- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਯੂਥ ਕਾਂਗਰਸ ਨੇ ਗਾਂਧੀ ਸੱਥ ਚੌਕ ਪੱਟੀ ’ਚ ਝਾੜੂ ਮਾਰ ਕੇ ਕੀਤਾ ਰੋਸ ਪ੍ਰਦਰਸ਼ਨ

ਹੱਥਾਂ ਵਿਚ ਮੁੱਖ ਮੰਤਰੀ ਦੇ ਵਾਅਦਿਆਂ ਵਾਲੇ ਪੋਸਟਰ ਫੜ ਕੇ ਪੁੱਛਿਆ – ਝਾੜੂ ਵਾਲਿਓ, ਝਾੜੂ ਕਿੱਥੇ ਆ?
ਸਫਾਈ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਮੰਨਣ ਦੀ ਕੀਤੀ ਮੰਗ
ਬੱਲੂ ਮਹਿਤਾ•, ਪੰਜਾਬੀ ਜਾਗਰਣ,
ਪੱਟੀ : ਨਗਰ ਕੌਂਸਲ ਪੱਟੀ ਦੇ ਸਫਾਈ ਮੁਲਾਜ਼ਮਾਂ ਦੀ ਚੱਲ ਰਹੀ ਹੜਤਾਲ ਕਾਰਨ ਸ਼ਹਿਰ ਦੀ ਸਫਾਈ ਵਿਵਸਥਾ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਗਈ ਹੈ। ਸ਼ਹਿਰ ਦੇ ਮੁੱਖ ਬਾਜ਼ਾਰਾਂ, ਗਲੀਆਂ ਅਤੇ ਚੌਕਾਂ ਵਿਚ ਕੂੜੇ ਦੇ ਵੱਡੇ-ਵੱਡੇ ਢੇਰ ਲੱਗੇ ਹੋਏ ਹਨ, ਜਿਸ ਕਾਰਨ ਆਮ ਲੋਕਾਂ, ਦੁਕਾਨਦਾਰਾਂ ਅਤੇ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮਸਲੇ ਨੂੰ ਲੈ ਕੇ ਵੀਰਵਾਰ ਨੂੰ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਹਰਮਨ ਸੇਖੋਂ ਦੀ ਅਗਵਾਈ ਹੇਠ ਯੂਥ ਕਾਂਗਰਸ ਵਰਕਰਾਂ ਵੱਲੋਂ ਪੱਟੀ ਦੇ ਗਾਂਧੀ ਸੱਥ ਚੌਕ ਵਿਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।
ਪ੍ਰਦਰਸ਼ਨ ਦੌਰਾਨ ਯੂਥ ਕਾਂਗਰਸ ਆਗੂਆਂ ਅਤੇ ਵਰਕਰਾਂ ਨੇ ਹੱਥਾਂ ਵਿਚ ਝਾੜੂ ਫੜੇ ਹੋਏ ਸਨ ਅਤੇ ਸੜਕਾਂ ’ਤੇ ਖਿੱਲਰੇ ਕੂੜੇ ਨੂੰ ਇਕੱਠਾ ਕਰਕੇ ਸਰਕਾਰ ਦਾ ਵਿਰੋਧ ਕੀਤਾ। ਇਸ ਦੇ ਨਾਲ ਹੀ ਵਰਕਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਚੋਣਾਂ ਦੌਰਾਨ ਦਿੱਤੇ ਗਏ ਵਾਅਦਿਆਂ ਅਤੇ ਝਾੜੂ ਦੇ ਚੋਣ ਨਿਸ਼ਾਨ ਵਾਲੇ ਪੋਸਟਰ ਵੀ ਫੜੇ ਹੋਏ ਸਨ, ਜਿਨ੍ਹਾਂ ’ਤੇ ਲਿਖਿਆ ਹੋਇਆ ਸੀ, ਝਾੜੂ ਵਾਲਿਓ, ਝਾੜੂ ਕਿੱਥੇ ਆ? ਇਸ ਦੌਰਾਨ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ।
ਹਰਮਨ ਸੇਖੋਂ ਨੇ ਕਿਹਾ ਕਿ ਸਫਾਈ ਮੁਲਾਜ਼ਮ ਲੰਬੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਕੋਈ ਗੰਭੀਰਤਾ ਨਹੀਂ ਦਿਖਾ ਰਹੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਸਮੇਂ ਸਿਰ ਮੁਲਾਜ਼ਮਾਂ ਨਾਲ ਗੱਲਬਾਤ ਕਰਕੇ ਮਸਲੇ ਦਾ ਹੱਲ ਕੱਢਦੀ ਤਾਂ ਅੱਜ ਸ਼ਹਿਰ ਨੂੰ ਇਸ ਤਰ੍ਹਾਂ ਦੀ ਸਥਿਤੀ ਦਾ ਸਾਹਮਣਾ ਨਾ ਕਰਨਾ ਪੈਂਦਾ।
