ਪੰਜਾਬ ਸਰਕਾਰ ਦੇ ‘ਫੋਕੇ ਬਦਲਾਅ’ ਖ਼ਿਲਾਫ਼ ਰੋਸ ਮੁਜ਼ਾਹਰੇ ਲਈ ਪੱਟੀ ਤੋਂ ਸੰਧੂ ਦੀ ਅਗਵਾਈ ’ਚ ਕਾਫ਼ਲਾ ਰਵਾਨਾ ਪੰਜਾਬ ਸਰਕਾਰ ਦੇ ‘ਫੋਕੇ ਬਦਲਾਅ’ ਖ਼ਿਲਾਫ਼ ਰੋਸ ਪ੍ਰਦਰਸ਼ਨ ਲਈ ਪੱਟੀ ਤੋਂ ਹਰਪ੍ਰੀਤ ਸਿੰਘ ਸੰਧੂ ਦੀ ਅਗਵਾਈ ’ਚ ਕਾਫ਼ਲਾ ਰਵਾਨਾ
Publish Date: Tue, 08 Sep 2026 05:21 PM (IST)
Updated Date: Tue, 08 Sep 2026 05:22 PM (IST)
ਬੱਲੂ ਮਹਿਤਾ, •ਪੰਜਾਬੀ ਜਾਗਰਣ ਪੱਟੀ : ਪੰਜਾਬ ਸਰਕਾਰ ਦੀਆਂ ਨੀਤੀਆਂ ਤੇ ਕਾਰਗੁਜ਼ਾਰੀ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਵਿਚ ਸ਼ਾਮਲ ਹੋਣ ਲਈ ਪੱਟੀ ਹਲਕੇ ਤੋਂ ਕਾਂਗਰਸੀ ਆਗੂਆਂ ਤੇ ਵਰਕਰਾਂ ਦਾ ਕਾਫ਼ਲਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਹਰਪ੍ਰੀਤ ਸਿੰਘ ਸੰਧੂ ਦੀ ਅਗਵਾਈ ਹੇਠ ਰਵਾਨਾ ਹੋਇਆ। ਇਸ ਮੌਕੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਰੋਸ ਮੁਜ਼ਾਹਰੇ ਵਿਚ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ। ਇਸ ਮੌਕੇ ਹਰਪ੍ਰੀਤ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ। ਪਰ ਸੱਤਾ ਸੰਭਾਲਣ ਤੋਂ ਬਾਅਦ ਲੋਕਾਂ ਨੂੰ ਉਨ੍ਹਾਂ ਵਾਅਦਿਆਂ ਦੀ ਪੂਰਤੀ ਦੀ ਬਜਾਏ ਸਿਰਫ਼ ‘ਬਦਲਾਅ’ ਦੇ ਨਾਂ ’ਤੇ ਖੋਖਲੇ ਦਾਅਵੇ ਸੁਣਨ ਨੂੰ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ ਅਤੇ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਸੰਘਰਸ਼ ਕਰਨ ਲਈ ਮਜ਼ਬੂਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ ਅਤੇ ਹਿੱਤਾਂ ਲਈ ਆਵਾਜ਼ ਬੁਲੰਦ ਕਰਦੀ ਰਹੀ ਹੈ। ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਅਧੂਰੇ ਵਾਅਦਿਆਂ ਨੂੰ ਲੈ ਕੇ ਕਾਂਗਰਸ ਵੱਲੋਂ ਸੂਬਾ ਪੱਧਰ ’ਤੇ ਆਵਾਜ਼ ਉਠਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਕਾਂਗਰਸੀ ਵਰਕਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਸੰਘਰਸ਼ ਜਾਰੀ ਰੱਖਣਗੇ। ਕਾਫ਼ਲੇ ਵਿਚ ਸ਼ਾਮਲ ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਅਤੇ ਜ਼ਮੀਨੀ ਪੱਧਰ ’ਤੇ ਵਿਕਾਸ ਕਾਰਜਾਂ ਨੂੰ ਯਕੀਨੀ ਬਣਾਉਣ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਿਰਫ਼ ਬਿਆਨਾਂ ਅਤੇ ਦਾਅਵਿਆਂ ਦੀ ਬਜਾਏ ਅਸਲ ਬਦਲਾਅ ਅਤੇ ਬੁਨਿਆਦੀ ਸਹੂਲਤਾਂ ਦੀ ਮੰਗ ਕਰ ਰਹੇ ਹਨ। ਇਸ ਮੌਕੇ ਗੁਰਬੀਰ ਸਿੰਘ ਗਲੈਡੀ, ਮੋਹਿਤ ਪੁਰੀ, ਬਾਜ ਸਿੰਘ ਪੰਨੂ, ਅਮਨ ਰਾਜਪੂਤ, ਗੁਰਵਿੰਦਰ ਸਿੰਘ ਸਖੀਰਾ, ਤੇਹਲ ਸਿੰਘ, ਬਚਨਪ੍ਰੀਤ ਸਿੰਘ ਅਤੇ ਸਨੀ ਪੰਨੂ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਮੌਜੂਦ ਸਨ।