ਪਹਿਲੀ ਨੂੰ ਚੰਡੀਗੜ੍ਹ ’ਚ ਕਿਸਾਨੀ ਮੰਗਾਂ ਲਈ ਲੱਗਣ ਵਾਲੇ ਮੋਰਚੇ ਸਬੰਧੀ ਲਾਮਬੰਦੀ ਜਾਰੀ 1 ਨੂੰ ਚੰਡੀਗੜ੍ਹ ’ਚ ਕਿਸਾਨੀ ਮੰਗਾਂ ਲਈ ਲੱਗਣ ਵਾਲੇ ਮੋਰਚੇ ਸਬੰਧੀ ਲਾਮਬੰਦੀ ਜਾਰੀ : ਕਿਰਤੀ ਕਿਸਾਨ ਯੂਨੀਅਨ
Publish Date: Wed, 26 Aug 2026 05:54 PM (IST)
Updated Date: Thu, 27 Aug 2026 04:01 AM (IST)
ਕੈਪਸ਼ਨ- ਚੰਡੀਗੜ੍ਹ ਮੋਰਚੇ ਲਈ ਲਾਮਬੰਦੀ ਕਰਨ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਜਾਣਕਾਰੀ ਦਿੰਦੇ ਹੋਏ। * ਚੁਤਾਲਾ ਤੇ ਖਹਿਰਾ ਦੀ ਅਗਵਾਈ ਹੇਠ ਹੋਈ ਕਿਰਤੀ ਕਿਸਾਨ ਯੂਨੀਅਨ ਬਲਾਕ ਤਰਨਤਾਰਨ ਦੇ ਆਗੂਆਂ ਦੀ ਮੀਟਿੰਗ * ਕਿਸਾਨਾਂ ਦੇ ਸੱਤ ਰੋਜ਼ਾ ਪੱਕੇ ਮੋਰਚੇ ਦੀਆਂ ਤਿਆਰੀਆਂ ਸਬੰਧੀ ਕੀਤਾ ਵਿਚਾਰ-ਵਟਾਂਦਰਾ ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਕਿਰਤੀ ਕਿਸਾਨ ਯੂਨੀਅਨ ਬਲਾਕ ਤਰਨਤਾਰਨ ਦੇ ਆਗੂਆਂ ਦੀ ਤਿਆਰੀ ਮੀਟਿੰਗ ਮੇਹਰ ਸਿੰਘ ਚੁਤਾਲਾ ਤੇ ਅਸ਼ਵਨੀ ਕੁਮਾਰ ਖਹਿਰਾ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਪਹਿਲੀ ਸਤੰਬਰ ਤੋਂ ਚੰਡੀਗੜ੍ਹ ਵਿਖੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਲਗਾਏ ਜਾ ਰਹੇ ਸੱਤ ਰੋਜ਼ਾ ਪੱਕੇ ਮੋਰਚੇ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨਛੱਤਰ ਸਿੰਘ ਪੰਨੂ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜਾਬ ਦੇ ਪਾਣੀਆਂ ਸਮੇਤ ਵੱਖ-ਵੱਖ ਕਿਸਾਨੀ ਅਤੇ ਪੰਜਾਬ ਦੇ ਹਿੱਤਾਂ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਚੰਡੀਗੜ੍ਹ ਵਿਖੇ ਮੋਰਚਾ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੋਰਚੇ ਦੌਰਾਨ ਪੰਜਾਬ ਦੇ ਪਾਣੀਆਂ ਦੀ ਰਾਖੀ, ਹਰ ਖੇਤ ਨੂੰ ਨਹਿਰੀ ਪਾਣੀ ਅਤੇ ਹਰ ਘਰ ਨੂੰ ਪੀਣ ਯੋਗ ਸਾਫ਼ ਪਾਣੀ ਮੁਹੱਈਆ ਕਰਵਾਉਣ ਸਮੇਤ ਪਾਣੀ ਨਾਲ ਸਬੰਧਤ ਹੋਰ ਮਸਲੇ ਹੱਲ ਕਰਨ ਦੀ ਮੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਸਿਰ ਚੜ੍ਹੇ ਕਰਜ਼ੇ ’ਤੇ ਲੀਕ ਫੇਰਨ, ਪੰਜਾਬ ਸਰਕਾਰ ਵੱਲੋਂ ਛੇ ਫ਼ਸਲਾਂ ਦੀ ਐੱਮਐੱਸਪੀ ’ਤੇ ਖਰੀਦ ਦੀ ਕਾਨੂੰਨੀ ਗਾਰੰਟੀ ਦੇਣ ਅਤੇ ਕਿਸਾਨ ਤੇ ਮਜ਼ਦੂਰਾਂ ਦੀ ਕਰਜ਼ਾ ਮੁਆਫ਼ੀ ਸਮੇਤ ਹੋਰ ਮੰਗਾਂ ਨੂੰ ਲੈ ਕੇ ਸਰਕਾਰ ’ਤੇ ਦਬਾਅ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਭਾਖੜਾ ਬਿਆਸ ਪ੍ਰਬੰਧਨ ਬੋਰਡ ਵਿਚ ਪੰਜਾਬ ਦੀ ਮੈਂਬਰਸ਼ਿਪ ਖ਼ਤਮ ਕਰਨ ਦੇ ਫ਼ੈਸਲੇ ਦਾ ਵਿਰੋਧ ਕੀਤਾ ਜਾਵੇਗਾ। ਨਛੱਤਰ ਸਿੰਘ ਪੰਨੂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅਮਰੀਕਾ ਨਾਲ ਕੀਤੇ ਜਾ ਰਹੇ ਮੁਕਤ ਵਪਾਰ ਸਮਝੌਤੇ ਦਾ ਵੀ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਜਿਹੇ ਸਮਝੌਤੇ ਕਿਸਾਨਾਂ ਅਤੇ ਕਿਸਾਨੀ ’ਤੇ ਆਧਾਰਿਤ ਕਾਰੋਬਾਰਾਂ ਲਈ ਨੁਕਸਾਨਦੇਹ ਸਾਬਤ ਹੋ ਸਕਦੇ ਹਨ। ਉਨ੍ਹਾਂ ਦੱਸਿਆ ਕਿ ਮੋਰਚੇ ਵਿਚ ਵੱਡੀ ਗਿਣਤੀ ’ਚ ਕਿਸਾਨਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਬਲਾਕ ਤਰਨਤਾਰਨ ਦੇ ਵੱਖ-ਵੱਖ ਪਿੰਡਾਂ ਵਿਚ ਲਾਮਬੰਦੀ ਮੁਹਿੰਮ ਚਲਾਈ ਜਾ ਰਹੀ ਹੈ। ਕਿਸਾਨਾਂ ਨੂੰ ਟਰੈਕਟਰ-ਟਰਾਲੀਆਂ ਸਮੇਤ ਵੱਡੀ ਗਿਣਤੀ ਵਿਚ ਚੰਡੀਗੜ੍ਹ ਪਹੁੰਚਣ ਦੀ ਅਪੀਲ ਕੀਤੀ ਜਾ ਰਹੀ ਹੈ। ਮੀਟਿੰਗ ਵਿਚ ਹਰਵਿੰਦਰ ਸਿੰਘ ਵਲੀਪੁਰ, ਬਲਵੰਤ ਸਿੰਘ ਖਹਿਰਾ, ਵੀਰ ਸਿੰਘ ਖਹਿਰਾ, ਪੰਜਾਬ ਸਿੰਘ ਗੋਰਖਾ, ਅਰਮਾਨਦੀਪ ਸਿੰਘ ਗੋਰਖਾ, ਕਸ਼ਮੀਰ ਸਿੰਘ, ਅੰਮ੍ਰਿਤਪਾਲ ਸਿੰਘ ਅਤੇ ਸਾਜਨਪ੍ਰੀਤ ਸਿੰਘ ਸਮੇਤ ਹੋਰ ਕਿਸਾਨ ਆਗੂ ਹਾਜ਼ਰ ਸਨ।