ਸਫਾਈ ਕਰਮਚਾਰੀਆਂ ’ਤੇ ਲਾਠੀਚਾਰਜ ਦੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੀਤੀ ਨਿਖੇਧੀ ਸਫਾਈ ਕਰਮਚਾਰੀਆਂ ’ਤੇ ਲਾਠੀਚਾਰਜ ਦੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੀਤੀ ਨਿਖੇਧੀ
Publish Date: Thu, 23 Jul 2026 06:00 PM (IST)
Updated Date: Fri, 24 Jul 2026 04:07 AM (IST)
ਕੈਪਸ਼ਨ- ਸੁਖਵਿੰਦਰ ਸਿੰਘ ਸਭਰਾ। * ਕਿਹਾ, ਹੱਕਾਂ ਲਈ ਆਵਾਜ਼ ਉਠਾਉਣ ਵਾਲੇ ਮੁਲਾਜ਼ਮਾਂ ’ਤੇ ਜਬਰ ਲੋਕਤੰਤਰ ਦੀ ਭਾਵਨਾ ਦੇ ਖ਼ਿਲਾਫ਼ ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਪੱਟੀ : ਸਫ਼ਾਈ ਕਰਮਚਾਰੀਆਂ ’ਤੇ ਬਰਨਾਲਾ ਪੁਲਿਸ ਵੱਲੋਂ ਕੀਤੇ ਗਏ ਕਥਿਤ ਲਾਠੀਚਾਰਜ ਦੀ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਗਈ। ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਨੇ ਕਿਹਾ ਕਿ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਸਫਾਈ ਕਰਮਚਾਰੀਆਂ ਨਾਲ ਪੁਲਿਸ ਵੱਲੋਂ ਤਾਕਤ ਦੀ ਵਰਤੋਂ ਕਰਨਾ ਬਹੁਤ ਹੀ ਨਿੰਦਣਯੋਗ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀ ਸਮਾਜ ਦੀ ਇਕ ਅਹਿਮ ਕੜੀ ਹਨ, ਜੋ ਦਿਨ-ਰਾਤ ਮਿਹਨਤ ਕਰਕੇ ਸ਼ਹਿਰਾਂ ਦੀ ਸਫਾਈ ਵਿਵਸਥਾ ਨੂੰ ਕਾਇਮ ਰੱਖਦੇ ਹਨ। ਇਸ ਦੇ ਬਾਵਜੂਦ ਉਨ੍ਹਾਂ ਨੂੰ ਆਪਣੀਆਂ ਬੁਨਿਆਦੀ ਮੰਗਾਂ ਲਈ ਸੜਕਾਂ ’ਤੇ ਉਤਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਨੂੰ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦਾ ਹੱਲ ਗੱਲਬਾਤ ਰਾਹੀਂ ਕਰਨਾ ਚਾਹੀਦਾ ਹੈ, ਨਾ ਕਿ ਲਾਠੀਆਂ ਦੇ ਜ਼ੋਰ ’ਤੇ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰਾਂ ਵੱਲੋਂ ਮਜ਼ਦੂਰ ਅਤੇ ਮੁਲਾਜ਼ਮ ਵਰਗ ਦੀਆਂ ਮੰਗਾਂ ਨੂੰ ਲਗਾਤਾਰ ਅਣਦੇਖਾ ਕੀਤਾ ਜਾ ਰਿਹਾ ਹੈ। ਜਦੋਂ ਇਹ ਵਰਗ ਆਪਣੇ ਹੱਕਾਂ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰਦਾ ਹੈ, ਤਾਂ ਉਨ੍ਹਾਂ ਨਾਲ ਧੱਕੇਸ਼ਾਹੀ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਹਰ ਨਾਗਰਿਕ ਅਤੇ ਮੁਲਾਜ਼ਮ ਨੂੰ ਆਪਣੀ ਗੱਲ ਰੱਖਣ ਦਾ ਅਧਿਕਾਰ ਹੈ, ਜਿਸ ਨੂੰ ਖੋਹਿਆ ਨਹੀਂ ਜਾ ਸਕਦਾ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਜਿਵੇਂ ਕਿ ਪੱਕੀ ਨੌਕਰੀ, ਸਮੇਂ ਸਿਰ ਤਨਖਾਹਾਂ, ਬਿਹਤਰ ਕੰਮਕਾਜੀ ਹਾਲਾਤ ਅਤੇ ਸੁਰੱਖਿਆ ਸਹੂਲਤਾਂ ਨੂੰ ਸਰਕਾਰ ਗੰਭੀਰਤਾ ਨਾਲ ਲਵੇ। ਉਨ੍ਹਾਂ ਕਿਹਾ ਕਿ ਮਿਹਨਤਕਸ਼ ਲੋਕਾਂ ਦੇ ਮਸਲਿਆਂ ਨੂੰ ਹੱਲ ਕਰਨ ਦੀ ਬਜਾਏ ਉਨ੍ਹਾਂ ’ਤੇ ਬਲ ਪ੍ਰਯੋਗ ਕਰਨਾ ਸਰਕਾਰ ਦੀ ਨਾਕਾਮੀ ਨੂੰ ਦਰਸਾਉਂਦਾ ਹੈ। ਸੁਖਵਿੰਦਰ ਸਿੰਘ ਸਭਰਾ ਨੇ ਮੰਗ ਕੀਤੀ ਕਿ ਸਫਾਈ ਕਰਮਚਾਰੀਆਂ ’ਤੇ ਹੋਈ ਪੁਲਿਸ ਕਾਰਵਾਈ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮਜ਼ਦੂਰ ਵਰਗ ਨਾਲ ਹੋ ਰਹੀ ਧੱਕੇਸ਼ਾਹੀ ਨੂੰ ਨਾ ਰੋਕਿਆ ਗਿਆ, ਤਾਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨ, ਮਜ਼ਦੂਰ ਅਤੇ ਮੁਲਾਜ਼ਮ ਵਰਗ ਆਪਣੇ ਹੱਕਾਂ ਦੀ ਰੱਖਿਆ ਲਈ ਇਕਜੁੱਟ ਹੈ ਅਤੇ ਕਿਸੇ ਵੀ ਤਰ੍ਹਾਂ ਦੇ ਦਬਾਅ ਅੱਗੇ ਨਹੀਂ ਝੁਕੇਗਾ। ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਟਕਰਾਅ ਦਾ ਰਾਹ ਛੱਡ ਕੇ ਮਸਲਿਆਂ ਦਾ ਹੱਲ ਗੱਲਬਾਤ ਅਤੇ ਸਹਿਮਤੀ ਨਾਲ ਕੀਤਾ ਜਾਵੇ।