- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਿਜਲੀ ਸੰਕਟ ਦੇ ਵਿਰੋਧ ’ਚ ਕਿਸਾਨ ਮਜ਼ਦੂਰ ਜਥੇਬੰਦੀ ਨੇ ਬਿਜਲੀ ਘਰ ਅੱਗੇ ਕੀਤਾ ਰੋਸ ਪ੍ਰਦਰਸ਼ਨ

ਲਵਦੀਪ ਦੇਵਗਨ, •ਪੰਜਾਬੀ ਜਾਗਰਣ,
ਨੌਸ਼ਹਿਰਾ ਪੰਨੂਆਂ : ਪੰਜਾਬ ਭਰ ਵਿਚ ਬਿਜਲੀ ਮੁਲਾਜ਼ਮਾਂ ਦੀ ਚੱਲ ਰਹੀ ਹੜਤਾਲ ਕਾਰਨ ਵਿਗੜੀ ਬਿਜਲੀ ਸਪਲਾਈ ਦੇ ਵਿਰੋਧ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਤਰਨਤਾਰਨ ਦੇ ਜ਼ੋਨ ਬਾਬਾ ਬੀਰ ਸਿੰਘ ਦੇ ਅਹੁਦੇਦਾਰਾਂ ਅਤੇ ਵਰਕਰਾਂ ਵੱਲੋਂ ਬਿਜਲੀ ਘਰ ਨੌਸ਼ਹਿਰਾ ਪੰਨੂਆ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਬਿਜਲੀ ਸੰਕਟ ਦਾ ਤੁਰੰਤ ਹੱਲ ਕਰਨ ਦੀ ਮੰਗ ਕੀਤੀ ਗਈ।
ਇਸ ਮੌਕੇ ਜ਼ੋਨ ਜਨਰਲ ਸਕੱਤਰ ਬਲਜਿੰਦਰ ਸਿੰਘ ਸ਼ੇਰੋਂ ਅਤੇ ਸੀਨੀਅਰ ਮੀਤ ਪ੍ਰਧਾਨ ਨਿਸ਼ਾਨ ਸਿੰਘ ਸ਼ਹਾਬਪੁਰ ਨੇ ਕਿਹਾ ਕਿ 21 ਜੁਲਾਈ ਤੋਂ ਪੰਜਾਬ ਭਰ ਦੇ ਟੈਕਨੀਕਲ ਬਿਜਲੀ ਮੁਲਾਜ਼ਮ, ਜੇਈ, ਲਾਈਨਮੈਨ, ਵਰਕਚਾਰਜ ਕਰਮਚਾਰੀ ਅਤੇ ਬਿਜਲੀ ਗਰਿੱਡਾਂ ਦੇ ਮੁਲਾਜ਼ਮ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਹੜਤਾਲ 'ਤੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਨਾਲ ਕਈ ਮੀਟਿੰਗਾਂ ਦੌਰਾਨ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਗਿਆ ਸੀ, ਪਰ ਅਜੇ ਤਕ ਉਨ੍ਹਾਂ ਨੂੰ ਅਮਲੀ ਰੂਪ ਨਹੀਂ ਦਿੱਤਾ ਗਿਆ, ਜਿਸ ਕਾਰਨ ਹੜਤਾਲ ਲਗਾਤਾਰ ਜਾਰੀ ਹੈ।
ਆਗੂਆਂ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਬਿਜਲੀ ਮੁਲਾਜ਼ਮ ਆਪਣੀਆਂ ਜਾਇਜ਼ ਮੰਗਾਂ ਲਈ ਪੰਜ ਵਾਰ ਹੜਤਾਲ ਕਰਨ ਲਈ ਮਜਬੂਰ ਹੋਏ ਹਨ, ਪਰ ਸਰਕਾਰ ਨੇ ਹਰ ਵਾਰ ਭਰੋਸੇ ਦੇ ਬਾਵਜੂਦ ਕੋਈ ਠੋਸ ਕਦਮ ਨਹੀਂ ਚੁੱਕਿਆ। ਉਨ੍ਹਾਂ ਕਿਹਾ ਕਿ ਜੁਲਾਈ ਮਹੀਨੇ ਦੀ ਅੱਤ ਦੀ ਗਰਮੀ ਦੌਰਾਨ ਬਿਜਲੀ ਦੀ ਲਗਾਤਾਰ ਕੱਟ ਕਾਰਨ ਲੋਕਾਂ ਦਾ ਜਨਜੀਵਨ ਪ੍ਰਭਾਵਿਤ ਹੋ ਗਿਆ ਹੈ। ਕਿਸਾਨਾਂ ਦੀਆਂ ਫ਼ਸਲਾਂ ਨੂੰ ਪਾਣੀ ਨਾ ਮਿਲਣ ਕਾਰਨ ਨੁਕਸਾਨ ਹੋ ਰਿਹਾ ਹੈ, ਜਦਕਿ ਮਜ਼ਦੂਰਾਂ ਅਤੇ ਛੋਟੇ ਕਾਰੋਬਾਰੀਆਂ ਦਾ ਕੰਮ ਵੀ ਪ੍ਰਭਾਵਿਤ ਹੋ ਰਿਹਾ ਹੈ।
ਸ਼ਹਿਰਾਂ ਅਤੇ ਪਿੰਡਾਂ ਵਿਚ ਘੰਟਿਆਂ ਬਿਜਲੀ ਨਾ ਆਉਣ ਕਾਰਨ ਲੋਕ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਕਈ ਥਾਵਾਂ ’ਤੇ ਬਿਜਲੀ ਵਿਭਾਗ ਦੇ ਅਧਿਕਾਰੀ ਵੀ ਲੋਕਾਂ ਨੂੰ ਸੰਤੁਸ਼ਟੀਜਨਕ ਜਵਾਬ ਨਹੀਂ ਦੇ ਰਹੇ, ਜਿਸ ਕਾਰਨ ਬਿਜਲੀ ਘਰਾਂ ਦੇ ਬਾਹਰ ਲੋਕਾਂ ਦੀ ਭੀੜ ਇਕੱਠੀ ਹੋ ਰਹੀ ਹੈ ਅਤੇ ਹਾਲਾਤ ਤਣਾਅਪੂਰਨ ਬਣਦੇ ਜਾ ਰਹੇ ਹਨ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬਿਜਲੀ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਤੁਰੰਤ ਹੱਲ ਕਰਕੇ ਬਿਜਲੀ ਸਪਲਾਈ ਨੂੰ ਸੁਚਾਰੂ ਬਣਾਇਆ ਜਾਵੇ, ਤਾਂ ਜੋ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਨੂੰ ਰਾਹਤ ਮਿਲ ਸਕੇ।
ਇਸ ਮੌਕੇ ਸੁਖਦੇਵ ਸਿੰਘ ਸ਼ਹਾਬਪੁਰ, ਸੁਖਦੇਵ ਸਿੰਘ ਦੀਨਪੁਰ, ਤਜਿੰਦਰ ਸਿੰਘ ਮੁਰਾਦਪੁਰ, ਤਰਸੇਮ ਸਿੰਘ ਗਿੱਲ ਸ਼ੇਰੋਂ, ਸਨਮੁੱਖ ਸਿੰਘ ਸ਼ੇਰੋਂ, ਅਮਨਦੀਪ ਸਿੰਘ ਸ਼ੇਰੋਂ, ਬਲਰਾਜ ਸਿੰਘ ਸ਼ਹਾਬਪੁਰ, ਗੁਰਸੇਵਕ ਸਿੰਘ ਅਲਾਵਲਪੁਰ, ਗੁਰਜੀਤ ਸਿੰਘ ਪੰਡੋਰੀ, ਬਾਬਾ ਸੁੱਖਾ ਸਿੰਘ ਪੰਡੋਰੀ, ਸੁਬੇਗ ਸਿੰਘ ਨੰਬਰਦਾਰ ਰਸੂਲਪੁਰ, ਗੁਰਦਿਆਲ ਸਿੰਘ ਨੌਰੰਗਾਬਾਦ, ਗਿਆਨਦੀਪ ਸਿੰਘ ਬਾਗੜੀਆਂ, ਰਘਬੀਰ ਸਿੰਘ ਰੈਸ਼ੀਆਣਾ, ਹਰਦੀਪ ਸਿੰਘ ਸੰਘੇ, ਫੁੰਮਣ ਸਿੰਘ ਬਾਠ, ਸੱਜਣ ਸਿੰਘ ਕਲੇਰ, ਬਲਜੀਤ ਸਿੰਘ ਬੇਗਮਪੁਰ, ਸੰਤੋਖ ਸਿੰਘ ਕਲੇਰ, ਫਤਿਹ ਸਿੰਘ ਪਿੱਦੀ, ਸੁਪਰੀਮ ਸਿੰਘ ਪਿੱਦੀ ਅਤੇ ਮੇਜਰ ਸਿੰਘ ਦੁਗਲਵਾਲਾ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਆਗੂ ਅਤੇ ਵਰਕਰ ਹਾਜ਼ਰ ਸਨ।