ਗੁਰਦੁਆਰਾ ਸ੍ਰੀ ਲਕੀਰ ਸਾਹਿਬ ’ਚ ਸ਼ਰਧਾ ਅਤੇ ਸਤਿਕਾਰ ਨਾਲ ਹੋਇਆ ਹਫ਼ਤਾਵਾਰੀ ਚੁਪਹਿਰਾ ਸਮਾਗਮ ਗੁਰਦੁਆਰਾ ਸ੍ਰੀ ਲਕੀਰ ਸਾਹਿਬ ’ਚ ਸ਼ਰਧਾ ਅਤੇ ਸਤਿਕਾਰ ਨਾਲ ਹੋਇਆ ਹਫ਼ਤਾਵਾਰੀ ਚੁਪਹਿਰਾ ਸਮਾਗਮ
Publish Date: Sun, 12 Jul 2026 08:05 PM (IST)
Updated Date: Mon, 13 Jul 2026 04:07 AM (IST)
ਵੱਡੀ ਗਿਣਤੀ ’ਚ ਸੰਗਤ ਨੇ ਸਮਾਗਮ ’ਚ ਭਰੀ ਹਾਜ਼ਰੀ, ਸੰਗਤ ਨੇ ਸਮੂਹਿਕ ਰੂਪ ’ਚ ਕੀਤੇ ਪਾਠ ਸਟਾਫ਼ ਰਿਪੋਰਟਰ, •ਪੰਜਾਬੀ ਜਾਗਰਣ, ਤਰਨਤਾਰਨ : ਧੰਨ-ਧੰਨ ਬਾਬਾ ਦੀਪ ਸਿੰਘ ਜੀ ਦੇ ਪਾਵਨ ਅਸਥਾਨ ਇਤਿਹਾਸਕ ਗੁਰਦੁਆਰਾ ਸ੍ਰੀ ਲਕੀਰ ਸਾਹਿਬ, ਤਰਨਤਾਰਨ ਵਿਖੇ ਐਤਵਾਰ ਨੂੰ ਹਫ਼ਤਾਵਾਰੀ ਚੁਪਹਿਰਾ ਸਮਾਗਮ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿਚ ਸੰਗਤ ਨੇ ਹਾਜ਼ਰੀ ਭਰੀ ਅਤੇ ਸੰਗਤੀ ਰੂਪ ਵਿਚ ਸ੍ਰੀ ਜਪੁਜੀ ਸਾਹਿਬ, ਸ੍ਰੀ ਸੁਖਮਨੀ ਸਾਹਿਬ ਅਤੇ ਸ੍ਰੀ ਚੌਪਈ ਸਾਹਿਬ ਜੀ ਦੇ ਪਾਠ ਕੀਤੇ। ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘਾਂ ਵੱਲੋਂ ਸੰਗਤ ਨੂੰ ਸਮੂਹਿਕ ਪਾਠ ਕਰਵਾਉਣ ਦੀ ਸੇਵਾ ਨਿਭਾਈ ਗਈ। ਦੱਸ ਦਈਏ ਕਿ ਗੁਰਦੁਆਰਾ ਸ੍ਰੀ ਲਕੀਰ ਸਾਹਿਬ ਵਿਖੇ ਹਰ ਐਤਵਾਰ ਚੁਪਹਿਰਾ ਸਮਾਗਮ ਕਰਵਾਇਆ ਜਾਂਦਾ ਹੈ, ਜਿਸ ਵਿਚ ਤਰਨਤਾਰਨ ਸ਼ਹਿਰ ਤੋਂ ਇਲਾਵਾ ਦੂਰ-ਦੁਰਾਡੇ ਅਤੇ ਆਸ-ਪਾਸ ਦੇ ਪਿੰਡਾਂ ਤੋਂ ਵੀ ਵੱਡੀ ਗਿਣਤੀ ’ਚ ਸੰਗਤ ਨਤਮਸਤਕ ਹੋਣ ਲਈ ਪਹੁੰਚਦੀ ਹੈ। ਸ਼ਰਧਾਲੂਆਂ ਦੀ ਵੱਧ ਰਹੀ ਆਮਦ ਨੂੰ ਦੇਖਦਿਆਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਹਰ ਤਰ੍ਹਾਂ ਦੀਆਂ ਸਹੂਲਤਾਂ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ, ਤਾਂ ਜੋ ਕਿਸੇ ਵੀ ਸ਼ਰਧਾਲੂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਦੀਵਾਨ ਹਾਲ ਵਿਚ ਸੰਗਤ ਲਈ ਲੋੜੀਂਦੇ ਪ੍ਰਬੰਧਾਂ ਦੇ ਨਾਲ-ਨਾਲ ਗੁਰੂ ਕੇ ਲੰਗਰ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਸਾਰਾ ਦਿਨ ਠੰਢੇ ਮਿੱਠੇ ਜਲ ਦੀ ਛਬੀਲ ਚੱਲਦੀ ਰਹਿੰਦੀ ਹੈ, ਜਦਕਿ ਜੋੜਾ ਘਰ ਅਤੇ ਪਾਰਕਿੰਗ ਵਿਚ ਸੇਵਾਦਾਰ ਪੂਰੀ ਤਨਦੇਹੀ ਨਾਲ ਸੇਵਾ ਨਿਭਾਉਂਦੇ ਹਨ। ਉਨ੍ਹਾਂ ਦੱਸਿਆ ਕਿ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤਕ ਚੱਲਣ ਵਾਲੇ ਇਸ ਸਮਾਗਮ ਦੌਰਾਨ ਗ੍ਰੰਥੀ ਸਿੰਘ ਸੰਗਤ ਨੂੰ ਗੁਰਬਾਣੀ ਦਾ ਸਮੂਹਿਕ ਪਾਠ ਕਰਵਾਉਂਦੇ ਹਨ ਅਤੇ ਅੰਤ ਵਿਚ ਅਰਦਾਸ ਉਪਰੰਤ ਸਮਾਗਮ ਦੀ ਸਮਾਪਤੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਗਰਮੀ ਦਾ ਮੌਸਮ ਹੋਵੇ ਜਾਂ ਸਰਦੀ ਦਾ, ਸੰਗਤ ਹਰ ਐਤਵਾਰ ਪੂਰੀ ਸ਼ਰਧਾ ਨਾਲ ਗੁਰੂ ਘਰ ਹਾਜਰੀ ਭਰਨ ਲਈ ਪੁੱਜਦੀ ਹੈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਪ੍ਰਿੰਸੀਪਲ ਬਖ਼ਸ਼ੀਸ਼ ਸਿੰਘ, ਕਮੇਟੀ ਮੈਂਬਰ ਕੁਲਦੀਪ ਸਿੰਘ, ਜਤਿੰਦਰ ਸਿੰਘ, ਲਖਵਿੰਦਰ ਸਿੰਘ, ਜਗਦੀਸ਼ ਸਿੰਘ, ਹਰਿੰਦਰ ਸਿੰਘ ਨੰਬਰਦਾਰ, ਹੈੱਡ ਗ੍ਰੰਥੀ ਬਾਬਾ ਸਤਨਾਮ ਸਿੰਘ, ਭਾਈ ਮੁਖਤਾਰ ਸਿੰਘ, ਭਾਈ ਰਣਜੀਤ ਸਿੰਘ, ਭਾਈ ਨਿਰਮਲ ਸਿੰਘ, ਭਾਈ ਸਿਮਰਨਜੀਤ ਸਿੰਘ ਸਮੇਤ ਹੋਰ ਸੇਵਾਦਾਰ ਹਾਜ਼ਰ ਸਨ। ਸੇਵਾਦਾਰਾਂ ਨੇ ਜੋੜਾ ਘਰ, ਛਬੀਲ ਅਤੇ ਪਾਰਕਿੰਗ ਵਿਚ ਵੀ ਸ਼ਰਧਾ ਭਾਵਨਾ ਨਾਲ ਸੇਵਾ ਨਿਭਾਈ। ----- ਸੰਗਤ ਦੇ ਸਹਿਯੋਗ ਨਾਲ ਗੁਰੂ ਘਰ ਵਿਚ ਚੱਲਦੀਆਂ ਹਨ ਕਈ ਸੇਵਾਵਾਂ ਗੁਰੂ ਘਰ ਦੇ ਮੈਨੇਜਰ ਪ੍ਰਿੰਸੀਪਲ ਬਖਸ਼ੀਸ਼ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਲਕੀਰ ਸਾਹਿਬ ਵਿਖੇ ਚੁਪਹਿਰਾ ਸਮਾਗਮ ਦੌਰਾਨ ਲਗਾਤਾਰ ਵੱਧ ਰਹੀ ਸੰਗਤ ਨੂੰ ਧਿਆਨ ਵਿਚ ਰੱਖਦਿਆਂ ਪਾਰਕਿੰਗ ਲਈ ਵੱਡੇ ਪੱਧਰ ’ਤੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਜਸਵੰਤ ਸਿੰਘ ਪੱਡਾ ਦੀ ਅਗਵਾਈ ਹੇਠ ਸੰਗਤ ਦੇ ਸਹਿਯੋਗ ਨਾਲ ਗੁਰੂ ਘਰ ਦੇ ਵਿਸਥਾਰ ਅਤੇ ਵਿਕਾਸ ਸਬੰਧੀ ਕਈ ਸੇਵਾਵਾਂ ਜਾਰੀ ਹਨ, ਜਿਨ੍ਹਾਂ ਨੂੰ ਸੰਗਤ ਦੇ ਸਹਿਯੋਗ ਨਾਲ ਜਲਦ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਸਮੂਹ ਸੰਗਤ ਨੂੰ ਅਪੀਲ ਕੀਤੀ ਕਿ ਗੁਰੂ ਘਰ ਦੀਆਂ ਚੱਲ ਰਹੀਆਂ ਸੇਵਾਵਾਂ ਵਿਚ ਵੱਧ-ਚੜ੍ਹ ਕੇ ਆਪਣਾ ਯੋਗਦਾਨ ਪਾਉਣ।