ਪੰਜਾਬ ਦੇ ਲੋਕ ਮੁੜ ਭਗਵੰਤ ਮਾਨ ਹੀ ਸੀਐੱਮ ਚਾਹੁੰਦੈ: ਔਲਖ ਪੰਜਾਬ ਦੇ ਲੋਕ ਦੁਬਾਰਾ ਭਗਵੰਤ ਮਾਨ ਨੂੰ ਮੁੱਖ ਮੰਤਰੀ ਵੇਖਣਾ ਲੋਚਦੇ : ਔਲਖ
Publish Date: Thu, 20 Aug 2026 05:11 PM (IST)
Updated Date: Thu, 20 Aug 2026 05:12 PM (IST)
ਪੱਤਰ ਪ੍ਰੇਰਕ •ਪੰਜਾਬੀ ਜਾਗਰਣ ਤਰਨਤਾਰਨ : ਪੰਜਾਬ ਇੰਡਸਟਰੀ ਡਿਵੈਲਪਮੈਂਟ ਕਾਰਪੋਰੇਸ਼ਨ ਦੇ ਡਾਇਰੈਕਟਰ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਸੇਵਕ ਸਿੰਘ ਔਲਖ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ, ਰੁਜ਼ਗਾਰ, ਉਦਯੋਗ, ਖੇਤੀਬਾੜੀ ਤੇ ਬੁਨਿਆਦੀ ਢਾਂਚੇ ਦੇ ਖੇਤਰ ਵਿਚ ਕੀਤੇ ਜਾ ਰਹੇ ਕੰਮਾਂ ਕਾਰਨ ਲੋਕਾਂ ਵਿਚ ਸਰਕਾਰ ਪ੍ਰਤੀ ਭਰੋਸਾ ਵਧਿਆ ਹੈ। ਗੁਰਸੇਵਕ ਸਿੰਘ ਔਲਖ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨੂੰ ਰਵਾਇਤੀ ਸਿਆਸਤ ਤੋਂ ਹਟ ਕੇ ਕੰਮ ਦੀ ਰਾਜਨੀਤੀ ਦਾ ਮਾਡਲ ਦੇਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਆਮ ਲੋਕਾਂ ਨੂੰ ਬਿਹਤਰ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਤੇ ਪੰਜਾਬ ਵਿਚ ਨਵੇਂ ਉਦਯੋਗ ਲਿਆਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਤੇ ਹਸਪਤਾਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੀ ਕਈ ਕਦਮ ਚੁੱਕੇ ਗਏ ਹਨ। ਔਲਖ ਨੇ ਕਿਹਾ ਕਿ ਪੰਜਾਬ ਦੇ ਉਦਯੋਗਿਕ ਵਿਕਾਸ ਲਈ ਨਵੀਂਆਂ ਨਿਵੇਸ਼ ਸੰਭਾਵਨਾਵਾਂ ਪੈਦਾ ਕਰਨੀਆਂ ਅਤੇ ਸਥਾਨਕ ਉਦਯੋਗਪਤੀਆਂ ਨੂੰ ਉਤਸ਼ਾਹਿਤ ਕਰਨਾ ਸਰਕਾਰ ਦੀਆਂ ਤਰਜੀਹਾਂ ਵਿਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਉਦਯੋਗਾਂ ਦੇ ਵਿਕਾਸ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ ਤੇ ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤੀ ਮਿਲੇਗੀ। ਇਸ ਦੇ ਨਾਲ ਹੀ ਖੇਤੀਬਾੜੀ ਤੇ ਕਿਸਾਨਾਂ ਨਾਲ ਸਬੰਧਤ ਮੁੱਦਿਆਂ ਵੱਲ ਵੀ ਸਰਕਾਰ ਵੱਲੋਂ ਧਿਆਨ ਦਿੱਤਾ ਜਾ ਰਿਹਾ ਹੈ। ਗੁਰਸੇਵਕ ਸਿੰਘ ਔਲਖ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਮੁੜ ਤਰੱਕੀ ਦੀ ਰਾਹ ’ਤੇ ਲਿਜਾਣ ਲਈ ਸਰਕਾਰ ਵੱਲੋਂ ਯਤਨ ਜਾਰੀ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਦੀਆਂ ਲੋਕਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪੰਜਾਬ ਦੇ ਲੋਕ ਸੰਤੁਸ਼ਟ ਹਨ ਤੇ ਉਹ ਭਵਿੱਖ ਵਿਚ ਵੀ ਭਗਵੰਤ ਮਾਨ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਦੇਖਣਾ ਚਾਹੁੰਦੇ ਹਨ। ਉਨ੍ਹਾਂ ਪਾਰਟੀ ਵਰਕਰਾਂ ਨੂੰ ਵੀ ਸਰਕਾਰ ਦੀਆਂ ਨੀਤੀਆਂ ਤੇ ਲੋਕ ਭਲਾਈ ਦੇ ਕੰਮਾਂ ਨੂੰ ਘਰ-ਘਰ ਪਹੁੰਚਾਉਣ ਦੀ ਅਪੀਲ ਕੀਤੀ।