ਕੀਮਤਾਂ ’ਤੇ ਕਾਬੂ ਪਾਉਣ ਲਈ ਸਹਿਕਾਰੀ ਖੰਡ ਮਿੱਲਾਂ ਚਲਾਏ ਸਰਕਾਰ ਖੰਡ ਦੀਆਂ ਵਧਦੀਆਂ ਕੀਮਤਾਂ ’ਤੇ ਕਾਬੂ ਲਈ ਸਹਿਕਾਰੀ ਖੰਡ ਮਿੱਲਾਂ ਚਲਾਏ ਸਰਕਾਰ : ਕਿਸਾਨ ਆਗੂ
Publish Date: Thu, 20 Aug 2026 06:47 PM (IST)
Updated Date: Thu, 20 Aug 2026 06:48 PM (IST)
ਸ਼ੇਰੋਂ ਖੰਡ ਮਿੱਲ ਮੋਰਚੇ ਦੇ 92ਵੇਂ ਦਿਨ ਕਿਸਾਨ ਆਗੂਆਂ ਨੇ ਸਰਕਾਰ ਨੂੰ ਘੇਰਿਆ ਪੱਤਰ ਪ੍ਰੇਰਕ• ਪੰਜਾਬੀ ਜਾਗਰਣ ਤਰਨਤਾਰਨ : ਰੋਜ਼ਾਨਾ ਵਰਤੋਂ ਦੀਆਂ ਜ਼ਰੂਰੀ ਵਸਤਾਂ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ’ਤੇ ਚਿੰਤਾ ਜ਼ਾਹਰ ਕਰਦਿਆਂ ਕਿਸਾਨ ਆਗੂਆਂ ਨੇ ਸਰਕਾਰ ਤੋਂ ਸਹਿਕਾਰੀ ਖੰਡ ਮਿੱਲਾਂ ਮੁੜ ਚਲਾਉਣ ਤੇ ਜ਼ਰੂਰੀ ਵਸਤਾਂ ਆਮ ਲੋਕਾਂ ਨੂੰ ਵਾਜਬ ਭਾਅ ’ਤੇ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਹੈ। ਇਹ ਮੰਗ ਸ਼ੇਰੋਂ ਖੰਡ ਮਿੱਲ ਮੋਰਚੇ ਦੇ 92ਵੇਂ ਦਿਨ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵੱਲੋਂ ਕੀਤੀ ਗਈ। ਕਿਸਾਨ ਆਗੂ ਮਨਜੀਤ ਸਿੰਘ ਬੱਗੂ, ਨਛੱਤਰ ਸਿੰਘ ਪੰਨੂ, ਇੰਦਰਜੀਤ ਸਿੰਘ ਮਰਹਾਣਾ, ਗੁਰਪ੍ਰੀਤ ਸਿੰਘ ਗੰਡੀਵਿੰਡ, ਹਰਜਿੰਦਰ ਸਿੰਘ ਟਾਂਡਾ ਅਤੇ ਅਜੈਬ ਸਿੰਘ ਦੀਨਪੁਰ ਨੇ ਕਿਹਾ ਕਿ ਦੇਸ਼ ਵਿਚ ਖਾਦ, ਖੰਡ, ਤੇਲ, ਦਾਲਾਂ ਅਤੇ ਘਿਓ ਸਮੇਤ ਰੋਜ਼ਾਨਾ ਵਰਤੋਂ ਦੀਆਂ ਵਸਤਾਂ ਦੀਆਂ ਕੀਮਤਾਂ ਵਧ ਰਹੀਆਂ ਹਨ, ਜਿਸ ਕਾਰਨ ਆਮ ਲੋਕਾਂ ਦਾ ਘਰੇਲੂ ਬਜਟ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦਾ ਸੀਜ਼ਨ ਨੇੜੇ ਹੋਣ ਕਾਰਨ ਖੰਡ ਦੀ ਮੰਗ ਹੋਰ ਵਧਣ ਦੀ ਸੰਭਾਵਨਾ ਹੈ, ਜਦਕਿ ਇਸ ਦੀਆਂ ਕੀਮਤਾਂ ਵਿਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਨੂੰ ਕਥਿਤ ਤੌਰ ’ਤੇ ਖੁੱਲ੍ਹੀ ਛੋਟ ਦਿੱਤੀ ਜਾ ਰਹੀ ਹੈ, ਜਦਕਿ ਪੰਜਾਬ ਸਰਕਾਰ ਵੀ ਆਮ ਲੋਕਾਂ ਨੂੰ ਜ਼ਰੂਰੀ ਵਸਤਾਂ ਵਾਜਬ ਕੀਮਤਾਂ ’ਤੇ ਮੁਹੱਈਆ ਕਰਵਾਉਣ ਲਈ ਲੋੜੀਂਦੇ ਕਦਮ ਨਹੀਂ ਚੁੱਕ ਰਹੀ। ਉਨ੍ਹਾਂ ਕਿਹਾ ਕਿ ਜੇਕਰ ਸਹਿਕਾਰੀ ਖੰਡ ਮਿੱਲਾਂ ਚਾਲੂ ਹੁੰਦੀਆਂ ਤੇ ਸਰਕਾਰ ਕੋਲ ਲੋੜੀਂਦੀ ਮਾਤਰਾ ਵਿਚ ਖੰਡ ਉਪਲਬਧ ਹੁੰਦੀ ਤਾਂ ਕੀਮਤਾਂ ਵਿਚ ਇਸ ਤਰ੍ਹਾਂ ਦਾ ਵਾਧਾ ਨਾ ਹੁੰਦਾ। ਉਨ੍ਹਾਂ ਮੰਗ ਕੀਤੀ ਕਿ ਸ਼ੇਰੋਂ ਖੰਡ ਮਿੱਲ ਸਮੇਤ ਪੰਜਾਬ ਦੀਆਂ ਸਾਰੀਆਂ ਸਹਿਕਾਰੀ ਖੰਡ ਮਿੱਲਾਂ ਨੂੰ ਮੁੜ ਚਾਲੂ ਕੀਤਾ ਜਾਵੇ, ਤਾਂ ਜੋ ਖੰਡ ਦੀਆਂ ਕੀਮਤਾਂ ’ਤੇ ਕਾਬੂ ਪਾਇਆ ਜਾ ਸਕੇ ਤੇ ਕਿਸਾਨਾਂ ਨੂੰ ਵੀ ਲਾਭ ਮਿਲੇ। ਕਿਸਾਨ ਆਗੂਆਂ ਨੇ ਸਰਕਾਰ ਤੋਂ ਖੇਤੀਬਾੜੀ ਵਿਚ ਵਰਤੀਆਂ ਜਾਣ ਵਾਲੀਆਂ ਖਾਦਾਂ ਤੇ ਦਵਾਈਆਂ ਸਮੇਤ ਘਰੇਲੂ ਵਰਤੋਂ ਦੀਆਂ ਜ਼ਰੂਰੀ ਵਸਤਾਂ ਸਰਕਾਰੀ ਡੀਪੂਆਂ ਰਾਹੀਂ ਆਮ ਲੋਕਾਂ ਤਕ ਵਾਜਬ ਦਰਾਂ ’ਤੇ ਪਹੁੰਚਾਉਣ ਦੀ ਮੰਗ ਕੀਤੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਲੋਕਾਂ ਦੀਆਂ ਮੁਸ਼ਕਿਲਾਂ ਵੱਲ ਧਿਆਨ ਨਾ ਦਿੱਤਾ ਤਾਂ ਕਿਸਾਨ, ਮਜ਼ਦੂਰ ਤੇ ਹੋਰ ਮਿਹਨਤਕਸ਼ ਵਰਗ ਵੱਡਾ ਸੰਘਰਸ਼ ਕਰਨ ਲਈ ਮਜ਼ਬੂਰ ਹੋਵੇਗਾ। ਇਸ ਮੌਕੇ ਸੁਖਚੈਨ ਸਿੰਘ ਸਰਹਾਲੀ, ਕੈਪਟਨ ਸਿੰਘ ਬਘਿਆੜੀ, ਰਾਜਬੀਰ ਸਿੰਘ, ਮੇਜਰ ਸਿੰਘ, ਜਸਬੀਰ ਸਿੰਘ ਨਿੱਜਰਪੁਰਾ, ਸੁਖਬਾਜ ਸਿੰਘ ਸਿੱਧੂ, ਬਲਦੇਵ ਸਿੰਘ, ਅਮਰੀਕ ਸਿੰਘ ਰਟੌਲ, ਕਸ਼ਮੀਰ ਸਿੰਘ ਸ਼ੇਰੋਂ, ਗੁਰਪ੍ਰਤਾਪ ਸਿੰਘ, ਖਜ਼ਾਨ ਸਿੰਘ, ਮਹੀਂਪਾਲ ਸਿੰਘ ਠੱਠੀਆਂ, ਸੂਰਤ ਸਿੰਘ ਸਮੇਤ ਕਈ ਕਿਸਾਨ ਆਗੂ ਤੇ ਵਰਕਰ ਹਾਜ਼ਰ ਸਨ।