ਉਨ੍ਹਾਂ ਕਿਹਾ ਕਿ ਪੱਟੀ ਦੇ ਲੱਗਭੱਗ ਹਰ ਵਾਰਡ ਵਿਚ ਕੂੜੇ ਦੇ ਢੇਰ ਲੱਗੇ ਹੋਏ ਹਨ ਅਤੇ ਕਈ ਥਾਵਾਂ ’ਤੇ ਕਈ ਦਿਨਾਂ ਤੋਂ ਕੂੜਾ ਨਹੀਂ ਚੁੱਕਿਆ ਗਿਆ। ਇਸ ਕਾਰਨ ਬਦਬੂ ਫੈਲ ਰਹੀ ਹੈ ਅਤੇ ਮੱਖੀਆਂ-ਮੱਛਰਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਡੇਂਗੂ, ਮਲੇਰੀਆ ਅਤੇ ਹੋਰ ਛੂਤ ਦੀਆਂ ਬਿਮਾਰੀਆਂ ਫੈਲਣ ਦਾ ਖ਼ਤਰਾ ਵੱਧ ਗਿਆ ਹੈ। ਭਿਆਨਕ ਗਰਮੀ ਦੇ ਮੌਸਮ ਵਿਚ ਗੰਦਗੀ ਦਾ ਇਹ ਮਾਹੌਲ ਲੋਕਾਂ ਦੀ ਸਿਹਤ ਲਈ ਗੰਭੀਰ ਚੁਣੌਤੀ ਬਣ ਚੁੱਕਾ ਹੈ।
ਹਰਮਨ ਸੇਖੋਂ ਨੇ ਕਿਹਾ ਕਿ ਸ਼ਹਿਰ ਦੇ ਵਪਾਰੀਆਂ ਨੂੰ ਵੀ ਇਸ ਸਥਿਤੀ ਕਾਰਨ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ। ਕਈ ਬਾਜ਼ਾਰਾਂ ਵਿਚ ਦੁਕਾਨਾਂ ਦੇ ਸਾਹਮਣੇ ਕੂੜੇ ਦੇ ਢੇਰ ਪਏ ਹੋਣ ਕਾਰਨ ਗਾਹਕਾਂ ਦਾ ਆਉਣਾ-ਜਾਣਾ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਨਗਰ ਕੌਂਸਲ ਨੂੰ ਨਿਯਮਿਤ ਟੈਕਸ ਅਦਾ ਕਰਦੇ ਹਨ, ਪਰ ਬਦਲੇ ਵਿਚ ਉਨ੍ਹਾਂ ਨੂੰ ਸਾਫ਼-ਸੁਥਰਾ ਮਾਹੌਲ ਵੀ ਨਹੀਂ ਮਿਲ ਰਿਹਾ।
ਉਨ੍ਹਾਂ ਦੋਸ਼ ਲਗਾਇਆ ਕਿ ਪ੍ਰਸ਼ਾਸਨ ਇਸ ਗੰਭੀਰ ਮਸਲੇ ਪ੍ਰਤੀ ਅਣਗਹਿਲੀ ਵਰਤ ਰਿਹਾ ਹੈ। ਸ਼ਹਿਰ ਦੀ ਸਫਾਈ ਵਿਵਸਥਾ ਚਰਮਰਾ ਚੁੱਕੀ ਹੈ, ਪਰ ਅਧਿਕਾਰੀ ਅੱਖਾਂ ਮੀਟ ਕੇ ਬੈਠੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਪ੍ਰਸ਼ਾਸਨ ਮੂਕ ਦਰਸ਼ਕ ਬਣਿਆ ਹੋਇਆ ਹੈ।
ਯੂਥ ਕਾਂਗਰਸ ਆਗੂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਫਾਈ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਮੰਨਿਆ ਜਾਵੇ ਅਤੇ ਉਨ੍ਹਾਂ ਨਾਲ ਤੁਰੰਤ ਗੱਲਬਾਤ ਕਰਕੇ ਸਥਾਈ ਹੱਲ ਕੱਢਿਆ ਜਾਵੇ। ਉਨ੍ਹਾਂ ਕਿਹਾ ਕਿ ਜਦੋਂ ਤਕ ਸਫਾਈ ਕਰਮਚਾਰੀ ਆਪਣੀਆਂ ਡਿਊਟੀਆਂ ’ਤੇ ਵਾਪਸ ਨਹੀਂ ਆਉਂਦੇ, ਉਦੋਂ ਤਕ ਸ਼ਹਿਰ ਦੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ।
ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦੀ ਕੋਈ ਠੋਸ ਕਦਮ ਨਾ ਚੁੱਕਿਆ ਤਾਂ ਯੂਥ ਕਾਂਗਰਸ ਲੋਕਾਂ ਨੂੰ ਨਾਲ ਲੈ ਕੇ ਸੰਘਰਸ਼ ਨੂੰ ਹੋਰ ਤੇਜ਼ ਕਰੇਗੀ। ਉਨ੍ਹਾਂ ਕਿਹਾ ਕਿ ਜਨਤਾ ਨੂੰ ਗੰਦਗੀ ਅਤੇ ਬਿਮਾਰੀਆਂ ਦੇ ਹਵਾਲੇ ਨਹੀਂ ਕੀਤਾ ਜਾ ਸਕਦਾ ਅਤੇ ਲੋਕਾਂ ਦੀ ਆਵਾਜ਼ ਹਰ ਪੱਧਰ ’ਤੇ ਬੁਲੰਦ ਕੀਤੀ ਜਾਵੇਗੀ। ਇਸ ਮੌਕੇ ਯੂਥ ਕਾਂਗਰਸ ਦੇ ਕਈ ਆਗੂ ਅਤੇ ਵਰਕਰ ਹਾਜ਼ਰ ਸਨ।