ਸੀਐੱਮ ਦੀ ਆਮਦ ’ਤੇ ਕੰਪਿਊਟਰ ਅਧਿਆਪਕਾਂ ਨੂੰ ਕੀਤਾ ਨਜ਼ਰਬੰਦ ਮੁੱਖ ਮੰਤਰੀ ਦੀ ਆਮਦ ’ਤੇ ਕੰਪਿਊਟਰ ਅਧਿਆਪਕਾਂ ਨੂੰ ਕੀਤਾ ਗਿਆ ਨਜ਼ਰਬੰਦ
Publish Date: Wed, 26 Aug 2026 07:14 PM (IST)
Updated Date: Thu, 27 Aug 2026 04:04 AM (IST)
* ਫਤਿਆਬਾਦ ਸਕੂਲ ’ਚ ਕੰਪਿਊਟਰ ਅਧਿਆਪਕਾਂ ਨੂੰ ਪੁਲਿਸ ਨੇ ਡਿਟੇਨ ਕੀਤਾ ਕੈਪਸ਼ਨ : ਫਤਿਆਬਾਦ ਦੇ ਸਰਕਾਰੀ ਸਕੂਲ ਵਿਚ ਡਿਟੇਨ ਕੀਤੇ ਗਏ ਕੰਪਿਊਟਰ ਅਧਿਆਪਕਾਂ ਦੇ ਨਾਲ ਪੁਲਿਸ ਕਰਮਚਾਰੀ। ਗੁਰਬਰਿੰਦਰ ਸਿੰਘ, •ਪੰਜਾਬੀ ਜਾਗਰਣ ਸ੍ਰੀ ਗੋਇੰਦਵਾਲ ਸਾਹਿਬ : ਗੋਇੰਦਵਾਲ ਸਾਹਿਬ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਰੈਲੀ ਦੌਰਾਨ ਕੰਪਿਊਟਰ ਅਧਿਆਪਕ ਯੂਨੀਅਨ ਵੱਲੋਂ ਮੁੱਖ ਮੰਤਰੀ ਨੂੰ ਆਪਣਾ ਰੋਸ ਜ਼ਾਹਿਰ ਕਰਨ ਦਾ ਪ੍ਰੋਗਰਾਮ ਬਣਾਇਆ ਗਿਆ ਸੀ। ਜਿਸ ਕਾਰਨ ਬਹੁਤ ਸਾਰੇ ਕੰਪਿਊਟਰ ਅਧਿਆਪਕਾਂ ਨੂੰ ਪੁਲਿਸ ਦੁਆਰਾ ਡਿਟੇਨ ਕੀਤਾ ਗਿਆ। ਮੁੱਖ ਮੰਤਰੀ ਦੀ ਰੈਲੀ ਵੱਲ ਰੋਸ ਮਾਰਚ ਕੱਢਣ ਲਈ ਫਤਿਆਬਾਦ ਵਿਖੇ ਇਕੱਤਰ ਕੰਪਿਊਟਰ ਅਧਿਆਪਕਾਂ ਨੂੰ ਫਤਿਆਬਾਦ ਸਕੂਲ ਵਿਚ ਡਿਟੇਨ ਕੀਤਾ ਗਿਆ। ਬਹੁਤ ਸਾਰੇ ਕੰਪਿਊਟਰ ਅਧਿਆਪਕਾਂ ਨੂੰ ਰਸਤੇ ਵਿਚ ਹੀ ਰੋਕ ਲਿਆ ਗਿਆ ਅਤੇ ਕੁਝ ਕੰਪਿਊਟਰ ਦੇ ਅਧਿਆਪਕਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ। ਇਸ ਮੌਕੇ ਬੋਲਦੇ ਹੋਏ ਕੰਪਿਊਟਰ ਅਧਿਆਪਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸ਼ੀਤਲ ਸਿੰਘ ਨੇ ਕਿਹਾ ਕਿ ਇਹ ਸਰਕਾਰ ਲੋਕਤੰਤਰ ਦਾ ਘਾਣ ਕਰ ਰਹੀ ਹੈ। ਸ਼ਾਂਤੀ ਪੂਰਵਕ ਤਰੀਕੇ ਨਾਲ ਰੋਸ ਕਰਨ ਜਾ ਰਹੇ ਕੰਪਿਊਟਰ ਅਧਿਆਪਕਾਂ ਨੂੰ ਰਸਤੇ ਵਿਚ ਰੋਕਣਾ ਇਸ ਗੱਲ ਦਾ ਸਬੂਤ ਹੈ ਕਿ ਸਰਕਾਰ ਕੰਪਿਊਟਰ ਅਧਿਆਪਕਾਂ ਨੂੰ ਉਨ੍ਹਾਂ ਦੀਆਂ ਹੱਕੀ ਮੰਗਾਂ ਦੇਣ ਦੀ ਬਜਾਏ ਡਰਾ ਧਮਕਾ ਕੇ ਚੁੱਪ ਕਰਵਾ ਰਹੀ ਹੈ। ਇਸ ਮੌਕੇ ’ਤੇ ਬੋਲਦੇ ਹੋਏ ਕੰਪਿਊਟਰ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨਤਾਰਨ ਨੇ ਦੱਸਿਆ ਕਿ ਲੰਬੇ ਸਮੇਂ ਤੋਂ ਕੰਪਿਊਟਰ ਅਧਿਆਪਕ ਆਪਣੀਆਂ ਮੰਗਾਂ ਲਈ ਸੜਕਾਂ ’ਤੇ ਹਨ। ਪਰ ਇਸ ਸਰਕਾਰ ਨੇ ਇਕ ਵਾਰ ਵੀ ਕੰਪਿਊਟਰ ਅਧਿਆਪਕਾਂ ਦੀ ਸਾਰ ਨਹੀਂ ਲਈ ਅਤੇ ਨਾ ਹੀ ਇਸ ਮੁੱਖ ਮੰਤਰੀ ਨੇ ਕੰਪਿਊਟਰ ਅਧਿਆਪਕਾਂ ਨਾਲ ਕੀਤਾ ਇਕ ਵੀ ਵਾਅਦਾ ਪੂਰਾ ਕੀਤਾ। ਇਨ੍ਹਾਂ ਨੇ ਸਰਕਾਰ ਬਣਨ ਤੋਂ ਪਹਿਲਾਂ ਅਤੇ ਸਰਕਾਰ ਬਣਨ ਤੋਂ ਬਾਅਦ ਵੀ ਕੰਪਿਊਟਰ ਅਧਿਆਪਕਾਂ ਨਾਲ ਉਨ੍ਹਾਂ ਦੀਆਂ ਮੰਗਾਂ ਪੂਰੇ ਕਰਨ ਦੇ ਵਾਅਦੇ ਕੀਤੇ ਸਨ, ਜਿਸ ਵਿੱਚੋਂ ਇਕ ਵੀ ਵਾਅਦਾ ਅੱਜ ਤਕ ਵਫਾ ਨਹੀਂ ਹੋਇਆ। ਇਸ ਮੌਕੇ ਬੋਲਦੇ ਹੋਏ ਜ਼ਿਲ੍ਹਾ ਮੈਂਬਰ ਰਾਖੀ ਮੰਨਣ ਨੇ ਦੱਸਿਆ ਕਿ ਸ਼ਾਂਤੀ ਪੂਰਵਕ ਤਰੀਕੇ ਨਾਲ ਰੋਸ ਜਾਹਿਰ ਕਰਨ ਜਾ ਰਹੇ ਕੰਪਿਊਟਰ ਅਧਿਆਪਕਾਂ ਨੂੰ ਗ੍ਰਿਫਤਾਰ ਕਰਨਾ ਲੋਕਤੰਤਰ ਦਾ ਮਜ਼ਾਕ ਉਡਾਉਣ ਦੇ ਸਮਾਨ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਕੰਪਿਊਟਰ ਅਧਿਆਪਕਾਂ ਦੇ ਘਰਾਂ ਵਿਚ ਛਾਪੇਮਾਰੀ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸੰਸਾਰ ਨੂੰ ਛੱਡ ਕੇ ਜਾ ਚੁੱਕੇ 150 ਦੇ ਕਰੀਬ ਕੰਪਿਊਟਰ ਅਧਿਆਪਕਾਂ ਦੇ ਪਰਿਵਾਰ ਨੂੰ ਸਰਕਾਰ ਵੱਲੋਂ ਨਾ ਤਾਂ ਕੋਈ ਨੌਕਰੀ ਦਿੱਤੀ ਗਈ ਅਤੇ ਨਾ ਹੀ ਕੋਈ ਆਰਥਿਕ ਮਦਦ ਕੀਤੀ ਗਈ। ਜਿਸ ਕਾਰਨ ਉਨ੍ਹਾਂ ਦੇ ਪਰਿਵਾਰਿਕ ਮੈਂਬਰ ਦਿਹਾੜੀਆਂ ਕਰਨ ਨੂੰ ਮਜ਼ਬੂਰ ਹਨ। ਉਨ੍ਹਾਂ ਨੇ ਸਰਕਾਰ ਨੂੰ ਜਲਦੀ ਤੋਂ ਜਲਦੀ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਚੇਤਾਵਨੀ ਦਿੱਤੀ ਅਤੇ ਇਸ ਤਰ੍ਹਾਂ ਨਾ ਹੋਣ ਦੀ ਸੂਰਤ ਵਿਚ ਕੰਪਿਊਟਰ ਅਧਿਆਪਕਾਂ ਨੂੰ ਮਜ਼ਬੂਰਨ ਬਹੁਤ ਵੱਡੇ ਸੰਘਰਸ਼ ਲਈ ਮੈਦਾਨ ’ਚ ਉਤਰਨਾ ਪਵੇਗਾ। ਜਿਸ ਦੀ ਜਿੰਮੇਵਾਰੀ ਸਿਰਫ ਤੇ ਸਿਰਫ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਹੋਏਗੀ। ਇਸ ਮੌਕੇ ਗੁਰਪ੍ਰੀਤ ਸਿੰਘ ਸੁੱਗਾ, ਸਤਬੀਰ ਸਿੰਘ, ਹਰਪ੍ਰੀਤ ਸਿੰਘ ਧੁੰਦਾ, ਅਮਨਪ੍ਰੀਤ ਸਿੰਘ ਜਲਾਲਾਬਾਦ, ਸੰਦੀਪ ਕੌਰ ਹਰਜਿੰਦਰ ਕੌਰ, ਪਰਵਿੰਦਰ ਸਿੰਘ ਮੁੰਡਾ ਪਿੰਡ, ਹਰਸਿਮਰਨ ਸਿੰਘ, ਭੁਪਿੰਦਰ ਸਿੰਘ, ਜਸਪ੍ਰੀਤ ਸਿੰਘ, ਗੁਰਚਰਨ ਸਿੰਘ ਆਦਿ ਕੰਪਿਊਟਰ ਅਧਿਆਪਕ ਹਾਜ਼ਰ ਸਨ।