ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਕਾਨਫ਼ਰੰਸ ’ਚ ਵੱਡੀ ਗਿਣਤੀ ’ਚ ਪੁੱਜਣ ਦੀ ਅਪੀਲ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਕਾਨਫ਼ਰੰਸ ’ਚ ਵੱਡੀ ਗਿਣਤੀ ’ਚ ਪਹੁੰਚਣ ਦੀ ਅਪੀਲ
Publish Date: Wed, 26 Aug 2026 05:55 PM (IST)
Updated Date: Thu, 27 Aug 2026 04:01 AM (IST)
* ਬਾਬਾ ਬਕਾਲੇ ਤੋਂ ਨਵੇਂ ਪੰਜਾਬ ਤੇ ਨਵੇਂ ਦੌਰ ਦੀ ਸ਼ੁਰੂਆਤ ਕਰੀਏ : ਤੱਖੂ ਚੱਕ ਕੈਪਸ਼ਨ- ਗੱਲਬਾਤ ਕਰਦੇ ਹੋਏ ਹਰਪਾਲ ਸਿੰਘ ਤੱਖੂਚੱਕ। ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਰੱਖੜ ਪੁੰਨਿਆ ਦੇ ਪਵਿੱਤਰ ਦਿਹਾੜੇ ਮੌਕੇ 28 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਕੀਤੀ ਜਾ ਰਹੀ ਕਾਨਫ਼ਰੰਸ ਦੀਆਂ ਤਿਆਰੀਆਂ ਨੂੰ ਲੈ ਕੇ ਪਾਰਟੀ ਆਗੂਆਂ ਤੇ ਵਰਕਰਾਂ ਵੱਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਪਾਰਟੀ ਦੇ ਸੀਨੀਅਰ ਆਗੂ ਹਰਪਾਲ ਸਿੰਘ ਤੱਖੂ ਚੱਕ ਨੇ ਪੰਜਾਬ ਵਾਸੀਆਂ ਨੂੰ ਇਸ ਕਾਨਫ਼ਰੰਸ ਵਿਚ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ। ਹਰਪਾਲ ਸਿੰਘ ਤੱਖੂ ਚੱਕ ਨੇ ਕਿਹਾ ਕਿ ਰੱਖੜ ਪੁੰਨਿਆ ਪੰਜਾਬ ਦੇ ਲੋਕਾਂ ਲਈ ਧਾਰਮਿਕ ਅਤੇ ਇਤਿਹਾਸਕ ਮਹੱਤਤਾ ਰੱਖਣ ਵਾਲਾ ਦਿਹਾੜਾ ਹੈ। ਇਸ ਮੌਕੇ ਬਾਬਾ ਬਕਾਲਾ ਸਾਹਿਬ ਦੀ ਧਰਤੀ ’ਤੇ ਹੋਣ ਵਾਲੀ ਕਾਨਫ਼ਰੰਸ ਸਿਰਫ਼ ਇਕ ਸਿਆਸੀ ਇਕੱਠ ਨਹੀਂ, ਸਗੋਂ ਪੰਜਾਬ ਦੇ ਭਵਿੱਖ ਨਾਲ ਜੁੜੇ ਮੁੱਦਿਆਂ ’ਤੇ ਵਿਚਾਰ-ਵਟਾਂਦਰੇ ਅਤੇ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰਨ ਦਾ ਮੰਚ ਬਣੇਗੀ। ਉਨ੍ਹਾਂ ਕਿਹਾ ਕਿ ਪੰਜਾਬ ਲੰਮੇ ਸਮੇਂ ਤੋਂ ਵੱਖ-ਵੱਖ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ। ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ, ਕਿਸਾਨਾਂ ਦੀਆਂ ਸਮੱਸਿਆਵਾਂ, ਨਸ਼ਿਆਂ ਦਾ ਵਧ ਰਿਹਾ ਪ੍ਰਭਾਵ, ਪੰਜਾਬ ਦੇ ਪਾਣੀਆਂ ਦਾ ਮੁੱਦਾ, ਉਦਯੋਗਾਂ ਦੀ ਘਾਟ ਅਤੇ ਸੂਬੇ ਦੀ ਆਰਥਿਕ ਸਥਿਤੀ ਵਰਗੇ ਮੁੱਦੇ ਗੰਭੀਰ ਚਿੰਤਾ ਦਾ ਵਿਸ਼ਾ ਹਨ। ਇਨ੍ਹਾਂ ਮਸਲਿਆਂ ਦੇ ਸਥਾਈ ਹੱਲ ਲਈ ਪੰਜਾਬ ਪੱਖੀ ਸੋਚ ਅਤੇ ਠੋਸ ਨੀਤੀਆਂ ਦੀ ਲੋੜ ਹੈ। ਤੱਖੂ ਚੱਕ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਪੰਜਾਬ ਦੀਆਂ ਮੰਗਾਂ ਅਤੇ ਹੱਕਾਂ ਦੀ ਆਵਾਜ਼ ਨੂੰ ਹੋਰ ਮਜ਼ਬੂਤੀ ਨਾਲ ਉਠਾਉਣ ਲਈ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 28 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਲੋਕ ਵੱਡੀ ਗਿਣਤੀ ’ਚ ਪਹੁੰਚ ਕੇ ਕਾਨਫ਼ਰੰਸ ਨੂੰ ਕਾਮਯਾਬ ਕਰਨ।