ਰਾਹੁਲ ਗਾਂਧੀ ਵਿਰੁੱਧ ਐੱਫਆਈਆਰ ਮੋਦੀ ਸਰਕਾਰ ਦੀ ਬਦਲਾਖੋਰੀ ਵਾਲੀ ਕਾਰਵਾਈ : ਬੰਡਾਲਾ ਰਾਹੁਲ ਗਾਂਧੀ ਵਿਰੁੱਧ ਐੱਫਆਈਆਰ, ਮੋਦੀ ਸਰਕਾਰ ਦੀ ਬਦਲਾਖੋਰੀ ਵਾਲੀ ਕਾਰਵਾਈ : ਬੰਡਾਲਾ
Publish Date: Thu, 03 Sep 2026 09:04 PM (IST)
Updated Date: Thu, 03 Sep 2026 09:07 PM (IST)
ਜਾਤੀਵਾਦ, ਵਿਤਕਰੇ ਤੇ ਸੰਵਿਧਾਨ ਵਿਰੋਧੀ ਸੋਚ ਨੂੰ ਬਰਦਾਸ਼ਤ ਨਹੀਂ ਕਰੇਗੀ ਕਾਂਗਰਸ : ਰਾਜਬੀਰ ਭੁੱਲਰ ਹਲਦਵਾਨੀ ਘਟਨਾ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਕੀਤੇ ਤਿੱਖੇ ਹਮਲੇ ਸਟਾਫ ਰਿਪੋਰਟਰ, •ਪੰਜਾਬੀ ਜਾਗਰਣ, ਤਰਨਤਾਰਨ : ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਮੱਲਿਕਾਰਜੁਨ ਖੜਗੇ ਦੀ ਹਲਦਵਾਨੀ ਰੈਲੀ ਵਾਲੀ ਥਾਂ ’ਤੇ ਭਾਜਪਾ-ਆਰਐੱਸਐੱਸ ਵਰਕਰਾਂ ਵੱਲੋਂ ਕਥਿਤ ਤੌਰ ’ਤੇ ਕੀਤੀ ਗਈ ‘ਸ਼ੁੱਧੀਕਰਨ ਰਸਮ’ ਅਤੇ ਇਸ ਮਾਮਲੇ ਸਬੰਧੀ ਕਾਰਵਾਈ ਕਰਨ ਦੀ ਬਜਾਏ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਵਿਰੁੱਧ ਐੱਫਆਈਆਰ ਦਰਜ ਕਰ ਕੇ ਕੇਂਦਰ ਦੀ ਮੋਦੀ ਸਰਕਾਰ ਨੇ ਜਿੱਥੇ ਘਟੀਆ ਅਤੇ ਬਦਲਾਖੋਰੀ ਵਾਲੀ ਸੌੜੀ ਰਾਜਨੀਤੀ ਕੀਤੀ ਹੈ, ਉੱਥੇ ਹੀ ਸੰਵਿਧਾਨਕ ਕਦਰਾਂ-ਕੀਮਤਾਂ ਦੀਆਂ ਸ਼ਰੇਆਮ ਧੱਜੀਆਂ ਉਡਾਈਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਪੱਤਰਕਾਰ ਵਾਰਤਾ ਦੌਰਾਨ ਕੀਤਾ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਤਰਨਤਾਰਨ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਵੀ ਹਾਜ਼ਰ ਸਨ। ਪ੍ਰੈੱਸ ਕਾਨਫਰੰਸ ਦੌਰਾਨ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਕਿਹਾ ਕਿ ਹਲਦਵਾਨੀ ਵਿਚ ਵਾਪਰੀ ਕਥਿਤ ਘਟਨਾ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ ਸੰਵਿਧਾਨ ਹਰ ਨਾਗਰਿਕ ਨੂੰ ਬਰਾਬਰੀ ਅਤੇ ਸਨਮਾਨ ਦਾ ਅਧਿਕਾਰ ਦਿੰਦਾ ਹੈ ਅਤੇ ਕਿਸੇ ਵੀ ਵਿਅਕਤੀ ਨਾਲ ਜਾਤੀ ਜਾਂ ਸਮਾਜਿਕ ਪਛਾਣ ਦੇ ਆਧਾਰ ’ਤੇ ਵਿਤਕਰਾ ਕਰਨਾ ਸੰਵਿਧਾਨਕ ਕਦਰਾਂ-ਕੀਮਤਾਂ ਦੇ ਵਿਰੁੱਧ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਇਸ ਘਟਨਾ ਦੇ ਜ਼ਿੰਮੇਵਾਰ ਲੋਕਾਂ ਵਿਰੁੱਧ ਕਾਰਵਾਈ ਕਰਨ ਦੀ ਬਜਾਏ ਸ੍ਰੀ ਰਾਹੁਲ ਗਾਂਧੀ ਵਿਰੁੱਧ ਐੱਫਆਈਆਰ ਦਰਜ ਕਰਨਾ ਕੇਂਦਰ ਦੀ ਮੋਦੀ ਸਰਕਾਰ ਦੀ ਘਟੀਆ ਅਤੇ ਬਦਲਾਖੋਰੀ ਵਾਲੀ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਸਿਰਫ਼ ਇੱਕ ਗੰਭੀਰ ਮੁੱਦਾ ਲੋਕਾਂ ਅਤੇ ਸਰਕਾਰ ਦੇ ਸਾਹਮਣੇ ਰੱਖਦਿਆਂ ਦੋਸ਼ੀਆਂ ਵਿਰੁੱਧ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਸੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਕਿਹਾ ਕਿ ਕਾਂਗਰਸ ਪਾਰਟੀ ਕਿਸੇ ਵੀ ਤਰ੍ਹਾਂ ਦੇ ਜਾਤੀਵਾਦ, ਵਿਤਕਰੇ ਅਤੇ ਸੰਵਿਧਾਨ ਵਿਰੋਧੀ ਸੋਚ ਨੂੰ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਆਗੂ ਅਤੇ ਵਰਕਰ ਲੋਕਤੰਤਰ ਅਤੇ ਸੰਵਿਧਾਨ ਦੀ ਰੱਖਿਆ ਲਈ ਹਮੇਸ਼ਾ ਆਵਾਜ਼ ਬੁਲੰਦ ਕਰਦੇ ਰਹਿਣਗੇ। ਉਨ੍ਹਾਂ ਨੇ ਕੇਂਦਰ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਹਲਦਵਾਨੀ ਘਟਨਾ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਕਾਂਗਰਸ ਕਮੇਟੀ ਤਰਨਤਾਰਨ ਦੇ ਪ੍ਰਧਾਨ ਸਰਪੰਚ ਪ੍ਰਦੀਪ ਸਿੰਘ ਕੋਟ ਦਸੰਦੀ ਮੱਲ, ਸ਼ਹਿਰੀ ਪ੍ਰਧਾਨ ਲਖਵਿੰਦਰ ਸਿੰਘ ਲੱਕੀ ਪਾਗਲ, ਭੁਪਿੰਦਰ ਸਿੰਘ ਕੰਗ ਸਰਪੰਚ ਗੋਹਲਵੜ, ਗੁਰਵਿੰਦਰ ਸਿੰਘ ਬੌਬੀ ਤਖਤੂਚੱਕ, ਸਰਪੰਚ ਹੈਪੀ ਬਾਲੇਚੱਕ਼, ਡਾਕਟਰ ਲਖਵਿੰਦਰ ਸਿੰਘ ਬੰਡਾਲਾ, ਕਵਲਜੀਤ ਸਿੰਘ, ਜਸਪਾਲ ਸਿੰਘ ਪਾਲਾ, ਅੰਗਰੇਜ ਸਿੰਘ ਖੱਬੇ ਏਬੀਟੀਸੀ ਟਰਾਂਸਪੋਰਟ ਵਾਲੇ, ਹਰਮਨ ਪਲਾਸੌਰ, ਰਜਿੰਦਰ ਭੰਡਾਰੀ, ਸੁਮਿਤ ਸਿੰਧੀ, ਪ੍ਰਗਟ ਸਿੰਘ, ਸੁਖਜੀਤ ਸਿੰਘ ਸਪੋਕਸਪਰਸਨ, ਡਾਕਟਰ ਪ੍ਰਦੀਪ ਕੁਮਾਰ ਲਿਟਲ, ਮਨਦੀਪ ਸਿੰਘ, ਸਾਹਿਬ ਸਿੰਘ ਮੁਰਾਦਪੁਰਾ, ਨਿਸ਼ਾਨ ਸਿੰਘ ਸ਼ਾਨਾ, ਮਨਦੀਪ ਸਿੰਘ ਆਦਿ ਹਾਜਰ ਸਨ।