ਡੀਏ ਜਾਰੀ ਨਾ ਕਰਨ ਦੇ ਰੋਸ ਵਜੋਂ ਪੈਨਸ਼ਨਰਾਂ ਤੇ ਮੁਲਾਜ਼ਮਾਂ ਨੇ ਫੂਕੇ ਪੰਜਾਬ ਸਰਕਾਰ ਦੇ ਪੁਤਲੇ ਡੀਏ ਜਾਰੀ ਨਾ ਕਰਨ ਦੇ ਰੋਸ ਵਜੋਂ ਪੈਨਸ਼ਨਰਾਂ ਤੇ ਮੁਲਾਜ਼ਮਾਂ ਨੇ ਫੂਕੇ ਪੰਜਾਬ ਸਰਕਾਰ ਦੇ ਪੁਤਲੇ
Publish Date: Thu, 27 Aug 2026 04:41 PM (IST)
Updated Date: Thu, 27 Aug 2026 04:43 PM (IST)
ਸਰਕਾਰ ਨੇ ਅੜੀਅਲ ਵਤੀਰਾ ਨਾ ਛੱਡਿਆ ਤਾਂ ਸੰਘਰਸ਼ ਹੋਰ ਤਿੱਖਾ ਕਰਾਂਗੇ : ਮੰਨਣ ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਮੁਲਾਜ਼ਮ ਤੇ ਪੈਨਸ਼ਨਰ ਸਾਂਝੇ ਫਰੰਟ ਦੇ ਸੱਦੇ ’ਤੇ ਪੈਨਸ਼ਨਰਜ਼ ਐਸੋਸੀਏਸ਼ਨ ਸਰਕਲ ਤਰਨਤਾਰਨ ਵੱਲੋਂ ਜ਼ਿਲ੍ਹਾ ਹੈੱਡਕੁਆਰਟਰ ਵਿਖੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਭਾਰੀ ਗਰਮੀ ਦੇ ਬਾਵਜੂਦ ਸੈਂਕੜੇ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਨੇ ਧਰਨੇ ਵਿਚ ਸ਼ਮੂਲੀਅਤ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਧਰਨੇ ਦੇ ਅੰਤ ਵਿਚ ਮੁੱਖ ਮੰਤਰੀ ਤੇ ਵਿੱਤ ਮੰਤਰੀ ਪੰਜਾਬ ਦੇ ਪੁਤਲੇ ਵੀ ਫੂਕੇ ਗਏ। ਇਸ ਮੌਕੇ ਪੈਨਸ਼ਨਰਜ਼ ਐਸੋਸੀਏਸ਼ਨ ਸਰਕਲ ਤਰਨਤਾਰਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਮੰਨਣ ਨੇ ਕਿਹਾ ਕਿ ਪੰਜਾਬ ਸਰਕਾਰ ਪਿਛਲੇ ਸਾਢੇ ਚਾਰ ਸਾਲਾਂ ਤੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ ਵਧਣ ਦੇ ਬਾਵਜੂਦ ਸਰਕਾਰ ਵੱਲੋਂ 18 ਫ਼ੀਸਦੀ ਬਕਾਇਆ ਮਹਿੰਗਾਈ ਭੱਤਾ ਜਾਰੀ ਨਹੀਂ ਕੀਤਾ ਜਾ ਰਿਹਾ, ਜਦਕਿ ਪਹਿਲਾਂ ਹਰ ਛੇ ਮਹੀਨੇ ਬਾਅਦ ਮਹਿੰਗਾਈ ਦੇ ਅਨੁਪਾਤ ਅਨੁਸਾਰ ਡੀਏ ਦਿੱਤਾ ਜਾਂਦਾ ਸੀ। ਮੰਨਣ ਨੇ ਕਿਹਾ ਕਿ ਸਰਕਾਰ ਵੱਲੋਂ ਹਾਈਕੋਰਟ ਦੇ ਫ਼ੈਸਲਿਆਂ ਨੂੰ ਲਾਗੂ ਕਰਨ ਵਿਚ ਵੀ ਟਾਲਮਟੋਲ ਕੀਤੀ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਬਕਾਇਆ ਡੀਏ ਤੁਰੰਤ ਜਾਰੀ ਕੀਤਾ ਜਾਵੇ, ਕੱਚੇ ਕਾਮਿਆਂ ਨੂੰ ਪੱਕਾ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, 2.59 ਦਾ ਗੁਣਾਂਕ ਲਾਗੂ ਕਰਨ ਸਮੇਤ ਕੈਸ਼ਲੈੱਸ ਮੈਡੀਕਲ ਸਹੂਲਤ ਮੁੜ ਚਾਲੂ ਕੀਤੀ ਜਾਵੇ ਅਤੇ ਬੱਝਵਾਂ ਮੈਡੀਕਲ ਭੱਤਾ ਦੁੱਗਣਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਵਿਭਾਗਾਂ ਵਿਚ ਖਾਲੀ ਪਈਆਂ ਹਜ਼ਾਰਾਂ ਅਸਾਮੀਆਂ ਨੂੰ ਭਰਿਆ ਜਾਵੇ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਯੋਗਤਾ ਅਨੁਸਾਰ ਰੁਜ਼ਗਾਰ ਦਿੱਤਾ ਜਾਵੇ। ਉਨ੍ਹਾਂ ਸਰਕਾਰ ਵੱਲੋਂ ਰੁਜ਼ਗਾਰ ਸਬੰਧੀ ਕੀਤੇ ਜਾ ਰਹੇ ਦਾਅਵਿਆਂ ’ਤੇ ਵੀ ਸਵਾਲ ਉਠਾਏ। ਪੈਨਸ਼ਨਰ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਆਪਣਾ ਅੜੀਅਲ ਵਤੀਰਾ ਛੱਡ ਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਜਲਦ ਨਿਪਟਾਰਾ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਲੋੜ ਪੈਣ ’ਤੇ ਸੜਕਾਂ ਜਾਮ ਕਰਨ ਵਰਗੇ ਸਖ਼ਤ ਕਦਮ ਵੀ ਚੁੱਕੇ ਜਾ ਸਕਦੇ ਹਨ। ਇਸ ਮੌਕੇ ਬਲਵਿੰਦਰ ਸਿੰਘ ਪਲਾਸੌਰ, ਸੋਹਣ ਸਿੰਘ ਰੱਖੜਾ, ਸੁਰਜੀਤ ਸਿੰਘ ਵਰਪਾਲ, ਅਲਵਿੰਦਰ ਸਿੰਘ ਜੌਹਲ, ਧਨਵੰਤ ਸਿੰਘ ਰੰਧਾਵਾ, ਸਾਧਾ ਸਿੰਘ ਸਾਹਾਬਪੁਰ, ਸੁਖਦੇਵ ਸਿੰਘ ਮਾਣੋਚਾਹਲ, ਜੋਧ ਸਿੰਘ, ਚਰਨਜੀਤ ਸਿੰਘ ਝਬਾਲ, ਕਰਮ ਸਿੰਘ ਪੰਡੋਰੀ, ਬੂਟਾ ਸਿੰਘ ਪੰਡੋਰੀ, ਦਾਰਾ ਸਿੰਘ, ਤਰਲੋਕ ਸਿੰਘ, ਨਿਰਮਲ ਸਿੰਘ, ਸੁਖਵਿੰਦਰ ਸਿੰਘ ਕੈਰੋਂਵਾਲ, ਜਗਤਾਰ ਸਿੰਘ ਭਿੱਜੀਆਂ, ਅਮਰਜੀਤ ਸਿੰਘ, ਹਰਜੀਤ ਸਿੰਘ ਤਰਨਤਾਰਨ, ਜਸਵੰਤ ਸਿੰਘ ਝੀਤਾਂ, ਪ੍ਰਗਟ ਸਿੰਘ ਗਿੱਲ, ਪਰਮਜੀਤ ਸਿੰਘ, ਕਰਮ ਸਿੰਘ ਚਮਕੀਲਾ, ਰੀਤੂ, ਜਸਬੀਰ ਕੌਰ, ਸੁਰਿੰਦਰ ਸਿੰਘ ਭੱਠਲ, ਤਰਸੇਮ ਸਿੰਘ, ਸਤਪਿੰਦਰ ਸਿੰਘ ਢੰਡ, ਲੱਖਪਾਲ ਸਿੰਘ ਕਸੇਲ, ਲਖਵਿੰਦਰ ਸਿੰਘ ਜੌਹਲ ਅਤੇ ਦਿਲਬਾਗ ਸਿੰਘ ਸੁਲਤਾਨਵਿੰਡ ਸਮੇਤ ਵੱਡੀ ਗਿਣਤੀ ਵਿਚ ਪੈਨਸ਼ਨਰ ਅਤੇ ਮੁਲਾਜ਼ਮ ਹਾਜ਼ਰ ਸਨ।