ਮੋਟਰਾਂ ਦੀ ਬਿਜਲੀ ਸਪਲਾਈ ਸੁਧਾਰਨ ਲਈ ਕਿਸਾਨਾਂ ਨੇ ਪਾਵਰਕਾਮ ਦਫ਼ਤਰ ਅੱਗੇ ਕੀਤਾ ਪ੍ਰਦਰਸ਼ਨ ਮੋਟਰਾਂ ਦੀ ਬਿਜਲੀ ਸਪਲਾਈ ਸੁਧਾਰਣ ਲਈ ਕਿਸਾਨਾਂ ਨੇ ਪਾਵਰਕਾਮ ਦਫ਼ਤਰ ਅੱਗੇ ਕੀਤਾ ਪ੍ਰਦਰਸ਼ਨ
Publish Date: Fri, 04 Sep 2026 06:38 PM (IST)
Updated Date: Fri, 04 Sep 2026 06:40 PM (IST)
ਖੇਤਾਂ ’ਚ ਲੰਮੇ ਬਿਜਲੀ ਕੱਟਾਂ ਕਾਰਨ ਝੋਨੇ ਦੀ ਫ਼ਸਲ ਨੂੰ ਸੋਕਾ ਪੈਣ ਦਾ ਡਰ ਬੀਕੇਯੂ ਏਕਤਾ ਉਗਰਾਹਾਂ ਨੇ ਸਰਕਾਰ ਨੂੰ ਦਿੱਤੀ ਤਿੱਖੇ ਸੰਘਰਸ਼ ਦੀ ਚਿਤਾਵਨੀ ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਖੇਤਾਂ ਵਿਚ ਮੋਟਰਾਂ ਲਈ ਬਿਜਲੀ ਦੀ ਨਾਕਸ ਸਪਲਾਈ ਅਤੇ ਲੰਮੇ ਬਿਜਲੀ ਕੱਟਾਂ ਤੋਂ ਪਰੇਸ਼ਾਨ ਕਿਸਾਨਾਂ ਵੱਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਤਰਨਤਾਰਨ ਵੱਲੋਂ ਜ਼ਿਲ੍ਹਾ ਪ੍ਰਧਾਨ ਗੁਰਬਾਜ਼ ਸਿੰਘ ਸਿੱਧਵਾਂ ਦੀ ਅਗਵਾਈ ਹੇਠ ਬਿਜਲੀ ਬੋਰਡ ਦੇ ਐੱਸਈ ਦਫ਼ਤਰ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਨੇ ਬਿਜਲੀ ਵਿਭਾਗ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਖੇਤੀਬਾੜੀ ਮੋਟਰਾਂ ਲਈ ਨਿਰਵਿਘਨ ਤੇ ਲੋੜੀਂਦੀ ਬਿਜਲੀ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ। ਕਿਸਾਨ ਆਗੂਆਂ ਨੇ ਬਿਜਲੀ ਬੋਰਡ ਦੇ ਐੱਸਈ ਕਿਸਾਨਾਂ ਨੂੰ ਦਰਪੇਸ਼ ਮੁਸ਼ਕਿਲਾਂ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਇਸ ਸਮੇਂ ਝੋਨੇ ਦੀ ਫ਼ਸਲ ਖੇਤਾਂ ਵਿਚ ਅਹਿਮ ਪੜਾਅ ’ਤੇ ਹੈ ਅਤੇ ਬਿਜਲੀ ਦੀ ਨਾਕਾਫ਼ੀ ਸਪਲਾਈ ਕਾਰਨ ਕਿਸਾਨਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਤਾਂ ਵਿਚ ਮੋਟਰਾਂ ਨੂੰ ਲੋੜ ਅਨੁਸਾਰ ਬਿਜਲੀ ਨਾ ਮਿਲਣ ਕਾਰਨ ਸਿੰਚਾਈ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ। ਜ਼ਿਲ੍ਹਾ ਜਨਰਲ ਸਕੱਤਰ ਭੁਪਿੰਦਰ ਸਿੰਘ ਠੱਠੀਆਂ, ਦਲੇਰ ਸਿੰਘ ਰਾਜੋਕੇ, ਸੁਖਵੰਤ ਸਿੰਘ ਵਲਟੋਹਾ, ਸੁਖਬੀਰ ਸਿੰਘ ਗੱਗੂਬੂਆ, ਹਰਦੀਪ ਸਿੰਘ ਜੋੜਾਂ, ਜਥੇਦਾਰ ਸੁਲੱਖਣ ਸਿੰਘ ਮੰਡਾਲਾ ਅਤੇ ਜਥੇਦਾਰ ਸੰਤੋਖ ਸਿੰਘ ਪੱਟੀ ਸਮੇਤ ਹੋਰਨਾਂ ਆਗੂਆਂ ਨੇ ਕਿਹਾ ਕਿ ਕਿਸਾਨਾਂ ਅਨੁਸਾਰ ਖੇਤਾਂ ਅਤੇ ਘਰਾਂ ਵਿਚ ਲੰਮੇ-ਲੰਮੇ ਬਿਜਲੀ ਕੱਟ ਲੱਗ ਰਹੇ ਹਨ। ਖੇਤੀਬਾੜੀ ਖੇਤਰ ਵਿਚ ਬਿਜਲੀ ਦੀ ਸਪਲਾਈ ਘੱਟ ਹੋਣ ਕਾਰਨ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਦੀ ਸਿੰਚਾਈ ਲਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਗੂਆਂ ਨੇ ਕਿਹਾ ਕਿ ਇਸ ਸਮੇਂ ਝੋਨੇ ਦੀ ਫ਼ਸਲ ਪੱਕਣ ਵੱਲ ਵਧ ਰਹੀ ਹੈ ਅਤੇ ਕਈ ਥਾਵਾਂ ’ਤੇ ਫ਼ਸਲ ਪੂਰੀ ਤਰ੍ਹਾਂ ਬਗੋਲੇ ਵਿਚ ਹੈ। ਅਜਿਹੇ ਸਮੇਂ ਜੇਕਰ ਲੋੜੀਂਦੀ ਬਿਜਲੀ ਨਾ ਮਿਲੀ ਤਾਂ ਖੇਤਾਂ ਵਿਚ ਪਾਣੀ ਦੀ ਕਮੀ ਕਾਰਨ ਫ਼ਸਲ ਨੂੰ ਸੁੱਕਾ ਪੈਣ ਦਾ ਖ਼ਦਸ਼ਾ ਹੈ। ਉਨ੍ਹਾਂ ਕਿਹਾ ਕਿ ਝੋਨੇ ਨੂੰ ਲੋੜੀਂਦਾ ਪਾਣੀ ਨਾ ਮਿਲਣ ਨਾਲ ਇਸ ਦੇ ਝਾੜ ’ਤੇ ਮਾੜਾ ਅਸਰ ਪੈ ਸਕਦਾ ਹੈ ਅਤੇ ਦਾਣਿਆਂ ਵਿਚ ਫੜ੍ਹਾਂ ਵਧਣ ਕਾਰਨ ਕਿਸਾਨਾਂ ਨੂੰ ਆਰਥਿਕ ਨੁਕਸਾਨ ਝੱਲਣਾ ਪੈ ਸਕਦਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਪਹਿਲਾਂ ਹੀ ਖੇਤੀ ਲਾਗਤਾਂ ਵਧਣ, ਮਹਿੰਗੇ ਬੀਜ, ਖਾਦਾਂ, ਕੀਟਨਾਸ਼ਕਾਂ, ਡੀਜ਼ਲ ਅਤੇ ਹੋਰ ਖਰਚਿਆਂ ਕਾਰਨ ਆਰਥਿਕ ਦਬਾਅ ਹੇਠ ਹਨ। ਅਜਿਹੇ ਵਿਚ ਜੇਕਰ ਬਿਜਲੀ ਦੀ ਨਾਕਾਫ਼ੀ ਸਪਲਾਈ ਕਾਰਨ ਫ਼ਸਲ ਦਾ ਝਾੜ ਪ੍ਰਭਾਵਿਤ ਹੁੰਦਾ ਹੈ ਤਾਂ ਇਸ ਦਾ ਸਿੱਧਾ ਬੋਝ ਕਿਸਾਨਾਂ ’ਤੇ ਪਵੇਗਾ। ਅੱਜ ਤੋਂ ਹੱਲ ਨਾ ਹੋਇਆ ਤਾਂ ਸੰਘਰਸ਼ ਹੋਰ ਤਿੱਖਾ ਕਰਨ ਦੀ ਚਿਤਾਵਨੀ ਇਸ ਮੌਕੇ ਕਿਸਾਨ ਆਗੂਆਂ ਨੇ ਬਿਜਲੀ ਵਿਭਾਗ ਅਤੇ ਪੰਜਾਬ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਅੱਜ ਤੋਂ ਖੇਤੀਬਾੜੀ ਮੋਟਰਾਂ ਦੀ ਬਿਜਲੀ ਸਪਲਾਈ ਦਾ ਕੋਈ ਪੱਕਾ ਹੱਲ ਨਾ ਕੀਤਾ ਗਿਆ ਤਾਂ ਜਥੇਬੰਦੀ ਵੱਲੋਂ ਅਗਲੇ ਐਕਸ਼ਨ ਹੋਰ ਤਿੱਖੇ ਕੀਤੇ ਜਾਣਗੇ। ਆਗੂਆਂ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਬਚਾਉਣ ਲਈ ਬਿਜਲੀ ਦੀ ਸਖ਼ਤ ਲੋੜ ਹੈ ਅਤੇ ਇਸ ਮਾਮਲੇ ਨੂੰ ਲੈ ਕੇ ਸਰਕਾਰ ਨੂੰ ਤੁਰੰਤ ਗੰਭੀਰਤਾ ਦਿਖਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬਿਜਲੀ ਸਪਲਾਈ ਸਿਰਫ਼ ਕਿਸਾਨਾਂ ਦਾ ਹੀ ਨਹੀਂ, ਸਗੋਂ ਖੇਤੀਬਾੜੀ ਅਤੇ ਪੇਂਡੂ ਅਰਥਚਾਰੇ ਨਾਲ ਜੁੜਿਆ ਅਹਿਮ ਮਸਲਾ ਹੈ। ਇਸ ਲਈ ਸਰਕਾਰ ਅਤੇ ਬਿਜਲੀ ਵਿਭਾਗ ਨੂੰ ਜ਼ਮੀਨੀ ਪੱਧਰ ’ਤੇ ਪੈਦਾ ਹੋ ਰਹੀਆਂ ਮੁਸ਼ਕਿਲਾਂ ਦਾ ਤੁਰੰਤ ਨਿਪਟਾਰਾ ਕਰਨਾ ਚਾਹੀਦਾ ਹੈ ਤਾਂ ਜੋ ਕਿਸਾਨਾਂ ਨੂੰ ਫ਼ਸਲਾਂ ਦੀ ਸਿੰਚਾਈ ਲਈ ਮਹਿੰਗੇ ਵਿਕਲਪਾਂ ਵੱਲ ਨਾ ਜਾਣਾ ਪਵੇ। ਡੀਸੀ ਦਫ਼ਤਰ ਅੱਗੇ ਮੋਰਚਾ ਛੇਵੇਂ ਦਿਨ ਵੀ ਜਾਰੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਡੀਸੀ ਦਫ਼ਤਰ ਤਰਨਤਾਰਨ ਦੇ ਸਾਹਮਣੇ ਲਗਾਇਆ ਗਿਆ ਪੱਕਾ ਮੋਰਚਾ ਵੀ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਛੇਵੇਂ ਦਿਨ ਜਾਰੀ ਰਿਹਾ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਸਬੰਧਤ ਮਸਲਿਆਂ ਦੇ ਹੱਲ ਲਈ ਜਥੇਬੰਦੀ ਵੱਲੋਂ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਇੰਦਰਜੀਤ ਸਿੰਘ ਮਾੜੀਮੇਘਾ, ਬਲਵਿੰਦਰ ਸਿੰਘ ਲਾਡੀ ਮਾੜੀਮੇਘਾ, ਸੋਹਣ ਸਿੰਘ ਸਭਰਾ, ਕਰਮਜੀਤ ਸਿੰਘ ਸਭਰਾ, ਤਰਸੇਮ ਸਿੰਘ ਕੁਹਾੜਕਾ, ਰੇਸ਼ਮ ਸਿੰਘ ਵਲਟੋਹਾ, ਮਲਕੀਤ ਸਿੰਘ ਸਮੇਤ ਹੋਰ ਕਿਸਾਨ ਆਗੂ ਅਤੇ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।