ਪਿੰਡ ਤਲਵੰਡੀ ਸੋਭਾ ਸਿੰਘ ’ਚ ‘ਆਪ’ ਨੇ ਕਰਵਾਇਆ ਲੋਕ ਮਿਲਣੀ ਸਮਾਗਮ ਪਿੰਡ ਤਲਵੰਡੀ ਸੋਭਾ ਸਿੰਘ ’ਚ ਕਰਵਾਇਆ ਆਮ ਆਦਮੀ ਪਾਰਟੀ ਦਾ ਲੋਕ ਮਿਲਣੀ ਸਮਾਗਮ
Publish Date: Thu, 27 Aug 2026 05:17 PM (IST)
Updated Date: Thu, 27 Aug 2026 05:19 PM (IST)
ਵਿਧਾਇਕ ਸਰਵਨ ਸਿੰਘ ਧੁੰਨ, ਸਰਪੰਚ ਕੁਲਦੀਪ ਸਿੰਘ ਗਿੱਲ ਤੇ ਪਿੰਡ ਵਾਸੀ ਰਹੇ ਹਾਜ਼ਰ ਰਾਜਵਿੰਦਰ ਸਿੰਘ ਰਾਜੂ, •ਪੰਜਾਬੀ ਜਾਗਰਣ ਵਲਟੋਹਾ : ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਪਿੰਡ ਤਲਵੰਡੀ ਸੋਭਾ ਸਿੰਘ ਵਿਖੇ ਸਰਪੰਚ ਕੁਲਦੀਪ ਸਿੰਘ ਗਿੱਲ ਅਤੇ ਸਰਪੰਚ ਸਰਬਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵੱਲੋਂ ਲੋਕ ਮਿਲਣੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਨੌਜਵਾਨਾਂ ਤੋਂ ਇਲਾਵਾ ਪਿੰਡ ਵਾਸੀਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਸਮਾਗਮ ਵਿਚ ਨੌਜਵਾਨਾਂ ਦੀ ਵੱਡੀ ਗਿਣਤੀ ਵਿਚ ਮੌਜੂਦਗੀ ਖਾਸ ਖਿੱਚ ਦਾ ਕੇਂਦਰ ਰਹੀ। ਇਸ ਮੌਕੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸਰਵਨ ਸਿੰਘ ਧੁੰਨ ਨੇ ਕਿਹਾ ਕਿ ਸਰਹੱਦੀ ਵਿਧਾਨ ਸਭਾ ਹਲਕਾ ਖੇਮਕਰਨ ਨੂੰ ਹਰ ਪੱਖੋਂ ਵਿਕਸਤ ਕਰਨ ਲਈ ਉਨ੍ਹਾਂ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਵਿਚ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਇਸ ਦਿਸ਼ਾ ਵਿਚ ਹੁਣ ਤਕ ਕਾਫ਼ੀ ਹੱਦ ਤਕ ਸਫਲਤਾ ਵੀ ਹਾਸਲ ਹੋਈ ਹੈ। ਵਿਧਾਇਕ ਧੁੰਨ ਨੇ ਕਿਹਾ ਕਿ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਸਰਪੰਚਾਂ ਵੱਲੋਂ ਵੀ ਵਿਕਾਸ ਕਾਰਜਾਂ ਨੂੰ ਲੈ ਕੇ ਲਗਾਤਾਰ ਮਿਹਨਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਪੰਚਾਇਤਾਂ ਅਤੇ ਸਰਕਾਰ ਮਿਲ ਕੇ ਕੰਮ ਕਰ ਰਹੀਆਂ ਹਨ, ਜਿਸ ਦੇ ਨਤੀਜੇ ਵਜੋਂ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ’ਚ ਲਗਾਤਾਰ ਸੁਧਾਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਦਾ ਮੁੱਖ ਮਕਸਦ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਾ ਹੈ। ਇਨ੍ਹਾਂ ਸਮਾਗਮਾਂ ਰਾਹੀਂ ਪਿੰਡ ਵਾਸੀ ਆਪਣੀਆਂ ਸਮੱਸਿਆਵਾਂ ਅਤੇ ਮੰਗਾਂ ਸਿੱਧੇ ਤੌਰ ’ਤੇ ਸਰਕਾਰ ਦੇ ਨੁਮਾਇੰਦਿਆਂ ਦੇ ਧਿਆਨ ਵਿਚ ਲਿਆ ਸਕਦੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਪਿੰਡ ਵਾਸੀਆਂ ਵੱਲੋਂ ਰੱਖੀਆਂ ਗਈਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਜਗਤਾਰ ਸਿੰਘ ਹਵਾਰਾ ਦੇ ਮਾਮਲੇ ਸਬੰਧੀ ਗੱਲਬਾਤ ਕਰਦਿਆਂ ਵਿਧਾਇਕ ਸਰਵਨ ਸਿੰਘ ਧੁੰਨ ਨੇ ਕਿਹਾ ਕਿ ਲੋਕਤੰਤਰ ਵਿਚ ਹਰ ਵਿਅਕਤੀ ਨੂੰ ਕਾਨੂੰਨ ਅਨੁਸਾਰ ਆਪਣੇ ਹੱਕ ਪ੍ਰਾਪਤ ਕਰਨ ਦਾ ਅਧਿਕਾਰ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਗਤਾਰ ਸਿੰਘ ਹਵਾਰਾ ਦੀ ਜ਼ਮਾਨਤ ਸਬੰਧੀ ਕੀਤੀ ਗਈ ਸਿਫ਼ਾਰਸ਼ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜੇਕਰ ਕਾਨੂੰਨ ਅਨੁਸਾਰ ਜ਼ਮਾਨਤ ਦਾ ਹੱਕ ਬਣਦਾ ਹੈ ਤਾਂ ਉਸ ਸਬੰਧੀ ਕਾਨੂੰਨੀ ਪ੍ਰਕਿਰਿਆ ਅਨੁਸਾਰ ਫ਼ੈਸਲਾ ਹੋਣਾ ਚਾਹੀਦਾ ਹੈ। ਅਕਾਲੀ ਦਲ ’ਤੇ ਨਿਸ਼ਾਨਾ ਸਾਧਦਿਆਂ ਵਿਧਾਇਕ ਧੁੰਨ ਨੇ ਕਿਹਾ ਕਿ ਆਪਣੇ ਆਪ ਨੂੰ ਪੰਥਕ ਕਹਾਉਣ ਵਾਲੇ ਅੱਜ ਬੰਦੀ ਸਿੰਘਾਂ ਦੇ ਮਾਮਲੇ ’ਤੇ ਦਿਖਾਵਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਅਕਾਲੀ ਦਲ ਦੀ ਸਰਕਾਰ ਸੂਬੇ ਵਿਚ ਸੱਤਾ ’ਚ ਸੀ, ਉਸ ਸਮੇਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬੰਦੀ ਸਿੰਘਾਂ ਦੇ ਮਾਮਲੇ ਨੂੰ ਲੈ ਕੇ ਵੀ ਫ਼ਿਕਰਮੰਦ ਹਨ ਅਤੇ ਸਰਕਾਰ ਵੱਲੋਂ ਕਾਨੂੰਨੀ ਦਾਇਰੇ ਵਿਚ ਰਹਿੰਦਿਆਂ ਇਸ ਮਾਮਲੇ ਨੂੰ ਲੈ ਕੇ ਆਪਣੀ ਭੂਮਿਕਾ ਨਿਭਾਈ ਜਾ ਰਹੀ ਹੈ। ਇਸ ਮੌਕੇ ਪਿੰਡ ਤਲਵੰਡੀ ਸੋਭਾ ਸਿੰਘ ਦੇ ਸਰਪੰਚ ਕੁਲਦੀਪ ਸਿੰਘ ਗਿੱਲ ਅਤੇ ਸਰਪੰਚ ਸਰਬਜੀਤ ਸਿੰਘ ਗਿੱਲ ਨੇ ਕਿਹਾ ਕਿ ਪਿੰਡ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਚਾਇਤ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਨੂੰ ਵਿਕਾਸ ਪੱਖੋਂ ਹੋਰ ਅੱਗੇ ਲਿਜਾਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਨੌਜਵਾਨਾਂ ਅਤੇ ਪਿੰਡ ਵਾਸੀਆਂ ਦੀ ਸ਼ਮੂਲੀਅਤ ਨੇ ਸਮਾਗਮ ਨੂੰ ਪ੍ਰਭਾਵਸ਼ਾਲੀ ਬਣਾਇਆ। ਵਿਧਾਇਕ ਧੁੰਨ ਨੇ ਨੌਜਵਾਨਾਂ ਦੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਦਾ ਸਵਾਗਤ ਕਰਦਿਆਂ ਕਿਹਾ ਕਿ ਨੌਜਵਾਨ ਪਿੰਡਾਂ ਅਤੇ ਸਮਾਜ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ ਅਤੇ ਉਨ੍ਹਾਂ ਨੂੰ ਵਿਕਾਸ ਕਾਰਜਾਂ ਨਾਲ ਜੋੜਨਾ ਸਮੇਂ ਦੀ ਲੋੜ ਹੈ।