ਸੂਬੇ ਦੀਆਂ 518 ਗਊਸ਼ਾਲਾਵਾਂ ਦੇ ਬਿਜਲੀ ਬਿੱਲ ਕੀਤੇ ਮਾਫ਼ : ਕੀਮਤੀ ਭਗਤ ਤਰਨਤਾਰਨ ਦੀਆਂ ਸੱਤ ਗਊਸ਼ਾਲਾਵਾਂ ਸਮੇਤ ਸੂਬੇ ਦੀਆਂ 518 ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼ - ਕੀਮਤੀ ਭਗਤ
Publish Date: Wed, 02 Sep 2026 06:24 PM (IST)
Updated Date: Wed, 02 Sep 2026 06:25 PM (IST)
ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਨੇ ਜ਼ਿਲ੍ਹੇ ’ਚ ਗਊਧਨ ਦੀ ਸਾਂਭ-ਸੰਭਾਲ ਦਾ ਲਿਆ ਜਾਇਜ਼ਾ ਤਰਨਤਾਰਨ ਦੀਆਂ 7 ਗਊਸ਼ਾਲਾਵਾਂ ਨੂੰ ਮਿਲੇ ‘ਕਾਓ ਲਿਫਟਰ’ ਗਊਸ਼ਾਲਾਵਾਂ ਨੂੰ ਹਰੇਕ ਗਊਧਨ ਲਈ ਮਿਲਣਗੇ ਰੋਜ਼ਾਨਾ 61 ਰੁਪਏ ਜਸਪਾਲ ਸਿੰਘ ਜੱਸੀ, •ਪੰਜਾਬੀ ਜਾਗਰਣ ਤਰਨਤਾਰਨ : ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਨੇ ਕਿਹਾ ਕਿ ਪੰਜਾਬ ਗਊ ਸੇਵਾ ਕਮਿਸ਼ਨ ਗਊਧਨ ਦੀ ਸਾਂਭ-ਸੰਭਾਲ ਅਤੇ ਗਊਸ਼ਾਲਾਵਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਸੂਬੇ ਦੀਆਂ 518 ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮਾਫ਼ ਕਰਵਾਏ ਗਏ ਹਨ, ਜਿਨ੍ਹਾਂ ਵਿਚ ਤਰਨਤਾਰਨ ਜ਼ਿਲ੍ਹੇ ਦੀਆਂ 7 ਗਊਸ਼ਾਲਾਵਾਂ ਵੀ ਸ਼ਾਮਲ ਹਨ। ਉਹ ਬੀਤੇ ਕੱਲ੍ਹ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਅਧਿਕਾਰੀਆਂ ਤੇ ਜ਼ਿਲ੍ਹੇ ਦੀਆਂ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਕੀਮਤੀ ਭਗਤ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਗਊਸ਼ਾਲਾਵਾਂ ਦੇ 100 ਕਰੋੜ ਰੁਪਏ ਤੋਂ ਵੱਧ ਦੇ ਬਿਜਲੀ ਬਿੱਲ ਮਾਫ਼ ਕੀਤੇ ਜਾ ਚੁੱਕੇ ਹਨ। ਇਸ ਲਈ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜ਼ਖ਼ਮੀ ਗਊਧਨ ਦੇ ਇਲਾਜ ਲਈ ਵੀ ਕਮਿਸ਼ਨ ਦੀ ਸਿਫ਼ਾਰਸ਼ ’ਤੇ ਪੰਜਾਬ ਸਰਕਾਰ ਵੱਲੋਂ 3 ਕਰੋੜ 6 ਲੱਖ ਰੁਪਏ ਦੀ ਲਾਗਤ ਨਾਲ ਸੂਬੇ ਦੀਆਂ ਗਊਸ਼ਾਲਾਵਾਂ ਨੂੰ ਕਾਓ ਲਿਫਟਰ ਮੁਹੱਈਆ ਕਰਵਾਏ ਗਏ ਹਨ, ਜਿਨ੍ਹਾਂ ਵਿੱਚ ਤਰਨਤਾਰਨ ਜ਼ਿਲ੍ਹੇ ਦੀਆਂ ਸੱਤ ਗਊਸ਼ਾਲਾਵਾਂ ਵੀ ਸ਼ਾਮਲ ਹਨ। ਉਪ ਚੇਅਰਮੈਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਗਊਸ਼ਾਲਾਵਾਂ ਵਿਚ ਰੱਖੀ ਹਰੇਕ ਗਾਂ ਲਈ ਰੋਜ਼ਾਨਾ 61 ਰੁਪਏ ਦੇਣ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਜਲਦ ਹੀ ਇਸ ਸਬੰਧੀ ਮੀਟਿੰਗ ਕਰ ਕੇ ਗਊਸ਼ਾਲਾਵਾਂ ਨੂੰ ਇਹ ਰਾਸ਼ੀ ਮੁਹੱਈਆ ਕਰਵਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਕੀਮਤੀ ਭਗਤ ਨੇ ਕਿਹਾ ਕਿ ਸੂਬੇ ਵਿਚ ਲਾਵਾਰਿਸ ਤੇ ਬੇਸਹਾਰਾ ਗਊਧਨ ਦੀ ਸਾਂਭ-ਸੰਭਾਲ, ਸੁਰੱਖਿਆ ਅਤੇ ਬਿਹਤਰੀ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕੋਈ ਵੀ ਬੇਸਹਾਰਾ ਗਊਧਨ ਸੜਕਾਂ ’ਤੇ ਲਾਵਾਰਿਸ ਨਾ ਘੁੰਮੇ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਕਿਸਾਨਾਂ ਦੀਆਂ ਫ਼ਸਲਾਂ ਨੂੰ ਨੁਕਸਾਨ ਪਹੁੰਚ ਰਿਹਾ ਹੈ, ਉੱਥੇ ਸੜਕ ਹਾਦਸਿਆਂ ਅਤੇ ਆਵਾਜਾਈ ਸਬੰਧੀ ਸਮੱਸਿਆਵਾਂ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਬੇਸਹਾਰਾ ਗਊਧਨ ਦੀ ਸਮੱਸਿਆ ਦੇ ਸਥਾਈ ਹੱਲ ਅਤੇ ਗਊਸ਼ਾਲਾਵਾਂ ਦੀ ਸਮੱਰਥਾ ਵਧਾਉਣ ਲਈ ਉਹ ਲਗਾਤਾਰ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰ ਰਹੇ ਹਨ ਅਤੇ ਡਿਪਟੀ ਕਮਿਸ਼ਨਰਾਂ ਤੇ ਹੋਰ ਸਬੰਧਤ ਅਧਿਕਾਰੀਆਂ ਨਾਲ ਮੀਟਿੰਗਾਂ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਪਿਛਲੇ ਚਾਰ ਮਹੀਨਿਆਂ ਦੌਰਾਨ ਇਸ ਸਬੰਧੀ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ 63 ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ। ਇਸ ਤੋਂ ਪਹਿਲਾਂ ਉਨ੍ਹਾਂ ਪਸ਼ੂ ਪਾਲਣ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸਥਾਰਤ ਮੀਟਿੰਗ ਦੌਰਾਨ ਸਰਕਾਰੀ ਗਊਸ਼ਾਲਾਵਾਂ ਦੇ ਪ੍ਰਬੰਧਾਂ, ਕਾਓ ਸੈੱਸ, ਗਊ-ਮਾਸ ਤੇ ਗਊ-ਸਮਗਲਿੰਗ ਦੀ ਰੋਕਥਾਮ ਅਤੇ ਹੋਰਨਾਂ ਮੁੱਦਿਆਂ ਆਦਿ ’ਤੇ ਵਿਸਥਾਰ ਨਾਲ ਚਰਚਾ ਕੀਤੀ ਅਤੇ ਲੋੜੀਂਦੇ ਆਦੇਸ਼ ਦਿੱਤੇ। ਉਨ੍ਹਾਂ ਨਗਰ ਕੌਂਸਲ ਤਰਨਤਾਰਨ ਨੂੰ ਆਦੇਸ਼ ਦਿੱਤੇ ਕਿ ਇਕ ਮਹੀਨੇ ਅੰਦਰ ਨਵੀਂ ਐਨੀਮਲ ਕੈਪਚਰ ਗੱਡੀ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਇਹ ਵੀ ਆਦੇਸ਼ ਦਿੱਤੇ ਕਿ ਨਗਰ ਕੌਂਸਲਾਂ ਅਤੇ ਵੱਖ-ਵੱਖ ਵਿਭਾਗਾਂ ਕੋਲ ਇਕੱਤਰ ਹੋਏ ਗਊ ਸੈੱਸ ਨੂੰ ਗਊਧਨ ਦੀ ਸਾਂਭ-ਸੰਭਾਲ, ਸੁਰੱਖਿਆ ਅਤੇ ਬਿਹਤਰੀ ਲਈ ਵਰਤਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਹਰੇਕ ਤਿੰਨ ਮਹੀਨੇ ਬਾਅਦ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ ਕੀਤੀ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਸੜਕਾਂ ’ਤੇ ਲਾਵਾਰਿਸ, ਬੇਸਹਾਰਾ ਗਊਧਨ ਨੂੰ ਜਲਦ ਤੋਂ ਜਲਦ ਜ਼ਿਲ੍ਹੇ ਦੀਆਂ ਗਊਸ਼ਾਲਾਵਾਂ ਵਿਚ ਲਿਜਾਣ ਦੇ ਪ੍ਰਬੰਧ ਕੀਤੇ ਜਾਣ। ਇਸ ਤੋਂ ਬਾਅਦ ਉਨ੍ਹਾਂ ਸਰਕਾਰੀ ਕੈਟਲ ਪਾਉਂਡ ਦੁਬਲੀ ਦਾ ਦੌਰਾ ਕਰ ਕੇ ਉੱਥੋਂ ਦੇ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਡਾ. ਆਦਿੱਤਿਆ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਸੰਜੀਵ ਕੁਮਾਰ, ਐੱਸਡੀਐੱਮ ਪੱਟੀ ਅਮਨਦੀਪ ਸਿੰਘ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਤੇਜਬੀਰ ਸਿੰਘ ਰੰਧਾਵਾ, ਡੀਐੱਸਪੀ ਪ੍ਰਵੇਸ਼ ਚੋਪੜਾ, ਸਮੂਹ ਕਾਰਜ ਸਾਧਕ ਅਫ਼ਸਰ, ਬੀਡੀਪੀਓਜ਼, ਗਊਸ਼ਾਲਾਵਾਂ ਦੇ ਪ੍ਰਬੰਧਕ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।