ਕੇਂਦਰ ਸਰਕਾਰ ਮਜ਼ਦੂਰਾਂ ਦੇ ਹਿੱਤਾਂ ਦੀ ਕਰ ਰਹੀ ਅਣਦੇਖੀ : ਜਾਮਾਰਾਏ, ਪੰਡੋਰੀ ਕੇਂਦਰ ਸਰਕਾਰ ਮਜ਼ਦੂਰ ਜਮਾਤ ਦੇ ਹਿੱਤਾਂ ਦੀ ਅਣਦੇਖੀ ਕਰ ਰਹੀ ਹੈ: ਜਾਮਾਰਾਏ, ਪੰਡੋਰੀ
Publish Date: Wed, 22 Jul 2026 04:45 PM (IST)
Updated Date: Thu, 23 Jul 2026 04:02 AM (IST)
ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਆਰਐੱਮਪੀਆਈ ਦੀ ਇਕ ਭਰਵੀਂ ਮੀਟਿੰਗ ਪਿੰਡ ਚੀਮਾ ਖੁਰਦ ਵਿਖੇ ਗੁਰਵੇਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਸੂਬਾ ਸਕੱਤਰ ਪ੍ਰਗਟ ਸਿੰਘ ਜਾਮਾਰਾਏ ਅਤੇ ਬਲਦੇਵ ਸਿੰਘ ਪੰਡੋਰੀ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਕਾਰਨ ਮਜ਼ਦੂਰਾਂ, ਕਿਸਾਨਾਂ ਅਤੇ ਹੋਰ ਮਿਹਨਤਕਸ਼ ਵਰਗਾਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਗੂਆਂ ਨੇ ਕਿਹਾ ਕਿ ਦੇਸ਼ ’ਚ ਮਹਿੰਗਾਈ, ਬੇਰੁਜ਼ਗਾਰੀ ਤੇ ਭ੍ਰਿਸ਼ਟਾਚਾਰ ਕਾਰਨ ਆਮ ਲੋਕਾਂ ਦੀ ਜ਼ਿੰਦਗੀ ਪ੍ਰਭਾਵਿਤ ਹੋਈ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਮਜ਼ਦੂਰਾਂ ਤੋਂ ਲੈ ਕੇ ਮੱਧ ਵਰਗ ਤਕ ਵੱਡੀ ਗਿਣਤੀ ਵਿਚ ਲੋਕ ਕਰਜ਼ੇ ਦੇ ਬੋਝ ਹੇਠ ਹਨ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਦੀਆਂ ਆਰਥਿਕ ਨੀਤੀਆਂ ਕਾਰਨ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ’ਚ ਵਾਧਾ ਹੋਇਆ ਹੈ, ਜਿਸ ਦਾ ਸਿੱਧਾ ਅਸਰ ਆਮ ਲੋਕਾਂ ਤੇ ਪਿਆ ਹੈ। ਪਾਰਟੀ ਆਗੂਆਂ ਨੇ ਕਿਹਾ ਕਿ ਮਜ਼ਦੂਰਾਂ ਦੇ ਹਿੱਤਾਂ ਨਾਲ ਜੁੜੇ ਕਾਨੂੰਨਾਂ ਵਿਚ ਕੀਤੀਆਂ ਤਬਦੀਲੀਆਂ ਅਤੇ ਲੇਬਰ ਕੋਡ ਮਜ਼ਦੂਰ ਵਰਗ ਲਈ ਨੁਕਸਾਨਦੇਹ ਹਨ। ਉਨ੍ਹਾਂ ਨੇ ਇਹ ਵੀ ਦੋਸ਼ ਲਗਾਇਆ ਕਿ ਪੰਜਾਬ ਨਾਲ ਸਬੰਧਤ ਚੰਡੀਗੜ੍ਹ, ਦਰਿਆਈ ਪਾਣੀਆਂ ਅਤੇ ਸੰਘੀ ਢਾਂਚੇ ਨਾਲ ਜੁੜੇ ਮਸਲਿਆਂ ਤੇ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਹਿੱਤਾਂ ਦੀ ਅਣਦੇਖੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ, ਉਨ੍ਹਾਂ ਨੇ ਕੇਂਦਰੀ ਜਾਂਚ ਏਜੰਸੀਆਂ ਦੀ ਕਾਰਵਾਈ ਨੂੰ ਲੈ ਕੇ ਵੀ ਸਵਾਲ ਕੀਤੇ। ਆਗੂਆਂ ਨੇ ਪੰਜਾਬ ਸਰਕਾਰ ਦੀ ਵੀ ਆਲੋਚਨਾ ਕਰਦਿਆਂ ਦੋਸ਼ ਲਗਾਇਆ ਕਿ ਉਹ ਵੀ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪ੍ਰਭਾਵਸ਼ਾਲੀ ਕਦਮ ਚੁੱਕਣ ਵਿਚ ਅਸਫ਼ਲ ਰਹੀ ਹੈ ਅਤੇ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਲੋਕਾਂ ਨਾਲ ਸਖ਼ਤੀ ਨਾਲ ਪੇਸ਼ ਆ ਰਹੀ ਹੈ। ਇਸ ਮੌਕੇ ਜਰਨੈਲ ਸਿੰਘ ਰਸੂਲਪੁਰ ਨੇ ਦੱਸਿਆ ਕਿ 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਤਰਨਤਾਰਨ ਵਿਖੇ ਮਨਾਇਆ ਜਾਵੇਗਾ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ 5 ਅਗਸਤ ਨੂੰ ਮਜ਼ਦੂਰ ਜਥੇਬੰਦੀਆਂ ਵੱਲੋਂ ਦੇਸ਼ ਭਗਤ ਯਾਦਗਾਰ ਹਾਲ, ਜਲੰਧਰ ਵਿਖੇ ਇਕ ਵਿਸ਼ਾਲ ਕਨਵੈਨਸ਼ਨ ਕਰਵਾਇਆ ਜਾਵੇਗਾ, ਜਿਸ ਵਿਚ ਵੱਧ ਤੋਂ ਵੱਧ ਗਿਣਤੀ ’ਚ ਪਰਿਵਾਰਾਂ ਸਮੇਤ ਸ਼ਮੂਲੀਅਤ ਦੀ ਅਪੀਲ ਕੀਤੀ। ਮੀਟਿੰਗ ਦੌਰਾਨ ਮੀਨਾ ਕੌਰ ਸਰਪੰਚ ਚੀਮਾ ਖੁਰਦ, ਦਿਲਜੀਤ ਕੌਰ ਅਤੇ ਮਨਪ੍ਰੀਤ ਕੌਰ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।