ਦੇਸ਼ ਦੀ ਸੱਤਾ ਵਿਚ ਬਦਲਾਅ ਜ਼ਰੂਰੀ : ਕਾਮਰੇਡ ਸੋਹਲ ਦੇਸ਼ ਦੀ ਸੱਤਾ ਵਿਚ ਬਦਲਾਅ ਜ਼ਰੂਰੀ : ਕਾਮਰੇਡ ਸੋਹਲ
Publish Date: Tue, 11 Aug 2026 06:59 PM (IST)
Updated Date: Wed, 12 Aug 2026 04:03 AM (IST)
ਕਮਿਊਨਿਸਟ ਪਾਰਟੀ ਦੀ ਦਿੱਲੀ ਰੈਲੀ ਸਬੰਧੀ ਜਨ ਸੰਪਰਕ ਮੁਹਿੰਮ ਜਾਰੀ ਤੇਜਿੰਦਰ ਸਿੰਘ ਬੱਬੂ•, ਪੰਜਾਬੀ ਜਾਗਰਣ, ਝਬਾਲ : ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ‘ਬਦਲਾਅ ਜ਼ਰੂਰੀ ਹੈ’ ਦੇ ਨਾਅਰੇ ਹੇਠ ਪਹਿਲੀ ਸਤੰਬਰ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿਖੇ ਕੀਤੀ ਜਾ ਰਹੀ ਰੈਲੀ ਦੀਆਂ ਤਿਆਰੀਆਂ ਸਬੰਧੀ ਪਾਰਟੀ ਆਗੂਆਂ ਵੱਲੋਂ ਜਨ ਸੰਪਰਕ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਭਾਰਤੀ ਕਮਿਊਨਿਸਟ ਪਾਰਟੀ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਦਵਿੰਦਰ ਸੋਹਲ ਅਤੇ ਬਲਕਾਰ ਸਿੰਘ ਵਲਟੋਹਾ ਦੀ ਅਗਵਾਈ ਹੇਠ ਝਬਾਲ ਨੇੜਲੇ ਪਿੰਡ ਗੰਡੀਵਿੰਡ ਅਤੇ ਮੰਨਣ ਵਿਖੇ ਜਨਤਕ ਮੀਟਿੰਗਾਂ ਕੀਤੀਆਂ ਗਈਆਂ। ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਮਿਊਨਿਸਟ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਨੀਤੀਆਂ ਕਾਰਨ ਦੇਸ਼ ਦੇ ਮਜ਼ਦੂਰਾਂ, ਕਿਸਾਨਾਂ ਅਤੇ ਛੋਟੇ ਕਾਰੋਬਾਰੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਨਾਲ ਮੁਕਤ ਵਪਾਰ ਸਮਝੌਤਾ ਹੋਣ ਦੀ ਸੂਰਤ ਵਿਚ ਦੇਸ਼ ਦੇ ਮਿਹਨਤਕਸ਼ ਵਰਗ ਅਤੇ ਛੋਟੇ ਕਾਰੋਬਾਰੀਆਂ ’ਤੇ ਇਸ ਦਾ ਮਾੜਾ ਪ੍ਰਭਾਵ ਪੈ ਸਕਦਾ ਹੈ। ਆਗੂਆਂ ਨੇ ਕਿਹਾ ਕਿ ਬੇਰੁਜ਼ਗਾਰੀ ਦੇਸ਼ ਦੀਆਂ ਪ੍ਰਮੁੱਖ ਸਮੱਸਿਆਵਾਂ ਵਿੱਚੋਂ ਇਕ ਹੈ। ਬੇਰੁਜ਼ਗਾਰੀ ਕਾਰਨ ਨੌਜਵਾਨਾਂ ਵਿਚ ਨਸ਼ਿਆਂ, ਅਪਰਾਧ ਅਤੇ ਗੈਂਗਸਟਰਵਾਦ ਵਰਗੀਆਂ ਸਮੱਸਿਆਵਾਂ ਵਧ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੀ ਗਾਰੰਟੀ ਦੇਣ ਲਈ ਕਾਨੂੰਨ ਬਣਾਇਆ ਜਾਵੇ ਅਤੇ ਹਰ ਫ਼ਸਲ ’ਤੇ ਘੱਟੋ-ਘੱਟ ਸਮਰਥਨ ਮੁੱਲ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇ। ਉਨ੍ਹਾਂ ਕਿਸਾਨਾਂ, ਮਜ਼ਦੂਰਾਂ ਅਤੇ ਹੋਰ ਮਿਹਨਤਕਸ਼ ਵਰਗਾਂ ਦੇ ਕਰਜ਼ੇ ਮੁਆਫ਼ ਕਰਨ, ਬੁਢਾਪਾ ਪੈਨਸ਼ਨ ਘੱਟੋ-ਘੱਟ 10 ਹਜ਼ਾਰ ਰੁਪਏ ਮਹੀਨਾ ਕਰਨ, ਸਿੱਖਿਆ ਅਤੇ ਸਿਹਤ ਦੀ ਗਾਰੰਟੀ ਦੇਣ ਅਤੇ ਚਾਰ ਲੇਬਰ ਕੋਡ ਵਾਪਸ ਲੈਣ ਦੀ ਮੰਗ ਕੀਤੀ। ਇਸ ਤੋਂ ਇਲਾਵਾ ਮਨਰੇਗਾ ਤਹਿਤ 200 ਦਿਨ ਦਾ ਰੁਜ਼ਗਾਰ ਅਤੇ 700 ਰੁਪਏ ਦਿਹਾੜੀ ਦੀ ਗਾਰੰਟੀ ਦੇਣ ਦੀ ਮੰਗ ਵੀ ਕੀਤੀ ਗਈ। ਆਗੂਆਂ ਨੇ ਕਿਹਾ ਕਿ ਦੇਸ਼ ਵਿਚ ਫਿਰਕਾਪ੍ਰਸਤੀ ਦੀ ਰਾਜਨੀਤੀ ਨੂੰ ਖ਼ਤਮ ਕਰਕੇ ਭਾਈਚਾਰਕ ਸਾਂਝ ਮਜ਼ਬੂਤ ਕੀਤੀ ਜਾਵੇ। ਉਨ੍ਹਾਂ ਪੰਜਾਬ ਦੇ ਪਾਣੀਆਂ ਅਤੇ ਚੰਡੀਗੜ੍ਹ ’ਤੇ ਪੰਜਾਬ ਦੇ ਹੱਕ ਦੀ ਗੱਲ ਕਰਦਿਆਂ ਅਟਾਰੀ ਅਤੇ ਹੁਸੈਨੀਵਾਲਾ ਸਰਹੱਦਾਂ ਰਾਹੀਂ ਅਰਬ ਦੇਸ਼ਾਂ ਨਾਲ ਵਪਾਰ ਨੂੰ ਉਤਸ਼ਾਹਿਤ ਕਰਨ ਦੀ ਮੰਗ ਕੀਤੀ। ਇਸ ਮੌਕੇ ਕਾਮਰੇਡ ਸੁਲੱਖਣ ਸਿੰਘ ਗੰਡੀਵਿੰਡ, ਪਰਮਜੀਤ ਸਿੰਘ ਗੰਡੀਵਿੰਡ, ਜਗਜੀਤ ਸਿੰਘ ਮੰਨਣ, ਸੁੱਖਾ ਸਿੰਘ ਮੰਨਣ, ਬਲਵੰਤ ਸਿੰਘ, ਹਰਜਿੰਦਰ ਸਿੰਘ ਨੰਬਰਦਾਰ, ਪ੍ਰੀਤਮ ਸਿੰਘ, ਘੁੱਕ ਸਿੰਘ ਸਰਾਂ, ਲਖਵਿੰਦਰ ਸਿੰਘ ਸਰਾਂ, ਸਾਹਿਬ ਸਿੰਘ ਮੰਨਣ, ਮੋਟਾ ਗੰਡੀਵਿੰਡੀਆ, ਕੁਲਦੀਪ ਕੌਰ ਅਤੇ ਬੀਰ ਕੌਰ ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ।