ਕੋਈ ਵੀ ਯੋਗ ਨਾਗਰਿਕ ਵੋਟਰ ਸੂਚੀ ਤੋਂ ਬਾਹਰ ਨਾ ਰਹੇ : ਰਾਹੁਲ ਭੰਡਾਰੀ ਕੋਈ ਵੀ ਯੋਗ ਨਾਗਰਿਕ ਵੋਟਰ ਸੂਚੀ ਤੋਂ ਬਾਹਰ ਨਾ ਰਹੇ : ਰਾਹੁਲ ਭੰਡਾਰੀ
Publish Date: Sun, 06 Sep 2026 07:05 PM (IST)
Updated Date: Sun, 06 Sep 2026 07:07 PM (IST)
ਰੋਲ ਆਬਜ਼ਰਵਰ ਨੇ ਅਧਿਕਾਰੀਆਂ ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰ ਕੇ ਵਿਸ਼ੇਸ਼ ਕੈਂਪਾਂ ਦਾ ਵੀ ਕੀਤਾ ਨਿਰੀਖਣ ਜਸਪਾਲ ਸਿੰਘ ਜੱਸੀ•, ਪੰਜਾਬੀ ਜਾਗਰਣ ਤਰਨਤਾਰਨ : ਸੀਨੀਅਰ ਆਈਏਐੱਸ ਅਧਿਕਾਰੀ ਅਤੇ ਵਿੱਤ ਕਮਿਸ਼ਨਰ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਪੰਜਾਬ ਰਾਹੁਲ ਭੰਡਾਰੀ, ਜਿਨ੍ਹਾਂ ਨੂੰ ਭਾਰਤੀ ਚੋਣ ਕਮਿਸ਼ਨ ਵੱਲੋਂ ਵਿਸ਼ੇਸ਼ ਗਹਿਰੀ ਸੁਧਾਈ (ਐੱਸਆਈਆਰ)-2026 ਸਬੰਧੀ ਤਰਨਤਾਰਨ ਤੇ ਕਪੂਰਥਲਾ ਜ਼ਿਲ੍ਹਿਆਂ ਦਾ ਰੋਲ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਰਾਹੁਲ ਸਮੇਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ, ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਰਾਹੁਲ ਭੰਡਾਰੀ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਤਰਨਤਾਰਨ ਜ਼ਿਲ੍ਹੇ ਦਾ ਕੋਈ ਵੀ ਯੋਗ ਨਾਗਰਿਕ, ਵੋਟਰ ਸੂਚੀ ਤੋਂ ਬਾਹਰ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਕਿਹਾ ਕਿ ਐੱਸਆਈਆਰ ਦੌਰਾਨ ਜੇਕਰ ਕਿਸੇ ਯੋਗ ਨਾਗਰਿਕ ਦਾ ਨਾਮ ਡ੍ਰਾਫ਼ਟ ਵੋਟਰ ਸੂਚੀ ਵਿੱਚੋਂ ਬਾਹਰ ਰਹਿ ਗਿਆ ਹੈ ਜਾਂ ਕੋਈ ਆਪਣੀ ਨਵੀਂ ਵੋਟ ਬਣਵਾਉਣਾ ਚਾਹੁੰਦਾ ਹੈ ਤਾਂ ਉਹ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਫਾਰਮ ਭਰ ਕੇ ਸਮੇਤ ਲੋੜੀਂਦੇ ਦਸਤਾਵੇਜ਼ਾਂ ਦੇ ਆਪਣੇ ਬੀਐੱਲਓ ਨਾਲ 12 ਸਤੰਬਰ ਤਕ ਸੰਪਰਕ ਕਰ ਸਕਦਾ ਹੈ। ਉਨ੍ਹਾਂ ਹਦਾਇਤ ਕੀਤੀ ਕਿ ਇਸ ਸਬੰਧੀ ਸਕੂਲਾਂ-ਕਾਲਜਾਂ ਦੇ ਯੋਗ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਜਾਗਰੂਕ ਕਰ ਕੇ ਵੋਟ ਬਣਾਉਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਸੂਚੀ ਨੂੰ ਸ਼ੁੱਧ ਅਤੇ ਤਰੁੱਟੀ-ਰਹਿਤ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਕਰਨ। ਇਸ ਦੌਰਾਨ ਉਨ੍ਹਾਂ ਸਾਰੀਆਂ ਪਾਰਟੀਆਂ ਦੇ ਨੁਮਾਇੰਦਿਆਂ ਤੋਂ ਵਡਮੁੱਲੇ ਸੁਝਾਅ ਵੀ ਲਏ। ਐੱਸਆਈਆਰ ਦਾ ਮਕਸਦ ਸ਼ੁੱਧ, ਸਹੀ ਤੇ ਤਰੁੱਟੀ-ਰਹਿਤ ਵੋਟਰ ਸੂਚੀਆਂ ਤਿਆਰ ਕਰਨਾ ਰੋਲ ਆਬਜ਼ਰਵਰ ਨੇ ਕਿਹਾ ਕਿ ਐੱਸਆਈਆਰ ਦਾ ਮੁੱਖ ਮਕਸਦ ਸ਼ੁੱਧ, ਸਹੀ ਤੇ ਤਰੁੱਟੀ-ਰਹਿਤ ਵੋਟਰ ਸੂਚੀਆਂ ਤਿਆਰ ਕਰਨਾ ਹੈ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀ, ਵੋਟਰ ਸੇਵਾਵਾਂ ਅਤੇ ਐੱਸਆਈਆਰ ਪ੍ਰਕਿਰਿਆ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਵੋਟਰ ਹੈਲਪਲਾਈਨ ਨੰਬਰ 1950 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜਿਹੜਾ ਨਾਗਰਿਕ ਯੋਗਤਾ ਇਕ ਅਕਤੂਬਰ ਦੇ ਆਧਾਰ ’ਤੇ ਵੋਟਰ ਵਜੋਂ ਨਾਂ ਦਰਜ ਕਰਵਾਉਣ ਲਈ ਯੋਗ ਹੈ, ਉਹ 12 ਸਤੰਬਰ ਤਕ ਫਾਰਮ ਨੰਬਰ 6 ਦੇ ਨਾਲ ਐਲਾਨਨਾਮਾ ਜਮ੍ਹਾਂ ਕਰਵਾ ਸਕਦਾ ਹੈ। ਇਸੇ ਤਰ੍ਹਾਂ ਫਾਰਮ 6-ਏ ਐੱਨਆਰਆਈ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ, ਫਾਰਮ 7 ਨਾਂ ਕਟਵਾਉਣ ਲਈ ਅਤੇ ਫਾਰਮ 8 ਸੋਧ ਅਤੇ ਇਕ ਸਥਾਨ ਤੋਂ ਦੂਜੇ ਸਥਾਨ ’ਤੇ ਤਬਦੀਲੀ ਲਈ ਵੀ ਉਕਤ ਸਮੇਂ ਦੌਰਾਨ ਜਮ੍ਹਾਂ ਕਰਵਾਏ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਮਿਆਦ ਦੌਰਾਨ ਪ੍ਰਾਪਤ ਸਾਰੇ ਦਾਅਵਿਆਂ ਤੇ ਇਤਰਾਜ਼ਾਂ ਦਾ ਨਿਪਟਾਰਾ 8 ਅਕਤੂਬਰ ਤਕ ਕੀਤਾ ਜਾਵੇਗਾ ਅਤੇ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 12 ਅਕਤੂਬਰ ਨੂੰ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਵੋਟਰ ਆਪਣੀ ਸਹੂਲਤ ਅਨੁਸਾਰ ਇਹ ਫਾਰਮ ਆਨਲਾਈਨ ਜਾਂ ਮੋਬਾਈਲ ਐਪ ’ਤੇ ਵੀ ਭਰ ਸਕਦੇ ਹਨ। ਕਮੀਆਂ-ਪੇਸ਼ੀਆਂ ਵਾਲੇ ਵੋਟਰਾਂ ਨੂੰ 13 ਅਗਸਤ ਤੋਂ ਨੋਟਿਸ ਜਾਰੀ ਕੀਤੇ ਜਾ ਰਹੇ ਹਨ ਰਾਹੁਲ ਭੰਡਾਰੀ ਨੇ ਦੱਸਿਆ ਕਿ ਨੋਟਿਸ ਪੜਾਅ ਦੌਰਾਨ ਮੈਪ ਨਾ ਹੋਣ ਵਾਲੇ ਅਤੇ ਕਮੀਆਂ-ਪੇਸ਼ੀਆਂ ਵਾਲੇ ਵੋਟਰਾਂ ਨੂੰ 13 ਅਗਸਤ ਤੋਂ ਨੋਟਿਸ ਜਾਰੀ ਕੀਤੇ ਜਾ ਰਹੇ ਹਨ ਅਤੇ ਬੀਐੱਲਓਜ਼ ਵੱਲੋਂ ਦਸਤਾਵੇਜ਼ ਵੀ ਇਕੱਤਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨੋਟਿਸਾਂ ਦੀ ਸੁਣਵਾਈ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ, ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ, ਵਧੀਕ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਵੱਲੋਂ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਸਾਰੇ ਨੋਟਿਸਾਂ ਦਾ ਨਿਪਟਾਰਾ 8 ਅਕਤੂਬਰ ਤਕ ਕੀਤਾ ਜਾਣਾ ਹੈ। ਇਸ ਦੌਰਾਨ ਉਨ੍ਹਾਂ ਜ਼ਿਲ੍ਹੇ ਵਿਚ ਐੱਸਆਈਆਰ ਸਬੰਧੀ ਚੱਲ ਰਹੇ ਕੰਮ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਅਤੇ ਇਸ ਕੰਮ ਵਿਚ ਲੱਗੇ ਅਧਿਕਾਰੀਆਂ ਦੀ ਸ਼ਲਾਘਾ ਕੀਤੀ। ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰ ਕੇ ਵਿਸ਼ੇਸ਼ ਕੈਂਪਾਂ ਦਾ ਕੀਤਾ ਨਿਰੀਖਣ ਇਸ ਦੌਰਾਨ ਰੋਲ ਆਬਜ਼ਰਵਰ ਰਾਹੁਲ ਭੰਡਾਰੀ ਵੱਲੋਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਰਾਹੁਲ ਅਤੇ ਹੋਰਨਾਂ ਅਧਿਕਾਰੀਆਂ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਉੱਥੇ ਐੱਸਆਈਆਰ ਸਬੰਧੀ ਲੱਗੇ ਵਿਸ਼ੇਸ਼ ਕੈਂਪਾਂ ਦਾ ਵੀ ਨਿਰੀਖਣ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵਿਧਾਨ ਸਭਾ ਹਲਕਾ-24 ਖਡੂਰ ਸਾਹਿਬ ਦੇ ਸਰਕਾਰੀ ਮਿਡਲ ਸਕੂਲ ਵਿਖੇ ਬੂਥ ਨੰਬਰ 47 ਤੇ 48, ਸਰਕਾਰੀ ਐਲੀਮੈਂਟਰੀ ਸਕੂਲ ਅਲਾਦੀਨਪੁਰ ਵਿਖੇ ਬੂਥ ਨੰਬਰ 53 ਤੇ 54, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਫ਼ਤਿਆਬਾਦ ਦੇ ਬੂਥ ਨੰਬਰ 145, 146 ਤੇ 147 ਅਤੇ ਸਕੂਲ ਆਫ ਐਮੀਨੈਂਸ ਗੋਇੰਦਵਾਲ ਸਾਹਿਬ ਦੇ ਬੂਥ ਨੰਬਰ 156, 157, 158 ਅਤੇ 159 ਦਾ ਬਰੀਕੀ ਨਾਲ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਸਬੰਧਤ ਬੀਐੱਲਓਜ਼ ਵੱਲੋਂ ਦਿੱਤੀਆਂ ਜਾ ਰਹੀਆਂ ਚੋਣ ਸੇਵਾਵਾਂ ਦਾ ਮੁਆਇਨਾ ਕੀਤਾ ਅਤੇ ਉਨ੍ਹਾਂ ਨੂੰ ਲੋੜੀਂਦੇ ਆਦੇਸ਼ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਬੂਥਾਂ ਤੇ ਪਹੁੰਚੇ ਨਾਗਰਿਕਾਂ ਨਾਲ ਵੀ ਗੱਲਬਾਤ ਕੀਤੀ। ਐੱਸਆਈਆਰ ਪ੍ਰਕਿਰਿਆ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹੀ ਜਾਵੇਗੀ : ਡੀਸੀ ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿਚ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ ਬਾਰੇ ਜਾਣਕਾਰੀ ਰੋਲ ਆਬਜ਼ਰਵਰ ਨਾਲ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਐੱਸਆਈਆਰ ਪ੍ਰਕਿਰਿਆ ਨੂੰ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਯਤਨਸ਼ੀਲ ਹੈ। ਇਸ ਮੌਕੇ ਏਡੀਸੀ ਜਨਰਲ ਡਾ. ਅਦਿੱਤਿਆ ਸ਼ਰਮਾ, ਐੱਸਡੀਐੱਮ ਤਰਨਤਾਰਨ ਡਾ. ਕਰਨਵੀਰ ਸਿੰਘ, ਐੱਸਡੀਐੱਮ ਪੱਟੀ ਅਮਨਦੀਪ ਸਿੰਘ, ਐੱਸਡੀਐੱਮ ਭਿੱਖੀਵਿੰਡ ਜਗਦੀਪ ਸਿੰਘ, ਐੱਸਡੀਐੱਮ ਖਡੂਰ ਸਾਹਿਬ ਸੰਜੀਵ ਸ਼ਰਮਾ, ਚੋਣ ਤਹਿਸੀਲਦਾਰ ਇੰਦਰਜੀਤ ਸਿੰਘ ਅਤੇ ਚੋਣ ਕਾਨੂੰਗੋ ਦਿਲਬਾਗ ਸਿੰਘ ਤੋਂ ਇਲਾਵਾ ਸਮੂਹ ਸਹਾਇਕ ਚੋਣਕਾਰ ਰਿਟਰਨਿੰਗ ਅਫਸਰ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਮੌਜੂਦ ਸਨ।