ਸ਼ੇਰੋਂ ਖੰਡ ਮਿੱਲ ਮੋਰਚੇ ਦੇ 100ਵੇਂ ਦਿਨ ਮੁੱਖ ਮੰਤਰੀ ਵਿਰੁੱਧ ਨਾਅਰੇਬਾਜ਼ੀ ਖੰਡ ਮਿੱਲ ਮੋਰਚੇ ਦੇ 100ਵੇਂ ਦਿਨ ਮੁੱਖ ਮੰਤਰੀ ਵਿਰੁੱਧ ਨਾਅਰੇਬਾਜ਼ੀ
Publish Date: Fri, 28 Aug 2026 06:32 PM (IST)
Updated Date: Fri, 28 Aug 2026 06:34 PM (IST)
ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਸੰਘਰਸ਼ ਦੀ ਡਟਵੀਂ ਹਮਾਇਤ ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਸ਼ੇਰੋਂ ਖੰਡ ਮਿੱਲ ਦੀ ਜ਼ਮੀਨ ਦੀ ਮਾਲਕੀ ਤਬਦੀਲ ਕਰਨ ਦੇ ਖਿਲਾਫ਼ ਅਤੇ ਖੰਡ ਮਿੱਲ ਮੁੜ ਚਾਲੂ ਕਰਨ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ 21 ਮਈ ਤੋਂ ਲਗਾਏ ਪੱਕੇ ਮੋਰਚੇ ਦੇ 100ਵੇਂ ਦਿਨ ਕਿਸਾਨਾਂ ਨੇ ਮੁੱਖ ਮੰਤਰੀ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਵੱਖ-ਵੱਖ ਕਿਸਾਨ ਜਥੇਬੰਦੀਆਂ ਨਾਲ ਸਬੰਧਤ ਆਗੂਆਂ ਤਰਸੇਮ ਸਿੰਘ ਲੁਹਾਰ, ਰਤਨ ਸਿੰਘ ਢੰਡ, ਦਵਿੰਦਰ ਸੋਹਲ, ਕਸ਼ਮੀਰ ਸਿੰਘ ਸ਼ੇਰੋਂ, ਅਸ਼ਵਨੀ ਕੁਮਾਰ, ਗੁਰਪ੍ਰੀਤ ਸਿੰਘ ਗੰਡੀਵਿੰਡ, ਜੱਸਾ ਸਿੰਘ ਕੱਦਗਿੱਲ ਆਦਿ ਨੇ ਕਿਹਾ ਕਿ ਮੁੱਖ ਮੰਤਰੀ ਦਾ ਰਵੱਈਆ ਆਪਣੇ ਮਸਲਿਆਂ ਲਈ ਸੰਘਰਸ਼ ਕਰ ਰਹੇ ਸਭਨਾਂ ਮਿਹਨਤਕਸ਼ ਲੋਕਾਂ ਪ੍ਰਤੀ ਬੇਹੱਦ ਨਿੰਦਣਯੋਗ ਹੈ। ਮੁੱਖ ਮੰਤਰੀ ਲੋਕਾਂ ਦੁਆਰਾ ਦਿੱਤੀ ਤਾਕਤ ਦਾ ਇਸਤੇਮਾਲ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰਨ ਲਈ ਵਰਤ ਰਹੇ ਹਨ। ਕਿਸਾਨ ਆਗੂਆਂ ਨੇ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਸੂਬਾ ਭਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸੰਘਰਸ਼ ਦੀ ਡਟਵੀਂ ਹਮਾਇਤ ਕਰਦਿਆਂ ਮੁੱਖ ਮੰਤਰੀ ਨੂੰ ਚਿਤਾਵਨੀ ਭਰੇ ਲਹਿਜ਼ੇ ਵਿਚ ਕਿਹਾ ਕਿ ਗੈਰ-ਸੰਜੀਦਗੀ ਨਾਲ ਭਰਿਆ ਰਵੱਈਆ ਛੱਡ ਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸਾਰੇ ਵਾਜਬ ਮਸਲਿਆਂ ਦਾ ਹੱਲ ਟੇਬਲ ’ਤੇ ਬੈਠ ਕੇ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਜੇਕਰ ਖੰਡ ਮਿੱਲ ਦੇ ਮਸਲੇ ਪ੍ਰਤੀ ਪੰਜਾਬ ਸਰਕਾਰ ਨੇ ਗੰਭੀਰਤਾ ਨਾ ਵਿਖਾਈ ਤਾਂ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੂੰ ਪਿੰਡਾਂ ਵਿਚ ਲੋਕਾਂ ਦੇ ਰੋਹ ਦਾ ਸਾਹਮਣਾ ਕਰਨਾ ਪਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਿਸਾਨ ਆਗੂ ਗੁਰਚਰਨ ਸਿੰਘ ਸਭਰਾ, ਸੁਖਬਾਜ ਸਿੰਘ ਸਿੱਧੂ, ਗੁਰਚਰਨ ਸਿੰਘ ਨੌਸ਼ਹਿਰਾ ਪਨੂੰਆਂ, ਮੇਜਰ ਸਿੰਘ ਦਿਆਲਪੁਰ, ਹਰਪਾਲ ਸਿੰਘ ਗੋਰਖਾ, ਗੁਰਮੇਜ਼ ਸਿੰਘ ਗੋਰਖਾ, ਕੇਹਰ ਸਿੰਘ ਮੁਗਲਚੱਕ, ਬਲਵਿੰਦਰ ਸਿੰਘ ਮੁੰਡਾ ਪਿੰਡ, ਕੇਵਲ ਸਿੰਘ ਮਾੜੀ ਕੰਬੋਕੀ ਆਦਿ ਹਾਜ਼ਰ ਰਹੇ।