- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ੇਰੋਂ ਖੰਡ ਮਿੱਲ ਮੋਰਚੇ ਦੇ 58ਵੇਂ ਦਿਨ ਕਿਸਾਨ ਆਗੂਆਂ ਨੇ ਹਾਕਮਾਂ ਖਿਲਾਫ ਨਾਅਰੇਬਾਜ਼ੀ ਕੀਤੀ

ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਸ਼ੇਰੋਂ ਖੰਡ ਮਿੱਲ ਦੀ ਜ਼ਮੀਨ ਦੀ ਮਾਲਕੀ ਤਬਦੀਲ ਕਰਨ ਦੇ ਫੈਸਲੇ ਦੇ ਵਿਰੋਧ ਅਤੇ ਖੰਡ ਮਿੱਲ ਨੂੰ ਮੁੜ ਚਾਲੂ ਕਰਵਾਉਣ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਲਾਇਆ ਗਿਆ ਪੱਕਾ ਮੋਰਚਾ ਸ਼ੁੱਕਰਵਾਰ ਨੂੰ 58ਵੇਂ ਦਿਨ ਵੀ ਜਾਰੀ ਰਿਹਾ। ਇਸ ਦੌਰਾਨ ਮੋਰਚੇ ਦੇ ਆਗੂਆਂ ਦਲਜੀਤ ਸਿੰਘ ਦਿਆਲਪੁਰ, ਨਛੱਤਰ ਸਿੰਘ ਮੁਗਲਚੱਕ, ਜੱਸਾ ਸਿੰਘ ਕੱਦਗਿੱਲ, ਮਨਜੀਤ ਸਿੰਘ ਬੱਗੂ, ਮਹਾਂਬੀਰ ਸਿੰਘ ਗਿੱਲ, ਤਰਸੇਮ ਸਿੰਘ ਲੁਹਾਰ, ਗੁਰਪ੍ਰੀਤ ਸਿੰਘ ਗੰਡੀਵਿੰਡ, ਰਤਨ ਸਿੰਘ ਢੰਡ ਅਤੇ ਸੁਖਚੈਨ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਖੰਡ ਮਿੱਲ ਦੀ ਜ਼ਮੀਨ ਦੀ ਮਾਲਕੀ ਤਬਦੀਲ ਕਰਨ ਦਾ ਲੋਕ ਵਿਰੋਧੀ ਫੈਸਲਾ ਤੁਰੰਤ ਵਾਪਸ ਲਿਆ ਜਾਵੇ ਅਤੇ ਮਿੱਲ ਨੂੰ ਮੁੜ ਚਾਲੂ ਕੀਤਾ ਜਾਵੇ।
ਕਿਸਾਨ ਆਗੂਆਂ ਨੇ ਕਿਹਾ ਕਿ ਸ਼ੇਰੋਂ ਖੰਡ ਮਿੱਲ ਮਾਝਾ ਖੇਤਰ ਦੀ ਇਕ ਅਹਿਮ ਸਨਅਤ ਹੈ, ਜਿਸ ਦੇ ਮੁੜ ਚਾਲੂ ਹੋਣ ਨਾਲ ਕਿਸਾਨਾਂ ਅਤੇ ਮਜ਼ਦੂਰਾਂ ਦੀ ਆਰਥਿਕਤਾ ਨੂੰ ਮਜ਼ਬੂਤੀ ਮਿਲੇਗੀ ਅਤੇ ਇਲਾਕੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਉਨ੍ਹਾਂ ਦੋਸ਼ ਲਾਇਆ ਕਿ ਭਗਵੰਤ ਮਾਨ ਸਰਕਾਰ ਆਪਣੇ ਚੋਣ ਵਾਅਦਿਆਂ ਤੋਂ ਮੁੱਕਰ ਰਹੀ ਹੈ। ਇਸ ਮੌਕੇ ਕਿਸਾਨਾਂ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ।
ਇਸ ਮੌਕੇ ਕਿਸਾਨ ਆਗੂ ਅਮਰੀਕ ਸਿੰਘ ਸ਼ੇਰੋਂ, ਕਸ਼ਮੀਰ ਸਿੰਘ ਸ਼ੇਰੋਂ, ਬਲਦੇਵ ਸਿੰਘ ਸ਼ੇਰੋਂ, ਬਰਕਤ ਸਿੰਘ ਵੋਹਰਾ, ਸਵਿੰਦਰ ਸਿੰਘ, ਮੰਗਲ ਸਿੰਘ, ਸਰਦਾਰਾ ਸਿੰਘ ਸਖੀਰਾ, ਅਨੋਖ ਸਿੰਘ ਕਾਹਲਵਾਂ, ਗੁਰਬਾਜ਼ ਸਿੰਘ ਸਿੱਧੂ ਅਤੇ ਸੁਰਜੀਤ ਸਿੰਘ ਨੌਸ਼ਹਿਰਾ ਪਨੂੰਆਂ ਨੇ ਕਿਹਾ ਕਿ ਖੰਡ ਮਿੱਲ ਦੇ ਚਾਲੂ ਹੋਣ ਨਾਲ ਨੇੜਲੇ ਪਿੰਡਾਂ ਅਤੇ ਮੰਡ ਏਰੀਆ ਦੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਮੰਡ ਏਰੀਆ ਵਿਚ ਹਰ ਸਾਲ ਹੜ੍ਹਾਂ ਕਾਰਨ ਫਸਲਾਂ ਦਾ ਭਾਰੀ ਨੁਕਸਾਨ ਹੁੰਦਾ ਹੈ, ਜਦਕਿ ਗੰਨੇ ਦੀ ਫ਼ਸਲ ਹੜ੍ਹਾਂ ਦਾ ਮੁਕਾਬਲਾ ਕਰਨ ਦੇ ਸਮਰਥ ਹੁੰਦੀ ਹੈ।
ਇਸ ਲਈ ਜੇਕਰ ਖੰਡ ਮਿੱਲ ਮੁੜ ਚਾਲੂ ਹੋ ਜਾਂਦੀ ਹੈ, ਤਾਂ ਕਿਸਾਨ ਗੰਨੇ ਦੀ ਕਾਸ਼ਤ ਵੱਲ ਰੁਝਾਨ ਵਧਾਉਣਗੇ ਅਤੇ ਉਨ੍ਹਾਂ ਨੂੰ ਆਰਥਿਕ ਤੌਰ ’ਤੇ ਵੱਡਾ ਸਹਾਰਾ ਮਿਲੇਗਾ। ਕਿਸਾਨ ਆਗੂਆਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਲੋਕਾਂ ਨਾਲ ਕੀਤਾ ਵਾਅਦਾ ਨਿਭਾਉਂਦਿਆਂ ਸ਼ੇਰੋਂ ਖੰਡ ਮਿੱਲ ਨੂੰ ਜਲਦ ਤੋਂ ਜਲਦ ਮੁੜ ਚਾਲੂ ਕੀਤਾ ਜਾਵੇ ਅਤੇ ਇਲਾਕੇ ਦੇ ਲੋਕਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕੀਤਾ ਜਾਵੇ।