- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੰਮ ਛੱਡ ਹੜਤਾਲ ਦੇ ਦਸਵੇਂ ਦਿਨ ਸਫਾਈ ਸੇਵਕਾਂ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ ☺: ਨਗਰ ਕੌਂਸਲ ਤਰਨਤਾਰਨ ਦੇ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਕੰਮ ਛੱਡ ਹੜਤਾਲ ਸੋਮਵਾਰ ਨੂੰ ਦਸਵੇਂ ਦਿਨ ਵੀ ਜਾਰੀ ਰਹੀ। ਹੜਤਾਲ ਦੌਰਾਨ ਕਰਮਚਾਰੀਆਂ ਨੇ ਨਗਰ ਕੌਂਸਲ ਦਫ਼ਤਰ ਦੇ ਬਾਹਰ ਰੋਸ ਧਰਨਾ ਦੇਣ ਉਪਰੰਤ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿਚ ਰੋਸ ਮਾਰਚ ਕੱਢਿਆ ਅਤੇ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਇਸ ਤੋਂ ਬਾਅਦ ਬੋਹੜੀ ਚੌਂਕ ਵਿਖੇ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਗਟਾਇਆ ਗਿਆ। ਦੂਜੇ ਪਾਸੇ ਲਗਾਤਾਰ ਦਸ ਦਿਨਾਂ ਤੋਂ ਚੱਲ ਰਹੀ ਹੜਤਾਲ ਕਾਰਨ ਸ਼ਹਿਰ ਦੀ ਸਫਾਈ ਵਿਵਸਥਾ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਚੁੱਕੀ ਹੈ। ਡੋਰ ਟੂ ਡੋਰ ਕੂੜਾ ਇਕੱਠਾ ਕਰਨ ਦਾ ਕੰਮ ਬੰਦ ਹੋਣ ਕਾਰਨ ਮੁੱਖ ਸੜਕਾਂ, ਬਾਜ਼ਾਰਾਂ, ਗਲੀਆਂ ਅਤੇ ਮੁਹੱਲਿਆਂ ਵਿਚ ਕੂੜੇ ਦੇ ਢੇਰ ਦਿਨੋਂ-ਦਿਨ ਵੱਡੇ ਹੁੰਦੇ ਜਾ ਰਹੇ ਹਨ। ਗਰਮੀ ਅਤੇ ਨਮੀ ਕਾਰਨ ਕੂੜੇ ਵਿੱਚੋਂ ਉੱਠ ਰਹੀ ਬਦਬੂ ਨੇ ਲੋਕਾਂ ਦਾ ਜਿਉਣਾ ਮੁਸ਼ਕਿਲ ਕਰ ਦਿੱਤਾ ਹੈ।
ਸ਼ਹਿਰ ਵਾਸੀਆਂ ਨੂੰ ਡੇਂਗੂ, ਮਲੇਰੀਆ ਅਤੇ ਹੋਰ ਛੂਤ ਦੀਆਂ ਬਿਮਾਰੀਆਂ ਫੈਲਣ ਦਾ ਵੀ ਖਦਸ਼ਾ ਸਤਾਉਣ ਲੱਗਾ ਹੈ। ਲੋਕਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਕਰਮਚਾਰੀਆਂ ਨਾਲ ਗੱਲਬਾਤ ਕਰਕੇ ਜਲਦ ਹੱਲ ਕੱਢਿਆ ਜਾਵੇ, ਤਾਂ ਜੋ ਸਫਾਈ ਵਿਵਸਥਾ ਮੁੜ ਬਹਾਲ ਹੋ ਸਕੇ।
ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਪ੍ਰਧਾਨ ਬਲਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸਫਾਈ ਸੇਵਕਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿਚ ਕਰਮਚਾਰੀ ਸਾਲਾਂ ਤੋਂ ਠੇਕੇਦਾਰੀ ਪ੍ਰਣਾਲੀ ਅਧੀਨ ਘੱਟ ਤਨਖਾਹਾਂ ’ਤੇ ਕੰਮ ਕਰ ਰਹੇ ਹਨ, ਪਰ ਉਨ੍ਹਾਂ ਨੂੰ ਪੱਕਾ ਕਰਨ ਦੇ ਵਾਅਦੇ ਅੱਜ ਤਕ ਪੂਰੇ ਨਹੀਂ ਕੀਤੇ ਗਏ। ਉਨ੍ਹਾਂ ਮੰਗ ਕੀਤੀ ਕਿ ਕੱਚੇ ਕਰਮਚਾਰੀਆਂ ਨੂੰ ਤੁਰੰਤ ਪੱਕਾ ਕੀਤਾ ਜਾਵੇ, ਠੇਕੇਦਾਰੀ ਪ੍ਰਣਾਲੀ ਖਤਮ ਕੀਤੀ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ ਅਤੇ ਹੋਰ ਲੰਬਿਤ ਮੰਗਾਂ ਨੂੰ ਤੁਰੰਤ ਮੰਨਿਆ ਜਾਵੇ।
ਕਰਮਚਾਰੀਆਂ ਨੇ ਸੰਗਰੂਰ ਵਿਚ ਮੁਲਾਜ਼ਮਾਂ ਨਾਲ ਹੋਈ ਕਥਿਤ ਧੱਕੇਸ਼ਾਹੀ ਦੀ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਸੰਘਰਸ਼ ਕਰ ਰਹੇ ਮੁਲਾਜ਼ਮਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਗੱਲਬਾਤ ਕਰਕੇ ਮੰਗਾਂ ਦਾ ਹੱਲ ਨਾ ਕੀਤਾ, ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਇਸ ਮੌਕੇ ਪ੍ਰਧਾਨ ਦਵਿੰਦਰ ਸਿੰਘ ਬਿੱਟੂ, ਜੱਜਪਾਲ, ਤਿਲਕ ਰਾਜ, ਰਾਜ ਕੁਮਾਰ, ਕਾਲਾ, ਜੋਗਿੰਦਰਪਾਲ, ਮਨਦੀਪ, ਆਸ਼ੂ, ਕ੍ਰਿਸ਼ਨ ਲਾਲ, ਪ੍ਰਦੀਪ ਕੁਮਾਰ, ਸਾਹਿਬ ਸਿੰਘ, ਜਸਪਾਲ, ਸੁਨੀਲ, ਸੁਭਾਸ਼, ਸਲਮਾ, ਸੰਤੋਸ਼, ਬੀਰੋ, ਭੋਲੀ, ਰੈਨੂੰ, ਸੋਨੀਆ ਸਮੇਤ ਵੱਡੀ ਗਿਣਤੀ ਵਿਚ ਸਫਾਈ ਸੇਵਕ ਅਤੇ ਸੀਵਰਮੈਨ ਹਾਜ਼ਰ ਸਨ।