ਸੁਖਬੀਰ ਬਾਦਲ ਨੂੰ ਬੇਸਬਰੀ ਨਾਲ ਉਡੀਕ ਰਹੇ ਲੋਕ : ਅਕਾਲੀ ਆਗੂ ਸੁਖਬੀਰ ਬਾਦਲ ਦੇ ਵਿਚਾਰ ਸੁਣਨ ਲਈ ਬੇਸਬਰੀ ਨਾਲ ਉਡੀਕ ਰਹੇ ਲੋਕ : ਅਕਾਲੀ ਆਗੂ
Publish Date: Fri, 11 Sep 2026 06:24 PM (IST)
Updated Date: Fri, 11 Sep 2026 06:25 PM (IST)
ਗੁਰਬਰਿੰਦਰ ਸਿੰਘ• ਪੰਜਾਬੀ ਜਾਗਰਣ ਸ੍ਰੀ ਗੋਇੰਦਵਾਲ ਸਾਹਿਬ : ਸ੍ਰੀ ਗੋਇੰਦਵਾਲ ਸਾਹਿਬ ਦੀ ਦਾਣਾ ਮੰਡੀ ਵਿਖੇ 13 ਸਤੰਬਰ ਨੂੰ ਹੋਣ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ’ ਰੈਲੀ ਨੂੰ ਲੈ ਕੇ ਅਕਾਲੀ ਆਗੂਆਂ ਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਤਨ ਸਿੰਘ ਦਿਓਲ, ਬਲਦੇਵ ਸਿੰਘ ਸੈਲਰ ਵਾਲੇ ਅਤੇ ਨੰਬਰਦਾਰ ਸੰਤੋਖ ਸਿੰਘ ਫਤਿਆਬਾਦ ਨੇ ਕਿਹਾ ਕਿ ਇਲਾਕੇ ਦੇ ਲੋਕ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵਿਚਾਰ ਸੁਣਨ ਲਈ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਆਗੂਆਂ ਨੇ ਕਿਹਾ ਕਿ ਹਲਕਾ ਖਡੂਰ ਸਾਹਿਬ ਦੇ ਇਤਿਹਾਸਿਕ ਨਗਰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਹੋ ਰਹੀ ਇਸ ਰੈਲੀ ਵਿਚ ਹਲਕੇ ਸਮੇਤ ਆਸ-ਪਾਸ ਦੇ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਅਕਾਲੀ ਆਗੂ, ਵਰਕਰ ਤੇ ਸਮਰਥਕ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਰੈਲੀ ਦੀ ਸਫਲਤਾ ਲਈ ਹਲਕਾ ਇੰਚਾਰਜ ਬੀਬੀ ਰਮਨਦੀਪ ਕੌਰ ਸ਼ੇਰੋਂ ਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਵੱਲੋਂ ਪਿੰਡ-ਪਿੰਡ ਜਾ ਕੇ ਆਗੂਆਂ ਤੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਮਿੱਟੀ ਨਾਲ ਜੁੜੀ ਹੋਈ ਖੇਤਰੀ ਪਾਰਟੀ ਹੈ, ਜੋ ਸੂਬੇ ਦੇ ਲੋਕਾਂ ਦੀਆਂ ਸਮੱਸਿਆਵਾਂ ਤੇ ਭਾਵਨਾਵਾਂ ਨੂੰ ਸਮਝਦੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਮੌਜੂਦਾ ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਦਾ ਹਰ ਵਰਗ ਆਪਣੇ-ਆਪ ਨੂੰ ਪ੍ਰੇਸ਼ਾਨ ਤੇ ਨਿਰਾਸ਼ ਮਹਿਸੂਸ ਕਰ ਰਿਹਾ ਹੈ। ਕਿਸਾਨ, ਮਜ਼ਦੂਰ, ਵਪਾਰੀ, ਮੁਲਾਜ਼ਮ, ਨੌਜਵਾਨ ਤੇ ਆਮ ਲੋਕ ਆਪਣੇ ਮਸਲਿਆਂ ਦੇ ਹੱਲ ਲਈ ਸਰਕਾਰ ਵੱਲ ਦੇਖ ਰਹੇ ਹਨ। ਅਕਾਲੀ ਆਗੂਆਂ ਨੇ ਕਿਹਾ ਕਿ ‘ਪੰਜਾਬ ਬਚਾਓ’ ਰੈਲੀ ਦਾ ਮਕਸਦ ਪੰਜਾਬ ਦੇ ਭਖਦੇ ਮਸਲਿਆਂ ਨੂੰ ਲੋਕਾਂ ਦੀ ਕਚਹਿਰੀ ਵਿਚ ਰੱਖਣਾ ਤੇ ਸੂਬੇ ਦੇ ਹੱਕਾਂ ਤੇ ਹਿੱਤਾਂ ਦੀ ਆਵਾਜ਼ ਨੂੰ ਹੋਰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ਼ੁਰੂ ਕੀਤੀ ਗਈ ਇਸ ਮੁਹਿੰਮ ਨੂੰ ਲੋਕਾਂ ਦਾ ਮਿਲ ਰਿਹਾ ਸਮਰਥਨ ਆਉਣ ਵਾਲੇ ਸਮੇਂ ਵਿਚ ਪੰਜਾਬ ਦੀ ਸਿਆਸਤ ਨੂੰ ਨਵੀਂ ਦਿਸ਼ਾ ਦੇਵੇਗਾ। ਉਨ੍ਹਾਂ ਅਕਾਲੀ ਆਗੂਆਂ, ਵਰਕਰਾਂ ਤੇ ਸਮਰਥਕਾਂ ਤੋਂ ਇਲਾਵਾ ਨੌਜਵਾਨਾਂ, ਬਜ਼ੁਰਗਾਂ ਤੇ ਬੀਬੀਆਂ-ਭੈਣਾਂ ਨੂੰ ਵੀ ਅਪੀਲ ਕੀਤੀ ਕਿ ਉਹ 13 ਸਤੰਬਰ ਨੂੰ ਵੱਡੀ ਗਿਣਤੀ ਵਿਚ ਸ੍ਰੀ ਗੋਇੰਦਵਾਲ ਸਾਹਿਬ ਦੀ ਦਾਣਾ ਮੰਡੀ ਵਿਖੇ ਪਹੁੰਚ ਕੇ ‘ਪੰਜਾਬ ਬਚਾਓ’ ਰੈਲੀ ਨੂੰ ਕਾਮਯਾਬ ਬਣਾਉਣ। ਕੈਪਸ਼ਨ : 13 ਸਤੰਬਰ ਦੀ ਸ੍ਰੀ ਗੋਇੰਦਵਾਲ ਸਾਹਿਬ ਰੈਲੀ ਸਬੰਧੀ ਗੱਲਬਾਤ ਕਰਦਿਆਂ ਅਕਾਲੀ ਆਗੂ ਪ੍ਰਧਾਨ ਰਤਨ ਸਿੰਘ ਦਿਓਲ, ਬਲਦੇਵ ਸਿੰਘ ਸੈਲਰ ਵਾਲੇ, ਨੰਬਰਦਾਰ ਸੰਤੋਖ ਸਿੰਘ।