- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਗਰ ਕੌਂਸਲ ਮੁਲਾਜ਼ਮਾਂ ਦੀ ਹੜਤਾਲ 12ਵੇਂ ਦਿਨ ਵੀ ਜਾਰੀ, ਮੰਗਾਂ ਨਾ ਮੰਨੇ ਜਾਣ ਤਕ ਸੰਘਰਸ਼ ਰਹੇਗਾ ਜਾਰੀ : ਬਲਵੰਤ ਰਾਏ

ਮੰਗਾਂ ਨਾ ਮੰਨੇ ਜਾਣ ਤਕ ਸੰਘਰਸ਼ ਰਹੇਗਾ ਜਾਰੀ : ਬਲਵੰਤ ਰਾਏ
ਬੱਲੂ ਮਹਿਤਾ•, ਪੰਜਾਬੀ ਜਾਗਰਣ,
ਪੱਟੀ : ਨਗਰ ਕੌਂਸਲ ਪੱਟੀ ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੜਤਾਲ ਸੋਮਵਾਰ ਨੂੰ 13ਵੇਂ ਦਿਨ ਵਿਚ ਦਾਖਲ ਹੋ ਗਈ। ਹੜਤਾਲ ਕਾਰਨ ਸ਼ਹਿਰ ਦੀ ਸਫ਼ਾਈ ਵਿਵਸਥਾ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਚੁੱਕੀ ਹੈ ਅਤੇ ਵੱਖ-ਵੱਖ ਇਲਾਕਿਆਂ ਵਿਚ ਗੰਦਗੀ ਦੇ ਢੇਰ ਲੱਗੇ ਹੋਏ ਹਨ। ਸ਼ਹਿਰ ਵਾਸੀਆਂ ਨੂੰ ਗੰਦਗੀ ਅਤੇ ਬਦਬੂ ਕਾਰਨ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਧਰਨੇ ਨੂੰ ਸੰਬੋਧਨ ਕਰਦਿਆਂ ਨਗਰ ਕੌਂਸਲ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਬਲਵੰਤ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਸਬੰਧਤ ਵਿਭਾਗ ਵੱਲੋਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਤਨਖ਼ਾਹਾਂ ਅਤੇ ਹੋਰ ਸੇਵਾ ਸਬੰਧੀ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ, ਪਰ ਸਰਕਾਰ ਵੱਲੋਂ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜਦੋਂ ਤਕ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ, ਉਦੋਂ ਤਕ ਹੜਤਾਲ ਅਤੇ ਸੰਘਰਸ਼ ਜਾਰੀ ਰਹੇਗਾ।
ਹੜਤਾਲ ਕਾਰਨ ਸ਼ਹਿਰ ਦੇ ਕਈ ਮੁਹੱਲਿਆਂ, ਬਾਜ਼ਾਰਾਂ ਅਤੇ ਮੁੱਖ ਸੜਕਾਂ ’ਤੇ ਕੂੜੇ ਦੇ ਢੇਰ ਇਕੱਠੇ ਹੋ ਗਏ ਹਨ। ਸਫ਼ਾਈ ਕੰਮ ਠੱਪ ਹੋਣ ਕਾਰਨ ਲੋਕਾਂ ਵਿਚ ਚਿੰਤਾ ਦਾ ਮਾਹੌਲ ਹੈ। ਕਈ ਥਾਵਾਂ ’ਤੇ ਨਾਲੀਆਂ ਦੀ ਸਫ਼ਾਈ ਨਾ ਹੋਣ ਕਾਰਨ ਗੰਦਾ ਪਾਣੀ ਵੀ ਜਮ੍ਹਾਂ ਹੋਣਾ ਸ਼ੁਰੂ ਹੋ ਗਿਆ ਹੈ, ਜਿਸ ਨਾਲ ਮੱਛਰਾਂ ਅਤੇ ਹੋਰ ਕੀੜੇ-ਮਕੌੜਿਆਂ ਦੀ ਗਿਣਤੀ ਵਧਣ ਦਾ ਖਤਰਾ ਬਣ ਗਿਆ ਹੈ।
ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਉਹ ਰੱਬ ਅੱਗੇ ਅਰਦਾਸ ਕਰ ਰਹੇ ਹਨ ਕਿ ਫਿਲਹਾਲ ਮੀਂਹ ਨਾ ਪਵੇ, ਕਿਉਂਕਿ ਸ਼ਹਿਰ ਪਹਿਲਾਂ ਹੀ ਗੰਦਗੀ ਨਾਲ ਭਰਿਆ ਪਿਆ ਹੈ। ਜੇਕਰ ਇਸ ਦੌਰਾਨ ਭਾਰੀ ਮੀਂਹ ਪੈ ਜਾਂਦਾ ਹੈ ਤਾਂ ਸੀਵਰੇਜ ਅਤੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਹੋਰ ਗੰਭੀਰ ਹੋ ਸਕਦੀ ਹੈ। ਗੰਦਗੀ ਅਤੇ ਖੜ੍ਹੇ ਪਾਣੀ ਕਾਰਨ ਡੇਂਗੂ, ਮਲੇਰੀਆ, ਟਾਈਫਾਇਡ ਅਤੇ ਹੋਰ ਛੂਤ ਦੀਆਂ ਬਿਮਾਰੀਆਂ ਫੈਲਣ ਦਾ ਖਤਰਾ ਵੀ ਵੱਧ ਸਕਦਾ ਹੈ।
