- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨਣ ’ਤੇ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਹੋਣਗੇ ਤਿੱਖੇ: ਪੈਨਸ਼ਨਰ

ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਦਿ ਪੈਨਸ਼ਨਰਜ਼ ਐਂਡ ਸੀਨੀਅਰ ਸਿਟੀਜ਼ਨਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਤਰਨਤਾਰਨ ਦੀ ਮਹੀਨਾਵਾਰ ਮੀਟਿੰਗ ਬਲਦੇਵ ਸਿੰਘ ਕੱਲ੍ਹਾ ਦੀ ਪ੍ਰਧਾਨਗੀ ਹੇਠ ਗਾਂਧੀ ਪਾਰਕ, ਤਰਨਤਾਰਨ ਵਿਖੇ ਹੋਈ। ਜ਼ਿਲ੍ਹਾ ਸਹਾਇਕ ਸਕੱਤਰ ਜਗਤਾਰ ਸਿੰਘ ਆਸਲ ਨੇ ਕਿਹਾ ਕਿ ਪੰਜਾਬ ਸਰਕਾਰ ਹਾਈ ਕੋਰਟ ਦੇ ਹੁਕਮ ਨਾ ਮੰਨ ਕੇ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿੱਖੇ ਸੰਘਰਸ਼ ਵੱਲ ਧੱਕ ਰਹੀ ਹੈ। ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਅਤੇ ਬਕਾਇਆ ਇੱਕੋ ਵਾਰ ਨਹੀਂ ਦਿੱਤਾ ਜਾ ਰਿਹਾ, ਸਗੋਂ ਸਰਕਾਰ ਦਾ ਪੈਨਸ਼ਨਰ ਤੇ ਮੁਲਾਜ਼ਮ ਵਿਰੋਧੀ ਚਿਹਰਾ ਨੰਗਾ ਹੋ ਰਿਹਾ ਹੈ। ਮਹਿੰਗਾਈ ਬਹੁਤ ਤੇਜ਼ੀ ਨਾਲ ਵਧ ਰਹੀ ਹੈ, ਜਿਸ ਕਾਰਨ ਘੱਟ ਪੈਨਸ਼ਨ ਅਤੇ ਤਨਖਾਹ ਲੈਣ ਵਾਲੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਗੁਜ਼ਾਰਾ ਮੁਸ਼ਕਿਲ ਨਾਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਝੂਠ ਬੋਲ ਰਹੀ ਹੈ ਕਿ ਪੰਜਾਬ ਦੇ ਮੁਲਾਜ਼ਮ ਕੇਂਦਰ ਸਰਕਾਰ ਨਾਲੋਂ ਵੱਧ ਤਨਖਾਹ ਲੈ ਰਹੇ ਹਨ, ਜਦਕਿ ਇਹ ਤਨਖਾਹਾਂ ਪਹਿਲੀਆਂ ਸਰਕਾਰਾਂ ਅਤੇ ਪੇ-ਕਮਿਸ਼ਨ ਦੁਆਰਾ ਦਿੱਤੀਆਂ ਗਈਆਂ ਹਨ। ਮੌਜੂਦਾ ਸਰਕਾਰ ਨੇ ਤਨਖਾਹ ਜਾਂ ਪੈਨਸ਼ਨ ਵਿਚ ਕੋਈ ਵਾਧਾ ਨਹੀਂ ਕੀਤਾ।
ਚੇਅਰਮੈਨ ਗੁਰਦੇਵ ਸਿੰਘ ਸੰਧੂ ਨੇ ਪੰਜਾਬ ਸਰਕਾਰ ਤੋਂ ਜ਼ੋਰਦਾਰ ਮੰਗ ਕੀਤੀ ਕਿ ਪੈਨਸ਼ਨਰਾਂ ਦੇ ਬਕਾਏ ਤੁਰੰਤ ਦਿੱਤੇ ਜਾਣ ਅਤੇ ਲੋਕਾਂ ਨੂੰ ਹੋਰ ਤਿੱਖੇ ਸੰਘਰਸ਼ ਕਰਨ ਲਈ ਮਜ਼ਬੂਰ ਨਾ ਕੀਤਾ ਜਾਵੇ। ਸ਼ਿੰਗਾਰਾ ਸਿੰਘ ਘੜਕਾ ਨੇ ਪੰਜਾਬ ਸਰਕਾਰ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਦੇ ਮੁਲਾਜ਼ਮ ਅਤੇ ਪੈਨਸ਼ਨਰ ਆਉਣ ਵਾਲੀਆਂ ਚੋਣਾਂ ਵਿਚ ਸਰਕਾਰ ਦਾ ਬਿਸਤਰਾ ਗੋਲ ਕਰ ਦੇਣਗੇ। ਲੋਕਾਂ ਨੂੰ ਦੱਸਿਆ ਜਾਵੇਗਾ ਕਿ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ, ਅਫ਼ਸਰਸ਼ਾਹੀ ਭ੍ਰਿਸ਼ਟ ਹੈ ਅਤੇ ਅਮਨ-ਕਾਨੂੰਨ ਦੀ ਹਾਲਤ ਬਹੁਤ ਮਾੜੀ ਹੈ।
ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਕੱਲ੍ਹਾ ਨੇ ਕਿਹਾ ਕਿ ਪੰਜਾਬ ਸਰਕਾਰ ਵਿਰੁੱਧ ਤਿੱਖੇ ਸੰਘਰਸ਼ਾਂ ਦਾ ਸੂਬਾ ਕਮੇਟੀ ਵੱਲੋਂ ਐਲਾਨ ਹੋ ਚੁੱਕਾ ਹੈ। ਆਮ ਆਦਮੀ ਪਾਰਟੀ ਦੇ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦੇ ਘਿਰਾਓ ਕੀਤੇ ਜਾਣਗੇ। ਲੰਮੇ ਸੰਘਰਸ਼ਾਂ ਰਾਹੀਂ ਲੋਕਾਂ ਦੀ ਕਚਹਿਰੀ ਵਿਚ ਸਰਕਾਰ ਦਾ ਝੂਠਾ ਨਕਾਬ ਲਾਹ ਕੇ ਅਸਲੀ ਚਿਹਰਾ ਨੰਗਾ ਕੀਤਾ ਜਾਵੇਗਾ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਅਮਨ-ਕਾਨੂੰਨ ਖ਼ਤਮ ਹੋ ਚੁੱਕਾ ਹੈ, ਨਸ਼ਾ ਘਰ-ਘਰ ਵਿਕ ਰਿਹਾ ਹੈ ਅਤੇ ਨੌਜਵਾਨ ਪੀੜ੍ਹੀ ਨਸ਼ਿਆਂ ਨਾਲ ਤਬਾਹ ਹੋ ਰਹੀ ਹੈ, ਪਰ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਪਈ ਹੈ। ਹੁਣ ਮੁਲਾਜ਼ਮ ਤੇ ਪੈਨਸ਼ਨਰ ਸੰਘਰਸ਼ਾਂ ਰਾਹੀਂ ਸਰਕਾਰ ਨੂੰ ਕੁੰਭਕਰਨੀ ਨੀਂਦ ਤੋਂ ਉਠਾ ਕੇ ਘਰ ਵੱਲ ਤੋਰਨਗੇ। ਇਸ ਮੀਟਿੰਗ ਨੂੰ ਬਖ਼ਸ਼ੀਸ਼ ਸਿੰਘ ਜਵੰਦਾ, ਧਰਮ ਸਿੰਘ ਪੱਟੀ, ਤਜਿੰਦਰ ਸਿੰਘ ਕੱਲ੍ਹਾ, ਅਸ਼ਵਨੀ ਕੁਮਾਰ, ਬਲਬੀਰ ਸਿੰਘ ਵਰਪਾਲ, ਬਲਦੇਵ ਸਿੰਘ ਤਰਨਤਾਰਨ ਅਤੇ ਹੋਰ ਕਈ ਪੈਨਸ਼ਨਰਾਂ ਨੇ ਵੀ ਸੰਬੋਧਨ ਕੀਤਾ।
ਇਸ ਮੌਕੇ ਜ਼ਿਲ੍ਹਾ ਸਰਪ੍ਰਸਤ ਗੋਪਾਲ ਸਿੰਘ, ਹਰਜਿੰਦਰ ਸਿੰਘ ਜੰਡ, ਸੁੱਖਾ ਸਿੰਘ, ਗੁਰਮੀਤ ਸਿੰਘ, ਸੁਖਦੇਵ ਸਿੰਘ ਭਿੱਖੀਵਿੰਡ, ਨਿਰਮਲ ਸਿੰਘ, ਬਲਵਿੰਦਰ ਸਿੰਘ, ਨਿਰਮਲ ਸਿੰਘ ਸਰਹਾਲੀ, ਕਸ਼ਮੀਰ ਸਿੰਘ ਬੁਰਜ਼, ਹਰਭਜਨ ਸਿੰਘ ਕੈਰੋਂ, ਮਨਜੀਤ ਸਿੰਘ, ਨਿਰੰਜਨ ਸਿੰਘ, ਦਵਿੰਦਰ ਸਿੰਘ ਬਿੱਟੂ, ਅਮਰੀਕ ਸਿੰਘ, ਅਮਰਜੀਤ ਸਿੰਘ, ਬਲਬੀਰ ਸਿੰਘ ਚੋਹਲਾ, ਅਮਰੀਕ ਸਿੰਘ ਪੰਡੋਰੀ, ਭੁਪਿੰਦਰ ਸਿੰਘ, ਗੁਰਨਾਮ ਸਿੰਘ ਚੋਹਲਾ, ਗਿਆਨ ਸਿੰਘ ਮਾਣਕਪੁਰਾ, ਜੱਸਾ ਸਿੰਘ, ਗੁਰਮੇਲ ਸਿੰਘ, ਹਰਦੀਪ ਸਿੰਘ, ਸੁਖਦੇਵ ਸਿੰਘ ਮਰਾਣਾ, ਗੁਰਮੀਤ ਸਿੰਘ ਚੋਹਲਾ ਸਾਹਿਬ, ਕੇਵਲ ਸਿੰਘ, ਹਰਭਜਨ ਸਿੰਘ, ਰਜਿੰਦਰ ਸਿੰਘ, ਕੁਲਦੀਪ ਸਿੰਘ, ਦੀਪ ਸਿੰਘ, ਹਰਬੰਸ ਸਿੰਘ, ਮਹਿੰਦਰ ਸਿੰਘ ਪੰਡੋਰੀ, ਹਰਮਨਜੀਤ ਸਿੰਘ, ਮਨਮੋਹਨ ਸਿੰਘ ਬੈਂਕਾ, ਲੈਕਚਰਾਰ ਸਿਮਰਜੀਤ ਕੌਰ, ਸਤਵਿੰਦਰ ਕੌਰ, ਦਲਬੀਰ ਸਿੰਘ, ਕੁਲਵਿੰਦਰ ਸਿੰਘ, ਮਿਲਖਾ ਸਿੰਘ, ਦਰਸ਼ਨ ਸਿੰਘ, ਪ੍ਰਿੰਸੀਪਲ ਦਲਬੀਰ ਸਿੰਘ ਦਿਓਲ, ਸੁਖਦੇਵ ਸਿੰਘ ਬਾਗੜੀਆਂ ਅਤੇ ਸ਼ਕਤੀ ਸ਼ਰਮਾ ਸਮੇਤ ਹੋਰ ਪੈਨਸ਼ਨਰ ਸਾਥੀ ਹਾਜ਼ਰ ਸਨ।
ਮੀਟਿੰਗ ਦੇ ਅਖੀਰ ਵਿਚ ਜ਼ਿਲ੍ਹਾ ਪ੍ਰਧਾਨ ਨੇ ਆਏ ਸਾਥੀਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਲੰਮੇ ਤੇ ਤਿੱਖੇ ਸੰਘਰਸ਼ਾਂ ਲਈ ਤਿਆਰ ਰਹੋ ਤਾਂ ਜੋ ਪੰਜਾਬ ਸਰਕਾਰ ਨੂੰ ਮੰਗਾਂ ਮੰਨਣ ਲਈ ਮਜ਼ਬੂਰ ਕੀਤਾ ਜਾ ਸਕੇ। ਮੀਟਿੰਗ ਦੌਰਾਨ ਆਏ ਹੋਏ ਸਾਥੀਆਂ ਨੇ ਵਿਛੜ ਚੁੱਕੇ ਸਾਥੀਆਂ ਬਲਦੇਵ ਸਿੰਘ ਪੂਨੀਆ, ਹਰਭਜਨ ਸਿੰਘ ਪੱਟੀ, ਮੁਖਤਾਰ ਸਿੰਘ ਬੈਂਕਾ ਅਤੇ ਗੁਰਨਾਮ ਸਿੰਘ ਦਾਊਦ ਨੂੰ ਦੋ ਮਿੰਟ ਖੜ੍ਹੇ ਹੋ ਕੇ ਮੌਨ ਧਾਰਨ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ।