ਜਨਰਲ ਕੌਂਸਲ ਮੈਂਬਰ ਦੀ ਜ਼ਿੰਮੇਵਾਰੀ ਮਿਲਣਾ ਮਾਣ ਵਾਲੀ ਗੱਲ : ਪ੍ਰਿੰਸ ਜਨਰਲ ਕੌਂਸਲ ਮੈਂਬਰ ਦੀ ਜ਼ਿੰਮੇਵਾਰੀ ਮਿਲਣਾ ਮਾਣ ਵਾਲੀ ਗੱਲ : ਤੇਜਿੰਦਰ ਪ੍ਰਿੰਸ
Publish Date: Fri, 11 Sep 2026 04:41 PM (IST)
Updated Date: Fri, 11 Sep 2026 04:43 PM (IST)
ਪ੍ਰਿੰਸ ਨੇ ਸੁਖਬੀਰ, ਰਮਨਦੀਪ ਕੌਰ ਤੇ ਬਿੱਲਾ ਸ਼ੇਰੋਂ ਦਾ ਕੀਤਾ ਵਿਸ਼ੇਸ਼ ਧੰਨਵਾਦ ਗੁਰਬਰਿੰਦਰ ਸਿੰਘ• ਪੰਜਾਬੀ ਜਾਗਰਣ ਸ੍ਰੀ ਗੋਇੰਦਵਾਲ ਸਾਹਿਬ : ਸ਼੍ਰੋਮਣੀ ਅਕਾਲੀ ਦਲ ਵੱਲੋਂ ਸੀਨੀਅਰ ਅਕਾਲੀ ਆਗੂ ਤੇਜਿੰਦਰ ਸਿੰਘ ਪ੍ਰਿੰਸ ਫਤਿਆਬਾਦ ਨੂੰ ਪਾਰਟੀ ਦੀ ਜਨਰਲ ਕੌਂਸਲ ਦਾ ਮੈਂਬਰ ਨਿਯੁਕਤ ਕੀਤੇ ਜਾਣ ’ਤੇ ਪਾਰਟੀ ਵਰਕਰਾਂ ਵਿਚ ਖੁਸ਼ੀ ਤੇ ਉਤਸ਼ਾਹ ਦਾ ਮਾਹੌਲ ਹੈ। ਨਵੀਂ ਜ਼ਿੰਮੇਵਾਰੀ ਮਿਲਣ ’ਤੇ ਤੇਜਿੰਦਰ ਸਿੰਘ ਪ੍ਰਿੰਸ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਹਲਕਾ ਖਡੂਰ ਸਾਹਿਬ ਦੀ ਇੰਚਾਰਜ ਬੀਬੀ ਰਮਨਦੀਪ ਕੌਰ ਸ਼ੇਰੋਂ ਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਪ੍ਰਿੰਸ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਉਨ੍ਹਾਂ ’ਤੇ ਜੋ ਭਰੋਸਾ ਪ੍ਰਗਟ ਕਰਦਿਆਂ ਜਨਰਲ ਕੌਂਸਲ ਦੀ ਜ਼ਿੰਮੇਵਾਰੀ ਸੌਂਪੀ ਹੈ, ਉਹ ਇਸ ਨੂੰ ਆਪਣੇ ਲਈ ਮਾਣ ਹੀ ਨਹੀਂ ਸਗੋਂ ਵੱਡੀ ਜ਼ਿੰਮੇਵਾਰੀ ਸਮਝਦੇ ਹਨ। ਉਹ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਤੇ ਪਾਰਟੀ ਵੱਲੋਂ ਦਿੱਤੇ ਹਰ ਕੰਮ ਨੂੰ ਆਪਣਾ ਫਰਜ਼ ਸਮਝ ਕੇ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਹਮੇਸ਼ਾ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਆਗੂਆਂ ਤੇ ਵਰਕਰਾਂ ਦੀ ਮਿਹਨਤ ਨਾਲ ਹੁੰਦੀ ਹੈ। ਉਹ ਵਰਕਰਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਲੋਕਾਂ ਤਕ ਪਹੁੰਚਾਉਣ ਲਈ ਯਤਨਸ਼ੀਲ ਰਹਿਣਗੇ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਮਿਲੇ ਇਸ ਮਾਣ-ਸਨਮਾਨ ਦਾ ਜਵਾਬ ਉਹ ਆਪਣੀ ਮਿਹਨਤ, ਸਮਰਪਣ ਅਤੇ ਪਾਰਟੀ ਪ੍ਰਤੀ ਵਫ਼ਾਦਾਰੀ ਨਾਲ ਦੇਣਗੇ। ਪ੍ਰਿੰਸ ਨੇ ਕਿਹਾ ਕਿ ਉਹ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਾਲ-ਨਾਲ ਬੀਬੀ ਰਮਨਦੀਪ ਕੌਰ ਸ਼ੇਰੋਂ ਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਦੇ ਵੀ ਧੰਨਵਾਦੀ ਹਨ, ਜਿਨ੍ਹਾਂ ਨੇ ਉਨ੍ਹਾਂ ’ਤੇ ਭਰੋਸਾ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਇਹ ਜ਼ਿੰਮੇਵਾਰੀ ਮਿਲਣ ਨਾਲ ਉਨ੍ਹਾਂ ਦਾ ਹੌਸਲਾ ਹੋਰ ਵਧਿਆ ਹੈ ਤੇ ਉਹ ਆਉਣ ਵਾਲੇ ਸਮੇਂ ਵਿਚ ਪਾਰਟੀ ਦੀ ਮਜ਼ਬੂਤੀ ਲਈ ਹੋਰ ਵੀ ਸਰਗਰਮ ਭੂਮਿਕਾ ਨਿਭਾਉਣਗੇ। ਇਸ ਮੌਕੇ ਅਕਾਲੀ ਆਗੂਆਂ ਤੇ ਵਰਕਰਾਂ ਨੇ ਵੀ ਤੇਜਿੰਦਰ ਸਿੰਘ ਪ੍ਰਿੰਸ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਦੀਆਂ ਲੰਮੇ ਸਮੇਂ ਦੀਆਂ ਸੇਵਾਵਾਂ ਨੂੰ ਮਾਨਤਾ ਦਿੱਤੀ ਗਈ ਹੈ।