- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਪਰੇਸ਼ਨ ਪ੍ਰਹਾਰ ਦੇ ਦੂਜੇ ਦਿਨ ਵੀ ਅਪਰਾਧੀਆਂ ’ਤੇ ਕੀਤੀ ਤਰਨਤਾਰਨ ਪੁਲਿਸ ਨੇ ਕਾਰਵਾਈ

-128 ਤੋਂ ਵੱਧ ਹਾਰਡਕੋਰ ਮੁਲਜ਼ਮ ਤੇ ਨਸ਼ਾ ਤਸਕਰ ਰਾਊਂਡਅੱਪ ਕਰਨ ਦਾ ਕੀਤਾ ਦਾਅਵਾ
ਜਸਪਾਲ ਸਿੰਘ ਜੱਸੀ•ਪੰਜਾਬੀ ਜਾਗਰਣ, ਤਰਨਤਾਰਨ : ਪੰਜਾਬ ਪੁਲਿਸ ਵੱਲੋਂ ਨਸ਼ਿਆਂ ਤੇ ਸੰਗਠਿਤ ਅਪਰਾਧ ਖ਼ਿਲਾਫ਼ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ ਤਰਨਤਾਰਨ ਪੁਲਿਸ ਨੇ ਮੰਗਲਵਾਰ ਨੂੰ ਦੂਸਰੇ ਦਿਨ ਵੀ ‘ਆਪ੍ਰੇਸ਼ਨ ਪ੍ਰਹਾਰ-4’ ਜਾਰੀ ਰੱਖਿਆ। ਅੱਜ ਦੇ ਇਸ ਆਪ੍ਰੇਸ਼ਨ ਦੀ ਅਗਵਾਈ ਡੀਆਈਜੀ ਫਿਰੋਜ਼ਪੁਰ ਰੇਂਜ ਸਨੇਹਦੀਪ ਸ਼ਰਮਾ ਅਤੇ ਤਰਨਤਾਰਨ ਦੇ ਐੱਸਐੱਸਪੀ ਸੁਰੇਂਦਰ ਲਾਂਬਾ ਨੇ ਕੀਤੀ। ਜਦੋਂਕਿ ਜ਼ਿਲ੍ਹੇ ਭਰ ਵਿਚ 26 ਗਜ਼ਟਡ ਅਧਿਕਾਰੀਆਂ ਦੀ ਨਿਗਰਾਨੀ ਹੇਠ 110 ਤੋਂ ਵੱਧ ਪੁਲਿਸ ਟੀਮਾਂ ਤਾਇਨਾਤ ਕੀਤੀਆਂ ਗਈਆਂ, ਜਿਨ੍ਹਾਂ ਵਿਚ 1200 ਤੋਂ ਵੱਧ ਪੁਲਿਸ ਕਰਮਚਾਰੀ ਸ਼ਾਮਲ ਸਨ। ਡੀਆਈਜੀ ਨੇ ਦੱਸਿਆ ਕਿ ਆਪ੍ਰੇਸ਼ਨ ਦਾ ਮੰਤਵ ਨਸ਼ਾ ਤਸਕਰਾਂ, ਸਰਹੱਦ ਪਾਰੋਂ ਹੋਣ ਵਾਲੀ ਤਸਕਰੀ, ਗੈਂਗਸਟਰਾਂ, ਭਗੌੜੇ ਮੁਲਜ਼ਮਾਂ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਇੱਕੋ ਸਮੇਂ ਵਿਆਪਕ ਕਾਰਵਾਈ ਕਰਕੇ ਨਸ਼ਾ ਤਸਕਰੀ ਤੇ ਸੰਗਠਿਤ ਅਪਰਾਧ ਨਾਲ ਜੁੜੇ ਨੈੱਟਵਰਕ ਨੂੰ ਤੋੜਨਾ ਹੈ।
ਡੀਆਈਜੀ ਸਨੇਹਦੀਪ ਸ਼ਰਮਾ ਅਨੁਸਾਰ ਇਸ ਆਪ੍ਰੇਸ਼ਨ ਦੌਰਾਨ ਹੁਣ ਤਕ 128 ਤੋਂ ਵੱਧ ਹਾਰਡਕੋਰ ਅਪਰਾਧੀਆਂ, ਲੋੜੀਂਦੇ ਮੁਲਜ਼ਮਾਂ ਤੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਜਾਂ ਰਾਊਂਡਅੱਪ ਕੀਤਾ ਗਿਆ ਹੈ। ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਦੀ ਸੰਵੇਦਨਸ਼ੀਲਤਾ ਨੂੰ ਧਿਆਨ ਵਿਚ ਰੱਖਦਿਆਂ ਸਰਹੱਦੀ ਪਿੰਡਾਂ ਤੇ ਨਸ਼ਾ ਪ੍ਰਭਾਵਿਤ ਖੇਤਰਾਂ ਵਿਚ ਵਿਸ਼ੇਸ਼ ਸਰਚ ਅਤੇ ਨਿਗਰਾਨੀ ਮੁਹਿੰਮ ਵੀ ਚਲਾਈ ਗਈ। ਡ੍ਰੋਨ ਰਾਹੀਂ ਹੋਣ ਵਾਲੀ ਤਸਕਰੀ ਨੂੰ ਰੋਕਣ, ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਨੂੰ ਕਾਬੂ ਕਰਨ ਤੇ ਸਰਹੱਦੀ ਇਲਾਕਿਆਂ ਵਿਚ ਸਰਗਰਮ ਤਸਕਰਾਂ ਖ਼ਿਲਾਫ਼ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ।
ਇਸ ਤੋਂ ਇਲਾਵਾ ਹੋਟਲਾਂ, ਗੈਸਟ ਹਾਊਸਾਂ, ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ ਤੇ ਹੋਰ ਸੰਵੇਦਨਸ਼ੀਲ ਜਨਤਕ ਥਾਵਾਂ ’ਤੇ ਵਿਸ਼ੇਸ਼ ਚੈਕਿੰਗ ਅਤੇ ਤਸਦੀਕ ਮੁਹਿੰਮ ਚਲਾਈ ਗਈ। ਸ਼ੱਕੀ ਵਿਅਕਤੀਆਂ, ਵਾਹਨਾਂ ਤੇ ਹੋਰ ਸਥਾਨਾਂ ਦੀ ਜਾਂਚ ਕਰਕੇ ਜ਼ਿਲ੍ਹੇ ਵਿਚ ਅਪਰਾਧਿਕ ਗਤੀਵਿਧੀਆਂ ’ਤੇ ਨਜ਼ਰ ਰੱਖੀ ਜਾ ਰਹੀ ਹੈ ਤੇ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਹਨ। ਡੀਆਈਜੀ ਸਨੇਹਦੀਪ ਸ਼ਰਮਾ ਤੇ ਐੱਸਐੱਸਪੀ ਸੁਰੇਂਦਰ ਲਾਂਬਾ ਨੇ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਨੂੰ ਚਿਤਾਵਨੀ ਦਿੱਤੀ ਕਿ ਉਹ ਆਪਣੀ ਮਰਜ਼ੀ ਨਾਲ ਆਤਮ ਸਮਰਪਣ ਕਰ ਦੇਣ। ਜੋ ਵਿਅਕਤੀ ਆਤਮ ਸਮਰਪਣ ਕਰਨਗੇ, ਉਨ੍ਹਾਂ ਨਾਲ ਕਾਨੂੰਨ ਅਨੁਸਾਰ ਬਣਦੀ ਰਿਆਇਤ ਦਿੱਤੀ ਜਾਵੇਗੀ, ਪਰ ਜੋ ਕਾਨੂੰਨ ਤੋਂ ਭੱਜਣ ਜਾਂ ਪੁਲਿਸ ਤੋਂ ਲੁਕਣ ਦੀ ਕੋਸ਼ਿਸ਼ ਕਰਨਗੇ, ਉਨ੍ਹਾਂ ਨੂੰ ਹਰ ਹਾਲਤ ਵਿਚ ਗ੍ਰਿਫ਼ਤਾਰ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਹੱਦੀ ਰੇਂਜ ਵਿਚ ਨਸ਼ਾ ਤਸਕਰਾਂ, ਸਰਹੱਦ ਪਾਰ ਸਮੱਗਲਰਾਂ ਅਤੇ ਗੈਂਗਸਟਰਾਂ ਨੂੰ ਕਿਸੇ ਵੀ ਕੀਮਤ ’ਤੇ ਸੁਰੱਖਿਅਤ ਪਨਾਹ ਨਹੀਂ ਲੈਣ ਦਿੱਤੀ ਜਾਵੇਗੀ। ਪੰਜਾਬ ਪੁਲਿਸ ਦੀ ਇਹ ਮੁਹਿੰਮ ਖ਼ੁਫ਼ੀਆ ਜਾਣਕਾਰੀ ਆਧਾਰਿਤ ਕਾਰਵਾਈਆਂ ਰਾਹੀਂ ਲਗਾਤਾਰ ਜਾਰੀ ਰਹੇਗੀ, ਤਾਂ ਜੋ ਨਸ਼ਾ-ਮੁਕਤ, ਅਪਰਾਧ-ਮੁਕਤ ਤੇ ਸੁਰੱਖਿਅਤ ਪੰਜਾਬ ਦੇ ਟੀਚੇ ਨੂੰ ਸਾਕਾਰ ਕੀਤਾ ਜਾ ਸਕੇ।