- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
19 ਦੀ ਸੰਗਰੂਰ ਸੂਬਾ ਪੱਧਰੀ ਰੋਸ ਰੈਲੀ ਵਿਚ ਤਰਨਤਾਰਨ ਇਕਾਈ ਕਰੇਗੀ ਵੱਡੀ ਸ਼ਮੂਲੀਅਤ : ਤਾਲਮੇਲ ਕਮੇਟੀ

ਕੇਪੀ ਗਿੱਲ, •ਪੰਜਾਬੀ ਜਾਗਰਣ,
ਕੈਰੋਂ : ਇਨਲਿਸਟਮੈਂਟ-ਆਊਟਸੋਰਸ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ’ਤੇ 19 ਜੁਲਾਈ ਨੂੰ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਦੇ ਸ਼ਹਿਰ ਸੰਗਰੂਰ ਵਿਖੇ ਹੋਣ ਵਾਲੀ ਸੂਬਾ ਪੱਧਰੀ ਰੋਸ ਰੈਲੀ ਅਤੇ ਰੋਸ ਮਾਰਚ ਵਿਚ ਜ਼ਿਲ੍ਹਾ ਤਰਨਤਾਰਨ ਇਕਾਈ ਵੱਲੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਜਾਵੇਗੀ।
ਇਸ ਸਬੰਧੀ ਜ਼ਿਲ੍ਹਾ ਇਕਾਈ ਦੇ ਆਗੂਆਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਇੰਨਲਿਸਟਮੈਂਟ, ਆਊਟਸੋਰਸ, ਕੰਪਨੀਆਂ, ਠੇਕੇਦਾਰਾਂ, ਸੁਸਾਇਟੀਆਂ ਅਤੇ ਦਿਹਾੜੀਦਾਰ ਵਰਗਾਂ ਰਾਹੀਂ ਕੰਮ ਕਰ ਰਹੇ ਹਜ਼ਾਰਾਂ ਕਾਮੇ ਲੰਬੇ ਸਮੇਂ ਤੋਂ ਸਰਕਾਰ ਨੂੰ ਆਪਣੀਆਂ ਸੇਵਾਵਾਂ ਦੇ ਰਹੇ ਹਨ, ਪਰ ਅੱਜ ਵੀ ਉਹ ਪੱਕੀ ਨੌਕਰੀ, ਯੋਗ ਤਨਖਾਹ ਅਤੇ ਹੋਰ ਮੁੱਢਲੇ ਹੱਕਾਂ ਤੋਂ ਵਾਂਝੇ ਹਨ।
ਆਗੂਆਂ ਨੇ ਕਿਹਾ ਕਿ ਭਾਰਤੀ ਨਿਆਂ ਪ੍ਰਣਾਲੀ ਅਤੇ ਕਿਰਤ ਕਾਨੂੰਨਾਂ ਮੁਤਾਬਿਕ ਸਥਾਈ ਪ੍ਰਕਿਰਤੀ ਦੇ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਪੱਕਾ ਰੁਜ਼ਗਾਰ ਮਿਲਣਾ ਚਾਹੀਦਾ ਹੈ। ਇਸ ਤੋਂ ਇਲਾਵਾ ਘੱਟੋਂ-ਘੱਟ ਉਜਰਤ ਐਕਟ 1948 ਅਤੇ 15ਵੀਂ ਭਾਰਤੀ ਲੇਬਰ ਕਾਨਫਰੰਸ ਦੀਆਂ ਸਿਫ਼ਾਰਸ਼ਾਂ ਅਨੁਸਾਰ ਠੇਕਾ ਕਾਮਿਆਂ ਨੂੰ ਬਣਦੀ ਤਨਖਾਹ ਅਤੇ ਹੋਰ ਸਹੂਲਤਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ।
ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵੱਲੋਂ ਲਿਆਂਦੇ ਜਾ ਰਹੇ ‘ਪੰਜਾਬ ਰਾਜ ਆਊਟਸੋਰਸ ਪਰਸੋਨਲ ਬਿੱਲ-2026’ ਅਤੇ ‘ਪੰਜਾਬ ਕੰਟਰੈਕਚੁਅਲ ਪਰਸੋਨਲ ਬਿੱਲ-2026’ ਵਿਚ ਜਲ ਸਪਲਾਈ ਵਿਭਾਗ ਦੇ ਇੰਨਲਿਸਟਮੈਂਟ ਕੈਟਾਗਿਰੀ ਅਧੀਨ ਕੰਮ ਕਰ ਰਹੇ ਕਾਮਿਆਂ ਨੂੰ ਸ਼ਾਮਿਲ ਨਹੀਂ ਕੀਤਾ ਗਿਆ, ਜਿਸ ਕਾਰਨ ਇਸ ਵਰਗ ਦੇ ਮੁਲਾਜ਼ਮਾਂ ਵਿਚ ਭਾਰੀ ਰੋਸ ਹੈ।
