- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਪੱਧਰੀ ਕਲਾਂ ’ਚ ਵਿਧਾਇਕ ਸੰਧੂ ਨੇ ਨਵੀਆਂ ਬਣੀਆਂ ਗਲੀਆਂ ਲੋਕ ਅਰਪਣ ਕੀਤੀਆਂ

ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਕੀਤਾ ਨਿਪਟਾਰਾ
ਕਿਹਾ, ਵਿਕਾਸ ਕਾਰਜਾਂ ਵਿਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ
ਜਸਪਾਲ ਸਿੰਘ ਜੱਸੀ•, ਪੰਜਾਬੀ ਜਾਗਰਣ,
ਤਰਨਤਾਰਨ : ਵਿਧਾਨ ਸਭਾ ਹਲਕਾ ਤਰਨਤਾਰਨ ਦੇ ਪਿੰਡ ਪੱਧਰੀ ਕਲਾਂ ਵਿਖੇ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਵਿਕਾਸ ਕਾਰਜਾਂ ਤਹਿਤ ਇੰਟਰਲਾਕ ਟਾਈਲਾਂ ਨਾਲ ਬਣੀਆਂ ਨਵੀਆਂ ਗਲੀਆਂ ਦਾ ਉਦਘਾਟਨ ਕਰਕੇ ਲੋਕ ਅਰਪਣ ਕੀਤਾ। ਇਸ ਉਪਰੰਤ ਉਨ੍ਹਾਂ ਪਿੰਡ ਵਿਚ ਵਿਸ਼ਾਲ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਮੌਕੇ ’ਤੇ ਹੀ ਉਨ੍ਹਾਂ ਦੇ ਹੱਲ ਲਈ ਲੋੜੀਂਦੀਆਂ ਹਿਦਾਇਤਾਂ ਜਾਰੀ ਕੀਤੀਆਂ।
ਇਸ ਲੋਕ ਮਿਲਣੀ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਪਿੰਡ ਅਤੇ ਸ਼ਹਿਰ ਦਾ ਸਰਵਪੱਖੀ ਵਿਕਾਸ ਯਕੀਨੀ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਗਲੀਆਂ, ਨਾਲੀਆਂ, ਪੀਣ ਵਾਲੇ ਪਾਣੀ, ਸੀਵਰੇਜ, ਸਿਹਤ ਅਤੇ ਸਿੱਖਿਆ ਵਰਗੀਆਂ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ 'ਤੇ ਕੰਮ ਕੀਤਾ ਜਾ ਰਿਹਾ ਹੈ, ਤਾਂ ਜੋ ਲੋਕਾਂ ਨੂੰ ਬਿਹਤਰ ਜੀਵਨ ਸਹੂਲਤਾਂ ਮਿਲ ਸਕਣ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਨੂੰ ਪਹਿਲ ਦੇ ਆਧਾਰ ’ਤੇ ਲਾਗੂ ਕੀਤਾ ਜਾ ਰਿਹਾ ਹੈ। ਔਰਤਾਂ ਲਈ ਸਰਕਾਰੀ ਬੱਸਾਂ ਵਿਚ ਮੁਫ਼ਤ ਸਫ਼ਰ ਦੀ ਸਹੂਲਤ, ਘਰੇਲੂ ਖ਼ਪਤਕਾਰਾਂ ਨੂੰ 600 ਯੂਨਿਟ ਤਕ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ ਅਤੇ ਜਾਂਚਾਂ, ਸਕੂਲਾਂ ਦੀ ਬਿਹਤਰੀ, ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਅਤੇ ਹੋਰ ਲੋਕ ਭਲਾਈ ਸਕੀਮਾਂ ਦਾ ਲਾਭ ਸੂਬਾ ਵਾਸੀਆਂ ਤਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਵਰਗ ਦੇ ਲੋਕਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ।
ਵਿਧਾਇਕ ਸੰਧੂ ਨੇ ਭਰੋਸਾ ਦਿੱਤਾ ਕਿ ਪਿੰਡ ਪੱਧਰੀ ਕਲਾਂ ਦੇ ਵਿਕਾਸ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਕਾਰਜਾਂ ਵਿਚ ਆਪਣਾ ਸਹਿਯੋਗ ਦੇਣ ਅਤੇ ਆਪਣੇ ਇਲਾਕੇ ਦੀ ਤਰੱਕੀ ਲਈ ਸਰਕਾਰ ਨਾਲ ਮਿਲ ਕੇ ਕੰਮ ਕਰਨ।
ਇਸ ਮੌਕੇ ਸਰਪੰਚ ਸਲਵਿੰਦਰ ਸਿੰਘ, ਪੰਚ ਰਛਪਾਲ ਸਿੰਘ, ਜਗਜੀਤ ਸਿੰਘ, ਮੇਜਰ ਸਿੰਘ, ਨਿਸ਼ਾਨ ਸਿੰਘ, ਹਰਭਾਗ ਸਿੰਘ, ਪਿੰਕੀ, ਕੁਲਵਿੰਦਰ ਕੌਰ, ਸੁਰਜੀਤ ਕੌਰ, ਜਸਵਿੰਦਰ ਕੌਰ, ਬਲਾਕ ਸੰਮਤੀ ਮੈਂਬਰ ਜਗਤਾਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਅਤੇ ਪਤਵੰਤੇ ਹਾਜ਼ਰ ਸਨ।