ਦੀ ਸੂਬਾਈ ਵਰਕਸ਼ਾਪ ਪਹਿਲੀ ਅਗਸਤ ਤੋਂ ਤਿੰਨ ਅਗਸਤ ਤਕ ਚੰਡੀਗੜ੍ਹ ਵਿਚ ਕੀਤੀ ਜਾਵੇਗੀ। ਇਸ ਮੀਟਿੰਗ ਵਿਚ ਵੱਖ-ਵੱਖ ਜ਼ਿਲ੍ਹਿਆ ਤੋਂ ਸ਼ਾਮਿਲ ਕਿਸਾਨ ਸਭਾ ਦੇ ਆਗੂ ਕੁਲਵੰਤਸਿੰਘ ਮੌਲਵੀਵਾਲਾ, ਸੁਰਿੰਦਰ ਸਿੰਘ ਢੱਡੀਆਂ, ਲਖਬੀਰ ਸਿੰਘ ਨਿਜ਼ਾਮਪੁਰ, ਸੂਰਤ ਸਿੰਘ ਧਰਮਕੋਟ, ਚਮਕੌਰ ਸਿੰਘ ਬਰਮੀਂ, ਜਸਵਿੰਦਰ ਸਿੰਘ ਔਲਖ, ਸੁਰਿੰਦਰ ਸਿੰਘ ਮੁਹਾਲੀ, ਲਖਬੀਰ ਸਿੰਘ ਕੱਤੋਵਾਲ, ਰੂਪ ਸਿੰਘ ਮਾਨਸਾ, ਜਗਜੀਤ ਸਿੰਘ, ਨਿਹਾਲ ਸਿੰਘ ਵਾਲਾ ਆਦਿ ਵੀ ਮੌਜੂਦ ਸਨ।