ਤੀਰਥ ਯਾਤਰਾ ਸਕੀਮ ਦਾ ਲੋਕ ਲੈ ਰਹੇ ਲਾਭ : ਭਰੋਵਾਲ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦਾ ਪੰਜਾਬ ਵਾਸੀ ਲੈ ਰਹੇ ਨੇ ਲਾਭ : ਭਰੋਵਾਲ
Publish Date: Thu, 20 Aug 2026 04:40 PM (IST)
Updated Date: Thu, 20 Aug 2026 04:42 PM (IST)
ਪੱਤਰ ਪ੍ਰੇਰਕ• ਪੰਜਾਬੀ ਜਾਗਰਣ ਤਰਨਤਾਰਨ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦਾ ਸੂਬੇ ਦੇ ਲੋਕਾਂ ਵੱਲੋਂ ਭਰਪੂਰ ਲਾਭ ਲਿਆ ਜਾ ਰਿਹਾ ਹੈ। ਇਸ ਸਕੀਮ ਤਹਿਤ ਪੰਜਾਬ ਵਾਸੀਆਂ ਨੂੰ ਵੱਖ-ਵੱਖ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਮੁਫ਼ਤ ਯਾਤਰਾ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਇਹ ਪ੍ਰਗਟਾਵਾ ਤਰਨਤਾਰਨ ਨਗਰ ਕੌਂਸਲ ਦੀ ਵਾਰਡ ਨੰਬਰ 12 ਤੋਂ ਕੌਂਸਲਰ ਤੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਸਰਬਰਿੰਦਰ ਸਿੰਘ ਭਰੋਵਾਲ ਨੇ ਕੀਤਾ। ਭਰੋਵਾਲ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਪੰਜਾਬ ਸਰਕਾਰ ਦੀ ਇਕ ਨਿਵੇਕਲੀ ਤੇ ਲੋਕ-ਹਿਤੈਸ਼ੀ ਪਹਿਲ ਹੈ, ਜਿਸ ਦਾ ਸਭ ਤੋਂ ਵੱਧ ਲਾਭ ਬਜ਼ੁਰਗਾਂ ਤੇ ਉਨ੍ਹਾਂ ਸ਼ਰਧਾਲੂਆਂ ਨੂੰ ਮਿਲ ਰਿਹਾ ਹੈ, ਜੋ ਆਰਥਿਕ ਜਾਂ ਹੋਰ ਕਾਰਨਾਂ ਕਰਕੇ ਦੂਰ-ਦੁਰਾਡੇ ਸਥਿਤ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਤੋਂ ਵਾਂਝੇ ਰਹਿ ਜਾਂਦੇ ਸਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸ਼ਰਧਾਲੂਆਂ ਲਈ ਬੱਸਾਂ ਰਾਹੀਂ ਯਾਤਰਾ ਦਾ ਪ੍ਰਬੰਧ ਕਰਕੇ ਉਨ੍ਹਾਂ ਨੂੰ ਸੁਵਿਧਾਜਨਕ ਢੰਗ ਨਾਲ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਇਸ ਨਾਲ ਜਿਥੇ ਲੋਕਾਂ ਦੀ ਧਾਰਮਿਕ ਆਸਥਾ ਨਾਲ ਜੁੜੀ ਇੱਛਾ ਪੂਰੀ ਹੋ ਰਹੀ ਹੈ, ਉੱਥੇ ਹੀ ਬਜ਼ੁਰਗਾਂ ਨੂੰ ਪਰਿਵਾਰਕ ਮੈਂਬਰਾਂ ’ਤੇ ਆਰਥਿਕ ਬੋਝ ਪਾਏ ਬਿਨਾਂ ਤੀਰਥ ਯਾਤਰਾ ਕਰਨ ਦਾ ਮੌਕਾ ਮਿਲ ਰਿਹਾ ਹੈ।ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਕੀਮ ਸਬੰਧੀ ਜਾਣਕਾਰੀ ਹਾਸਲ ਕਰਕੇ ਵੱਧ ਤੋਂ ਵੱਧ ਲਾਭ ਲੈਣ। ਸਰਬਰਿੰਦਰ ਸਿੰਘ ਭਰੋਵਾਲ ਨੇ ਕਿਹਾ ਕਿ ਤਰਨਤਾਰਨ ਵਿਧਾਨ ਸਭਾ ਹਲਕੇ ਵਿਚ ਵਿਧਾਇਕ ਹਰਮੀਤ ਸਿੰਘ ਸੰਧੂ ਦੀ ਅਗਵਾਈ ਹੇਠ ਲਗਾਤਾਰ ਬੱਸਾਂ ਯਾਤਰਾ ’ਤੇ ਜਾ ਰਹੀਆਂ ਹਨ ਤੇ ਵੱਡੀ ਗਿਣਤੀ ਸ਼ਰਧਾਲੂ ਆਪਣੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਨਿਹਾਲ ਹੋ ਰਹੇ ਹਨ। ਇਸ ਮੌਕੇ ਨਗਰ ਕੌਂਸਲ ਤਰਨਤਾਰਨ ਦੇ ਸਾਬਕਾ ਪ੍ਰਧਾਨ ਭੁਪਿੰਦਰ ਸਿੰਘ ਖੇੜਾ, ਯਾਦਵਿੰਦਰ ਸਿੰਘ ਯਾਦੂ ਤੇ ਪੁਨੀਤ ਚੱਢਾ ਵੀ ਹਾਜ਼ਰ ਸਨ।