- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੱਟੀ ਦੇ ਰੇਲਵੇ ਰੋਡ ਤੇ ਕੋਰਟ ਰੋਡ ਬਣੇ ਗੰਦੇ ਪਾਣੀ ਦੇ ਤਲਾਬ, ਦੁਕਾਨਦਾਰਾਂ ਦਾ ਕਾਰੋਬਾਰ ਪ੍ਰਭਾਵਿਤ

ਪੰਜ ਦਿਨਾਂ ਤੋਂ ਸਫ਼ਾਈ ਅਤੇ ਸੀਵਰੇਜ ਕਰਮਚਾਰੀਆਂ ਦੀ ਹੜਤਾਲ ਜਾਰੀ, ਬਿਮਾਰੀਆਂ ਫੈਲਣ ਦਾ ਖਦਸ਼ਾ
ਬੱਲੂ ਮਹਿਤਾ•, ਪੰਜਾਬੀ ਜਾਗਰਣ,
ਪੱਟੀ : ਨਗਰ ਕੌਂਸਲ ਪੱਟੀ ਦੇ ਸਫ਼ਾਈ ਅਤੇ ਸੀਵਰੇਜ ਕਰਮਚਾਰੀਆਂ ਵੱਲੋਂ ਪਿਛਲੇ ਪੰਜ ਦਿਨਾਂ ਤੋਂ ਕੀਤੀ ਜਾ ਰਹੀ ਹੜਤਾਲ ਦਾ ਅਸਰ ਹੁਣ ਸ਼ਹਿਰ ਦੇ ਮੁੱਖ ਬਾਜ਼ਾਰਾਂ ਅਤੇ ਸੜਕਾਂ ’ਤੇ ਸਪੱਸ਼ਟ ਤੌਰ ’ਤੇ ਦਿਖਾਈ ਦੇਣ ਲੱਗ ਪਿਆ ਹੈ। ਸ਼ਹਿਰ ਦੇ ਰੇਲਵੇ ਰੋਡ ਅਤੇ ਕੋਰਟ ਰੋਡ ’ਤੇ ਸੀਵਰੇਜ ਸਿਸਟਮ ਠੱਪ ਹੋਣ ਕਾਰਨ ਗੰਦਾ ਪਾਣੀ ਸੜਕਾਂ ’ਤੇ ਇਕੱਠਾ ਹੋ ਗਿਆ ਹੈ, ਜਿਸ ਨਾਲ ਦੁਕਾਨਦਾਰਾਂ, ਰਾਹਗੀਰਾਂ ਅਤੇ ਆਸ-ਪਾਸ ਦੇ ਵਸਨੀਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੀਵਰੇਜ ਦੇ ਜਾਮ ਹੋਣ ਕਾਰਨ ਇਲਾਕੇ ਵਿਚ ਬਦਬੂ ਫੈਲ ਰਹੀ ਹੈ ਅਤੇ ਲੋਕਾਂ ਨੂੰ ਬਿਮਾਰੀਆਂ ਫੈਲਣ ਦਾ ਡਰ ਵੀ ਸਤਾ ਰਿਹਾ ਹੈ।
ਸਥਾਨਕ ਲੋਕਾਂ ਅਨੁਸਾਰ ਪਿਛਲੇ ਕਈ ਦਿਨਾਂ ਤੋਂ ਸੀਵਰੇਜ ਦੀ ਸਫ਼ਾਈ ਨਾ ਹੋਣ ਕਾਰਨ ਗੰਦਾ ਪਾਣੀ ਸੜਕਾਂ ਉਪਰ ਆ ਗਿਆ ਹੈ। ਰੇਲਵੇ ਰੋਡ ਅਤੇ ਕੋਰਟ ਰੋਡ ਵਰਗੇ ਰੁੱਝੇ ਹੋਏ ਬਾਜ਼ਾਰਾਂ ਵਿਚ ਪਾਣੀ ਜਮ੍ਹਾਂ ਹੋਣ ਨਾਲ ਲੋਕਾਂ ਦਾ ਲੰਘਣਾ ਔਖਾ ਹੋ ਗਿਆ ਹੈ। ਕਈ ਥਾਵਾਂ ’ਤੇ ਦੋ-ਪਹੀਆ ਵਾਹਨ ਚਾਲਕਾਂ ਨੂੰ ਵੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਰਸਾਤੀ ਮੌਸਮ ਕਾਰਨ ਹਾਲਾਤ ਹੋਰ ਵੀ ਗੰਭੀਰ ਬਣਦੇ ਜਾ ਰਹੇ ਹਨ।
ਦੁਕਾਨਦਾਰਾਂ ਨੇ ਦੱਸਿਆ ਕਿ ਗੰਦੇ ਪਾਣੀ ਅਤੇ ਬਦਬੂ ਕਾਰਨ ਗਾਹਕਾਂ ਦੀ ਆਵਾਜਾਈ ਘੱਟ ਗਈ ਹੈ, ਜਿਸ ਨਾਲ ਉਨ੍ਹਾਂ ਦੇ ਕਾਰੋਬਾਰ ’ਤੇ ਸਿੱਧਾ ਅਸਰ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕਈ ਲੋਕ ਖਰੀਦਦਾਰੀ ਕਰਨ ਲਈ ਬਾਜ਼ਾਰ ਵਿਚ ਆਉਣ ਤੋਂ ਵੀ ਕਤਰਾਉਣ ਲੱਗੇ ਹਨ। ਸੜਕਾਂ ’ਤੇ ਖੜ੍ਹੇ ਪਾਣੀ ਕਾਰਨ ਦੁਕਾਨਾਂ ਅੱਗੇ ਗੰਦਗੀ ਫੈਲ ਰਹੀ ਹੈ ਅਤੇ ਸਫਾਈ ਦੀ ਹਾਲਤ ਲਗਾਤਾਰ ਖ਼ਰਾਬ ਹੋ ਰਹੀ ਹੈ
ਰੇਲਵੇ ਰੋਡ ਦੇ ਦੁਕਾਨਦਾਰ ਜਗਤਾਰ ਸਿੰਘ ਸਰਾਫ਼, ਜਗਦੀਸ਼ ਸੂਦ, ਪੰਕਜ ਢੰਡ, ਰਾਜੂ ਢੰਡ, ਪ੍ਰਕਾਸ਼ ਸਬਜ਼ੀ ਵਾਲੇ, ਰਾਜਨ ਅਰੋੜਾ, ਸੰਜੀਵ ਕੁਮਾਰ ਸ਼ੀਸ਼ਾ, ਪਿੰਕੀ ਅਰੋੜਾ ਅਤੇ ਸੰਜੀਵ ਕੁਮਾਰ ਨੇ ਦੱਸਿਆ ਕਿ ਉਹ ਪਿਛਲੇ ਕਈ ਦਿਨਾਂ ਤੋਂ ਇਸ ਸਮੱਸਿਆ ਨਾਲ ਜੂਝ ਰਹੇ ਹਨ। ਉਨ੍ਹਾਂ ਕਿਹਾ ਕਿ ਸੀਵਰੇਜ ਜਾਮ ਹੋਣ ਕਾਰਨ ਦੁਕਾਨਾਂ ਦੇ ਸਾਹਮਣੇ ਗੰਦਾ ਪਾਣੀ ਖੜ੍ਹਾ ਹੈ, ਜਿਸ ਨਾਲ ਦੁਕਾਨਾਂ ਵਿਚ ਆਉਣ ਵਾਲੇ ਗਾਹਕ ਵੀ ਪਰੇਸ਼ਾਨ ਹੋ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਨਗਰ ਕੌਂਸਲ ਅਤੇ ਸਬੰਧਤ ਪ੍ਰਸ਼ਾਸਨ ਵੱਲੋਂ ਇਸ ਗੰਭੀਰ ਸਮੱਸਿਆ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ।
ਦੁਕਾਨਦਾਰਾਂ ਦਾ ਕਹਿਣਾ ਹੈ ਕਿ ਗਰਮੀ ਅਤੇ ਬਰਸਾਤ ਦੇ ਮੌਸਮ ਵਿਚ ਗੰਦਾ ਪਾਣੀ ਲੰਬੇ ਸਮੇਂ ਤਕ ਖੜ੍ਹਾ ਰਹਿਣ ਨਾਲ ਡੇਂਗੂ, ਮਲੇਰੀਆ, ਟਾਈਫਾਇਡ ਅਤੇ ਹੋਰ ਛੂਤ ਦੀਆਂ ਬਿਮਾਰੀਆਂ ਫੈਲਣ ਦਾ ਖ਼ਤਰਾ ਕਾਫੀ ਵੱਧ ਜਾਂਦਾ ਹੈ। ਮੱਛਰਾਂ ਦੀ ਗਿਣਤੀ ਵਿਚ ਵਾਧਾ ਹੋ ਰਿਹਾ ਹੈ ਅਤੇ ਬਦਬੂ ਕਾਰਨ ਲੋਕਾਂ ਦਾ ਖੜ੍ਹਾ ਹੋਣਾ ਵੀ ਮੁਸ਼ਕਿਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਇਸ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਸਥਿਤੀ ਹੋਰ ਗੰਭੀਰ ਹੋ ਸਕਦੀ ਹੈ।
ਸਥਾਨਕ ਲੋਕਾਂ ਨੇ ਕਿਹਾ ਕਿ ਇਕ ਪਾਸੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ, ਪਰ ਦੂਜੇ ਪਾਸੇ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿਚ ਹੀ ਗੰਦਗੀ ਅਤੇ ਸੀਵਰੇਜ ਦਾ ਪਾਣੀ ਖੜ੍ਹਾ ਹੋਣਾ ਚਿੰਤਾ ਦਾ ਵਿਸ਼ਾ ਹੈ। ਲੋਕਾਂ ਨੇ ਮੰਗ ਕੀਤੀ ਕਿ ਹੜਤਾਲ ਦਾ ਜਲਦ ਹੱਲ ਕੱਢਿਆ ਜਾਵੇ ਅਤੇ ਐਮਰਜੈਂਸੀ ਅਧਾਰ ’ਤੇ ਸੀਵਰੇਜ ਦੀ ਸਫ਼ਾਈ ਕਰਵਾ ਕੇ ਲੋਕਾਂ ਨੂੰ ਰਾਹਤ ਦਿੱਤੀ ਜਾਵੇ।
ਸ਼ਹਿਰ ਵਾਸੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ, ਨਗਰ ਕੌਂਸਲ ਦੇ ਉੱਚ ਅਧਿਕਾਰੀਆਂ ਅਤੇ ਸਬੰਧਤ ਵਿਭਾਗ ਤੋਂ ਮੰਗ ਕੀਤੀ ਹੈ ਕਿ ਮਾਮਲੇ ਦਾ ਤੁਰੰਤ ਨੋਟਿਸ ਲਿਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਹੜਤਾਲ ਹੋਰ ਲੰਬੀ ਚੱਲਦੀ ਹੈ, ਤਾਂ ਪੱਟੀ ਸ਼ਹਿਰ ਦੀ ਸਫ਼ਾਈ ਵਿਵਸਥਾ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਸਕਦੀ ਹੈ ਅਤੇ ਲੋਕਾਂ ਦੀ ਸਿਹਤ ਲਈ ਵੱਡਾ ਖ਼ਤਰਾ ਪੈਦਾ ਹੋ ਸਕਦਾ ਹੈ।
ਇਸ ਸਬੰਧੀ ਗੱਲਬਾਤ ਕਰਦਿਆਂ ਨਗਰ ਕੌਂਸਲ ਪੱਟੀ ਦੇ ਕਾਰਜ ਸਾਧਕ ਅਫ਼ਸਰ ਧਰਮਪਾਲ ਸਿੰਘ ਨੇ ਕਿਹਾ ਕਿ ਸਫਾਈ ਅਤੇ ਸੀਵਰੇਜ ਕਰਮਚਾਰੀਆਂ ਦੀ ਚੱਲ ਰਹੀ ਹੜਤਾਲ ਕਾਰਨ ਸ਼ਹਿਰ ਦੇ ਕੁਝ ਇਲਾਕਿਆਂ ਵਿਚ ਸਫਾਈ ਅਤੇ ਸੀਵਰੇਜ ਨਾਲ ਸਬੰਧਤ ਸਮੱਸਿਆਵਾਂ ਪੈਦਾ ਹੋਈਆਂ ਹਨ, ਜਿਸ ਬਾਰੇ ਨਗਰ ਕੌਂਸਲ ਨੂੰ ਜਾਣਕਾਰੀ ਹੈ। ਉਨ੍ਹਾਂ ਕਿਹਾ ਕਿ ਰੇਲਵੇ ਰੋਡ ਅਤੇ ਕੋਰਟ ਰੋਡ ’ਤੇ ਸੀਵਰੇਜ ਜਾਮ ਹੋਣ ਦੀਆਂ ਸ਼ਿਕਾਇਤਾਂ ਵੀ ਪ੍ਰਾਪਤ ਹੋਈਆਂ ਹਨ ਅਤੇ ਇਸ ਸਮੱਸਿਆ ਦੇ ਹੱਲ ਲਈ ਯਤਨ ਕੀਤੇ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਹੜਤਾਲੀ ਕਰਮਚਾਰੀਆਂ ਨਾਲ ਗੱਲਬਾਤ ਦਾ ਦੌਰ ਜਾਰੀ ਹੈ ਅਤੇ ਉਮੀਦ ਹੈ ਕਿ ਜਲਦ ਹੀ ਕੋਈ ਸਕਾਰਾਤਮਕ ਹੱਲ ਨਿਕਲੇਗਾ। ਇਸ ਦੇ ਨਾਲ ਹੀ ਨਗਰ ਕੌਂਸਲ ਵੱਲੋਂ ਐਮਰਜੈਂਸੀ ਪ੍ਰਬੰਧਾਂ ਰਾਹੀਂ ਲੋਕਾਂ ਨੂੰ ਘੱਟ ਤੋਂ ਘੱਟ ਦਿੱਕਤ ਆਵੇ, ਇਸ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਸਹਿਯੋਗ ਦੀ ਅਪੀਲ ਕਰਦਿਆਂ ਭਰੋਸਾ ਦਿੱਤਾ ਕਿ ਸੀਵਰੇਜ ਅਤੇ ਸਫ਼ਾਈ ਪ੍ਰਬੰਧਾਂ ਨੂੰ ਜਲਦ ਤੋਂ ਜਲਦ ਮੁੜ ਸੁਚਾਰੂ ਕੀਤਾ ਜਾਵੇਗਾ।