ਕਮੇਟੀ ਨੇ ਮੰਗ ਕੀਤੀ ਕਿ ਇਨਲਿਸਟਮੈਂਟ ਕੈਟਾਗਿਰੀ ਦੇ ਸਮੂਹ ਮੁਲਾਜ਼ਮਾਂ ਨੂੰ ਨਵੇਂ ਕਾਨੂੰਨ ਵਿਚ ਸ਼ਾਮਿਲ ਕੀਤਾ ਜਾਵੇ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ, ਸੁਸਾਇਟੀਆਂ, ਕੰਪਨੀਆਂ ਅਤੇ ਠੇਕੇਦਾਰਾਂ ਰਾਹੀਂ ਸੇਵਾਵਾਂ ਨਿਭਾ ਰਹੇ ਸਾਰੇ ਠੇਕਾ ਮੁਲਾਜ਼ਮਾਂ ਨੂੰ ਸਬੰਧਤ ਵਿਭਾਗਾਂ ਵਿਚ ਰੈਗੂਲਰ ਕੀਤਾ ਜਾਵੇ। ਇਸ ਦੇ ਨਾਲ-ਨਾਲ ਈਪੀਐੱਫ, ਈਐੱਸਆਈ, ਹਾਦਸਿਆਂ ਦੀ ਸੂਰਤ ਵਿਚ ਯੋਗ ਮੁਆਵਜ਼ਾ, ਪਰਿਵਾਰ ਦੇ ਇਕ ਮੈਂਬਰ ਨੂੰ ਪੱਕੀ ਨੌਕਰੀ ਅਤੇ ਸੁਰੱਖਿਅਤ ਕੰਮਕਾਜੀ ਮਾਹੌਲ ਸਮੇਤ ਸਾਰੀਆਂ ਕਾਨੂੰਨੀ ਸਹੂਲਤਾਂ ਯਕੀਨੀ ਬਣਾਈਆਂ ਜਾਣ।
ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਇਨਲਿਸਟਮੈਂਟ ਕੈਟਾਗਿਰੀ ਨੂੰ ਨਵੇਂ ਐਕਟ ਵਿਚ ਸ਼ਾਮਲ ਕਰਕੇ ਨੋਟੀਫਿਕੇਸ਼ਨ ਜਾਰੀ ਨਾ ਕੀਤਾ ਗਿਆ, ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸੇ ਲੜੀ ਤਹਿਤ 19 ਜੁਲਾਈ ਨੂੰ ਸੰਗਰੂਰ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਸ਼ਹਿਰ ਵਿਚ ਸੂਬਾ ਪੱਧਰੀ ਰੈਲੀ ਅਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ, ਜਿਸ ਵਿਚ ਜ਼ਿਲ੍ਹਾ ਤਰਨਤਾਰਨ ਅਤੇ ਅੰਮ੍ਰਿਤਸਰ ਤੋਂ ਵੱਡੀ ਗਿਣਤੀ ਵਿਚ ਵਰਕਰ ਸ਼ਮੂਲੀਅਤ ਕਰਨਗੇ।
ਇਸ ਮੌਕੇ ਜ਼ਿਲ੍ਹਾ ਤਰਨਤਾਰਨ ਇਕਾਈ ਦੇ ਪ੍ਰਧਾਨ ਹਰਜਿੰਦਰ ਸਿੰਘ, ਮੀਤ ਪ੍ਰਧਾਨ ਜਸਬੀਰ ਸਿੰਘ, ਵਿਸ਼ਾਲ, ਕੁਲਦੀਪ ਸਿੰਘ, ਸੰਦੀਪ ਕੁਮਾਰ, ਪ੍ਰਵੀਨ ਕੁਮਾਰ ਅਤੇ ਜਸਕਰਨ ਸਿੰਘ ਨੇ ਸਮੂਹ ਠੇਕਾ ਮੁਲਾਜ਼ਮਾਂ ਨੂੰ 19 ਜੁਲਾਈ ਦੀ ਰੈਲੀ ਵਿਚ ਵੱਧ ਤੋਂ ਵੱਧ ਗਿਣਤੀ ’ਚ ਸ਼ਾਮਿਲ ਹੋ ਕੇ ਆਪਣੇ ਹੱਕਾਂ ਦੀ ਲੜਾਈ ਨੂੰ ਮਜ਼ਬੂਤ ਕਰਨ ਦੀ ਅਪੀਲ ਕੀਤੀ।