- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਤ ਵੇਲੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸੜਕਾਂ ’ਤੇ ਉੱਤਰੇ ਐੱਸਐੱਸਪੀ ਸੁਰੇਂਦਰ ਲਾਂਬਾ

ਨਾਕਿਆਂ ਅਤੇ ਥਾਣਿਆਂ ਦਾ ਕੀਤਾ ਨਿਰੀਖਣ, ਸ਼ੱਕੀ ਵਾਹਨਾਂ ਦੀ ਸਖ਼ਤ ਚੈਕਿੰਗ ਦੇ ਦਿੱਤੇ ਨਿਰਦੇਸ਼
ਜਸਪਾਲ ਸਿੰਘ ਜੱਸੀ•, ਪੰਜਾਬੀ ਜਾਗਰਣ,
ਤਰਨਤਾਰਨ : ਤਰਨਤਾਰਨ ਜ਼ਿਲ੍ਹੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਲਈ ਤਰਨਤਾਰਨ ਪੁਲਿਸ ਵੱਲੋਂ ਰਾਤ ਸਮੇਂ ਵਿਸ਼ੇਸ਼ ਸੁਰੱਖਿਆ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਮ ਦੀ ਅਗਵਾਈ ਕਰਦਿਆਂ ਐੱਸਐੱਸਪੀ ਸੁਰੇਂਦਰ ਲਾਂਬਾ ਖੁਦ ਦੇਰ ਰਾਤ ਸੜਕਾਂ ’ਤੇ ਨਿਕਲੇ ਅਤੇ ਜ਼ਿਲ੍ਹੇ ਦੇ ਵੱਖ-ਵੱਖ ਨਾਕਾਬੰਦੀ ਪੁਆਇੰਟਾਂ, ਪੁਲਿਸ ਥਾਣਿਆਂ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਡਿਊਟੀ ’ਤੇ ਤਾਇਨਾਤ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਗੱਲਬਾਤ ਕਰਕੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਲੋੜੀਂਦੇ ਨਿਰਦੇਸ਼ ਵੀ ਜਾਰੀ ਕੀਤੇ।
ਐੱਸਐੱਸਪੀ ਸੁਰੇਂਦਰ ਲਾਂਬਾ ਨੇ ਨਾਕਿਆਂ ’ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਹਿਦਾਇਤ ਕੀਤੀ ਕਿ ਹਰ ਸ਼ੱਕੀ ਵਾਹਨ ਅਤੇ ਵਿਅਕਤੀ ਦੀ ਪੂਰੀ ਸਾਵਧਾਨੀ ਨਾਲ ਜਾਂਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਰਾਤ ਦੇ ਸਮੇਂ ਨਾਕਾਬੰਦੀ ਦੌਰਾਨ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਹਰ ਪੁਲਿਸ ਕਰਮਚਾਰੀ ਆਪਣੀ ਡਿਊਟੀ ਪੂਰੀ ਤਨਦੇਹੀ, ਚੌਕਸੀ ਅਤੇ ਜ਼ਿੰਮੇਵਾਰੀ ਨਾਲ ਨਿਭਾਏ। ਉਨ੍ਹਾਂ ਕਿਹਾ ਕਿ ਅਪਰਾਧਿਕ ਅਨਸਰਾਂ ਦੀਆਂ ਗਤੀਵਿਧੀਆਂ ਤੇ ਨਜ਼ਰ ਰੱਖਣ ਲਈ ਨਾਕਾਬੰਦੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾਵੇ, ਤਾਂ ਜੋ ਕਿਸੇ ਵੀ ਗੈਰ-ਕਾਨੂੰਨੀ ਹਰਕਤ ਨੂੰ ਸਮੇਂ ਸਿਰ ਰੋਕਿਆ ਜਾ ਸਕੇ।
ਨਿਰੀਖਣ ਦੌਰਾਨ ਐੱਸਐੱਸਪੀ ਨੇ ਵੱਖ-ਵੱਖ ਪੁਲਿਸ ਥਾਣਿਆਂ ਦਾ ਵੀ ਦੌਰਾ ਕੀਤਾ ਅਤੇ ਉੱਥੇ ਮੌਜੂਦ ਅਧਿਕਾਰੀਆਂ ਨਾਲ ਕਾਨੂੰਨ-ਵਿਵਸਥਾ ਦੀ ਸਥਿਤੀ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਨੇ ਥਾਣਾ ਮੁਖੀਆਂ ਨੂੰ ਕਿਹਾ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਇਆ ਜਾਵੇ ਅਤੇ ਜਨਤਾ ਨਾਲ ਸੁਚੱਜੇ ਵਿਹਾਰ ਨੂੰ ਪਹਿਲ ਦਿੱਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਰਾਤ ਸਮੇਂ ਗਸ਼ਤ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਸੰਵੇਦਨਸ਼ੀਲ ਇਲਾਕਿਆਂ ਵਿਚ ਵਿਸ਼ੇਸ਼ ਨਿਗਰਾਨੀ ਰੱਖਣ ਦੇ ਹੁਕਮ ਵੀ ਦਿੱਤੇ।
ਐੱਸਐੱਸਪੀ ਸੁਰੇਂਦਰ ਲਾਂਬਾ ਨੇ ਕਿਹਾ ਕਿ ਜ਼ਿਲ੍ਹੇ ਵਿਚ ਅਮਨ-ਸ਼ਾਂਤੀ ਅਤੇ ਲੋਕਾਂ ਦੀ ਸੁਰੱਖਿਆ ਪੁਲਿਸ ਦੀ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ, ਗੈਰ-ਕਾਨੂੰਨੀ ਹਥਿਆਰਾਂ ਦੀ ਆਵਾਜਾਈ, ਅਪਰਾਧਿਕ ਗਤੀਵਿਧੀਆਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਸਖ਼ਤ ਕਾਰਵਾਈ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕਿਸੇ ਸ਼ੱਕੀ ਵਿਅਕਤੀ, ਵਾਹਨ ਜਾਂ ਗਤੀਵਿਧੀ ਬਾਰੇ ਜਾਣਕਾਰੀ ਮਿਲਦੀ ਹੈ, ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ, ਤਾਂ ਜੋ ਸਮੇਂ ਸਿਰ ਕਾਰਵਾਈ ਕਰਕੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ।
ਕੈਪਸ਼ਨ- ਦੇਰ ਰਾਤ ਨਾਕਿਆਂ ਦੀ ਚੈਕਿੰਗ ਦੌਰਾਨ ਸਰਹਾਲੀ ਰੋਡ ਟੀ ਪੁਵਾਇੰਟ ’ਤੇ ਤਾਇਨਾਤ ਪੁਲਿਸ ਫੋਰਸ ਨੂੰ ਨਿਰਦੇਸ਼ ਦਿੰਦੇ ਹੋਏ ਐੱਸਐੱਸਪੀ ਸੁਰੇਂਦਰ ਲਾਂਬਾ।
ਕੈਪਸ਼ਨ- ਥਾਣਾ ਸਿਟੀ ਤਰਨਤਾਰਨ ਦਾ ਨਿਰੀਖਣ ਕਰਨ ਮੌਕੇ ਐੱਸਐੱਸਪੀ।
ਕੈਪਸ਼ਨ- ਝਬਾਲ ਚੌਂਕ ਬਾਈਪਾਸ ਨਾਕੇਬੰਦੀ ਪੁਵਾਇੰਟ ਦੀ ਸਮੀਖਿਆ ਦੌਰਾਨ ਥਾਣਾ ਸਿਟੀ ਦੇ ਮੁਖੀ ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਨੂੰ ਨਿਰਦੇਸ਼ ਦਿੰਦੇ ਹੋਏ ਐੱਸਐੱਸਪੀ ਸੁਰੇਂਦਰ ਲਾਂਬਾ ਨਾਲ ਹਨ ਡੀਐੱਸਪੀ ਸ਼ਿਵਦਰਸ਼ਨ ਸਿੰਘ।