ਪੈਨਸ਼ਨਰ ਤੇ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਨੇ ਕੀਤੀ ਮਹੀਨਾਵਾਰ ਮੀਟਿੰਗ ਪੈਨਸ਼ਨਰ ਅਤੇ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਨੇ ਕੀਤੀ ਮਹੀਨਾਵਾਰ ਮੀਟਿੰਗ
Publish Date: Fri, 11 Sep 2026 04:35 PM (IST)
Updated Date: Fri, 11 Sep 2026 04:37 PM (IST)
ਪੱਤਰ ਪ੍ਰੇਰਕ• ਪੰਜਾਬੀ ਜਾਗਰਣ ਤਰਨਤਾਰਨ : ਪੈਨਸ਼ਨਰ ਤੇ ਸੀਨੀਅਰ ਸਿਟੀਜ਼ਨਜ਼ ਐਸੋਸੀਏਸ਼ਨ ਮਹਾਂਸੰਘ ਜ਼ਿਲ੍ਹਾ ਤਰਨਤਾਰਨ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਜੀਤ ਸਿੰਘ ਢੋਟੀਆਂ ਦੀ ਪ੍ਰਧਾਨਗੀ ਹੇਠ ਬੱਸ ਅੱਡਾ ਤਰਨਤਾਰਨ ਵਿਖੇ ਹੋਈ। ਮੀਟਿੰਗ ਦੌਰਾਨ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਪ੍ਰਤੀ ਕਥਿਤ ਵਿਰੋਧੀ ਵਤੀਰੇ ਦੀ ਸਖ਼ਤ ਨਿਖੇਧੀ ਕੀਤੀ ਗਈ। ਇਸ ਤੋਂ ਇਲਾਵਾ ਅਦਾਲਤਾਂ ਵੱਲੋਂ ਦਿੱਤੇ ਗਏ ਫ਼ੈਸਲਿਆਂ ਨੂੰ ਲਾਗੂ ਨਾ ਕਰਨ ’ਤੇ ਵੀ ਸਰਕਾਰ ਦੀ ਆਲੋਚਨਾ ਕੀਤੀ ਗਈ। ਬੁਲਾਰਿਆਂ ਨੇ ਕਿਹਾ ਕਿ ਅਦਾਲਤ ਵੱਲੋਂ ਸਰਕਾਰ ਨੂੰ ਪਾਈ ਗਈ ਝਾੜ ਸ਼ਲਾਘਾਯੋਗ ਹੈ। ਮੀਟਿੰਗ ਵਿਚ ਸਟੇਟ ਪੱਧਰ ਤੋਂ ਪ੍ਰਾਪਤ ਹੋਏ ਫ਼ੈਸਲੇ ਸਬੰਧੀ ਵਿਚਾਰ-ਵਟਾਂਦਰਾ ਕਰਦਿਆਂ ਫ਼ੈਸਲਾ ਕੀਤਾ ਗਿਆ ਕਿ ਇਸ ਸਬੰਧੀ ਹੋਣ ਵਾਲੇ ਐਕਸ਼ਨ ਨੂੰ ਸਫ਼ਲ ਬਣਾਉਣ ਲਈ ਪੂਰਾ ਜ਼ੋਰ ਲਗਾਇਆ ਜਾਵੇਗਾ। ਇਸ ਮੌਕੇ ਸਰਕਾਰ ’ਤੇ ਪੁਲਿਸ ਸਟੇਟ ਵੱਲ ਵਧਣ ਦੇ ਦੋਸ਼ ਲਗਾਉਂਦਿਆਂ ਇਸ ਦੀ ਵੀ ਨਿਖੇਧੀ ਕੀਤੀ ਗਈ। ਇਸ ਤੋਂ ਇਲਾਵਾ ਸਰਕਾਰ ਦੇ ਰਿਸ਼ਤੇਦਾਰਾਂ ਤੇ ਪਾਰਟੀ ਵਰਕਰਾਂ ਵੱਲੋਂ ਕੀਤੀ ਜਾ ਰਹੀ ਕਥਿਤ ਕੁਰੱਪਸ਼ਨ ਸਬੰਧੀ ਸਰਕਾਰ ਦੀ ਚੁੱਪ ’ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਬੀਐੱਸ ਸੈਣੀ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਕੀਤੀ ਜਾ ਰਹੀ ਕਥਿਤ ਗਲਤ ਬਿਆਨਬਾਜ਼ੀ ਦੀ ਵੀ ਨਿਖੇਧੀ ਕੀਤੀ ਗਈ। ਮੀਟਿੰਗ ਦੀ ਕਾਰਵਾਈ ਜੱਸਾ ਸਿੰਘ ਕਦਗਿੱਲ ਨੇ ਬਾਖ਼ੂਬੀ ਨਿਭਾਈ। ਇਸ ਮੌਕੇ ਕਾਮਰੇਡ ਜੋਗਿੰਦਰ ਸਿੰਘ, ਮਾਸਟਰ ਸਤਵਿੰਦਰ ਸਿੰਘ, ਪ੍ਰਿੰਸੀਪਲ ਦਲਬੀਰ ਸਿੰਘ ਆਦਿ ਨੇ ਸੰਬੋਧਨ ਕਰਦਿਆਂ ਜਥੇਬੰਦੀ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਆਪਣੇ ਵਿਚਾਰ ਸਾਂਝੇ ਕੀਤੇ। ਮੀਟਿੰਗ ਵਿਚ ਲੱਖਾ ਸਿੰਘ, ਮੰਗਲ ਸਿੰਘ, ਬਲਵੰਤ ਸਿੰਘ, ਅਮਰੀਕ ਸਿੰਘ, ਨਿਰਮਲ ਸਿੰਘ, ਦਿਲਬਾਗ ਸਿੰਘ, ਮੋਹਿੰਦਰ ਸਿੰਘ ਸਮੇਤ ਲਗਭਗ 100 ਸਾਥੀਆਂ ਨੇ ਸ਼ਮੂਲੀਅਤ ਕੀਤੀ। ਅਖੀਰ ਵਿਚ ਜ਼ਿਲ੍ਹਾ ਪ੍ਰਧਾਨ ਅਜੀਤ ਸਿੰਘ ਢੋਟੀਆਂ ਨੇ ਮੀਟਿੰਗ ਵਿਚ ਸ਼ਾਮਲ ਹੋਏ ਸਮੂਹ ਮਹਿਮਾਨਾਂ ਤੇ ਸਾਥੀਆਂ ਦਾ ਧੰਨਵਾਦ ਕੀਤਾ।