- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਪੋਰਟਸ ਵੈਲਫੇਅਰ ਬੋਰਡ ਦੇ ਹਲਕਾ ਚੇਅਰਮੈਨ ਯਾਦੂ ਪਹਿਲਵਾਨ ਦਾ ਹੋਇਆ ਸਨਮਾਨ

ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ’ਤੇ ਖਿਡਾਰੀਆਂ ਦੀ ਭਲਾਈ ਸਕੀਮਾਂ ਦਾ ਹੋਵੇਗਾ ਵਿਸਥਾਰ : ਯਾਦੂ
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਪੰਜਾਬ ਸਰਕਾਰ ਵੱਲੋਂ ਤਰਨਤਾਰਨ ਹਲਕੇ ਤੋਂ ਸਪੋਰਟਸ ਵੈਲਫੇਅਰ ਬੋਰਡ ਦੇ ਚੇਅਰਮੈਨ ਨਿਯੁਕਤ ਕੀਤੇ ਗਏ ਯਾਦਵਿੰਦਰ ਸਿੰਘ ਯਾਦੂ ਪਹਿਲਵਾਨ ਦਾ ਸਥਾਨਕ ਨਗਰ ਕੌਂਸਲ ਦਫ਼ਤਰ ਵਿਖੇ ਸਮੱਰਥਕਾਂ, ਸਮਾਜ ਸੇਵੀਆਂ ਅਤੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਨਿੱਘਾ ਸਵਾਗਤ ਅਤੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਯਾਦੂ ਪਹਿਲਵਾਨ ਨੂੰ ਸਿਰੋਪਾਓ ਭੇਟ ਕਰਕੇ ਉਨ੍ਹਾਂ ਦੀ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਗਈ।
ਸਨਮਾਨ ਸਮਾਰੋਹ ਨੂੰ ਸੰਬੋਧਨ ਕਰਦਿਆਂ ਯਾਦਵਿੰਦਰ ਸਿੰਘ ਯਾਦੂ ਪਹਿਲਵਾਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਤਰਨਤਾਰਨ ਦੇ ਵਿਧਾਇਕ ਹਰਮੀਤ ਸਿੰਘ ਸੰਧੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ, ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਤਨਦੇਹੀ ਅਤੇ ਨਿਸ਼ਠਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਖੇਡਾਂ ਨੂੰ ਪ੍ਰਫੁੱਲਿਤ ਕਰਨਾ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਲਈ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ।
ਯਾਦੂ ਪਹਿਲਵਾਨ ਨੇ ਕਿਹਾ ਕਿ ਤਰਨਤਾਰਨ ਹਲਕੇ ਦੇ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿਚ ਖੇਡ ਗਤੀਵਿਧੀਆਂ ਨੂੰ ਹੋਰ ਉਤਸ਼ਾਹਿਤ ਕਰਨ ਲਈ ਖਿਡਾਰੀਆਂ, ਖੇਡ ਕਲੱਬਾਂ ਅਤੇ ਨੌਜਵਾਨ ਸੰਸਥਾਵਾਂ ਨਾਲ ਲਗਾਤਾਰ ਸੰਪਰਕ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਖਿਡਾਰੀਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਅਤੇ ਸਹੂਲਤਾਂ ਨੂੰ ਵੱਧ ਤੋਂ ਵੱਧ ਯੋਗ ਨੌਜਵਾਨਾਂ ਤਕ ਪਹੁੰਚਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ।
ਇਸ ਤੋਂ ਇਲਾਵਾ ਪੇਂਡੂ ਪੱਧਰ 'ਤੇ ਲੁਕੀਆਂ ਖੇਡ ਪ੍ਰਤਿਭਾਵਾਂ ਨੂੰ ਅੱਗੇ ਲਿਆਉਣ ਲਈ ਵੀ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਖੇਡਾਂ ਦਾ ਅਹਿਮ ਯੋਗਦਾਨ ਹੈ। ਜੇਕਰ ਨੌਜਵਾਨ ਖੇਡ ਮੈਦਾਨਾਂ ਨਾਲ ਜੁੜਨਗੇ, ਤਾਂ ਉਹ ਸਰੀਰਿਕ ਅਤੇ ਮਾਨਸਿਕ ਤੌਰ 'ਤੇ ਤੰਦਰੁਸਤ ਰਹਿਣ ਦੇ ਨਾਲ-ਨਾਲ ਸਮਾਜ ਦੇ ਜ਼ਿੰਮੇਵਾਰ ਨਾਗਰਿਕ ਵੀ ਬਣਨਗੇ।
ਉਨ੍ਹਾਂ ਕਿਹਾ ਕਿ ਉਹ ਖਿਡਾਰੀਆਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਤਕ ਪਹੁੰਚਾਉਣ ਅਤੇ ਉਨ੍ਹਾਂ ਦੇ ਹੱਲ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ।
ਇਸ ਮੌਕੇ ਹਾਜਰ ਬੁਲਾਰਿਆਂ ਨੇ ਕਿਹਾ ਕਿ ਯਾਦੂ ਪਹਿਲਵਾਨ ਲੰਬੇ ਸਮੇਂ ਤੋਂ ਸਮਾਜਿਕ ਅਤੇ ਲੋਕ ਭਲਾਈ ਦੇ ਕੰਮਾਂ ਨਾਲ ਜੁੜੇ ਹੋਏ ਹਨ ਅਤੇ ਉਨ੍ਹਾਂ ਦੀ ਨਿਯੁਕਤੀ ਨਾਲ ਖੇਡ ਖੇਤਰ ਨੂੰ ਨਵਾਂ ਉਤਸ਼ਾਹ ਮਿਲੇਗਾ। ਉਨ੍ਹਾਂ ਆਸ ਪ੍ਰਗਟਾਈ ਕਿ ਯਾਦੂ ਪਹਿਲਵਾਨ ਆਪਣੇ ਅਹੁਦੇ ਦੀ ਜ਼ਿੰਮੇਵਾਰੀ ਨੂੰ ਸਫਲਤਾਪੂਰਵਕ ਨਿਭਾਉਂਦੇ ਹੋਏ, ਹਲਕੇ ਦੇ ਖਿਡਾਰੀਆਂ ਦੀ ਤਰੱਕੀ ਲਈ ਮਹੱਤਵਪੂਰਨ ਭੂਮਿਕਾ ਨਿਭਾਉਣਗੇ।
ਇਸ ਮੌਕੇ ਵਿਸ਼ਾਲ ਸ਼ਰਮਾ, ਦਿਨੇਸ਼ ਗੁਪਤਾ, ਅਰਜੁਨ ਅਠਵਾਲ, ਬੰਟੀ ਬੈਂਸ, ਨਵੀਨ ਭਾਰਦਵਾਜ, ਸਾਹਿਲ ਮਹਿਤਾ, ਕੇਸ਼ਵ ਗੁਪਤਾ, ਹਰਮਨ, ਨਵਦੀਪ ਨੰਨੀ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਮੱਰਥਕ, ਖੇਡ ਪ੍ਰੇਮੀ, ਸਮਾਜ ਸੇਵੀ ਅਤੇ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦੇ ਹਾਜ਼ਰ ਸਨ, ਜਿਨ੍ਹਾਂ ਨੇ ਯਾਦੂ ਪਹਿਲਵਾਨ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ।