ਪੰਜ ਕਿਲੋਮੀਟਰ ਦੀ ਦੂਰੀ ’ਤੇ ਹੀ ਕਿਸਾਨਾਂ ਤੇ ਪੁਲਿਸ ਵਿਚਾਲੇ ਮਾਮੂਲੀ ਝੜੱਪ ਕਿਸਾਨਾਂ ਨੂੰ ਸਵਾਲ ਪੁੱਛਣ ਤੋਂ ਰੋਕਣ ’ਤੇ ਪੁਲਿਸ ਪ੍ਰਸ਼ਾਸਨ ਦੀ ਸਖ਼ਤ ਨਿਖੇਧੀ
Publish Date: Wed, 26 Aug 2026 08:06 PM (IST)
Updated Date: Thu, 27 Aug 2026 04:04 AM (IST)
ਕੈਪਸ਼ਨ: ਖਡੂਰ ਸਾਹਿਬ ਗੋਇੰਦਵਾਲ ਸਾਹਿਬ ਸੜਕ ‘ਤੇ ਗੁਰਦੁਆਰਾ ਬਾਉਲੀ ਸਾਹਿਬ ਸਾਹਮਣੇ ਕਿਸਾਨ ਆਗੂਆਂ ਨੂੰ ਰੋਕਦੀ ਹੋਈ ਪੁਲਿਸ ਤੇ ਨਾਅਰੇਬਾਜ਼ੀ ਕਰਦੇ ਕਿਸਾਨ ਆਗੂ। * ਸੀਐੱਮ ਦੇ ਪੰਡਾਲ ਤੱਕ ਪੁੱਜਣ ਤੋਂ ਪਹਿਲਾਂ ਹੀ ਕਿਸਾਨਾਂ ਨੂੰ ਪੁਲਿਸ ਨੇ ਰੋਕਿਆ * ਕਿਸਾਨਾਂ ਨੂੰ ਸਵਾਲ ਪੁੱਛਣ ਤੋਂ ਰੋਕਣ ’ਤੇ ਪੁਲਿਸ ਪ੍ਰਸ਼ਾਸਨ ਦੀ ਸਖ਼ਤ ਨਿਖੇਧੀ ਗੁਰਬਰਿੰਦਰ ਸਿੰਘ, •ਪੰਜਾਬੀ ਜਾਗਰਣ ਸ੍ਰੀ ਗੋਇੰਦਵਾਲ ਸਾਹਿਬ : ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਔਰਤਾਂ ਨੂੰ ਰਾਸ਼ੀ ਦੀ ਤੀਜੀ ਕਿਸ਼ਤ ਜਾਰੀ ਕਰਨ ਲਈ ਸ੍ਰੀ ਗੋਇੰਦਵਾਲ ਸਾਹਿਬ ’ਚ ਸਮਾਰੋਹ ਕਰਵਾਇਆ ਗਿਆ, ਜਿਸ ’ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਿਰਕਤ ਕਰਨੀ ਸੀ। ਇਸ ਦੌਰਾਨ ਮੁੱਖ ਮੰਤਰੀ ਤੋਂ ਸਵਾਲ ਕਰਨ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਖ਼ੂਰ ਸਾਹਿਬ ਤੋਂ ਭਾਰੀ ਗਿਣਤੀ ’ਚ ਕਿਸਾਨਾਂ ਦੀ ਰਵਾਨਗੀ ਕੀਤੀ ਗਈ ਪਰ ਪੰਜ ਕਿੱਲੋਮੀਟਰ ਪਿੱਛੇ ਹੀ ਉਨ੍ਹਾਂ ਨੂੰ ਰੋਕ ਲਿਆ ਗਿਆ। ਇਸ ਦੌਰਾਨ ਕਿਸਾਨਾਂ ਤੇ ਪੁਲਿਸ ਵਿਚਾਲੇ ਮਾਮੂਲੀ ਝੜੱਪ ਵੀ ਹੋਈ। ਕਿਸਾਨਾਂ ਨੇ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਦੀ ਸ੍ਰੀ ਗੋਇੰਦਵਾਲ ਸਾਹਿਬ ਰੈਲੀ ਦੌਰਾਨ ਕਿਸਾਨੀ ਮੰਗਾਂ ਸਬੰਧੀ ਮੁੱਖ ਮੰਤਰੀ ਨੂੰ ਸ਼ਾਂਤਮਈ ਢੰਗ ਨਾਲ ਸਵਾਲ ਪੁੱਛਣ ਤੇ ਮੰਗ ਪੱਤਰ ਸੌਂਪਣ ਜਾ ਰਹੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂਆਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਜਬਰੀ ਰੋਕਣ ਤੇ ਧੱਕਾ-ਮੁੱਕੀ ਕਰਨ ਦੀ ਕਿਸਾਨ ਆਗੂਆਂ ਨੇ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਹੈ। ਸੂਬਾ ਆਗੂ ਤੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਮਾਣੋਚਾਹਲ, ਸਕੱਤਰ ਹਰਜਿੰਦਰ ਸਿੰਘ ਸ਼ਕਰੀ, ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ ਨੂਰਦੀ, ਮੀਤ ਪ੍ਰਧਾਨ ਰੇਸ਼ਮ ਸਿੰਘ ਘੁਰਕਵਿੰਡ ਅਤੇ ਸੰਗਠਨ ਸਕੱਤਰ ਹਰਿੰਦਰਜੀਤ ਸਿੰਘ ਕੰਗ ਨੇ ਕਿਹਾ ਕਿ ਕਿਸਾਨ ਮੁੱਖ ਮੰਤਰੀ ਭਗਵੰਤ ਮਾਨ ਅੱਗੇ ਪੰਜਾਬ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ, ਫ਼ਸਲਾਂ ਦੇ ਮੁਆਵਜ਼ੇ, ਨਹਿਰੀ ਪਾਣੀ ਅਤੇ ਐੱਮਐੱਸਪੀ ਦੀ ਗਾਰੰਟੀ ਸਮੇਤ ਕਿਸਾਨੀ ਨਾਲ ਜੁੜੇ ਅਹਿਮ ਮਸਲੇ ਰੱਖਣ ਲਈ ਜਾ ਰਹੇ ਸਨ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਥਾਂ-ਥਾਂ ਭਾਰੀ ਬੈਰੀਕੇਡਿੰਗ ਕਰ ਕੇ, ਰਸਤੇ ਸੀਲ ਕਰ ਕੇ ਤੇ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਤਾਇਨਾਤ ਕਰ ਕੇ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਿਆ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਸਵਾਲ ਪੁੱਛਣ ਤੋਂ ਪਹਿਲਾਂ ਹੀ ਕਿਸਾਨਾਂ ਨੂੰ ਰੋਕਣਾ ਲੋਕਤੰਤਰਿਕ ਕਦਰਾਂ-ਕੀਮਤਾਂ ’ਤੇ ਸਵਾਲ ਖੜ੍ਹੇ ਕਰਦਾ ਹੈ। ਆਗੂਆਂ ਨੇ ਕਿਹਾ ਕਿ ਲੋਕਤੰਤਰ ਵਿਚ ਹਰੇਕ ਨਾਗਰਿਕ ਨੂੰ ਆਪਣੇ ਚੁਣੇ ਹੋਏ ਨੁਮਾਇੰਦਿਆਂ ਅਤੇ ਸਰਕਾਰ ਦੇ ਮੁਖੀ ਅੱਗੇ ਆਪਣੀਆਂ ਮੁਸ਼ਕਿਲਾਂ ਤੇ ਮੰਗਾਂ ਰੱਖਣ ਦਾ ਹੱਕ ਹੈ। ਕਿਸਾਨਾਂ ਦੀ ਆਵਾਜ਼ ਸੁਣਨ ਦੀ ਬਜਾਏ ਪੁਲਿਸ ਦੇ ਜ਼ੋਰ ਨਾਲ ਦਬਾਉਣ ਦੀ ਕੋਸ਼ਿਸ਼ ਕਿਸੇ ਵੀ ਕੀਮਤ ’ਤੇ ਸਵੀਕਾਰ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦਾ ਗੱਲਬਾਤ ਰਾਹੀਂ ਹੱਲ ਕੱਢੇ। ਜੇਕਰ ਸਰਕਾਰ ਨੇ ਕਿਸਾਨੀ ਮਸਲਿਆਂ ਵੱਲ ਤੁਰੰਤ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਪੁਲਿਸੀਆ ਜ਼ਬਰ, ਬੈਰੀਕੇਡਿੰਗ ਜਾਂ ਰੋਕਾਂ ਕਿਸਾਨਾਂ ਦੇ ਹੌਸਲੇ ਨਹੀਂ ਤੋੜ ਸਕਦੀਆਂ ਅਤੇ ਕਿਸਾਨ ਆਪਣੇ ਹੱਕਾਂ ਤੇ ਮੰਗਾਂ ਲਈ ਆਵਾਜ਼ ਬੁਲੰਦ ਕਰਦੇ ਰਹਿਣਗੇ।