- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤੀਰਥ ਯਾਤਰਾ ਸਕੀਮ ਸ਼ਲਾਘਾਯੋਗ ਪਹਿਲ, ਲੋਕ ਕਰ ਰਹੇ ਨੇ ਗੁਰੂ ਧਾਮਾਂ ਦੀ ਯਾਤਰਾ: ਸਰਪੰਚ ਜਗਰੂਪ ਸਿੰਘ

ਸਤਨਾਮ ਸਿੰਘ ਚੀਮਾ, •ਪੰਜਾਬੀ ਜਾਗਰਣ,
ਘਰਿਆਲਾ : ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਦਾ ਸੂਬਾ ਵਾਸੀਆਂ ਨੂੰ ਲਗਾਤਾਰ ਲਾਭ ਮਿਲ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਪੰਜਾਬ ਦੇ ਹਜ਼ਾਰਾਂ ਸ਼ਰਧਾਲੂਆਂ ਨੂੰ ਦੇਸ਼ ਦੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ, ਜਿਸ ਦੀ ਹਰ ਪਾਸੇ ਸ਼ਲਾਘਾ ਹੋ ਰਹੀ ਹੈ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਿੰਡ ਦੇ ਸਰਪੰਚ ਜਗਰੂਪ ਸਿੰਘ ਚੀਮਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸੰਗਤਾਂ ਦੇ ਕਾਫ਼ਲੇ ਨੂੰ ਗੁਰੂ ਧਾਮਾਂ ਦੇ ਦਰਸ਼ਨਾਂ ਲਈ ਰਵਾਨਾ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਔਰਤਾਂ ਲਈ ਸਰਕਾਰੀ ਬੱਸਾਂ ਵਿਚ ਮੁਫ਼ਤ ਸਫ਼ਰ ਦੀ ਸਹੂਲਤ, ਘਰੇਲੂ ਖਪਤਕਾਰਾਂ ਨੂੰ 600 ਯੂਨਿਟ ਤਕ ਮੁਫ਼ਤ ਬਿਜਲੀ, 10 ਲੱਖ ਰੁਪਏ ਤਕ ਦੀ ਸਿਹਤ ਬੀਮਾ ਯੋਜਨਾ ਅਤੇ ਹੋਰ ਭਲਾਈ ਸਕੀਮਾਂ ਲੋਕਾਂ ਲਈ ਲਾਹੇਵੰਦ ਸਾਬਿਤ ਹੋ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਵੀ ਸਰਕਾਰ ਦੀ ਇਕ ਇਤਿਹਾਸਕ ਅਤੇ ਸ਼ਲਾਘਾਯੋਗ ਪਹਿਲ ਹੈ, ਜਿਸ ਨਾਲ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਦੇ ਲੋਕਾਂ ਨੂੰ ਵੀ ਵੱਖ-ਵੱਖ ਗੁਰੂ ਧਾਮਾਂ ਅਤੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਸਰਪੰਚ ਚੀਮਾ ਨੇ ਕਿਹਾ ਕਿ ਇਸ ਯਾਤਰਾ ਦੌਰਾਨ ਸ਼ਰਧਾਲੂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ‘ਸਤਿਨਾਮ ਵਾਹਿਗੁਰੂ’ ਦਾ ਸਿਮਰਨ ਕਰਦੇ ਹੋਏ ਗੁਰੂ ਘਰਾਂ ਦੇ ਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਯਾਤਰਾਵਾਂ ਲੋਕਾਂ ਵਿਚ ਧਾਰਮਿਕ ਭਾਵਨਾ, ਆਪਸੀ ਭਾਈਚਾਰੇ ਅਤੇ ਸਮਾਜਿਕ ਸਾਂਝ ਨੂੰ ਹੋਰ ਮਜ਼ਬੂਤ ਕਰਦੀਆਂ ਹਨ।
ਉਨ੍ਹਾਂ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਜਾਰੀ ਰੱਖਿਆ ਜਾਣਾ ਚਾਹੀਦਾ ਹੈ, ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਨ੍ਹਾਂ ਦਾ ਲਾਭ ਮਿਲ ਸਕੇ। ਇਸ ਮੌਕੇ ਸਰਪੰਚ ਜਗਰੂਪ ਸਿੰਘ ਚੀਮਾ, ਕਾਲਾ ਚੀਮਾ, ਕੁਲਵੰਤ ਸਿੰਘ ਕਾਕੂ, ਬਿੱਟੂ ਚੀਮਾ, ਮੇਜਰ ਸਿੰਘ ਜਮਲਾ, ਦਿਲਬਾਗ ਸਿੰਘ, ਗੱਜਣ ਸਿੰਘ, ਮੇਜਰ ਸਿੰਘ ਅਤੇ ਹੋਰ ਇਲਾਕਾ ਨਿਵਾਸੀ ਹਾਜ਼ਰ ਸਨ।