ਆਰਐੱਮਪੀਆਈ ਨੇ ਮਹਿੰਗਾਈ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ ਆਰਐੱਮਪੀਆਈ ਨੇ ਮਹਿੰਗਾਈ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ
Publish Date: Wed, 26 Aug 2026 06:47 PM (IST)
Updated Date: Thu, 27 Aug 2026 04:01 AM (IST)
ਕੈਪਸ਼ਨ- ਆਰਐੱਮਪੀਆਈ ਦੇ ਆਗੂ ਤਰਨਤਾਰਨ ਵਿਖੇ ਮਹਿੰਗਾਈ ਵਿਰੁੱਧ ਪ੍ਰਦਰਸ਼ਨ ਕਰਦੇ ਹੋਏ। * ਕੇਂਦਰ ਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐੱਮਪੀਆਈ) ਵੱਲੋਂ ਵਧ ਰਹੀ ਮਹਿੰਗਾਈ ਦੇ ਵਿਰੋਧ ’ਚ ਤਰਨਤਾਰਨ ਵਿਖੇ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਸੈਂਕੜੇ ਪਾਰਟੀ ਵਰਕਰਾਂ ਨੇ ਸ਼ਮੂਲੀਅਤ ਕਰਦਿਆਂ ਸਰਕਾਰਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ਦੀ ਅਗਵਾਈ ਪਾਰਟੀ ਦੇ ਸੂਬਾ ਸਕੱਤਰ ਪ੍ਰਗਟ ਸਿੰਘ ਜਾਮਾਰਾਏ, ਮੁਖਤਾਰ ਸਿੰਘ ਮੱਲਾ, ਚਮਨ ਲਾਲ ਦਰਾਜਕੇ, ਬਲਦੇਵ ਸਿੰਘ ਪੰਡੋਰੀ, ਦਲਜੀਤ ਸਿੰਘ ਦਿਆਲਪੁਰਾ ਅਤੇ ਰੇਸ਼ਮ ਸਿੰਘ ਫੈਲੋਕੇ ਨੇ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਪ੍ਰਗਟ ਸਿੰਘ ਜਾਮਾਰਾਏ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਆਮ ਲੋਕਾਂ ਦੇ ਹਿੱਤ ’ਚ ਨਹੀਂ ਹਨ। ਇਨ੍ਹਾਂ ਨੀਤੀਆਂ ਕਾਰਨ ਮਹਿੰਗਾਈ ਲਗਾਤਾਰ ਵਧ ਰਹੀ ਹੈ ਤੇ ਗਰੀਬ ਤੇ ਮੱਧ ਵਰਗ ਦੇ ਲੋਕਾਂ ਲਈ ਘਰ ਦਾ ਗੁਜ਼ਾਰਾ ਚਲਾਉਣਾ ਮੁਸ਼ਕਿਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਦੋਵੇਂ ਸਰਕਾਰਾਂ ਰੁਜ਼ਗਾਰ ਦੇਣ ਦੇ ਵਾਅਦਿਆਂ ਨੂੰ ਪੂਰਾ ਕਰਨ ਤੋਂ ਪਿੱਛੇ ਹਟ ਰਹੀਆਂ ਹਨ। ਜਾਮਾਰਾਏ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਛੋਟੀਆਂ-ਛੋਟੀਆਂ ਸਹੂਲਤਾਂ ਦੇ ਕੇ ਵੋਟਾਂ ਹਾਸਿਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਦਕਿ ਪੱਕੇ ਰੁਜ਼ਗਾਰ ਦੀ ਮੰਗ ਕਰ ਰਹੇ ਨੌਜਵਾਨਾਂ ਅਤੇ ਮੁਲਾਜ਼ਮਾਂ ਨੂੰ ਸੰਘਰਸ਼ ਕਰਨ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਵਾਲੇ ਮੁਲਾਜ਼ਮਾਂ ਅਤੇ ਨੌਜਵਾਨਾਂ ’ਤੇ ਕਥਿਤ ਤੌਰ ’ਤੇ ਪੁਲਿਸ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ’ਤੇ ਵੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਅਤੇ ਬਿਹਤਰ ਭਵਿੱਖ ਦੇਣ ਦੀ ਬਜਾਏ ਉਹ ਨਸ਼ਿਆਂ ਵੱਲ ਧੱਕੇ ਜਾ ਰਹੇ ਹਨ। ਉਨ੍ਹਾਂ ਕਿਰਤੀ ਲੋਕਾਂ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਜਸਬੀਰ ਸਿੰਘ ਵੈਰੋਵਾਲ, ਜਰਨੈਲ ਸਿੰਘ ਰਸੂਲਪੁਰ, ਹਰਜਿੰਦਰ ਸਿੰਘ ਚੂੰਗ, ਹਰਭਜਨ ਸਿੰਘ, ਧਰਮ ਸਿੰਘ, ਬਗੀਚਾ ਸਿੰਘ, ਨਰਿੰਦਰ ਕੌਰ, ਸਰਜੀਤ ਸਿੰਘ ਦਿਓ, ਜੰਗ ਬਹਾਦਰ ਅਤੇ ਨਰਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਹਾਜ਼ਰ ਸਨ।