ਰੈਲੀ ਨੂੰ ਲੈ ਕੇ ਅਕਾਲੀ ਵਰਕਰਾਂ ’ਚ ਭਾਰੀ ਉਤਸ਼ਾਹ : ਸਹੋਤਾ ‘ਪੰਜਾਬ ਬਚਾਓ’ ਰੈਲੀ ਨੂੰ ਲੈ ਕੇ ਅਕਾਲੀ ਵਰਕਰਾਂ ’ਚ ਭਾਰੀ ਉਤਸ਼ਾਹ : ਕਸ਼ਮੀਰ ਸਿੰਘ ਸਹੋਤਾ
Publish Date: Fri, 11 Sep 2026 06:26 PM (IST)
Updated Date: Fri, 11 Sep 2026 06:28 PM (IST)
ਗੁਰਬਰਿੰਦਰ ਸਿੰਘ• ਪੰਜਾਬੀ ਜਾਗਰਣ ਸ੍ਰੀ ਗੋਇੰਦਵਾਲ ਸਾਹਿਬ : ਸ਼੍ਰੋਮਣੀ ਅਕਾਲੀ ਦਲ ਵੱਲੋਂ 13 ਸਤੰਬਰ ਨੂੰ ਹਲਕਾ ਖਡੂਰ ਸਾਹਿਬ ਦੇ ਇਤਿਹਾਸਕ ਨਗਰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਕਰਵਾਈ ਜਾ ਰਹੀ ‘ਪੰਜਾਬ ਬਚਾਓ’ ਰੈਲੀ ਨੂੰ ਲੈ ਕੇ ਪਾਰਟੀ ਆਗੂਆਂ ਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਰੈਲੀ ਦੀਆਂ ਤਿਆਰੀਆਂ ਸਬੰਧੀ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਤੇ ਲੋਕ ਸੰਪਰਕ ਮੁਹਿੰਮਾਂ ਲਗਾਤਾਰ ਜਾਰੀ ਹਨ। ਇਹ ਪ੍ਰਗਟਾਵਾ ਐੱਸਸੀ ਵਿੰਗ ਹਲਕਾ ਖਡੂਰ ਸਾਹਿਬ ਦੇ ਪ੍ਰਧਾਨ ਕਸ਼ਮੀਰ ਸਿੰਘ ਸਹੋਤਾ ਨੇ ਸਾਥੀਆਂ ਸਮੇਤ ਗੱਲਬਾਤ ਕਰਦਿਆਂ ਕਿਹਾ ਕਿ ਹਲਕਾ ਇੰਚਾਰਜ ਬੀਬੀ ਰਮਨਦੀਪ ਕੌਰ ਸ਼ੇਰੋਂ ਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋ ਦੀ ਅਗਵਾਈ ਹੇਠ ਹੋਣ ਵਾਲੀ ਇਹ ਰੈਲੀ ਪਾਰਟੀ ਦੀ ਮਜ਼ਬੂਤੀ ਤੇ ਪੰਜਾਬ ਦੇ ਹੱਕਾਂ ਦੀ ਆਵਾਜ਼ ਨੂੰ ਹੋਰ ਬੁਲੰਦ ਕਰਨ ਵਿਚ ਅਹਿਮ ਭੂਮਿਕਾ ਨਿਭਾਏਗੀ। ਉਨ੍ਹਾਂ ਕਿਹਾ ਕਿ ਰੈਲੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਪਾਰਟੀ ਦੇ ਸਮੁੱਚੀ ਸੀਨੀਅਰ ਲੀਡਰਸ਼ਿਪ ਸ਼ਮੂਲੀਅਤ ਕਰਕੇ ਪੰਜਾਬ ਦੇ ਮੌਜੂਦਾ ਹਾਲਾਤ ਤੇ ਲੋਕਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਆਪਣੇ ਵਿਚਾਰ ਸਾਂਝੇ ਕਰਨਗੇ। ਉਨ੍ਹਾਂ ਦੱਸਿਆ ਕਿ ਰੈਲੀ ਨੂੰ ਸਫ਼ਲ ਬਣਾਉਣ ਲਈ ਹਲਕੇ ਦੇ ਪਿੰਡਾਂ ਵਿਚ ਪਾਰਟੀ ਵਰਕਰਾਂ ਵੱਲੋਂ ਘਰ-ਘਰ ਸੰਪਰਕ ਕੀਤਾ ਜਾ ਰਿਹਾ ਹੈ। ਪ੍ਰਧਾਨ ਕਸ਼ਮੀਰ ਸਿੰਘ ਸਹੋਤਾ ਨੇ ਕਿਹਾ ਕਿ ਅਕਾਲੀ ਵਰਕਰਾਂ ਤੇ ਨੌਜਵਾਨਾਂ ਵਿਚ ਰੈਲੀ ਨੂੰ ਲੈ ਕੇ ਵਿਸ਼ੇਸ਼ ਉਤਸ਼ਾਹ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹਲਕਾ ਖਡੂਰ ਸਾਹਿਬ ਤੋਂ ਵੱਡੀ ਗਿਣਤੀ ਵਿਚ ਅਕਾਲੀ ਵਰਕਰ, ਨੌਜਵਾਨ ਤੇ ਮਹਿਲਾਵਾਂ ਰੈਲੀ ਵਿਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਦੇ ਹੱਕਾਂ, ਹਿੱਤਾਂ ਤੇ ਸੂਬੇ ਦੇ ਲੋਕਾਂ ਨਾਲ ਜੁੜੇ ਮਸਲਿਆਂ ਲਈ ਆਵਾਜ਼ ਉਠਾਉਂਦਾ ਆਇਆ ਹੈ। ਪ੍ਰਧਾਨ ਸਹੋਤਾ ਨੇ ਪਾਰਟੀ ਦੇ ਸਮੂਹ ਆਗੂਆਂ, ਵਰਕਰਾਂ ਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਸ੍ਰੀ ਗੋਇੰਦਵਾਲ ਸਾਹਿਬ ਪਹੁੰਚ ਕੇ ‘ਪੰਜਾਬ ਬਚਾਓ’ ਰੈਲੀ ਨੂੰ ਕਾਮਯਾਬ ਬਣਾਉਣ।