ਸ਼ਹਿਰ ਦੇ ਸਮਾਜਿਕ ਅਤੇ ਵਪਾਰਕ ਵਰਗਾਂ ਨੇ ਪੰਜਾਬ ਸਰਕਾਰ ਅਤੇ ਸਬੰਧਤ ਅਧਿਕਾਰੀਆਂ ਨੂੰ ਅਪੀਲ ਕੀਤੀ ਹੈ ਕਿ ਮੁਲਾਜ਼ਮਾਂ ਨਾਲ ਤੁਰੰਤ ਗੱਲਬਾਤ ਕਰਕੇ ਮਸਲੇ ਦਾ ਹੱਲ ਕੱਢਿਆ ਜਾਵੇ, ਤਾਂ ਜੋ ਸ਼ਹਿਰ ਦੀ ਸਫ਼ਾਈ ਵਿਵਸਥਾ ਮੁੜ ਬਹਾਲ ਹੋ ਸਕੇ। ਲੋਕਾਂ ਦਾ ਕਹਿਣਾ ਹੈ ਕਿ ਹੜਤਾਲ ਲੰਬੀ ਖਿੱਚਣ ਨਾਲ ਸਭ ਤੋਂ ਵੱਧ ਨੁਕਸਾਨ ਆਮ ਜਨਤਾ ਨੂੰ ਝੱਲਣਾ ਪੈ ਰਿਹਾ ਹੈ।
ਉੱਧਰ ਮੁਲਾਜ਼ਮ ਆਗੂਆਂ ਨੇ ਸਪੱਸ਼ਟ ਕੀਤਾ ਹੈ ਕਿ ਮੰਗਾਂ ਮੰਨੇ ਜਾਣ ਤਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ ਅਤੇ ਲੋੜ ਪੈਣ ’ਤੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
------
ਸ਼ਹਿਰ ਵਾਸੀਆਂ ਨੇ ਪੱਟੀ ਵਿਚ ਸਫ਼ਾਈ ਵਿਵਸਥਾ ਬਹਾਲ ਕਰਨ ਦੀ ਕੀਤੀ ਮੰਗ
ਨਗਰ ਕੌਂਸਲ ਮੁਲਾਜ਼ਮਾਂ ਦੀ ਚੱਲ ਰਹੀ ਹੜਤਾਲ ਕਾਰਨ ਪੱਟੀ ਸ਼ਹਿਰ ਵਿਚ ਸਫ਼ਾਈ ਵਿਵਸਥਾ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਈ ਹੈ। ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਕੂੜੇ ਦੇ ਢੇਰ ਲੱਗੇ ਹੋਏ ਹਨ, ਜਿਸ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸ ਮੌਕੇ ਸ਼ਹਿਰ ਨਿਵਾਸੀਆਂ ਨੇ ਪ੍ਰਸ਼ਾਸਨ ਕੋਲ ਮੰਗ ਕੀਤੀ ਕਿ ਪੱਟੀ ਵਿਚ ਵੀ ਤੁਰੰਤ ਸਫ਼ਾਈ ਪ੍ਰਬੰਧ ਬਹਾਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹਲਕੇ ਸੰਗਰੂਰ ਵਿਚ ਹੜਤਾਲ ਦੇ ਬਾਵਜੂਦ ਸਫ਼ਾਈ ਵਿਵਸਥਾ ਨੂੰ ਸੁਚਾਰੂ ਰੱਖਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ, ਉਸੇ ਤਰ੍ਹਾਂ ਪੱਟੀ ਸ਼ਹਿਰ ਵਿਚ ਵੀ ਵਿਕਲਪਕ ਪ੍ਰਬੰਧ ਕਰਕੇ ਲੋਕਾਂ ਨੂੰ ਰਾਹਤ ਦਿੱਤੀ ਜਾਵੇ।
ਸ਼ਹਿਰ ਵਾਸੀਆਂ ਨੇ ਕਿਹਾ ਕਿ ਬਰਸਾਤੀ ਮੌਸਮ ਦੌਰਾਨ ਗੰਦਗੀ ਅਤੇ ਕੂੜੇ ਦੇ ਢੇਰਾਂ ਕਾਰਨ ਬਿਮਾਰੀਆਂ ਫੈਲਣ ਦਾ ਖਤਰਾ ਵੱਧ ਗਿਆ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਲੋਕਾਂ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਤੁਰੰਤ ਕਦਮ ਚੁੱਕੇ ਜਾਣ ਅਤੇ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਜਲਦ ਤੋਂ ਜਲਦ ਬਹਾਲ ਕੀਤਾ ਜਾਵੇ।