ਵਿਦਿਆਰਥੀਆਂ 'ਤੇ ਪੁਲਿਸ ਕਾਰਵਾਈ ਵਿਰੁੱਧ ਆਰਐੱਮਪੀਆਈ ਦੀ ਕੀਤੀ ਪਬਲਿਕ ਮੀਟਿੰਗ ਵਿਦਿਆਰਥੀਆਂ 'ਤੇ ਪੁਲਿਸ ਕਾਰਵਾਈ ਦੇ ਵਿਰੋਧ ਵਿਚ ਆਰਐੱਮਪੀਆਈ ਦੀ ਕੀਤੀ ਪਬਲਿਕ ਮੀਟਿੰਗ
Publish Date: Thu, 23 Jul 2026 04:18 PM (IST)
Updated Date: Fri, 24 Jul 2026 04:02 AM (IST)
ਕੈਪਸ਼ਨ : ਪਿੰਡ ਰਟੌਲ ਵਿਖੇ ਮੀਟਿੰਗ ਦੌਰਾਨ ਨਾਅਰੇਬਾਜ਼ੀ ਕਰਦੇ ਹੋਏ ਆਰਐੱਮਪੀਆਈ ਦੇ ਆਗੂ। * ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕੀਤੀ ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਆਰਐੱਮਪੀਆਈ ਵੱਲੋਂ ਅੱਜ ਪਿੰਡ ਰਟੌਲ ਵਿਖੇ ਇਕ ਰਾਜਨੀਤਿਕ ਪਬਲਿਕ ਮੀਟਿੰਗ ਕਰਵਾਈ ਗਈ। ਮੀਟਿੰਗ ਦੀ ਪ੍ਰਧਾਨਗੀ ਨਰਿੰਦਰ ਸਿੰਘ ਰਟੌਲ ਨੇ ਕੀਤੀ। ਮੀਟਿੰਗ ਦੌਰਾਨ ਦਿੱਲੀ ਵਿਚ ਵਿਦਿਆਰਥੀਆਂ ਅਤੇ ਲੜਕੇ-ਲੜਕੀਆਂ ਤੇ ਹੋ ਰਹੇ ਕਥਿਤ ਪੁਲਿਸ ਜਬਰ ਅਤੇ ਨੀਟ ਪ੍ਰੀਖਿਆ ਵਿਚ ਕਥਿਤ ਧਾਂਦਲੀ ਦੇ ਮਾਮਲੇ ਨੂੰ ਲੈ ਕੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਆਰਐੱਮਪੀਆਈ ਦੇ ਕੁਲ ਹਿੰਦ ਜਨਰਲ ਸਕੱਤਰ ਮੰਗਤ ਰਾਮ ਪਾਂਸਲਾ ਅਤੇ ਸੂਬਾ ਸਕੱਤਰ ਪ੍ਰਗਟ ਸਿੰਘ ਜਾਮਾਰਾਏ ਨੇ ਕਿਹਾ ਕਿ ਦਿੱਲੀ ਵਿਚ ਵਿਦਿਆਰਥੀ ਆਪਣੇ ਹੱਕਾਂ ਲਈ ਆਵਾਜ਼ ਉਠਾ ਰਹੇ ਹਨ, ਪਰ ਸਰਕਾਰ ਉਨ੍ਹਾਂ ਤੇ ਜਬਰ-ਜ਼ੁਲਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਲੋਕਤੰਤਰੀ ਅਤੇ ਸੰਵਿਧਾਨਕ ਹੱਕਾਂ ਦਾ ਘਾਣ ਹੈ। ਉਨ੍ਹਾਂ ਕਿਹਾ ਕਿ ਨੀਟ ਪ੍ਰੀਖਿਆ ਵਿਚ ਕਥਿਤ ਧਾਂਧਲੀ ਅਤੇ ਪੇਪਰ ਲੀਕ ਦੇ ਮਾਮਲੇ ਵਿਚ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਜੰਤਰ-ਮੰਤਰ, ਦਿੱਲੀ ਵਿਖੇ ਸੰਘਰਸ਼ ਕਰ ਰਹੇ ਵਿਦਿਆਰਥੀਆਂ ਤੇ ਹੋਏ ਪੁਲਿਸ ਜਬਰ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਉਨ੍ਹਾਂ ਦੋਸ਼ ਲਾਇਆ ਕਿ ਮੋਦੀ ਸਰਕਾਰ ਨੌਜਵਾਨਾਂ ਦੀਆਂ ਮੰਗਾਂ ਵੱਲ ਧਿਆਨ ਦੇਣ ਦੀ ਬਜਾਏ ਬੇਸ਼ਰਮੀ ਅਤੇ ਢੀਠਤਾਈ ਦਾ ਰਾਹ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਸਮੇਂ ਵਿਦਿਆਰਥੀਆਂ ਦੇ ਵਗੇ ਲਹੂ ਅਤੇ ਉਨ੍ਹਾਂ ਦੀਆਂ ਟੁੱਟੀਆਂ ਲੱਤਾਂ-ਬਾਹਾਂ ਦੇ ਦਰਦ ਨੂੰ ਮਹਿਸੂਸ ਨਾ ਕੀਤਾ ਗਿਆ, ਤਾਂ ਇਹ ਬਹੁਤ ਮਾੜੀ ਗੱਲ ਹੋਵੇਗੀ। ਉਨ੍ਹਾਂ ਕਿਹਾ ਕਿ ਹੁਣ ਸਪੱਸ਼ਟ ਹੋ ਗਿਆ ਹੈ ਕਿ ਕੇਂਦਰ ਸਰਕਾਰ ਸਿੱਖਿਆ ਮੰਤਰੀ ਦਾ ਅਸਤੀਫ਼ਾ ਨਹੀਂ ਲਵੇਗੀ। ਉਨ੍ਹਾਂ ਪਾਰਟੀ ਵਰਕਰਾਂ ਅਤੇ ਲੋਕਾਂ ਨੂੰ ਵਿਦਿਆਰਥੀਆਂ ਦੇ ਹੱਕ ਵਿਚ ਚੱਲ ਰਹੇ ਸੰਘਰਸ਼ ਦਾ ਸਾਥ ਦੇਣ ਅਤੇ ਜ਼ਬਰ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਬਲਦੇਵ ਸਿੰਘ ਪੰਡੋਰੀ ਨੇ ਵੀ ਆਪਣੇ ਵਿਚਾਰ ਪ੍ਰਗਟ ਕਰਦਿਆਂ ਪਾਰਟੀ ਵਰਕਰਾਂ ਨੂੰ ਅੰਦੋਲਨ ਲਈ ਤਿਆਰ ਰਹਿਣ ਦੀ ਅਪੀਲ ਕੀਤੀ। ਮੀਟਿੰਗ ਵਿਚ ਕੁਲਦੀਪ ਸਿੰਘ, ਮੰਗਲ ਸਿੰਘ, ਕੁਲਵਿੰਦਰ ਸਿੰਘ ਅਤੇ ਕਰਮ ਸਿੰਘ ਵਰਪਾਲ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਇਸ ਦੌਰਾਨ ਪਿੰਡ ਰਟੌਲ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਅਤੇ ਸਮਰਥਕ ਹਾਜ਼ਰ ਸਨ।