ਸ੍ਰੀ ਦਰਬਾਰ ਸਾਹਿਬ ’ਚ ਸ਼ਰਧਾ ਨਾਲ ਮਨਾਈ ਭਾਦੋਂ ਦੀ ਮੱਸਿਆ ਸ੍ਰੀ ਦਰਬਾਰ ਸਾਹਿਬ ਤਰਨਤਾਰਨ ’ਚ ਸ਼ਰਧਾ ਨਾਲ ਮਨਾਈ ਭਾਦਰੋਂ ਮਹੀਨੇ ਦੀ ਮੱਸਿਆ
Publish Date: Fri, 11 Sep 2026 05:00 PM (IST)
Updated Date: Fri, 11 Sep 2026 05:01 PM (IST)
ਲੱਖਾਂ ਸ਼ਰਧਾਲੂਆਂ ਨੇ ਭਰੀ ਹਾਜ਼ਰੀ, ਪਵਿੱਤਰ ਸਰੋਵਰ ’ਚ ਕੀਤੇ ਇਸ਼ਨਾਨ ਜਸਪਾਲ ਸਿੰਘ ਜੱਸੀ •ਪੰਜਾਬੀ ਜਾਗਰਣ ਤਰਨਤਾਰਨ : ਸ੍ਰੀ ਦਰਬਾਰ ਸਾਹਿਬ ਤਰਨਤਾਰਨ ਵਿਖੇ ਭਾਦਰੋਂ ਮਹੀਨੇ ਦੀ ਚੌਦਸ ਤੇ ਮੱਸਿਆ ਦਾ ਦਿਹਾੜਾ ਵੀਰਵਾਰ ਤੇ ਸ਼ੁੱਕਰਵਾਰ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਦੋਵੇਂ ਦਿਨ ਲੱਖਾਂ ਦੀ ਗਿਣਤੀ ਵਿਚ ਗੁਰੂ ਨਾਨਕ ਨਾਮਲੇਵਾ ਸੰਗਤ ਗੁਰੂ ਘਰ ਪੁੱਜੀ ਤੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤਾ। ਸੰਗਤ ਨੇ ਸ੍ਰੀ ਦਰਬਾਰ ਸਾਹਿਬ ਅੰਦਰ ਨਤਮਸਤਕ ਹੋ ਕੇ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਸੀਸ ਨਿਵਾਇਆ। ਉਥੇ ਹੀ ਕੜਾਹ ਪ੍ਰਸ਼ਾਦ ਦੀ ਦੇਗ ਕਰਵਾ ਕੇ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਮਨ ਬਿਰਤੀ ਇਕਾਗਰ ਕਰਕੇ ਗੁਰਬਾਣੀ ਕੀਰਤਨ ਵੀ ਸਰਵਣ ਕੀਤਾ। ਹਜੂਰੀ ਰਾਗੀ ਜਥਿਆਂ ਨੇ ਸਾਰਾ ਦਿਨ ਗੁਰਬਾਣੀ ਦੇ ਰਸਭਿੰਨੇ ਸ਼ਬਦ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ। ਲੰਗਰ ਹਾਲ ਵਿਖੇ ਚਾਹ ਪਕੌੜੇ ਤੇ ਗੁਰੂ ਕੇ ਲੰਗਰ ਅਤੁੱਟ ਵਰਤਦੇ ਰਹੇ। ਦੀਵਾਨ ਹਾਲ ਵਿਖੇ ਚੌਦਸ ਤੇ ਮੱਸਿਆ ਦੇ ਦਿਹਾੜਿਆਂ ’ਤੇ ਦਿਨ-ਰਾਤ ਭਾਰੀ ਦੀਵਾਨ ਸਜਿਆ, ਜਿਸ ਵਿਚ ਪੰਥ ਪ੍ਰਸਿਧ ਜਥਿਆਂ ਨੇ ਸੰਗਤ ਨੂੰ ਗੁਰੂ ਇਤਿਹਾਸ ਸਰਵਣ ਕਰਵਾ ਕੇ ਨਿਹਾਲ ਕੀਤਾ। ਗਿਆਨੀ ਸੋਹਣ ਸਿੰਘ ਸੀਤਲ ਦੀ ਯਾਦ ’ਚ ਹੋਇਆ ਢਾਡੀ ਦਰਬਾਰ ਚੌਦਸ ਤੇ ਮੱਸਿਆ ਦੇ ਦਿਹਾੜੇ ’ਤੇ ਸ੍ਰੀ ਦਰਬਾਰ ਸਾਹਿਬ ਦੇ ਦੀਵਾਨ ਹਾਲ ਵਿਚ ਸ਼੍ਰੋਮਣੀ ਢਾਡੀ ਗਿਆਨੀ ਸੋਹਣ ਸਿੰਘ ਸੀਤਲ ਦੀ ਯਾਦ ਵਿਚ ਮਹਾਨ ਢਾਡੀ ਦਰਬਾਰ ਕਰਵਾਇਆ ਗਿਆ, ਜਿਸ ਵਿਚ ਗਿਆਨੀ ਖੜਕ ਸਿੰਘ ਪਠਾਨਕੋਟ, ਗਿਆਨੀ ਮਿਲਖਾ ਸਿੰਘ ਮੌਜੀ, ਗਿਆਨੀ ਭੁਪਿੰਦਰ ਸਿੰਘ ਪਾਰਸਮਨੀ, ਗਿਆਨੀ ਸਤਨਾਮ ਸਿੰਘ ਲਾਲੂ ਘੁੰਮਣ, ਗਿਆਨੀ ਕੁਲਬੀਰ ਸਿੰਘ ਕਾਮਲ, ਗਿਆਨੀ ਨਿਰਮਲ ਸਿੰਘ ਜੇਠੂਵਾਲ, ਗਿਆਨੀ ਸੁਖਦੇਵ ਸਿੰਘ ਬੂਹ, ਗਿਆਨੀ ਸ਼ਮਸ਼ੇਰ ਸਿੰਘ ਮਿਸਰਪੁਰਾ, ਗਿਆਨੀ ਸ਼ਰਨਜੀਤ ਸਿੰਘ ਝਬਾਲ, ਗਿਆਨੀ ਗੁਰਜੀਤ ਸਿੰਘ ਮਾਣੋਚਾਹਲ, ਗਿਆਨੀ ਗੁਲਜ਼ਾਰ ਸਿੰਘ ਖੇੜਾ, ਗਿਆਨੀ ਸੁਰਜੀਤ ਸਿੰਘ ਕੋਟ ਖਾਲਸਾ, ਗਿਆਨੀ ਹਰਪ੍ਰੀਤ ਸਿੰਘ ਜੇਠੂਵਾਲ, ਗਿਆਨੀ ਅਵਤਾਰ ਸਿੰਘ ਧਾਰੀਵਾਲ ਤੇ ਗਿਆਨੀ ਰਣਜੀਤ ਸਿੰਘ ਸਭਰਾ ਨੇ ਸੰਗਤ ਨੂੰ ਗੁਰੂ ਇਤਿਹਾਸ ਸਰਵਣ ਕਰਵਾਇਆ। ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਸ਼੍ਰੋਮਣੀ ਢਾਡੀ ਸਭਾ ਅੰਮ੍ਰਿਤਸਰ ਦੇ ਪ੍ਰਧਾਨ ਗਿਆਨੀ ਬਲਦੇਵ ਸਿੰਘ ਐੱਮਏ ਤੇ ਜਰਨਲ ਸਕੱਤਰ ਭਾਈ ਕੁਲਬੀਰ ਸਿੰਘ ਕਾਮਲ ਨੇ ਦੱਸਿਆ ਕਿ ਸਭਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸੰਗਤ ਦੇ ਸਹਿਯੋਗ ਨਾਲ ਇਹ ਸਲਾਨਾ ਮਹਾਨ ਢਾਡੀ ਦਰਬਾਰ ਦੋ ਦਿਨ ਲਈ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਢਾਡੀ ਦਰਬਾਰ ਵਿਚ ਜਿਥੇ ਪੰਥ ਦੇ ਪ੍ਰਸਿੱਧ ਜਥਿਆਂ ਨੇ ਹਾਜ਼ਰੀ ਲਗਵਾਈ, ਉਥੇ ਹੀ ਵੱਡੀ ਗਿਣਤੀ ਸੰਗਤ ਨੇ ਵੀ ਹਾਜ਼ਰੀ ਭਰੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕ ਭਾਈ ਨੌਸ਼ੇਵਰਜੀਤ ਸਿੰਘ ਪਲਾਸੌਰ, ਭਾਈ ਪਰਮਿੰਦਰ ਸਿੰਘ, ਭਾਈ ਮਨਪ੍ਰੀਤ ਸਿੰਘ ਜੰਡੋਕੇ ਤੇ ਲਖਮੀਰ ਸਿੰਘ ਕੱਕਾ ਕੰਡਿਆਲਾ ਨੇ ਵੀ ਸੰਗਤ ਨਾਲ ਵਿਚਾਰਾਂ ਦੀ ਸਾਂਝ ਪਾਈ। ਪਿੰਡਾਂ ਤੇ ਸ਼ਹਿਰ ਵਿਚ ਕਈ ਥਾਵਾਂ ’ਤੇ ਲੱਗੇ ਗੁਰੂ ਕੇ ਲੰਗਰ ਮੱਸਿਆ ਦੇ ਦਿਹਾੜੇ ’ਤੇ ਗੁਰੂ ਘਰ ਆਉਣ ਵਾਲੀ ਸੰਗਤ ਦੀ ਟਹਿਲ ਸੇਵਾ ਵਾਸਤੇ ਤਰਨਤਾਰਨ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿਚ ਜਿਥੇ ਸ਼ਰਧਾਲੂਆਂ ਨੇ ਗੁਰੂ ਕੇ ਲੰਗਰ ਲਗਾਏ। ਉਥੇ ਹੀ ਤਰਨਤਾਰਨ ਵੱਲ ਆਉਂਦੀਆਂ ਸੜਕਾਂ ’ਤੇ ਪੈਂਦੇ ਵੱਖ-ਵੱਖ ਪਿੰਡਾਂ ਦੇ ਸ਼ਰਧਾਲੂਆਂ ਵੱਲੋਂ ਆਪੋ-ਆਪਣੇ ਪਿੰਡਾਂ ਦੇ ਅੱਡਿਆਂ ’ਤੇ ਮਹੀਨਾਵਾਰੀ ਲੰਗਰ ਲਗਾਏ, ਤਾਂ ਜੋ ਗੁਰੂ ਘਰ ਜਾਣ ਵਾਲੀ ਸੰਗਤ ਨੂੰ ਲੰਗਰ ਛਕਾਏ ਜਾ ਸਕਣ। ਕਈ ਥਾਵਾਂ ’ਤੇ ਚਾਹ ਦੇ ਲੰਗਰ ਤੇ ਛਬੀਲਾਂ ਵੀ ਲਗਾਈਆਂ ਗਈਆਂ ਜਦੋਂਕਿ ਸ਼ਹਿਰ ਦੇ ਜੰਡਿਆਲਾ ਰੋਡ ’ਤੇ ਵੀ ਦੁਕਨਦਾਰਾਂ ਵੱਲੋਂ ਮਹੀਨਾਵਾਰੀ ਲੰਗਰ ਲਗਾ ਕੇ ਗੁਰੂ ਘਰ ਆਉਣ ਵਾਲੀ ਸੰਗਤ ਦੀ ਟਹਿਲ ਸੇਵਾ ਕੀਤੀ ਗਈ। ਚੌਦਸ ਤੇ ਮੱਸਿਆ ਦੇ ਦਿਹਾੜੇ ’ਤੇ ਕੀਤੇ ਜਾਂਦੇ ਹਨ ਵਿਸ਼ੇਸ਼ ਪ੍ਰਬੰਧ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਦੇ ਮੈਨੇਜਰ ਭਾਈ ਹਰਜਿੰਦਰ ਸਿੰਘ ਪੱਟੀ ਨੇ ਦੱਸਿਆ ਕਿ ਚੌਦਸ ਤੇ ਮੱਸਿਆ ਦੇ ਦਿਹਾੜੇ ਦਾ ਤਰਨਤਾਰਨ ਵਿਚ ਖਾਸ ਮਹੱਤਵ ਹੈ। ਦੋਵੇਂ ਦਿਨ ਗੁਰੂ ਘਰ ਵਿਚ ਲੱਖਾਂ ਦੀ ਗਿਣਤੀ ’ਚ ਸ਼ਰਧਾਲੂ ਪਹੁੰਚਦੇ ਹਨ। ਉਨ੍ਹਾਂ ਦੱਸਿਆ ਕਿ ਸੰਗਤ ਦੀ ਵੱਡੀ ਆਮਦ ਦੇ ਚੱਲਦਿਆਂ ਹਰ ਤਰ੍ਹਾਂ ਦੇ ਪ੍ਰਬੰਧ ਵਿਸ਼ੇਸ਼ ਤਰੀਕੇ ਨਾਲ ਕੀਤੇ ਜਾਂਦੇ ਹਨ, ਤਾਂ ਜੋ ਸੰਗਤ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ। ਉਨ੍ਹਾਂ ਦੱਸਿਆ ਕਿ ਸਮੂਹ ਸਟਾਫ਼ ਵੱਲੋਂ ਚੌਦਸ ਤੇ ਮੱਸਿਆ ਦੇ ਦਿਹਾੜੇ ’ਤੇ ਪੂਰੀ ਤਨਦੇਹੀ ਨਾਲ ਡਿਊਟੀਆਂ ਨਿਭਾਈਆਂ ਜਾਂਦੀਆਂ ਹਨ ਤੇ ਗੁਰੂ ਨਾਨਕ ਨਾਮਲੇਵਾ ਸੰਗਤ ਦਾ ਤਹਿ ਦਿਲੋਂ ਸਵਾਗਤ ਕੀਤਾ ਜਾਂਦਾ ਹੈ।