ਗੁਰਸੇਵਕ ਸਿੰਘ ਸ਼ੇਖ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਨਿਯੁਕਤ ਗੁਰਸੇਵਕ ਸਿੰਘ ਸ਼ੇਖ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਨਿਯੁਕਤ
Publish Date: Tue, 01 Sep 2026 08:19 PM (IST)
Updated Date: Tue, 01 Sep 2026 08:22 PM (IST)
ਯੂਥ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਦੀ ਵੀ ਮਿਲੀ ਜ਼ਿੰਮੇਵਾਰੀ ਸਮਰਥਕਾਂ ਨੇ ਮੂੰਹ ਮਿੱਠਾ ਕਰਵਾ ਕੇ ਦਿੱਤੀ ਵਧਾਈ ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੇ ਆਗੂ ਗੁਰਸੇਵਕ ਸਿੰਘ ਸ਼ੇਖ ਨੂੰ ਅਹਿਮ ਜ਼ਿੰਮੇਵਾਰੀ ਸੌਂਪਦਿਆਂ ਲੋਕ ਸਭਾ ਹਲਕਾ ਖਡੂਰ ਸਾਹਿਬ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਯੂਥ ਅਕਾਲੀ ਦਲ ਦਾ ਕਾਰਜਕਾਰੀ ਪ੍ਰਧਾਨ ਵੀ ਬਣਾਇਆ ਗਿਆ ਹੈ। ਗੁਰਸੇਵਕ ਸਿੰਘ ਸ਼ੇਖ ਨੂੰ ਮਿਲੀ ਇਸ ਨਵੀਂ ਜ਼ਿੰਮੇਵਾਰੀ ਨਾਲ ਉਨ੍ਹਾਂ ਦੇ ਸਮਰਥਕਾਂ ਅਤੇ ਪਾਰਟੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਨਿਯੁਕਤੀ ਦੀ ਖ਼ਬਰ ਮਿਲਦਿਆਂ ਹੀ ਰਸ਼ਪਾਲ ਸਿੰਘ ਪਾਲਾ ਸਾਬਕਾ ਸਰਪੰਚ ਜੀਓਬਾਲਾ, ਡਾ. ਪਰਮਜੀਤ ਸਿੰਘ, ਮਨਜੀਤ ਸਿੰਘ, ਅਮਨਪ੍ਰੀਤ ਸਿੰਘ, ਸਤਨਾਮ ਸਿੰਘ ਸਮੇਤ ਹੋਰ ਆਗੂਆਂ ਅਤੇ ਸਮਰਥਕਾਂ ਨੇ ਗੁਰਸੇਵਕ ਸਿੰਘ ਸ਼ੇਖ ਦਾ ਮੂੰਹ ਮਿੱਠਾ ਕਰਵਾਇਆ ਅਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਗੁਰਸੇਵਕ ਸਿੰਘ ਸ਼ੇਖ ਨੂੰ ਦਿੱਤੀ ਗਈ ਇਹ ਜ਼ਿੰਮੇਵਾਰੀ ਪਾਰਟੀ ਵਿਚ ਉਨ੍ਹਾਂ ਦੀ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਸੇਵਾ ਅਤੇ ਸਰਗਰਮ ਭੂਮਿਕਾ ਦਾ ਸਨਮਾਨ ਹੈ। ਗੁਰਸੇਵਕ ਸਿੰਘ ਸ਼ੇਖ ਸ਼੍ਰੋਮਣੀ ਅਕਾਲੀ ਦਲ ਨਾਲ ਲੰਮੇ ਸਮੇਂ ਤੋਂ ਜੁੜੇ ਹੋਏ ਹਨ ਅਤੇ ਯੂਥ ਅਕਾਲੀ ਦਲ ਦੇ ਤਰਨਤਾਰਨ ਜ਼ਿਲ੍ਹੇ ਦੇ ਪ੍ਰਧਾਨ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ। ਇਸ ਤੋਂ ਇਲਾਵਾ ਉਹ ਸਾਬਕਾ ਚੇਅਰਮੈਨ ਅਤੇ ਯੂਥ ਅਕਾਲੀ ਦਲ ਕੋਰ ਕਮੇਟੀ ਦੇ ਵੀ ਮੈਂਬਰ ਰਹਿ ਚੁੱਕੇ ਹਨ। ਪਾਰਟੀ ਦੇ ਸੰਗਠਨ ਵਿਚ ਵੱਖ-ਵੱਖ ਅਹੁਦਿਆਂ ’ਤੇ ਕੰਮ ਕਰਨ ਦਾ ਉਨ੍ਹਾਂ ਨੂੰ ਤਜਰਬਾ ਹੈ। ਪਾਰਟੀ ਵੱਲੋਂ ਲੋਕ ਸਭਾ ਹਲਕਾ ਖਡੂਰ ਸਾਹਿਬ ਦੀ ਜ਼ਿੰਮੇਵਾਰੀ ਸੌਂਪੇ ਜਾਣ ਤੋਂ ਬਾਅਦ ਗੁਰਸੇਵਕ ਸਿੰਘ ਸ਼ੇਖ ਦੀ ਭੂਮਿਕਾ ਹੋਰ ਮਹੱਤਵਪੂਰਨ ਹੋ ਗਈ ਹੈ। ਨਵੀਂ ਜ਼ਿੰਮੇਵਾਰੀ ਤਹਿਤ ਉਨ੍ਹਾਂ ਵੱਲੋਂ ਹਲਕੇ ਵਿਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਸਰਗਰਮ ਕਰਨ, ਵਰਕਰਾਂ ਨਾਲ ਤਾਲਮੇਲ ਬਣਾਉਣ ਅਤੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੰਮ ਕਰਨ ਦੀ ਉਮੀਦ ਹੈ। ਇਸ ਮੌਕੇ ਸਮਰਥਕਾਂ ਨੇ ਕਿਹਾ ਕਿ ਗੁਰਸੇਵਕ ਸਿੰਘ ਸ਼ੇਖ ਨੂੰ ਪਾਰਟੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨਾਲ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸ਼ੇਖ ਪਾਰਟੀ ਦੀ ਮਜ਼ਬੂਤੀ ਲਈ ਪਹਿਲਾਂ ਵੀ ਸਰਗਰਮ ਭੂਮਿਕਾ ਨਿਭਾਉਂਦੇ ਰਹੇ ਹਨ ਅਤੇ ਹੁਣ ਮਿਲੀ ਜ਼ਿੰਮੇਵਾਰੀ ਨੂੰ ਵੀ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ।