ਕੇਂਦਰੀ ਸਿੱਖਿਆ ਮੰਤਰੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਸਤੀਫ਼ਾ ਦੇਣ: ਗੋਹਲਵੜ, ਪੱਖੋਕੇ ਕੇਂਦਰੀ ਸਿੱਖਿਆ ਮੰਤਰੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਸਤੀਫ਼ਾ ਦੇਣ: ਗੋਹਲਵੜ, ਪੱਖੋਕੇ
Publish Date: Mon, 20 Jul 2026 04:33 PM (IST)
Updated Date: Tue, 21 Jul 2026 04:02 AM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ :ਮਨਰੇਗਾ ਮਜ਼ਦੂਰ ਯੂਨੀਅਨ ਸੀਟੂ ਦੀ ਇਕ ਭਰਵੀਂ ਮੀਟਿੰਗ ਕਾਮਰੇਡ ਗੁਰਮੀਤ ਕੌਰ ਰਟੌਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਮਨਰੇਗਾ ਮਜ਼ਦੂਰ ਯੂਨੀਅਨ ਸੀਟੂ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਕਾਮਰੇਡ ਸੁਖਦੇਵ ਸਿੰਘ ਗੋਹਲਵੜ, ਜ਼ਿਲ੍ਹਾ ਮੀਤ ਪ੍ਰਧਾਨ ਕਾਮਰੇਡ ਮਹਿੰਦਰ ਸਿੰਘ ਪੱਟੀ, ਜ਼ਿਲ੍ਹਾ ਜੁਆਇੰਟ ਸਕੱਤਰ ਕਾਮਰੇਡ ਜਸਬੀਰ ਸਿੰਘ ਰਟੌਲ, ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਸੀਟੂ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਬਲਦੇਵ ਸਿੰਘ ਗੋਹਲਵੜ, ਜ਼ਿਲ੍ਹਾ ਵਿੱਤ ਸਕੱਤਰ ਕਾਮਰੇਡ ਦਵਿੰਦਰ ਸਿੰਘ ਪੱਖੋਕੇ, ਜ਼ਿਲ੍ਹਾ ਮੀਤ ਪ੍ਰਧਾਨ ਕਾਮਰੇਡ ਮਨਪ੍ਰੀਤ ਸਿੰਘ ਕੋਟਲੀ ਅਤੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਅੰਗਰੇਜ਼ ਸਿੰਘ ਰਟੌਲ ਨੇ ਕਿਹਾ ਕਿ ਦਿੱਲੀ ਦੇ ਜੰਤਰ-ਮੰਤਰ ਵਿਖੇ ਵਿਦਿਆਰਥੀਆਂ ਵੱਲੋਂ ਚੱਲ ਰਹੇ ਸੰਘਰਸ਼ ਅਤੇ ਸੋਨਮ ਵਾਂਗਚੁੱਕ ਦੀ ਭੁੱਖ ਹੜਤਾਲ ਨੂੰ ਸੀਟੂ ਵੱਲੋਂ ਪੂਰਾ ਸਮਰਥਨ ਦਿੱਤਾ ਜਾਂਦਾ ਹੈ। ਆਗੂਆਂ ਨੇ ਕਿਹਾ ਕਿ ਪੇਪਰ ਲੀਕ ਦੇ ਸਾਹਮਣੇ ਆਏ ਮਾਮਲਿਆਂ ਦੀ ਨੈਤਿਕ ਜ਼ਿੰਮੇਵਾਰੀ ਸਵੀਕਾਰ ਕਰਦਿਆਂ ਕੇਂਦਰੀ ਸਿੱਖਿਆ ਮੰਤਰੀ ਨੂੰ ਅਸਤੀਫ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਾਲਾਂ ਦੌਰਾਨ ਪ੍ਰੀਖਿਆਵਾਂ ਨਾਲ ਸਬੰਧਤ ਵਿਵਾਦਾਂ ਅਤੇ ਪੇਪਰ ਲੀਕ ਦੇ ਮਾਮਲਿਆਂ ਕਾਰਨ ਵੱਡੀ ਗਿਣਤੀ ਵਿਦਿਆਰਥੀਆਂ ਦੇ ਭਵਿੱਖ ਨੂੰ ਲੈ ਕੇ ਚਿੰਤਾਵਾਂ ਪੈਦਾ ਹੋਈਆਂ ਹਨ ਅਤੇ ਭਰਤੀ ਪ੍ਰਕਿਰਿਆ ਪ੍ਰਤੀ ਨੌਜਵਾਨਾਂ ਦਾ ਭਰੋਸਾ ਪ੍ਰਭਾਵਿਤ ਹੋਇਆ ਹੈ। ਉਨ੍ਹਾਂ ਮੰਗ ਕੀਤੀ ਕਿ ਪੇਪਰ ਲੀਕ ਨਾਲ ਸਬੰਧਤ ਮਾਮਲਿਆਂ ਦੀ ਸੁਤੰਤਰ, ਨਿਰਪੱਖ ਅਤੇ ਸਮਾਂਬੱਧ ਜਾਂਚ ਕਰਵਾਈ ਜਾਵੇ। ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਪ੍ਰਭਾਵਿਤ ਵਿਦਿਆਰਥੀਆਂ ਨੂੰ ਇਨਸਾਫ਼ ਦਿੱਤਾ ਜਾਵੇ। ਆਗੂਆਂ ਨੇ ਕਿਹਾ ਕਿ ਵਿਦਿਆਰਥੀਆਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਦਾ ਹੱਲ ਗੱਲਬਾਤ ਰਾਹੀਂ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਵਿਦਿਆਰਥੀ ਜਥੇਬੰਦੀਆਂ ਅਤੇ ਸੰਘਰਸ਼ ਕਰ ਰਹੇ ਲੋਕਾਂ ਨਾਲ ਸੰਵਾਦ ਸਥਾਪਤ ਕਰਕੇ ਉਨ੍ਹਾਂ ਦੀਆਂ ਮੰਗਾਂ ਦਾ ਜਲਦ ਨਿਪਟਾਰਾ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਲੋਕਤੰਤਰੀ ਢੰਗ ਨਾਲ ਚੱਲ ਰਹੇ ਸੰਘਰਸ਼ਾਂ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਪਰਮਜੀਤ ਸਿੰਘ, ਮਨਦੀਪ ਕੌਰ, ਕਰਤਾਰ ਸਿੰਘ ਕੋਟਲੀ, ਕੁਲਦੀਪ ਕੌਰ, ਗੁਰਜੀਤ ਕੌਰ, ਮਨਜੀਤ ਕੌਰ, ਸੰਦੀਪ ਕੌਰ, ਜਸਵੰਤ ਕੌਰ, ਲਖਬੀਰ ਕੌਰ, ਕੁਲਵਿੰਦਰ ਕੌਰ, ਸੁਰਜੀਤ ਸਿੰਘ, ਜੁਗਰਾਜ ਸਿੰਘ ਰਟੌਲ ਸਮੇਤ ਹੋਰ ਆਗੂ ਅਤੇ ਮੈਂਬਰ ਹਾਜ਼ਰ ਸਨ।