ਗੁਰਦੁਆਰਾ ਸ੍ਰੀ ਲਕੀਰ ਸਾਹਿਬ ’ਚ ਸ਼ਰਧਾ ਨਾਲ ਹੋਇਆ ਹਫ਼ਤਾਵਾਰੀ ਚੁਪਹਿਰਾ ਸਮਾਗਮ ਗੁਰਦੁਆਰਾ ਸ੍ਰੀ ਲਕੀਰ ਸਾਹਿਬ ’ਚ ਸ਼ਰਧਾ ਨਾਲ ਹੋਇਆ ਹਫਤਾਵਾਰੀ ਚੁਪਹਿਰਾ ਸਮਾਗਮ
Publish Date: Sun, 06 Sep 2026 07:12 PM (IST)
Updated Date: Sun, 06 Sep 2026 07:13 PM (IST)
ਸਟਾਫ ਰਿਪੋਰਟਰ•, ਪੰਜਾਬੀ ਜਾਗਰਣ, ਤਰਨਤਾਰਨ : ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਪਾਵਨ ਪਵਿੱਤਰ ਅਸਥਾਨ ਇਤਿਹਾਸਕ ਗੁਰਦੁਆਰਾ ਸ੍ਰੀ ਲਕੀਰ ਸਾਹਿਬ ਤਰਨਤਾਰਨ ਵਿਖੇ ਐਤਵਾਰ ਨੂੰ ਹਫਤਾਵਾਰੀ ਚੁਪਹਿਰਾ ਸਮਾਗਮ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਇਸ ਸਮਾਗਮ ਮੌਕੇ ਹਜ਼ਾਰਾਂ ਦੀ ਗਿਣਤੀ ’ਚ ਸੰਗਤ ਨੇ ਹਾਜ਼ਰੀ ਭਰੀ ਅਤੇ ਸੰਗਤੀ ਰੂਪ ਵਿਚ ਸ੍ਰੀ ਜਪੁਜੀ ਸਾਹਿਬ, ਸ੍ਰੀ ਸੁਖਮਨੀ ਸਾਹਿਬ ਅਤੇ ਸ੍ਰੀ ਚੌਪਈ ਸਾਹਿਬ ਜੀ ਦੇ ਪਾਠ ਕੀਤੇ। ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘਾਂ ਵੱਲੋਂ ਸੰਗਤ ਨੂੰ ਸਮੂਹਿਕ ਪਾਠ ਕਰਵਾਉਣ ਦੀ ਸੇਵਾ ਨਿਭਾਈ ਗਈ। ਗੁਰਦੁਆਰਾ ਸ੍ਰੀ ਲਕੀਰ ਸਾਹਿਬ ਵਿਚ ਹਰ ਐਤਵਾਰ ਨੂੰ ਚੁਪਹਿਰਾ ਸਮਾਗਮ ਹੁੰਦਾ ਹੈ ਅਤੇ ਹਰ ਹਫਤੇ ਇੱਥੇ ਵੱਡੀ ਗਿਣਤੀ ਸੰਗਤ ਹਾਜ਼ਰੀ ਭਰਨ ਲਈ ਪਹੁੰਚਦੀ ਹੈ। ਸ਼ਰਧਾਲੂਆਂ ਦੀ ਭਾਰੀ ਆਮਦ ਦੇ ਚੱਲਦਿਆਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਹਰ ਪ੍ਰਕਾਰ ਦੀਆਂ ਸਹੂਲਤਾਂ ਦੇ ਪ੍ਰਬੰਧ ਕੀਤੇ ਗਏ, ਤਾਂ ਜੋ ਸੰਗਤ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਅਹੁਦੇਦਾਰਾਂ ਨੇ ਇਸ ਸਬੰਧੀ ਦੱਸਿਆ ਕਿ ਤਰਨਤਾਰਨ ਸ਼ਹਿਰ ਦੇ ਨਾਲ ਆਸਪਾਸ ਦੇ ਇਲਾਕਿਆਂ ਤੋਂ ਵੀ ਸੰਗਤ ਇੱਥੇ ਪਹੁੰਚਦੀ ਹੀ ਹੈ। ਨਾਲ ਹੀ ਪਿੰਡਾਂ ਤੋਂ ਵੀ ਸ਼ਰਧਾਲੂ ਚੁਪਹਿਰਾ ਸਮਾਗਮ ਵਿਚ ਹਾਜ਼ਰੀ ਭਰਨ ਲਈ ਪਹੁੰਚਣ ਲੱਗੇ ਹਨ। ਜਿਨ੍ਹਾਂ ਦੀ ਸਹੂਲਤ ਲਈ ਦੀਵਾਨ ਹਾਲ ਵਿਚ ਜਿੱਥੇ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਜਾਂਦੇ ਹਨ, ਉੱਥੇ ਹੀ ਗੁਰੂ ਕੇ ਲੰਗਰ ਵੀ ਵਿਸ਼ੇਸ਼ ਤੌਰ ’ਤੇ ਤਿਆਰ ਹੁੰਦੇ ਹਨ। ਸਾਰਾ ਦਿਨ ਛਬੀਲ ਦਾ ਪ੍ਰਬੰਧ ਸ਼ਰਧਾਲੂਆਂ ਵੱਲੋਂ ਕੀਤਾ ਜਾਂਦਾ ਹੈ ਤੇ ਜੋੜਾ ਘਰ ਸੇਵਕ ਜੱਥੇ ਦੀ ਸੰਗਤ ਤਨਦੇਹੀ ਨਾਲ ਸੇਵਾ ਨਿਭਾਉਂਦੀ ਹੈ। ਉਨ੍ਹਾਂ ਦੱਸਿਆ ਕਿ ਦੁਪਹਿਰ 12 ਤੋਂ ਸ਼ਾਮ 4 ਵਜੇ ਤਕ ਹੋਣ ਵਾਲੇ ਇਸ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਸੰਗਤ ਨੂੰ ਪਾਠ ਕਰਵਾਉਣ ਦੀ ਸੇਵਾ ਨਿਭਾਉਂਦੇ ਹਨ ਅਤੇ ਅਰਦਾਸ ਉਪਰੰਤ ਚੁਪਹਿਰਾ ਸਮਾਗਮ ਦੀ ਸਮਾਪਤੀ ਹੁੰਦੀ ਹੈ। ਸਰਦੀ ਹੋਵੇ ਜਾਂ ਗਰਮੀ, ਸੰਗਤ ਸਮਾਗਮ ਦੌਰਾਨ ਹਾਜ਼ਰੀ ਭਰਨ ਲਈ ਗੁਰੂ ਘਰ ਜ਼ਰੂਰ ਪੁੱਜਦੀ ਹੈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਪ੍ਰਿੰਸੀਪਲ ਬਖਸ਼ੀਸ਼ ਸਿੰਘ ਤੋਂ ਇਲਾਵਾ ਕਮੇਟੀ ਦੇ ਮੈਂਬਰਾਂ ਕੁਲਦੀਪ ਸਿੰਘ, ਜਤਿੰਦਰ ਸਿੰਘ, ਲਖਵਿੰਦਰ ਸਿੰਘ, ਜਗਦੀਸ਼ ਸਿੰਘ, ਹਰਿੰਦਰ ਸਿੰਘ ਨੰਬਰਦਾਰ, ਹੈੱਡ ਗ੍ਰੰਥੀ ਬਾਬਾ ਸਤਨਾਮ ਸਿੰਘ, ਗ੍ਰੰਥੀ ਭਾਈ ਮੁਖਤਾਰ ਸਿੰਘ, ਭਾਈ ਰਣਜੀਤ ਸਿੰਘ, ਭਾਈ ਨਿਰਮਲ ਸਿੰਘ, ਭਾਈ ਸਿਮਰਨਜੀਤ ਸਿੰਘ ਸਮੇਤ ਹੋਰ ਸੇਵਾਦਾਰ ਜਿਥੇ ਮੌਜੂਦ ਸਨ। ਉੱਥੇ ਹੀ ਵੱਡੀ ਗਿਣਤੀ ਸੇਵਾਦਾਰਾਂ ਨੇ ਜੋੜਾ ਘਰ ਅਤੇ ਛਬੀਲ ਤੋਂ ਇਲਾਵਾ ਪਾਰਕਿੰਗ ਵਿਚ ਵੀ ਸ਼ਰਧਾ ਭਾਵਨਾ ਨਾਲ ਸੇਵਾ ਨਿਭਾਈ। ਸੰਗਤ ਦੇ ਸਹਿਯੋਗ ਨਾਲ ਪਾਰਕਿੰਗ ਲਈ ਹੋ ਰਹੇ ਹਨ ਵੱਡੇ ਪ੍ਰਬੰਧ : ਜਗਦੀਸ਼ ਸਿੰਘ ਪ੍ਰਬੰਧਕੀ ਕਮੇਟੀ ਦੇ ਮੈਂਬਰ ਜਗਦੀਸ਼ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਲਕੀਰ ਸਾਹਿਬ ਵਿਖੇ ਹੋਣ ਵਾਲੇ ਚੁਪਹਿਰਾ ਸਮਾਗਮ ’ਚ ਸੰਗਤ ਦੀ ਵਧ ਰਹੀ ਆਮਦ ਨੂੰ ਧਿਆਨ ਵਿਚ ਰੱਖਦਿਆਂ ਪਾਰਕਿੰਗ ਦੇ ਵੱਡੇ ਪੱਧਰ ’ਤੇ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਇਸ ਲਈ ਸੰਗਤ ਦਾ ਵੀ ਵੱਡਮੁੱਲਾ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਗੁਰੂ ਘਰ ਦੇ ਵਿਸਥਾਰ ਤੇ ਵਿਕਾਸ ਲਈ ਕਈ ਸੇਵਾਵਾਂ ਚੱਲ ਰਹੀਆਂ ਹਨ। ਜਿਨ੍ਹਾਂ ਨੂੰ ਸੰਗਤ ਦੇ ਸਹਿਯੋਗ ਨਾਲ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਨੇ ਸ਼ਰਧਾਲੂਆਂ ਨੂੰ ਅਪੀਲੀ ਕੀਤੀ ਕਿ ਚੱਲ ਰਹੀਆਂ ਸੇਵਾਵਾਂ ਵਿਚ ਵੱਧ ਚੜ੍ਹ ਕੇ ਸਹਿਯੋਗ ਦੇਣ।